*ਕਿਹਾ; ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ ਬਣਾਉਣ ਦਾ ਲਿਆ ਫੈਸਲਾ ਇਤਿਹਾਸਕ ਕਦਮ
*ਵੱਖ-ਵੱਖ ਪਿੰਡਾਂ ਵਿੱਚ ਬਣਾਈਆਂ ਗਈਆਂ ਧਰਮਸ਼ਾਲਾਵਾਂ ਕੀਤੀਆਂ ਲੋਕ ਅਰਪਣਸ੍ਰੀ ਗੁਰੂ ਰਵਿਦਾਸ ਜੀ ਦੇ ਪਵਿੱਤਰ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਹਲਕਾ ਲਹਿਰਾ ਦੇ ਵੱਖ-ਵੱਖ ਪਿੰਡਾਂ ਵਿੱਚ ਕਰਵਾਏ ਧਾਰਮਿਕ ਅਤੇ ਸਮਾਜਿਕ ਸਮਾਗਮ ਸ਼ਰਧਾ, ਉਤਸ਼ਾਹ ਅਤੇ ਭਾਈਚਾਰੇ ਦੀ ਭਾਵਨਾ ਨਾਲ ਮਨਾਏ ਗਏ। ਇਨ੍ਹਾਂ ਸਮਾਗਮਾਂ ਵਿੱਚ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਹਾਜ਼ਰੀ ਲਗਵਾਈ। ਇਸ ਮੌਕੇ ਉਹਨਾਂ ਨੇ ਵੱਖ ਵੱਖ ਪਿੰਡਾਂ ਵਿੱਚ ਬਣਾਈਆਂ ਗਈਆਂ ਧਰਮਸ਼ਾਲਾਵਾਂ ਵੀ ਲੋਕ ਅਰਪਿਤ ਕੀਤੀਆਂ।
ਇਸ ਮੌਕੇ ਸ਼੍ਰੀ ਗੋਇਲ ਨੇ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਦੇ ਪਸਾਰ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਇਤਿਹਾਸਕ ਫ਼ੈਸਲੇ ਤਹਿਤ ਜਲੰਧਰ ਜ਼ਿਲ੍ਹੇ ਵਿੱਚ ਡੇਰਾ ਬੱਲਾਂ ਨਜ਼ਦੀਕ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ ਬਣਾਇਆ ਜਾਵੇਗਾ। ਇਸ ਲਈ ਪੰਜਾਬ ਸਰਕਾਰ ਨੇ ਸਾਢੇ 10 ਕਰੋੜ ਰੁਪਏ ਦੀ ਲਾਗਤ ਨਾਲ 09 ਏਕੜ ਤੋਂ ਵੱਧ ਜ਼ਮੀਨ ਅਧਿਐਨ ਸੈਂਟਰ ਦੇ ਨਾਂ ਦਰਜ ਕੀਤੀ ਹੈ।
ਕੈਬਨਿਟ ਮੰਤਰੀ ਨੇ ਪਿੰਡ ਰਾਮਗੜ ਸੰਧੂਆਂ, ਸੇਖੂਵਾਸ, ਘੋੜੇਨਾਬ, ਕਾਲਵਣਜਾਰਾ, ਜਲੂਰ, ਖੰਡੇਬਾਦ, ਲਹਿਲ ਖੁਰਦ ਅਤੇ ਪਿੰਡ ਖਾਈ ਵਿਖੇ ਕਰਵਾਏ ਗਏ ਸਮਾਗਮਾਂ ਵਿੱਚ ਸ਼ਮੂਲੀਅਤ ਕਰਦਿਆਂ ਸ੍ਰੀ ਗੁਰੂ ਰਵਿਦਾਸ ਜੀ ਦੀ ਪਵਿੱਤਰ ਬਾਣੀ ਅਤੇ ਉਨ੍ਹਾਂ ਦੇ ਜੀਵਨ ਦਰਸ਼ਨ ਬਾਰੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਸਮਾਜ ਵਿੱਚ ਫੈਲੀ ਅਸਮਾਨਤਾ, ਛੂਆਛਾਤ ਅਤੇ ਭੇਦਭਾਵ ਦੇ ਵਿਰੁੱਧ ਆਵਾਜ਼ ਬੁਲੰਦ ਕਰਕੇ ਮਨੁੱਖਤਾ, ਬਰਾਬਰੀ ਅਤੇ ਭਾਈਚਾਰੇ ਦਾ ਸੁਨੇਹਾ ਦਿੱਤਾ।
ਸ਼੍ਰੀ ਗੋਇਲ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੀ ਸਿੱਖਿਆ ਅੱਜ ਦੇ ਸਮਾਜ ਲਈ ਵੀ ਓਨੀ ਹੀ ਪ੍ਰਾਸੰਗਿਕ ਹੈ ਜਿੰਨੀ ਆਪਣੇ ਸਮੇਂ ਵਿੱਚ ਸੀ। ਉਨ੍ਹਾਂ ਦੱਸਿਆ ਕਿ ਗੁਰੂ ਰਵਿਦਾਸ ਜੀ ਨੇ ਮਨੁੱਖ ਨੂੰ ਅੰਦਰੂਨੀ ਪਵਿੱਤਰਤਾ, ਸੱਚਾਈ ਅਤੇ ਕਰਮਸ਼ੀਲ ਜੀਵਨ ਵੱਲ ਪ੍ਰੇਰਿਤ ਕੀਤਾ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੰਤਾਂ, ਗੁਰੂਆਂ ਅਤੇ ਮਹਾਪੁਰਸ਼ਾਂ ਦੀਆਂ ਸਿੱਖਿਆਵਾਂ ਨੂੰ ਅਪਣਾਉਂਦਿਆਂ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ-ਹਿਤੈਸ਼ੀ ਯੋਜਨਾਵਾਂ ਦਾ ਮੁੱਖ ਉਦੇਸ਼ ਸਮਾਜਕ ਨਿਆਂ, ਸਮਾਨਤਾ ਅਤੇ ਸਭ ਦੇ ਵਿਕਾਸ ਨੂੰ ਯਕੀਨੀ ਬਣਾਉਣਾ ਹੈ।
ਇਸ ਮੌਕੇ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸ੍ਰੀ ਗੁਰੂ ਰਵਿਦਾਸ ਜੀ ਦੇ ਦਰਸਾਏ ਰਸਤੇ ’ਤੇ ਚਲਦਿਆਂ ਆਪਸੀ ਪਿਆਰ, ਸਦਭਾਵਨਾ ਅਤੇ ਸਮਾਜਕ ਏਕਤਾ ਨੂੰ ਮਜ਼ਬੂਤ ਕਰਨ ਅਤੇ ਨੌਜਵਾਨ ਪੀੜ੍ਹੀ ਨੂੰ ਗੁਰੂਆਂ ਦੀ ਬਾਣੀ ਅਤੇ ਇਤਿਹਾਸ ਨਾਲ ਜੋੜਨ।
ਇਨ੍ਹਾਂ ਸਮਾਗਮਾਂ ਦੌਰਾਨ ਵੱਖ-ਵੱਖ ਪਿੰਡਾਂ ਦੇ ਵਸਨੀਕ, ਧਾਰਮਿਕ ਆਗੂ, ਪੰਚਾਇਤੀ ਨੁਮਾਇੰਦੇ, ਸਮਾਜਸੇਵੀ ਅਤੇ ਵੱਡੀ ਗਿਣਤੀ ਵਿੱਚ ਸੰਗਤ ਹਾਜ਼ਰ ਸੀ।