*ਅੰਕੜਾ ਡਾਇਰੈਕਟੋਰੇਟ ਵਿੱਚ 68 ਅਸਾਮੀਆਂ ਭਰੀਆਂ ਜਾਣਗੀਆਂ, ਜਿਨ੍ਹਾਂ ਵਿੱਚ 14 ਸਹਾਇਕ ਖੋਜ ਅਫ਼ਸਰ, 4 ਸੀਨੀਅਰ ਸਹਾਇਕ ਅਤੇ 50 ਇਨਵੈਸਟੀਗੇਟਰ ਸ਼ਾਮਲ*
*ਆਰਥਿਕ ਨੀਤੀ ਅਤੇ ਯੋਜਨਾ ਬੋਰਡ ਲਈ 2 ਅਸਾਮੀਆਂ ਅਲਾਟ*
*ਭਰਤੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਅਤੇ ਖਾਲੀ ਅਸਾਮੀਆਂ ਨੂੰ ਜਲਦ ਤੋਂ ਜਲਦ ਪਾਰਦਰਸ਼ੀ ਢੰਗ ਨਾਲ ਭਰਨ ਲਈ ਰਸਮੀ ਪੱਤਰ ਐਸ.ਐਸ.ਬੀ ਨੂੰ ਭੇਜਿਆ: ਹਰਪਾਲ ਸਿੰਘ ਚੀਮਾ*
ਸੂਬੇ ਵਿੱਚ ਰੁਜ਼ਗਾਰ ਉਤਪਤੀ ਅਤੇ ਪ੍ਰਸ਼ਾਸਕੀ ਕੁਸ਼ਲਤਾ ਨੂੰ ਵੱਡਾ ਹੁਲਾਰਾ ਦਿੰਦਿਆਂ, ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਯੋਜਨਾਬੰਦੀ ਵਿਭਾਗ ਵਿੱਚ 70 ਅਸਾਮੀਆਂ ਲਈ ਸਿੱਧੀ ਭਰਤੀ ਪ੍ਰਕਿਰਿਆ ਨੂੰ ਰਸਮੀ ਤੌਰ 'ਤੇ ਪ੍ਰਵਾਨਗੀ ਦੇ ਦਿੱਤੀ ਹੈ।
ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਹ ਖੁਲਾਸਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਭਾਗੀ ਕੰਮਕਾਜ ਨੂੰ ਸੁਚਾਰੂ ਬਣਾਉਣ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਲਗਾਤਾਰ ਭਾਰਤੀ ਕਰ ਰਹੀ ਹੈ। ਉਨ੍ਹਾਂ ਦੱਸਿਆ, "ਦੋ ਪ੍ਰਮੁੱਖ ਸੰਸਥਾਵਾਂ: ਅੰਕੜਾ ਡਾਇਰੈਕਟੋਰੇਟ, ਅਤੇ ਆਰਥਿਕ ਨੀਤੀ ਤੇ ਯੋਜਨਾ ਬੋਰਡ ਦੇ ਅਧੀਨ ਆਉਂਦੀਆਂ ਵੱਖ-ਵੱਖ ਗਰੁੱਪ ਏ, ਬੀ ਅਤੇ ਸੀ ਦੀਆਂ ਅਸਾਮੀਆਂ ਲਈ ਸਿੱਧੀ ਭਰਤੀ ਸ਼ੁਰੂ ਕਰਨ ਲਈ ਰਸਮੀ ਮਨਜ਼ੂਰੀ ਦੇ ਦਿੱਤੀ ਗਈ ਹੈ।"
ਪ੍ਰਵਾਨਿਤ ਅਸਾਮੀਆਂ ਦਾ ਸ਼੍ਰੇਣੀਵਾਰ ਵੇਰਵਾ ਸਾਂਝਾ ਕਰਦਿਆਂ, ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਕੁੱਲ 70 ਖਾਲੀ ਅਸਾਮੀਆਂ ਵਿੱਚੋਂ 68 ਅਸਾਮੀਆਂ ਅੰਕੜਾ ਡਾਇਰੈਕਟੋਰੇਟ ਵਿੱਚ ਭਰੀਆਂ ਜਾਣਗੀਆਂ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਵਿੱਚ 14 ਸਹਾਇਕ ਖੋਜ ਅਫ਼ਸਰਾਂ, 4 ਸੀਨੀਅਰ ਸਹਾਇਕਾਂ ਅਤੇ 50 ਇਨਵੈਸਟੀਗੇਟਰਾਂ ਦੀ ਸਿੱਧੀ ਭਰਤੀ ਸ਼ਾਮਲ ਹੈ। ਵਿੱਤ ਮੰਤਰੀ ਨੇ ਅੱਗੇ ਕਿਹਾ, "ਬਾਕੀ ਦੋ ਅਸਾਮੀਆਂ ਆਰਥਿਕ ਨੀਤੀ ਅਤੇ ਯੋਜਨਾ ਬੋਰਡ ਨੂੰ ਅਲਾਟ ਕੀਤੀਆਂ ਗਈਆਂ ਹਨ, ਜਿਸ ਵਿੱਚ ਇੱਕ ਗਰੁੱਪ-ਏ ਪ੍ਰੋਗਰਾਮਰ ਅਤੇ ਇੱਕ ਸੀਨੀਅਰ ਸਹਾਇਕ ਦੀ ਭਰਤੀ ਸ਼ਾਮਲ ਹੋਵੇਗੀ।"
ਇਸ ਫੈਸਲੇ ਦੇ ਪਿਛੋਕੜ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਚੀਮਾ ਨੇ ਦੱਸਿਆ ਕਿ ਸ਼ੁਰੂ ਵਿੱਚ ਪੰਜਾਬ ਕੈਬਨਿਟ ਅੱਗੇ ਇੱਕ ਮੰਗ ਪੱਤਰ ਪੇਸ਼ ਕੀਤਾ ਗਿਆ ਸੀ ਜਿਸ ਵਿੱਚ ਇਨ੍ਹਾਂ ਦੋਵਾਂ ਸੰਸਥਾਵਾਂ ਵਿੱਚ ਵੱਖ-ਵੱਖ ਸ਼੍ਰੇਣੀਆਂ ਅਧੀਨ 140 ਅਧਿਕਾਰੀਆਂ ਦੀ ਭਰਤੀ ਦੀ ਤਜਵੀਜ਼ ਰੱਖੀ ਗਈ ਸੀ। ਉਨ੍ਹਾਂ ਅੱਗੇ ਕਿਹਾ, "29 ਮਾਰਚ, 2026 ਨੂੰ ਹੋਈ ਕੈਬਨਿਟ ਮੀਟਿੰਗ ਦੌਰਾਨ ਪ੍ਰਸਤਾਵਿਤ ਅਸਾਮੀਆਂ ਵਿੱਚੋਂ ਪੰਜਾਹ ਫੀਸਦੀ ਅਸਾਮੀਆਂ ਭਰਨ ਦੀ ਪ੍ਰਵਾਨਗੀ ਦਿੱਤੀ ਗਈ ਸੀ, ਜਿਸ ਨਾਲ ਮੌਜੂਦਾ ਭਰਤੀ ਮੁਹਿੰਮ ਲਈ ਮਨਜ਼ੂਰਸ਼ੁਦਾ ਅਸਾਮੀਆਂ ਦੀ ਕੁੱਲ ਗਿਣਤੀ 70 ਹੋ ਗਈ।"
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਸੋਧੀ ਹੋਈ ਤਜਵੀਜ਼ ਦੀ ਰਸਮੀ ਪ੍ਰਵਾਨਗੀ ਤੋਂ ਬਾਅਦ ਹੁਣ ਰਸਮੀ ਪੱਤਰ ਅਧੀਨ ਸੇਵਾਵਾਂ ਚੋਣ ਬੋਰਡ (ਐਸ.ਐਸ.ਬੀ) ਨੂੰ ਭੇਜਿਆ ਜਾ ਰਿਹਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਐਸ.ਐਸ.ਬੀ ਵੱਲੋਂ ਭਰਤੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਲੋੜੀਂਦੇ ਕਦਮ ਚੁੱਕੇ ਜਾਣਗੇ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਇਨ੍ਹਾਂ ਅਹਿਮ ਅਸਾਮੀਆਂ ਨੂੰ ਜਲਦ ਤੋਂ ਜਲਦ ਪਾਰਦਰਸ਼ੀ ਢੰਗ ਨਾਲ ਭਰਿਆ ਜਾ ਸਕੇ।
PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.
Meenu Galhotra (Editor)