8.47 ਕਰੋੜ ਰੁਪਏ ਦੀ ਲਾਗਤ ਨਾਲ 174 ਬੁਨਿਆਦੀ ਢਾਂਚੇ ਅਤੇ ਵਿਕਾਸ ਨਾਲ ਸੰਬੰਧਤ ਕੰਮ ਪ੍ਰਗਤੀ ਅਧੀਨ
ਹਰ ਹਲਕੇ ਲਈ ਹੋਰ 5 ਕਰੋੜ ਰੁਪਏ ਜਾਰੀ ਕਰਨ ਦੀ ਤਿਆਰੀ
ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ‘ਰੰਗਲਾ ਪੰਜਾਬ’ ਮਿਸ਼ਨ ਹੇਠ ਲਗਭਗ 8.47 ਕਰੋੜ ਰੁਪਏ ਦੀ ਲਾਗਤ ਨਾਲ 174 ਵਿਕਾਸ ਦੇ ਕੰਮ ਪ੍ਰਗਤੀ ਅਧੀਨ ਹਨ । ਇਹ ਜਾਣਕਾਰੀ ਕੈਬਨਿਟ ਮੰਤਰੀ ਸ਼੍ਰੀ ਮੋਹਿੰਦਰ ਭਗਤ ਨੇ ਅੱਜ ਸੰਬੰਧਤ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਦਿੱਤੀ। ਇਸ ਮੌਕੇ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਇੰਜੀ. ਪ੍ਰਭਜੋਤ ਕੌਰ ਵੀ ਮੌਜੂਦ ਸਨ।
ਮੀਟਿੰਗ ਦੌਰਾਨ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਕੰਮ ਤਰਜੀਹ ਦੇ ਆਧਾਰ ‘ਤੇ ਜਲਦੀ ਮੁਕੰਮਲ ਕੀਤੇ ਜਾਣ। ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਕੁੱਲ 174 ਕੰਮਾਂ ਵਿੱਚੋਂ 45 ਕੰਮ ਮੁਕੰਮਲ ਹੋ ਚੁੱਕੇ ਹਨ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਤਿੰਨ ਹਲਕਿਆਂ ਲਈ 2.5-2.5 ਕਰੋੜ ਰੁਪਏ ਦੀ ਹੋਰ ਕਿਸ਼ਤ ਵੀ ਪ੍ਰਾਪਤ ਹੋ ਚੁੱਕੀ ਹੈ।
ਮੋਹਾਲੀ, ਖਰੜ, ਡੇਰਾਬੱਸੀ ਅਤੇ ਬਨੂੰੜ ਦੇ ਇਹਨਾਂ ਵਿਕਾਸ ਕੰਮਾਂ ਵਿੱਚ ਕਮਿਊਨਿਟੀ ਸੈਂਟਰਾਂ, ਪੰਚਾਇਤ ਘਰਾਂ, ਧਰਮਸ਼ਾਲਾਵਾਂ, ਖੇਡ ਮੈਦਾਨਾਂ, ਗਲੀਆਂ, ਡਰੇਨੇਜ ਪ੍ਰਣਾਲੀ, ਸ਼ਮਸ਼ਾਨ ਘਾਟਾਂ ਦੀ ਚਾਰਦੀਵਾਰੀ, ਪਿੰਡਾਂ ਦੇ ਐਂਟਰੀ ਗੇਟ, ਡਿਸਪੈਂਸਰੀਆਂ ਦੀ ਮੁਰੰਮਤ, ਸਕੂਲਾਂ ਦੇ ਕਮਰਿਆਂ ਦਾ ਨਿਰਮਾਣ, ਸੌਲਰ ਲਾਈਟਾਂ ਲਾਉਣਾ ਅਤੇ ਗਰੀਬ ਲੋਕਾਂ ਦੇ ਕੱਚੇ ਮਕਾਨਾਂ ਨੂੰ ਪੱਕੇ ਮਕਾਨਾਂ ਵਿੱਚ ਤਬਦੀਲ ਕਰਨ ਵਰਗੇ ਕੰਮ ਸ਼ਾਮਲ ਹਨ।
ਮੰਤਰੀ ਨੇ ਕਿਹਾ ਕਿ ਇਹ ਕੰਮ ਮੁਕੰਮਲ ਹੋਣ ਉਪਰੰਤ ਹਰ ਹਲਕੇ ਲਈ ਹੋਰ 5 ਕਰੋੜ ਰੁਪਏ ਪ੍ਰਤੀ ਹਲਕਾ ਜਾਰੀ ਕੀਤੇ ਜਾਣਗੇ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਪਿੰਡ ਅਤੇ ਸ਼ਹਿਰੀ ਖੇਤਰਾਂ ਦੇ ਬੁਨਿਆਦੀ ਢਾਂਚੇ ਨੂੰ ਲਗਾਤਾਰ ਮਜ਼ਬੂਤ ਕੀਤਾ ਜਾ ਰਿਹਾ ਹੈ, ਜਿਸ ਵਿੱਚ ਸੜਕਾਂ, ਨਹਿਰਾਂ, ਸਿੱਖਿਆ ਅਤੇ ਸਿਹਤ ਸੇਵਾਵਾਂ ‘ਤੇ ਖਾਸ ਧਿਆਨ ਦਿੱਤਾ ਜਾ ਰਿਹਾ ਹੈ।
ਇਸ ਦੌਰਾਨ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ ਗਿਆ, ਜੋ ਕਿ ‘ਰੰਗਲਾ ਪੰਜਾਬ’ ਮਿਸ਼ਨ ਦਾ ਹੀ ਹਿੱਸਾ ਹੈ। ਐਸ.ਪੀ. (ਪੀ ਬੀ ਆਈ) ਦੀਪਿਕਾ ਸਿੰਘ ਅਤੇ ਐਸ.ਪੀ. (ਹੈੱਡਕੁਆਰਟਰ) ਮੋਹਿਤ ਅਗਰਵਾਲ ਨੇ ਦੱਸਿਆ ਕਿ ਲਗਭਗ 333 ਪਿੰਡਾਂ/ਵਾਰਡਾਂ ਵਿੱਚ ਡਿਫੈਂਸ ਕਮੇਟੀਆਂ ਸਰਗਰਮ ਤੌਰ ‘ਤੇ ਲੋਕਾਂ ਨੂੰ ਜਾਗਰੂਕ ਕਰ ਰਹੀਆਂ ਹਨ। ਇਸ ਤੋਂ ਇਲਾਵਾ ਨਸ਼ੇ ਦੇ ਹਾਟਸਪੌਟਸ ‘ਤੇ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਨਸ਼ਾ ਛੁਡਾਉ ਕੇਂਦਰਾਂ ਰਾਹੀਂ ਮਰੀਜ਼ਾਂ ਦਾ ਇਲਾਜ ਵੀ ਕਰਵਾਇਆ ਜਾ ਰਿਹਾ ਹੈ।
ਮੀਟਿੰਗ ਵਿੱਚ ਹੋਰ ਅਧਿਕਾਰੀਆਂ ਵਿੱਚ ਮਿਊਂਸਪਲ ਕਾਰਪੋਰੇਸ਼ਨ ਮੋਹਾਲੀ ਦੇ ਕਮਿਸ਼ਨਰ ਸੰਦੀਪ ਸਿੰਘ ਗਾੜ੍ਹਾ, ਏ.ਡੀ.ਸੀ. (ਪੇਂਡੂ ਵਿਕਾਸ) ਸੋਨਮ ਚੌਧਰੀ, ਡਿਪਟੀ ਆਰਥਿਕ ਤੇ ਅੰਕੜਾ ਸਲਾਹਕਾਰ ਗੁਰਮਿੰਦਰ ਕੌਰ ਅਤੇ ਖਰੜ, ਡੇਰਾਬੱਸੀ ਤੇ ਮਾਜਰੀ ਦੇ ਬੀ.ਡੀ.ਪੀ.ਓਜ਼ ਵੀ ਹਾਜ਼ਰ ਸਨ।
Cabinet-Minister-Mohinder-Bhagat-Reviews-Progress-Of-rangla-Punjab-Development-Grants-In-S-a-s-Nagar
PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.
Meenu Galhotra (Editor)