-ਕਿਹਾ, ਸੂਬੇ ਦੀਆਂ ਮੰਡੀਆਂ 'ਚ ਹੁਣ ਤੱਕ 76 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਖ਼ਰੀਦ
-ਖੁਰਾਕ ਤੇ ਸਿਵਲ ਸਪਲਾਈ ਮੰਤਰੀ ਨੇ ਝਬਾਲ ਅਨਾਜ ਮੰਡੀ ਵਿਖੇ ਖ਼ਰੀਦ ਕਾਰਜਾਂ ਦਾ ਲਿਆ ਜਾਇਜ਼ਾ
ਪੰਜਾਬ ਦੇ ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਕਿਹਾ ਕਿ ਸੂਬੇ ਭਰ ਵਿਚ ਕਣਕ ਦੇ ਖ਼ਰੀਦ ਕਾਰਜ ਪੂਰੇ ਜ਼ੋਰਾਂ-ਸ਼ੋਰਾਂ ਨਾਲ ਜਾਰੀ ਹਨ ਅਤੇ ਕਿਸਾਨਾਂ ਨੂੰ ਖ਼ਰੀਦ ਦੇ 24 ਘੰਟਿਆਂ ਦੇ ਅੰਦਰ ਅਦਾਇਗੀ ਪ੍ਰਾਪਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੁਚਾਰੂ ਅਤੇ ਕਿਸਾਨ-ਪੱਖੀ ਖ਼ਰੀਦ ਸੀਜ਼ਨ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੇ ਲਗਾਤਾਰ ਚੌਥੇ ਸਫਲ ਸੀਜ਼ਨ 'ਚ ਨਾਲੋ-ਨਾਲ ਖ਼ਰੀਦ ਤੇ ਅਦਾਇਗੀ ਯਕੀਨੀ ਬਣਾਈ ਹੈ।
ਝਬਾਲ ਦੀ ਦਾਣਾ ਮੰਡੀ ਵਿਖੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਕੈਬਨਿਟ ਮੰਤਰੀ ਨੇ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ ਅਤੇ ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਹੁਣ ਤੱਕ ਸੂਬੇ ਦੀਆਂ ਮੰਡੀਆਂ ਵਿਚ 80 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿਚੋਂ 76 ਲੱਖ ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ, ਜੋ ਕਿ 96 ਫੀਸਦੀ ਬਣਦੀ ਹੈ। ਉਨ੍ਹਾਂ ਕਿਹਾ ਕਿ ਇਸ ਸੀਜ਼ਨ ਵਿਚ ਸੂਬੇ ਦਾ 122 ਲੱਖ ਮੀਟ੍ਰਿਕ ਟਨ ਕਣਕ ਖ਼ਰੀਦ ਕਰਨ ਦਾ ਟੀਚਾ ਹੈ।
ਕਣਕ ਅਤੇ ਝੋਨੇ ਦੇ ਖ਼ਰੀਦ ਸੀਜ਼ਨ ਦੌਰਾਨ ਕਿਸਾਨਾਂ ਨੂੰ ਸਹੂਲਤ ਪ੍ਰਦਾਨ ਕਰਨ ਦੀ ਪੰਜਾਬ ਸਰਕਾਰ ਦੀ ਸੋਚ ਦੀ ਸ਼ਲਾਘਾ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਤੋਂ ਸੂਬੇ ਵਿਚ ਹਰ ਸਾਲ ਖ਼ਰੀਦ ਸੀਜ਼ਨ ਸੁਚਾਰੂ ਅਤੇ ਸਫਲਤਾ ਪੂਰਵਕ ਢੰਗ ਨਾਲ ਨੇਪਰੇ ਚੜ੍ਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਕਿਸਾਨਾਂ ਨੂੰ ਬਾਰਦਾਨੇ ਦੀ ਘਾਟ, ਲਿਫ਼ਟਿੰਗ ਅਤੇ ਅਦਾਇਗੀ ਦੇ ਮੁੱਦਿਆਂ ਕਾਰਨ ਵਿਰੋਧ ਦਾ ਸਾਹਮਣਾ ਕਰਨਾ ਪੈਂਦਾ ਸੀ, ਪਰੰਤੂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਿਛਲੇ ਚਾਰ ਸਾਲਾਂ ਵਿੱਚ ਇਨ੍ਹਾਂ ਮੁੱਦਿਆਂ ਨੂੰ ਸਥਾਈ ਤੌਰ 'ਤੇ ਹੱਲ ਕਰਕੇ ਇਕ ਮਿਸਾਲ ਕਾਇਮ ਕੀਤੀ ਹੈ। ਉਨ੍ਹਾਂ ਕਿਹਾ ਕਿ ਹੁਣ ਕਿਸਾਨਾਂ ਨੂੰ 24 ਘੰਟਿਆਂ ਦੇ ਅੰਦਰ ਅਦਾਇਗੀ ਮਿਲ ਰਹੀ ਹੈ। ਇਸ ਤੋਂ ਇਲਾਵਾ ਸੂਬੇ ਭਰ ਵਿੱਚ ਫ਼ਸਲ ਦੀ ਲਿਫਟਿੰਗ ਵੀ ਸੁਚਾਰੂ ਢੰਗ ਨਾਲ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪਿਛਲੇ ਚਾਰ ਸਾਲਾਂ ਤੋਂ ਇਸ ਰਿਕਾਰਡ ਨੂੰ ਕਾਇਮ ਰੱਖਿਆ ਹੈ।
ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇਸ਼ ਦਾ ਅੰਨ ਭੰਡਾਰ ਹੈ ਅਤੇ ਇੰਨੇ ਵੱਡੇ ਪੱਧਰ 'ਤੇ ਖ਼ਰੀਦ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੀ ਸੂਬੇ ਦੀ ਯੋਗਤਾ ਮਾਣ ਵਾਲੀ ਗੱਲ ਹੈ।
ਉਨ੍ਹਾਂ ਨੇ ਮੰਡੀ ਵਿਚ ਮੌਜੂਦ ਕਿਸਾਨਾਂ ਨਾਲ ਗੱਲਬਾਤ ਵੀ ਕੀਤੀ ਅਤੇ ਖ਼ਰੀਦ ਕਾਰਜਾਂ ਅਤੇ ਸਬੰਧਤ ਅਥਾਰਟੀਆਂ ਵੱਲੋਂ ਕਿਸਾਨਾਂ ਲਈ ਕੀਤੇ ਗਏ ਪ੍ਰਬੰਧਾਂ ਬਾਰੇ ਜਾਣਕਾਰੀ ਵੀ ਹਾਸਲ ਕੀਤੀ। ਇਸ ਦੌਰਾਨ ਉਨ੍ਹਾਂ ਲਿਫਟਿੰਗ ਕਰ ਰਹੇ ਮਜ਼ਦੂਰਾਂ ਨਾਲ ਗੱਲਬਾਤ ਵੀ ਕੀਤੀ ਅਤੇ ਤਕੜੇ ਹੋ ਕੇ ਕੰਮ ਕਰਨ ਲਈ ਹੱਲਾਸ਼ੇਰੀ ਵੀ ਦਿੱਤੀ।
ਇਸ ਦੌਰਾਨ ਕਿਸਾਨਾਂ ਨੇ ਖ਼ਰੀਦ ਪ੍ਰਬੰਧਾਂ 'ਤੇ ਤਸੱਲੀ ਪ੍ਰਗਟ ਕੀਤੀ। ਉਨ੍ਹਾਂ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਅਤੇ ਨਿਰਵਿਘਨ ਦੱਸਦਿਆਂ ਕਿਹਾ ਕਿ ਉਨ੍ਹਾਂ ਦੀ ਸਾਰੀ ਉਪਜ ਦੀ ਤੁਰੰਤ ਖ਼ਰੀਦੀ ਜਾ ਅਤੇ ਉਨ੍ਹਾਂ ਨੂੰ 24 ਘੰਟਿਆਂ ਦੇ ਅੰਦਰ ਅਦਾਇਗੀ ਵੀ ਪ੍ਰਾਪਤ ਹੋ ਰਹੀ ਹੈ।
ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਗੁਰਵਿੰਦਰ ਸਿੰਘ ਬਹਿਲਵੜ, ਐਸ.ਡੀ.ਐਮ ਤਰਨ ਤਾਰਨ ਡਾ. ਕਰਨਵੀਰ ਸਿੰਘ, ਡਿਪਟੀ ਡਾਇਰੈਕਟਰ ਖੁਰਾਕ ਅਤੇ ਸਿਵਲ ਸਪਲਾਈਜ਼ ਰਜਨੀਸ਼ ਕੁਮਾਰੀ, ਡੀ.ਐਫ.ਐਸ.ਸੀ ਜਸਜੀਤ ਕੌਰ, ਜ਼ਿਲ੍ਹਾ ਮੰਡੀ ਅਫ਼ਸਰ ਹਰਜੋਤ ਸਿੰਘ ਤੋਂ ਇਲਾਵਾ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀ ਅਤੇ ਹੋਰ ਪਤਵੰਤੇ ਹਾਜ਼ਰ ਸਨ।
PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.
Meenu Galhotra (Editor)