May 14, 2026 12:48:12

*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਦੁਆਰਾ ਜੋਤੀਸਰ ਸਾਹਿਬ ਵਿਖੇ ਮੱਥਾ ਟੇਕਿਆ, ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦਾ ਬਲ ਬਖਸ਼ਣ ਲਈ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ*

May11,2026 | Meenu Galhotra | Sangrur

*ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮੌਕੇ ਅਰਦਾਸ ‘ਚ ਸੰਗਤ ਨਾਲ ਸ਼ਾਮਲ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਪਾਸ ਕੀਤੇ ਗਏ ਕਾਨੂੰਨ ਤੋਂ ਸਮੂਹ ਸੰਗਤ ‘ਚ ਖੁਸ਼ੀ ਦੀ ਲਹਿਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ-2026 ਦੇ ਲਾਗੂ ਹੋਣ ਤੋਂ ਬਾਅਦ ਹੁਣ ਕੋਈ ਵੀ ਬੇਅਦਬੀ ਕਰਨ ਦੀ ਹਿੰਮਤ ਨਹੀਂ ਕਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਪ੍ਰਧਾਨ ਮੰਤਰੀ ਮੋਦੀ ਗੱਲਾਂ ਘੁਮਾਉਣ ‘ਚ ਮਾਹਿਰ ਹਨ, ਉਨ੍ਹਾਂ ਨੂੰ ਦੇਸ਼ ਦੀ ਹਾਲਤ ਬਾਰੇ ਲੋਕਾਂ ਨੂੰ ਸੱਚ ਦੱਸਣਾ ਚਾਹੀਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਪੂਰਾ ਦੇਸ਼ ਜਾਣ ਚੁੱਕਿਐ ਕਿ ਭਾਰਤ ਦੀ ਵਾਗਡੋਰ, ਵ੍ਹਾਈਟ ਹਾਊਸ ਦੇ ਹੱਥਾਂ ਵਿੱਚ ਹੈ; ਕਿਉਂਕਿ ਸਾਰੇ ਫੈਸਲੇ ਉਥੋਂ ਹੀ ਲਏ ਜਾ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਮੋਦੀ ਸਰਕਾਰ ਆਪਣੇ ਸਿਆਸੀ ਵਿਰੋਧੀਆਂ 'ਤੇ ਦਬਾਅ ਪਾਉਣ ਲਈ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਪੰਜਾਬ ਦੇ ਲੋਕ ਭਾਜਪਾ ਦੀਆਂ ਘਟੀਆ ਚਾਲਾਂ ਅੱਗੇ ਕਦੇ ਨਹੀਂ ਝੁਕਣਗੇ ਅਤੇ ਸਹੀ ਸਮੇਂ 'ਤੇ ਇਸ ਦਾ ਢੁਕਵਾਂ ਜਵਾਬ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਿੰਡ ਖੁਰਾਣਾ ਵਿਖੇ ਸਥਿਤ ਗੁਰਦੁਆਰਾ ਜੋਤੀਸਰ ਸਾਹਿਬ ਵਿਖੇ ਸੰਗਤ ਨਾਲ ਅਰਦਾਸ ਵਿੱਚ ਸ਼ਾਮਲ ਹੋ ਕੇ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026 ਨੂੰ ਲਾਗੂ ਕਰਨ ਦਾ ਬਲ ਬਖਸ਼ਣ ਲਈ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ। ਉਨ੍ਹਾਂ ਕਿਹਾ ਕਿ ਇਹ ਸਖ਼ਤ ਕਾਨੂੰਨ ਬਣਨ ਨਾਲ ਪੰਥ ਕਾਫ਼ੀ ਰਾਹਤ ਅਤੇ ਸੰਤੁਸ਼ਟੀ ਮਹਿਸੂਸ ਕਰ ਰਿਹਾ ਹੈ, ਜੋ ਇਹ ਯਕੀਨੀ ਬਣਾਏਗਾ ਕਿ ਕੋਈ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੀ ਹਿੰਮਤ ਨਾ ਕਰੇ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਜਪਾ ਦੀ ਅਗਵਾਈ ਵਾਲੇ ਕੇਂਦਰ 'ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਦੇਸ਼ ਵਾਸੀ ਸਭ ਦੇਖ ਰਹੇ ਹਨ ਕਿ ਕਿਵੇਂ ਭਾਰਤ ਦੇ ਫੈਸਲੇ ਵ੍ਹਾਈਟ ਹਾਊਸ ਤੋਂ ਲਏ ਜਾ ਰਹੇ ਹਨ ਅਤੇ ਕਿਵੇਂ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਸਿਆਸੀ ਵਿਰੋਧੀਆਂ ਨੂੰ ਡਰਾਉਣ ਲਈ ਕੀਤੀ ਜਾ ਰਹੀ ਹੈ। ਇਹ ਆਖਦਿਆਂ ਕਿ ਕਿ ਪੰਜਾਬੀ ਕਦੇ ਵੀ ਦਬਾਅ ਦੀਆਂ ਚਾਲਾਂ ਅੱਗੇ ਨਾ ਝੁਕੇ ਹਨ ਤੇ ਨਾ ਹੀ ਕਦੇ ਝੁਕਣਗੇ, ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੇ ਲੋਕ ਲੋਕਤੰਤਰ ਦੀ ਆਵਾਜ਼ ਨੂੰ ਦਬਾਉਣ ਦੀ ਹਰ ਕੋਸ਼ਿਸ਼ ਦਾ ਢੁਕਵਾਂ ਜਵਾਬ ਦੇਣਗੇ।
ਆਪਣੇ ਐਕਸ ਹੈਂਡਲ 'ਤੇ ਕੁਝ ਫੋਟੋਆਂ ਸਾਂਝੀਆਂ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ "ਮੈਨੂੰ ਅੱਜ ਇਤਿਹਾਸਕ ਗੁਰਦੁਆਰਾ ਸ੍ਰੀ ਜੋਤੀਸਰ ਸਾਹਿਬ (ਛੇਵੀਂ ਪਾਤਸ਼ਾਹੀ) ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮੌਕੇ ਸ਼ਾਮਲ ਹੋ ਕੇ ਮੱਥਾ ਟੇਕਣ ਦਾ ਸੁਭਾਗ ਮਿਲਿਆ। ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਇਸ ਪਵਿੱਤਰ ਅਸਥਾਨ ਵਿਖੇ ਨਤਮਸਤਕ ਹੋ ਕੇ ਮੈਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾ ਕੇ ਸੇਵਾ ਕਰਨ ਦਾ ਬਲ ਬਖ਼ਸ਼ਣ ਲਈ ਗੁਰੂ ਸਾਹਿਬ ਦਾ ਧੰਨਵਾਦ ਕੀਤਾ। ਇਸ ਮੌਕੇ ਮੈਂ ਪੰਜਾਬ ਦੀ ਚੜ੍ਹਦੀ ਕਲਾ, ਸਰਬੱਤ ਦੇ ਭਲੇ ਅਤੇ ਸੂਬੇ ਨੂੰ ਇੱਕ ਵਾਰ ਫਿਰ ਮੁੜ ਤੋਂ 'ਰੰਗਲਾ ਪੰਜਾਬ' ਬਣਾਉਣ ਦੀ ਸਮਰੱਥਾ ਅਤੇ ਸੋਝੀ ਬਖ਼ਸ਼ਣ ਦਾ ਆਸ਼ੀਰਵਾਦ ਮੰਗਿਆ ਅਤੇ ਅਰਦਾਸ ਕੀਤੀ ਕਿ ਗੁਰੂ ਸਾਹਿਬ ਸਭਨਾਂ 'ਤੇ ਆਪਣੀ ਕਿਰਪਾ ਬਣਾ ਕੇ ਰੱਖਣ।"
ਸੰਗਤ ਵਿੱਚ ਹਾਜ਼ਰੀ ਭਰਨ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਭਰ ਦੀ ਸਮੁੱਚੀ ਸਿੱਖ ਸੰਗਤ ਇਤਿਹਾਸਕ ਕਾਨੂੰਨ, ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ‘ਤੇ ਰੋਕ ਲਾਵੇਗਾ, ਦੇ ਪਾਸ ਹੋਣ 'ਤੇ ਖੁਸ਼ੀ ਤੇ ਸੰਤੁਸ਼ਟੀ ਪ੍ਰਗਟ ਕਰ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪ੍ਰਮਾਤਮਾ ਦੇ ਸ਼ੁਕਰਾਨੇ ਲਈ ਅੱਜ ਇਤਿਹਾਸਕ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਉਹ ਸੰਗਤ ਨਾਲ ਅਰਦਾਸ ਵਿੱਚ ਸ਼ਾਮਲ ਹੋਣ ਲਈ ਇਥੇ ਆਏ ਸਨ।
ਮੁੱਖ ਮੰਤਰੀ ਨੇ ਕਿਹਾ ਕਿ ਕਾਨੂੰਨ ਦੇ ਲਾਗੂ ਹੋਣ ਤੋਂ ਬਾਅਦ ਪੰਜਾਬ ਦੇ ਲੋਕ ਸੂਬੇ ਦੇ ਕੋਨੇ-ਕੋਨੇ ‘ਚ ਧੰਨਵਾਦੀ ਸਮਾਗਮ ਕਰਵਾ ਰਹੇ ਹਨ ਕਿਉਂਕਿ ਇਹ ਕਾਨੂੰਨ ਲੋਕਾਂ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਨੂੰ ਅਜਿਹੇ ਧਾਰਮਿਕ ਪ੍ਰੋਗਰਾਮਾਂ ਵਿੱਚ ਸ਼ਾਮਲ ਹੋਣ ਲਈ ਰੋਜ਼ਾਨਾ ਕਈ ਸੱਦੇ ਆ ਰਹੇ ਹਨ। ਉਨ੍ਹਾਂ ਕਿਹਾ “ਸਰਬਸ਼ਕਤੀਮਾਨ ਪ੍ਰਮਾਤਮਾ ਨੇ ਮੈਨੂੰ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026, ਜੋ ਬੇਅਦਬੀ ਲਈ ਸਖ਼ਤ ਸਜ਼ਾ ਦੀ ਵਿਵਸਥਾ ਕਰਦਾ ਹੈ, ਲਾਗੂ ਕਰਨ ਦਾ ਮੌਕਾ ਦੇ ਕੇ ਮਨੁੱਖਤਾ ਦੀ ਸੇਵਾ ਦੀ ਵੱਡੀ ਜ਼ਿਮੇਵਾਰੀ ਸੌਂਪੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੁਆਰਾ ਪਾਸ ਕੀਤਾ ਗਿਆ ਇਹ ਕਾਨੂੰਨ ਇਹ ਯਕੀਨੀ ਬਣਾਏਗਾ ਕਿ ਹੁਣ ਭਵਿੱਖ ਵਿੱਚ ਕੋਈ ਵੀ ਬੇਅਦਬੀ ਵਰਗਾ ਨਾ-ਮੁਆਫੀਯੋਗ ਅਪਰਾਧ ਕਰਨ ਦੀ ਹਿੰਮਤ ਨਾ ਕਰੇ।
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਾਣ-ਮਰਿਆਦਾ ਅਤੇ ਸਤਿਕਾਰ ਨੂੰ ਕਾਇਮ ਰੱਖਣ ਪ੍ਰਤੀ 'ਆਪ' ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਵਿਰੁੱਧ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਨੇ ਪੁਸ਼ਟੀ ਕੀਤੀ ਕਿ ਉਨ੍ਹਾਂ ਦੀ ਸਰਕਾਰ ਸਿੱਖ ਮਰਿਆਦਾ ਅਤੇ ਲੋਕਾਂ ਦੀਆਂ ਭਾਵਨਾਵਾਂ ਪ੍ਰਤੀ ਪੂਰੀ ਤਰ੍ਹਾਂ ਸੁਹਿਰਦ ਹੈ ਅਤੇ ਇਹ ਕਾਨੂੰਨ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਵਿਰੁੱਧ ਮਜ਼ਬੂਤ ਰੋਕਥਾਮ ਵਜੋਂ ਕੰਮ ਕਰੇਗਾ।
ਪ੍ਰਧਾਨ ਮੰਤਰੀ ਵੱਲੋਂ ਲੋਕਾਂ ਨੂੰ ਕੀਤੀਆਂ ਗਈਆਂ ਹਾਲੀਆ ਅਪੀਲਾਂ ਸਬੰਧੀ ਇੱਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ "ਜੁਮਲਿਆਂ ਦੇ ਬਾਦਸ਼ਾਹ" ਨੂੰ ਦੇਸ਼ ਦੇ ਸਾਹਮਣੇ ਸੱਚ ਬੋਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ "ਇਹ ਸਪੱਸ਼ਟ ਹੋ ਗਿਆ ਹੈ ਕਿ ਦੇਸ਼ ਦੀ ਲਗਾਮ ਅੱਜ ਵ੍ਹਾਈਟ ਹਾਊਸ ਦੇ ਹੱਥ ਵਿੱਚ ਹੈ, ਜਿਸ ਕਰਕੇ ਸਾਰੇ ਵੱਡੇ ਫੈਸਲੇ ਉਨ੍ਹਾਂ ਦੀ ਸਹਿਮਤੀ ਤੋਂ ਬਾਅਦ ਹੀ ਲਏ ਜਾ ਰਹੇ ਹਨ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਰਤ-ਪਾਕਿਸਤਾਨ ਤਣਾਅ ਵਰਗੇ ਮੁੱਦਿਆਂ ਦੌਰਾਨ ਵੀ ਅਮਰੀਕੀ ਅਧਿਕਾਰੀਆਂ ਦੁਆਰਾ ਫਰਮਾਨ ਸੁਣਾਇਆ ਗਿਆ ਸੀ, ਜੋ ਦੇਸ਼ ਦੀ ਪ੍ਰਭੂਸੱਤਾ ਪ੍ਰਤੀ ਗੰਭੀਰ ਚਿੰਤਾਵਾਂ ਖ਼ੜ੍ਹੀਆਂ ਕਰਦਾ ਹੈ। ਉਨ੍ਹਾਂ ਕਿਹਾ, "ਭਾਰਤ ਨੂੰ ਵਿਸ਼ਵ ਗੁਰੂ ਬਣਾਉਣ ਦਾ ਦਾਅਵਾ ਕਰਨ ਵਾਲੇ ਅਸਲ ਵਿੱਚ ਵਿਸ਼ਵ ਚੇਲਾ ਬਣਨ ਵੱਲ ਵਧ ਰਹੇ ਹਨ ਕਿਉਂਕਿ ਅੱਜ ਅੱਖਾਂ ਮੁੰਦ ਕੇ ਵ੍ਹਾਈਟ ਹਾਊਸ ਦੇ ਨਿਰਦੇਸ਼ਾਂ ਦੀ ਅੰਨ੍ਹੇਵਾਹ ਪਾਲਣਾ ਕੀਤੀ ਜਾ ਰਹੀ ਹੈ,"
ਕੇਂਦਰ ਦੀਆਂ ਆਰਥਿਕ ਨੀਤੀਆਂ 'ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੇਕ ਇਨ ਇੰਡੀਆ ਸਬੰਧੀ ਲੰਬੇ-ਚੌੜੇ ਦਾਅਵਿਆਂ ਦੇ ਬਾਵਜੂਦ ਰੱਖਿਆ ਖੇਤਰ ਵਿੱਚ ਵੀ ਐਫਡੀਆਈ ਦੀ ਆਗਿਆ ਦੇਣ ਵਰਗੀਆਂ ਨੀਤੀਆਂ ਨੇ ਦੇਸ਼ ਦੇ ਹਿੱਤਾਂ ਨੂੰ ਕਮਜ਼ੋਰ ਕਰ ਦਿੱਤਾ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਪ੍ਰਸਤਾਵਿਤ ਭਾਰਤ-ਅਮਰੀਕਾ ਵਪਾਰ ਸਮਝੌਤਾ ਭਾਰਤੀ ਖੇਤੀਬਾੜੀ ਨੂੰ ਗੰਭੀਰ ਨੁਕਸਾਨ ਪਹੁੰਚਾ ਸਕਦਾ ਹੈ, ਜਿਸ ਦਾ ਕਿਸਾਨਾਂ 'ਤੇ ਮਾੜਾ ਪ੍ਰਭਾਵ ਪਵੇਗਾ।
ਪੰਜਾਬ ਵਿੱਚ ਈਡੀ ਦੇ ਛਾਪਿਆਂ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਆਪਣੇ ਸਿਆਸੀ ਵਿਰੋਧੀਆਂ ਦੀ ਬਾਂਹ ਮਰੋੜਨ ਲਈ ਕੇਂਦਰੀ ਏਜੰਸੀ ਦੀ ਸ਼ਰੇਆਮ ਦੁਰਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਈਡੀ, ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਧਮਕਾਉਣ ਅਤੇ ਲੋਕਤੰਤਰ ਦਾ ਆਵਾਜ਼ ਨੂੰ ਦਬਾਉਣ ਦਾ ਇੱਕ ਸਾਧਨ ਬਣ ਕੇ ਰਹਿ ਗਈ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ "ਪੰਜਾਬੀਆਂ ਕਦੇ ਵੀ ਅਜਿਹੀਆਂ ਦਬਾਅ ਪਾਉਣ ਵਾਲੀਆਂ ਚਾਲਾਂ ਅੱਗੇ ਨਾ ਝੁਕੇ ਸੀ ਅਤੇ ਨਾ ਝੁਕਣਗੇ। ਪੰਜਾਬ ਦੇ ਬਹਾਦਰ ਅਤੇ ਸੂਝਵਾਨ ਲੋਕ ਇਨ੍ਹਾਂ ਕੋਸ਼ਿਸ਼ਾਂ ਦਾ ਢੁਕਵਾਂ ਜਵਾਬ ਦੇਣਗੇ।"

-cm-Bhagwant-Singh-Mann-Bows-At-Gurdwara-Jyotisar-Sahib-Expresses-Gratitude-For-Getting-Opportunity-To-Enact-Strict-Law-Against-Beadbi-


About Us


PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.

Meenu Galhotra (Editor)

We are Social


Address


PunjabAMPM
House no 3, street no 1, New Aggar Nagar, behind mediways hospital, Ferozepur road Ludhiana 141001
Mobile: +91 98769 60522
Email: punjabampm0161@gmail.com

Copyright Punjab AMPM | 2023
Website by: Webhead