May 19, 2026 09:57:50

ਹੁਸ਼ਿਆਰਪੁਰ ਨੂੰ ਡੇਂਗੂ ਮੁਕਤ ਕਰਨ ਲਈ ਨਹੀਂ ਛੱਡੀ ਜਾਵੇਗੀ ਕੋਈ ਕਮੀ: ਆਸ਼ਿਕਾ ਜੈਨ

May18,2026 | Meenu Galhotra | Hoshiarpur

ਡਿਪਟੀ ਕਮਿਸ਼ਨਰ ਨੇ ਸਾਰੇ ਵਿਭਾਗਾਂ ਨੂੰ ਪੂਰੀ ਗੰਭੀਰਤਾ ਤੇ ਜ਼ਿੰਮੇਵਾਰੀ ਨਾਲ ਕੰਮ ਕਰਨ ਦੇ ਦਿੱਤੇ ਨਿਰਦੇਸ਼

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡੇਂਗੂ ਅਤੇ ਚਿਕਨਗੁਨੀਆ ਵਰਗੀਆਂ ਮੌਸਮੀ ਬਿਮਾਰੀਆਂ ਦੀ ਰੋਕਥਾਮ ਲਈ ਵਿਆਪਕ ਪੱਧਰ ‘ਤੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸ ਸਬੰਧੀ ਅੱਜ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿੱਚ ਜ਼ਿਲ੍ਹਾ ਪੱਧਰੀ ਇੱਕ ਮਹੱਤਵਪੂਰਨ ਮੀਟਿੰਗ ਕਰਵਾਈ ਗਈ, ਜਿਸ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕੀਤੀ। ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨੇ ਭਾਗ ਲਿਆ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਵਿੱਚ ਡੇਂਗੂ ਅਤੇ ਚਿਕਨਗੁਨੀਆ ਸਬੰਧੀ ਜਾਗਰੂਕਤਾ ਅਤੇ ਰੋਕਥਾਮ ਕਾਰਜਾਂ ਦੀ ਨਿਗਰਾਨੀ ਲਈ ਡੇਂਗੂ ਐਕਸ਼ਨ ਪਲਾਨ ਦੀ ਕੋਰ ਕਮੇਟੀ ਦਾ ਗਠਨ ਵੀ ਕੀਤਾ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਨੂੰ ਡੇਂਗੂ ਮੁਕਤ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਕੋਈ ਕਮੀ ਨਹੀਂ ਛੱਡੇਗਾ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਰਸਾਤ ਦੇ ਮੌਸਮ ਤੋਂ ਪਹਿਲਾਂ ਸਾਰੇ ਵਿਭਾਗਾਂ ਨੂੰ ਪੂਰੀ ਗੰਭੀਰਤਾ ਅਤੇ ਜ਼ਿੰਮੇਵਾਰੀ ਨਾਲ ਕੰਮ ਕਰਨਾ ਹੋਵੇਗਾ, ਤਾਂ ਜੋ ਜ਼ਿਲ੍ਹੇ ਵਿੱਚ ਡੇਂਗੂ ਅਤੇ ਚਿਕਨਗੁਨੀਆ ਦੇ ਮਾਮਲਿਆਂ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਉਨ੍ਹਾਂ ਸਾਰੇ ਵਿਭਾਗ ਮੁਖੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਆਪਣੇ ਦਫ਼ਤਰਾਂ, ਪਰਿਸਰਾਂ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਕਿਤੇ ਵੀ ਪਾਣੀ ਖੜ੍ਹਾ ਨਾ ਹੋਣ ਦੇਣ। ਉਨ੍ਹਾਂ ਕਿਹਾ ਕਿ ਥੋੜ੍ਹੀ ਜਿਹੀ ਲਾਪਰਵਾਹੀ ਵੀ ਬਿਮਾਰੀ ਦੇ ਫੈਲਾਅ ਦਾ ਕਾਰਨ ਬਣ ਸਕਦੀ ਹੈ।
ਡਿਪਟੀ ਕਮਿਸ਼ਨਰ ਨੇ ਸਿਵਲ ਸਰਜਨ ਹੁਸ਼ਿਆਰਪੁਰ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਬਲਾਕ ਪੱਧਰ ‘ਤੇ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਜਾਵੇ, ਜਿਨ੍ਹਾਂ ਵਿੱਚ ਸਿਹਤ ਵਿਭਾਗ, ਪੁਲਿਸ ਵਿਭਾਗ, ਨਗਰ ਕੌਂਸਲਾਂ ਅਤੇ ਗੈਰ-ਸਰਕਾਰੀ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਸ਼ਾਮਲ ਕੀਤਾ ਜਾਵੇ। ਇਹ ਟੀਮਾਂ ਹਫ਼ਤੇ ਵਿੱਚ ਘੱਟੋ-ਘੱਟ ਦੋ ਦਿਨ ਘਰ-ਘਰ ਜਾ ਕੇ ਜਾਂਚ ਕਰਨਗੀਆਂ ਅਤੇ ਲੋਕਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਸੰਭਾਵਿਤ ਡੇਂਗੂ ਪ੍ਰਭਾਵਿਤ ਇਲਾਕਿਆਂ ਦੀ ਪਛਾਣ ਕਰਕੇ ਲੋੜੀਂਦੀ ਕਾਰਵਾਈ ਯਕੀਨੀ ਬਣਾਉਣਗੀਆਂ। ਉਨ੍ਹਾਂ ਨਗਰ ਨਿਗਮ ਅਤੇ ਨਗਰ ਕੌਂਸਲਾਂ ਨੂੰ ਵੀ ਇਸ ਮਾਮਲੇ ਵਿੱਚ ਗੰਭੀਰਤਾ ਨਾਲ ਕੰਮ ਕਰਨ ਦੀ ਹਦਾਇਤ ਦਿੱਤੀ।
ਉਨ੍ਹਾਂ ਦੱਸਿਆ ਕਿ ਰੈੱਡ ਕਰਾਸ ਸੁਸਾਇਟੀ ਦੇ ਵਲੰਟੀਅਰ ਵੀ ਇਸ ਮੁਹਿੰਮ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹੋਏ ਘਰਾਂ ਅਤੇ ਦੁਕਾਨਾਂ ਦਾ ਸਰਵੇ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਲੋਕਾਂ ਨੂੰ ਡੇਂਗੂ ਅਤੇ ਚਿਕਨਗੁਨੀਆ ਵਰਗੀਆਂ ਗੰਭੀਰ ਬਿਮਾਰੀਆਂ ਪ੍ਰਤੀ ਜਾਗਰੂਕ ਕਰਨਾ ਅਤੇ ਇਨ੍ਹਾਂ ਦੇ ਫੈਲਾਅ ਨੂੰ ਰੋਕਣਾ ਹੈ। ਉਨ੍ਹਾਂ ਕਿਹਾ ਕਿ ਸਰਵੇ ਦੌਰਾਨ ਟੀਮਾਂ ਵੱਲੋਂ ਘਰਾਂ ਵਿੱਚ ਰੱਖੇ ਕੂਲਰਾਂ, ਗਮਲਿਆਂ, ਪੁਰਾਣੇ ਟਾਇਰਾਂ, ਪਾਣੀ ਵਾਲੇ ਬਰਤਨਾਂ ਅਤੇ ਹੋਰ ਕੰਟੇਨਰਾਂ ਦੀ ਜਾਂਚ ਕੀਤੀ ਜਾਵੇਗੀ ਅਤੇ ਉਨ੍ਹਾਂ ਵਿੱਚ ਜਮਾ ਪਾਣੀ ਨੂੰ ਖਾਲੀ ਕਰਵਾਇਆ ਜਾ ਰਿਹਾ ਹੈ। ਲੋਕਾਂ ਨੂੰ ਇਹ ਵੀ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਹਫ਼ਤੇ ਵਿੱਚ ਘੱਟੋ-ਘੱਟ ਇੱਕ ਵਾਰ ਪਾਣੀ ਵਾਲੇ ਬਰਤਨਾਂ ਨੂੰ ਪੂਰੀ ਤਰ੍ਹਾਂ ਖਾਲੀ ਕਰਕੇ ਸਾਫ਼ ਅਤੇ ਸੁੱਕਾ ਰੱਖਿਆ ਜਾਵੇ, ਤਾਂ ਜੋ ਏਡੀਜ਼ ਮੱਛਰ ਦੇ ਲਾਰਵਾ ਨੂੰ ਪੈਦਾ ਹੋਣ ਤੋਂ ਰੋਕਿਆ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਏਡੀਜ਼ ਮੱਛਰ ਸਾਫ਼ ਪਾਣੀ ਵਿੱਚ ਪੈਦਾ ਹੁੰਦਾ ਹੈ ਅਤੇ ਇਹੀ ਮੱਛਰ ਡੇਂਗੂ ਅਤੇ ਚਿਕਨਗੁਨੀਆ ਵਰਗੀਆਂ ਬਿਮਾਰੀਆਂ ਦਾ ਮੁੱਖ ਕਾਰਨ ਹੈ। ਇਸ ਲਈ ਇਨ੍ਹਾਂ ਬਿਮਾਰੀਆਂ ਤੋਂ ਬਚਾਅ ਲਈ ਆਮ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਲੋੜ ਵਾਲੇ ਇਲਾਕਿਆਂ ਵਿੱਚ ਲਾਰਵੀਸਾਈਡ ਸਪਰੇ ਵੀ ਕਰਵਾਇਆ ਜਾਵੇਗਾ, ਤਾਂ ਜੋ ਮੱਛਰਾਂ ਦੀ ਪੈਦਾਵਾਰ ਨੂੰ ਰੋਕਿਆ ਜਾ ਸਕੇ।
ਆਸ਼ਿਕਾ ਜੈਨ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਆਪਣੇ ਘਰਾਂ ਅਤੇ ਆਲੇ-ਦੁਆਲੇ ਸਾਫ਼-ਸਫ਼ਾਈ ਬਣਾਈ ਰੱਖਣ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ, ਤਾਂ ਜੋ ਜ਼ਿਲ੍ਹੇ ਨੂੰ ਡੇਂਗੂ ਅਤੇ ਚਿਕਨਗੁਨੀਆ ਮੁਕਤ ਬਣਾਇਆ ਜਾ ਸਕੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਿਕਾਸ ਕੁਮਾਰ, ਕਮਿਸ਼ਨਰ ਨਗਰ ਨਿਗਮ ਜਯੋਤੀ ਬਾਲਾ ਮੱਟੂ, ਐਸ.ਡੀ.ਐਮ. ਹੁਸ਼ਿਆਰਪੁਰ ਪਰਮਪ੍ਰੀਤ ਸਿੰਘ, ਸਿਵਲ ਸਰਜਨ ਡਾ. ਮਨਦੀਪ ਕਮਲ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।

No-Lapse-Will-Be-Left-To-Make-Hoshiarpur-Dengue-free-Ashika-Jain


About Us


PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.

Meenu Galhotra (Editor)

We are Social


Address


PunjabAMPM
House no 3, street no 1, New Aggar Nagar, behind mediways hospital, Ferozepur road Ludhiana 141001
Mobile: +91 98769 60522
Email: punjabampm0161@gmail.com

Copyright Punjab AMPM | 2023
Website by: Webhead