*ਜ਼ਮੀਨੀ ਪੱਧਰ ’ਤੇ ਜਾ ਕੇ ਮੁਕੰਮਲ ਰਿਪੋਰਟ ਤਿਆਰ ਕਰਨ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼*
*ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਉਨ੍ਹਾਂ ਦੀ ਹਰ ਮੁਸ਼ਕਲ ਦਾ ਢੁਕਵਾਂ ਹੱਲ ਕਰਨ ਲਈ ਵਚਨਬੱਧ*
ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਉਨ੍ਹਾਂ ਦੀ ਹਰ ਮੁਸ਼ਕਲ ਦਾ ਢੁਕਵਾਂ ਹੱਲ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਅੱਜ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਪੰਜਾਬ ਭਵਨ, ਚੰਡੀਗੜ੍ਹ ਵਿਖੇ ਆਲੂ ਉਤਪਾਦਕਾਂ ਅਤੇ ਕੋਲਡ ਸਟੋਰੇਜ ਮਾਲਕਾਂ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ। ਇਸ ਮੌਕੇ ਬਾਗ਼ਬਾਨੀ ਵਿਭਾਗ ਦੇ ਵਧੀਕ ਸਕੱਤਰ ਸ੍ਰੀ ਲਤੀਫ਼ ਅਹਿਮਦ ਅਤੇ ਡਾਇਰੈਕਟਰ ਸ੍ਰੀ ਮਨੀਸ਼ ਕੁਮਾਰ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
ਮੀਟਿੰਗ ਦੌਰਾਨ ਆਲੂ ਉਤਪਾਦਕਾਂ ਅਤੇ ਕੋਲਡ ਸਟੋਰੇਜ ਮਾਲਕਾਂ ਵੱਲੋਂ ਉਨ੍ਹਾਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਲਾਂ ਬਾਰੇ ਬਾਗ਼ਬਾਨੀ ਮੰਤਰੀ ਨੂੰ ਜਾਣੂ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਲੂਆਂ ਦੀ ਫਸਲ ਨੂੰ ਸਟੋਰ ਕਰਨ ਲਈ ਕੋਲਡ ਸਟੋਰੇਜ ਸਥਾਪਿਤ ਕਰਨ ਅਤੇ ਉਨ੍ਹਾਂ ਦੀ ਸਾਂਭ-ਸੰਭਾਲ ਲਈ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਪਰੰਤੂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨਾਲ ਸਬੰਧਤ ਮੁੱਦਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਣਾ ਲੋੜੀਂਦਾ ਹੈ।
ਇਸ ਮੌਕੇ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਆਲੂ ਉਤਪਾਦਕਾਂ ਅਤੇ ਕੋਲਡ ਸਟੋਰੇਜ ਮਾਲਕਾਂ ਦੀਆਂ ਮੁਸ਼ਕਲਾਂ ਨੂੰ ਧਿਆਨ ਨਾਲ ਸੁਣੀਆਂ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਉਨ੍ਹਾਂ ਦੀ ਹਰ ਮੁਸ਼ਕਲ ਦਾ ਢੁਕਵਾਂ ਹੱਲ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ ਅਤੇ ਹੋਰ ਯੋਜਨਾਵਾਂ ਰਾਹੀਂ ਕੋਲਡ ਸਟੋਰੇਜ, ਗੋਦਾਮ ਅਤੇ ਪੈਕਿੰਗ ਯੂਨਿਟਾਂ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ।
ਇਸ ਮੌਕੇ ਮੰਤਰੀ ਸ੍ਰੀ ਭਗਤ ਨੇ ਆਲੂ ਉਤਪਾਦਕਾਂ ਅਤੇ ਕੋਲਡ ਸਟੋਰੇਜ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਦੀ ਮੁਕੰਮਲ ਰਿਪੋਰਟ ਤਿਆਰ ਕਰਨ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਕਿਸਾਨਾਂ ਨਾਲ ਨਿੱਜੀ ਤੌਰ ’ਤੇ ਰਾਬਤਾ ਕਾਇਮ ਕਰਨ ਅਤੇ ਪੂਰੀ ਰਿਪੋਰਟ ਤਿਆਰ ਕੀਤੀ ਜਾਵੇ। ਇਸ ਮੌਕੇ ਅਧਿਕਾਰੀਆਂ ਨੇ ਮੰਤਰੀ ਨੂੰ ਹਰ ਕੰਮ ਸਮੇਂ ਸਿਰ ਪੂਰਾ ਕਰਨ ਦਾ ਭਰੋਸਾ ਦਿੱਤਾ।
PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.
Meenu Galhotra (Editor)