*ਵਿਰੋਧੀ ਧਿਰਾਂ ਵੱਲੋਂ ਸੈਮੀਫਾਈਨਲ ਕਰਾਰ ਦਿੱਤੀਆਂ ਚੋਣਾਂ ਵਿੱਚ ਲੋਕਾਂ ਨੇ ਆਪ ਦੀਆਂ ਨੀਤੀਆਂ 'ਤੇ ਮੋਹਰ ਲਗਾਈ
ਸਥਾਨਕ ਸਰਕਾਰਾਂ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਪੰਜਾਬ ਭਰ ਵਿੱਚ ਮਿਲੀ ਵੱਡੀ ਜਿੱਤ ਸਬੰਧੀ ਅੱਜ ਸੰਗਰੂਰ ਵਿਖੇ ਕਰਵਾਈ ਗਈ ਪ੍ਰੈੱਸ ਕਾਨਫਰੰਸ ਦੌਰਾਨ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਇੱਕ ਵਾਰ ਫਿਰ ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ, ਪਾਰਦਰਸ਼ੀ ਪ੍ਰਸ਼ਾਸਨ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਕੰਮਾਂ ‘ਤੇ ਭਰੋਸਾ ਜਤਾਇਆ ਹੈ।
ਸ਼੍ਰੀ ਅਰੋੜਾ ਨੇ ਦੱਸਿਆ ਕਿ ਪੰਜਾਬ ਵਿੱਚ ਕੁੱਲ 1977 ਵਾਰਡਾਂ ਵਿੱਚ ਚੋਣ ਹੋਈ ਸੀ। ਪ੍ਰੈੱਸ ਕਾਨਫਰੰਸ ਹੋਣ ਤੱਕ 1667 ਵਾਰਡਾਂ ਦੇ ਨਤੀਜੇ ਸਾਹਮਣੇ ਆ ਚੁੱਕੇ ਸਨ, ਜਿਨ੍ਹਾਂ ਵਿੱਚੋਂ ਆਮ ਆਦਮੀ ਪਾਰਟੀ ਨੇ 50 ਫ਼ੀਸਦ ਤੋਂ ਵੱਧ ਵੋਟਾਂ ਪ੍ਰਾਪਤ ਕਰਦੇ ਹੋਏ 831 ਵਾਰਡਾਂ ਵਿੱਚ ਜਿੱਤ ਦਰਜ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਜਿੱਤ ਪੰਜਾਬ ਦੇ ਲੋਕਾਂ ਵੱਲੋਂ ਆਪ ਸਰਕਾਰ ਦੇ ਕੰਮਾਂ ਨੂੰ ਦਿੱਤਾ ਗਿਆ ਸਿੱਧਾ ਸਮਰਥਨ ਹੈ।
ਉਨ੍ਹਾਂ ਦੱਸਿਆ ਕਿ ਕਾਂਗਰਸ ਪਾਰਟੀ ਨੂੰ 305, ਸ਼੍ਰੋਮਣੀ ਅਕਾਲੀ ਦਲ ਨੂੰ 168, ਭਾਰਤੀ ਜਨਤਾ ਪਾਰਟੀ ਨੂੰ 96 ਅਤੇ ਬਹੁਜਨ ਸਮਾਜ ਪਾਰਟੀ ਨੂੰ 08 ਸੀਟਾਂ ਪ੍ਰਾਪਤ ਹੋਈਆਂ ਹਨ, ਜਦਕਿ 227 ਅਜ਼ਾਦ ਉਮੀਦਵਾਰ ਜੇਤੂ ਰਹੇ ਹਨ। ਉਨ੍ਹਾਂ ਕਿਹਾ ਕਿ ਇਹਨਾਂ ਅਜ਼ਾਦ ਜੇਤੂਆਂ ਵਿੱਚੋਂ ਵੀ ਬਹੁਤੇ ਆਮ ਆਦਮੀ ਪਾਰਟੀ ਦੀ ਵਿਚਾਰਧਾਰਾ ਨਾਲ ਜੁੜੇ ਹੋਏ ਹਨ ਅਤੇ ਪਾਰਟੀ ਨੂੰ ਸਮਰਥਨ ਕਰਦੇ ਹਨ।
ਸ਼੍ਰੀ ਅਰੋੜਾ ਨੇ ਕਿਹਾ ਕਿ ਵਿਰੋਧੀ ਧਿਰਾਂ ਵੱਲੋਂ ਇਹਨਾਂ ਚੋਣਾਂ ਨੂੰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ “ਸੈਮੀ ਫਾਈਨਲ” ਵਜੋਂ ਪੇਸ਼ ਕੀਤਾ ਜਾ ਰਿਹਾ ਸੀ, ਪਰ ਲੋਕਾਂ ਨੇ ਨਤੀਜਿਆਂ ਰਾਹੀਂ ਸਪੱਸ਼ਟ ਕਰ ਦਿੱਤਾ ਹੈ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਵੀ ਆਮ ਆਦਮੀ ਪਾਰਟੀ ਵੱਡੀ ਜਿੱਤ ਹਾਸਲ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਵਿਕਾਸ, ਸਿੱਖਿਆ, ਸਿਹਤ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੀ ਰਾਜਨੀਤੀ ਨੂੰ ਤਰਜੀਹ ਦੇ ਰਹੇ ਹਨ।
ਮੀਡੀਆ ਵੱਲੋਂ ਪੁੱਛੇ ਗਏ ਇੱਕ ਸਵਾਲ ਦੇ ਜਵਾਬ ਵਿੱਚ ਸ਼੍ਰੀ ਅਰੋੜਾ ਨੇ ਕਿਹਾ ਕਿ ਸੁਨਾਮ ਸਮੇਤ ਸਾਰੇ ਖੇਤਰਾਂ ਵਿੱਚ ਚੋਣ ਪ੍ਰਕਿਰਿਆ ਪੂਰੀ ਤਰ੍ਹਾਂ ਪਾਰਦਰਸ਼ੀ, ਸ਼ਾਂਤਮਈ ਅਤੇ ਲੋਕਤੰਤਰੀ ਢੰਗ ਨਾਲ ਸੰਪੰਨ ਹੋਈ ਹੈ। ਉਨ੍ਹਾਂ ਕਿਹਾ ਕਿ ਇਸ ਗੱਲ ਨੂੰ ਵਿਰੋਧੀ ਧਿਰਾਂ ਦੇ ਆਗੂ ਵੀ ਮੰਨ ਰਹੇ ਹਨ।
ਉਨ੍ਹਾਂ ਕਿਹਾ ਕਿ ਸੁਨਾਮ ਵਿੱਚ ਵਿਰੋਧੀ ਪਾਰਟੀਆਂ ਇਕੱਠੀਆਂ ਹੋ ਕੇ ਆਮ ਆਦਮੀ ਪਾਰਟੀ ਦੇ ਖ਼ਿਲਾਫ਼ ਮੈਦਾਨ ਵਿੱਚ ਉਤਰੀਆਂ ਸਨ, ਪਰ ਲੋਕਾਂ ਦੇ ਭਾਰੀ ਸਮਰਥਨ ਕਾਰਨ ਉਹ ਮਜ਼ਬੂਤ ਉਮੀਦਵਾਰ ਖੜ੍ਹੇ ਕਰਨ ਵਿੱਚ ਵੀ ਅਸਫਲ ਰਹੀਆਂ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਹੁਣ ਸੂਬੇ ਵਿੱਚ ਇਮਾਨਦਾਰ ਅਤੇ ਵਿਕਾਸ ਕੇਂਦਰਿਤ ਰਾਜਨੀਤੀ ਨੂੰ ਹੀ ਅੱਗੇ ਲੈ ਕੇ ਜਾਣਾ ਚਾਹੁੰਦੇ ਹਨ।
ਇਸ ਮੌਕੇ ਪਾਰਟੀ ਦੇ ਹੋਰ ਆਗੂ ਅਤੇ ਵਰਕਰ ਵੀ ਹਾਜ਼ਰ ਸਨ।
Historic-Victory-For-Aam-Aadmi-Party-Across-Punjab-In-Local-Government-Elections-Aman-Arora
PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.
Meenu Galhotra (Editor)