*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਾ-ਮੁਕਤ ਪੰਜਾਬ ਦੀ ਸਿਰਜਣਾ ਲਈ ਬਹੁ-ਵਿਭਾਗੀ ਯਤਨਾਂ ਨੂੰ ਹੋਰ ਤੇਜ਼ੀ*
*ਨਸ਼ਿਆਂ ਦੇ ਖਾਤਮੇ ਅਤੇ ਸੀਨੀਅਰ ਸਿਟੀਜ਼ਨਾਂ ਦੀ ਭਲਾਈ ਸਬੰਧੀ ਰਾਜ ਕਾਰਜ ਯੋਜਨਾਵਾਂ ਨੂੰ ਅੰਤਿਮ ਰੂਪ ਦੇਣ ਲਈ ਉੱਚ ਪੱਧਰੀ ਮੀਟਿੰਗ*
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਾ-ਮੁਕਤ, ਤੰਦਰੁਸਤ ਅਤੇ ਪ੍ਰਗਤੀਸ਼ੀਲ ਪੰਜਾਬ ਦੀ ਸਿਰਜਣਾ ਦੇ ਸੰਕਲਪ ਨੂੰ ਹੋਰ ਮਜ਼ਬੂਤ ਕਰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਭਵਨ, ਚੰਡੀਗੜ੍ਹ ਵਿਖੇ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਦੌਰਾਨ ਨੈਸ਼ਨਲ ਐਕਸ਼ਨ ਪਲਾਨ ਫਾਰ ਡਰੱਗ ਡਿਮਾਂਡ ਰਿਡਕਸ਼ਨ ਅਤੇ ਨੈਸ਼ਨਲ ਐਕਸ਼ਨ ਪਲਾਨ ਫਾਰ ਸੀਨੀਅਰ ਸਿਟੀਜ਼ਨਜ਼ ਤਹਿਤ ਸਾਲ 2026-27 ਲਈ ਰਾਜ ਕਾਰਜ ਯੋਜਨਾਵਾਂ ਨੂੰ ਅੰਤਿਮ ਰੂਪ ਦੇਣ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ।
ਮੀਟਿੰਗ ਵਿੱਚ ਗ੍ਰਹਿ ਮਾਮਲੇ, ਸਿਹਤ ਅਤੇ ਪਰਿਵਾਰ ਭਲਾਈ, ਆਯੁਸ਼, ਸਕੂਲ ਸਿੱਖਿਆ, ਉੱਚ ਸਿੱਖਿਆ, ਯੁਵਕ ਸੇਵਾਵਾਂ ਅਤੇ ਖੇਡਾਂ, ਸੂਚਨਾ ਤੇ ਲੋਕ ਸੰਪਰਕ, ਪੰਜਾਬ ਹੁਨਰ ਵਿਕਾਸ ਮਿਸ਼ਨ, ਜੇਲ੍ਹ ਵਿਭਾਗ ਅਤੇ ਹੋਰ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨੇ ਭਾਗ ਲਿਆ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਇੱਕ ਵਿਆਪਕ, ਨਤੀਜਾ-ਕੇਂਦਰਿਤ ਅਤੇ ਬਹੁ-ਵਿਭਾਗੀ ਰਣਨੀਤੀ 'ਤੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਸਿਰਫ਼ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਤੱਕ ਸੀਮਤ ਨਹੀਂ ਹੈ, ਸਗੋਂ ਨਸ਼ਿਆਂ ਦੀ ਰੋਕਥਾਮ, ਜਾਗਰੂਕਤਾ, ਇਲਾਜ, ਮੁੜ ਵਸੇਬੇ ਅਤੇ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਲਈ ਵੀ ਠੋਸ ਕਦਮ ਚੁੱਕ ਰਹੀ ਹੈ।
ਡਾ. ਬਲਜੀਤ ਕੌਰ ਨੇ ਦੱਸਿਆ ਕਿ ਨੈਸ਼ਨਲ ਐਕਸ਼ਨ ਪਲਾਨ ਫਾਰ ਡਰੱਗ ਡਿਮਾਂਡ ਰਿਡਕਸ਼ਨ ਤਹਿਤ ਸਾਲ 2026-27 ਲਈ 42.95 ਕਰੋੜ ਰੁਪਏ ਦੀ ਰਾਜ ਕਾਰਜ ਯੋਜਨਾ ਪ੍ਰਸਤਾਵਿਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਰਾਸ਼ੀ ਦੀ ਵਰਤੋਂ ਨਸ਼ਿਆਂ ਦੀ ਰੋਕਥਾਮ, ਜਾਗਰੂਕਤਾ ਮੁਹਿੰਮਾਂ, ਜੀਵਨ ਕੌਸ਼ਲ ਸਿੱਖਿਆ, ਕਾਊਂਸਲਿੰਗ ਸੇਵਾਵਾਂ, ਡੀ-ਐਡੀਕਸ਼ਨ ਅਤੇ ਪੁਨਰਵਾਸ ਪ੍ਰੋਗਰਾਮਾਂ, ਸਮਰੱਥਾ ਨਿਰਮਾਣ ਗਤੀਵਿਧੀਆਂ ਅਤੇ ਭਾਈਚਾਰਾ ਆਧਾਰਿਤ ਦਖ਼ਲਾਂ ਲਈ ਕੀਤੀ ਜਾਵੇਗੀ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਸਕੂਲਾਂ, ਕਾਲਜਾਂ ਅਤੇ ਭਾਈਚਾਰਕ ਪੱਧਰ 'ਤੇ ਜਾਗਰੂਕਤਾ ਮੁਹਿੰਮਾਂ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਇਸ ਦੇ ਨਾਲ ਹੀ ਖੇਡਾਂ, ਸੱਭਿਆਚਾਰਕ ਗਤੀਵਿਧੀਆਂ ਅਤੇ ਯੁਵਾ ਭਾਗੀਦਾਰੀ ਨੂੰ ਉਤਸ਼ਾਹਿਤ ਕਰਕੇ ਨੌਜਵਾਨਾਂ ਨੂੰ ਸਕਾਰਾਤਮਕ ਦਿਸ਼ਾ ਵੱਲ ਪ੍ਰੇਰਿਤ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਅਧਿਆਪਕਾਂ, ਕਾਊਂਸਲਰਾਂ, ਸਿਹਤ ਕਰਮਚਾਰੀਆਂ, ਪੁਲਿਸ ਅਧਿਕਾਰੀਆਂ ਅਤੇ ਹੋਰ ਫਰੰਟਲਾਈਨ ਵਰਕਰਾਂ ਲਈ ਵਿਸ਼ੇਸ਼ ਸਮਰੱਥਾ ਨਿਰਮਾਣ ਪ੍ਰੋਗਰਾਮ ਚਲਾਏ ਜਾਣਗੇ ਤਾਂ ਜੋ ਉਹ ਨਸ਼ਿਆਂ ਨਾਲ ਸਬੰਧਤ ਚੁਣੌਤੀਆਂ ਦੀ ਪਛਾਣ ਅਤੇ ਹੱਲ ਲਈ ਹੋਰ ਪ੍ਰਭਾਵਸ਼ਾਲੀ ਭੂਮਿਕਾ ਨਿਭਾ ਸਕਣ।
ਪੁਨਰਵਾਸ ਸਬੰਧੀ ਗੱਲ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਨਸ਼ਾ ਪ੍ਰਭਾਵਿਤ ਵਿਅਕਤੀਆਂ ਲਈ ਕਾਊਂਸਲਿੰਗ, ਇਲਾਜ, ਪੁਨਰਵਾਸ ਅਤੇ ਹੁਨਰ ਵਿਕਾਸ ਤੇ ਰੋਜ਼ਗਾਰ ਨਾਲ ਸਬੰਧਿਤ ਸਿਖਲਾਈ ਦੇ ਮੌਕੇ ਵਧਾਏ ਜਾਣਗੇ ਤਾਂ ਜੋ ਉਨ੍ਹਾਂ ਦੀ ਸਮਾਜ ਵਿੱਚ ਸਨਮਾਨਜਨਕ ਵਾਪਸੀ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਕਿਹਾ ਕਿ ਔਰਤਾਂ ਅਤੇ ਬੱਚਿਆਂ ਵਰਗੇ ਸੰਵੇਦਨਸ਼ੀਲ ਵਰਗਾਂ ਲਈ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ।
ਡਾ. ਬਲਜੀਤ ਕੌਰ ਨੇ ਨੈਸ਼ਨਲ ਐਕਸ਼ਨ ਪਲਾਨ ਫਾਰ ਸੀਨੀਅਰ ਸਿਟੀਜ਼ਨਜ਼ ਤਹਿਤ ਪ੍ਰਸਤਾਵਿਤ ਕਾਰਜ ਯੋਜਨਾ ਦੀ ਵੀ ਸਮੀਖਿਆ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੀਨੀਅਰ ਨਾਗਰਿਕਾਂ ਨੂੰ ਸਨਮਾਨਪੂਰਵਕ, ਸੁਰੱਖਿਅਤ ਅਤੇ ਸਿਹਤਮੰਦ ਜੀਵਨ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਬਜ਼ੁਰਗਾਂ ਲਈ ਭਲਾਈ ਸੇਵਾਵਾਂ, ਜਾਗਰੂਕਤਾ ਗਤੀਵਿਧੀਆਂ ਅਤੇ ਵਿਭਾਗਾਂ ਦਰਮਿਆਨ ਤਾਲਮੇਲ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ।
ਮੀਟਿੰਗ ਦੌਰਾਨ ਡਾ. ਬਲਜੀਤ ਕੌਰ ਨੇ ਸਾਰੇ ਸਬੰਧਤ ਵਿਭਾਗਾਂ ਨੂੰ ਆਪਣੇ-ਆਪਣੇ ਬਜਟ ਅਤੇ ਕਾਰਜ ਯੋਜਨਾਵਾਂ ਸਬੰਧੀ ਸੁਝਾਅ ਤੁਰੰਤ ਭੇਜਣ ਲਈ ਕਿਹਾ ਤਾਂ ਜੋ ਰਾਜ ਕਾਰਜ ਯੋਜਨਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਸਕੇ।
ਉਨ੍ਹਾਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਜੰਗ ਨੂੰ ਜਿੱਤਣ ਲਈ ਸਮਾਜ ਦੇ ਹਰ ਵਰਗ ਦੀ ਭਾਗੀਦਾਰੀ ਲਾਜ਼ਮੀ ਹੈ ਅਤੇ ਪੰਜਾਬ ਸਰਕਾਰ ਇਸ ਸਮੱਸਿਆ ਦੇ ਖ਼ਾਤਮੇ ਲਈ ਲੋਕ ਲਹਿਰ ਖੜ੍ਹੀ ਕਰਨ ਵਾਸਤੇ ਦ੍ਰਿੜ੍ਹ ਸੰਕਲਪ ਹੈ।
ਡਾ. ਬਲਜੀਤ ਕੌਰ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਨਸ਼ਿਆਂ ਦੇ ਖ਼ਾਤਮੇ, ਸਮਾਜਿਕ ਭਲਾਈ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਅਤੇ ਲੋਕਾਂ ਲਈ ਸੁਰੱਖਿਅਤ, ਤੰਦਰੁਸਤ ਤੇ ਖੁਸ਼ਹਾਲ ਪੰਜਾਬ ਦੀ ਸਿਰਜਣਾ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਇਨ੍ਹਾਂ ਯਤਨਾਂ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਉਨ੍ਹਾਂ ਨੂੰ ਵਿਕਾਸ ਅਤੇ ਤਰੱਕੀ ਦੀ ਮੁੱਖ ਧਾਰਾ ਨਾਲ ਜੋੜਨਾ ਹੈ।
ਇਸ ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ ਇਲਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਸਕੱਤਰ ਸ੍ਰੀ ਗੁਰਕਿਰਤ ਕਿਰਪਾਲ ਸਿੰਘ ਆਈ.ਏ.ਐਸ, ਡਾਇਰੈਕਟਰ ਡਾ. ਸ਼ੇਨਾ ਅਗਰਵਾਲ ਆਈ.ਏ.ਐਸ, ਵਿਸ਼ੇਸ਼ ਸਕੱਤਰ ਸ੍ਰੀ ਕੇਸ਼ਵ ਹਿੰਗੋਨਿਆਂ, ਆਈ.ਏ.ਐਸ ਅਤੇ ਮਿਸ਼ਨ ਡਾਇਰੈਕਟਰ, ਪੀਐਸਡੀਐਮ, ਸ੍ਰੀਮਤੀ ਅੰਮ੍ਰਿਤਾ ਸਿੰਘ, ਆਈ.ਏ.ਐਸ.
ਵਿਸ਼ੇਸ਼ ਤੌਰ 'ਤੇ ਸ਼ਾਮਲ ਸਨ।
PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.
Meenu Galhotra (Editor)