'ਮਾਵਾਂ ਧੀਆਂ ਸਤਿਕਾਰ ਯੋਜਨਾ' ਤਹਿਤ ਪੰਜਾਬ ਦੀ ਹਰ ਔਰਤ ਦੇ ਬੈਂਕ ਖਾਤੇ ਵਿੱਚ 3,000 ਰੁਪ" />
July 4, 2026 03:32:30

ਔਰਤਾਂ ਦੀ 'ਸਤਿਕਾਰ ਰਾਸ਼ੀ' ਅੱਜ ਬੈਂਕ ਖਾਤਿਆਂ ਵਿੱਚ ਜਮ੍ਹਾਂ ਕੀਤੀ ਜਾਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Jun30,2026 | Meenu Galhotra | Chandigarh

'ਮਾਵਾਂ ਧੀਆਂ ਸਤਿਕਾਰ ਯੋਜਨਾ' ਤਹਿਤ ਪੰਜਾਬ ਦੀ ਹਰ ਔਰਤ ਦੇ ਬੈਂਕ ਖਾਤੇ ਵਿੱਚ 3,000 ਰੁਪਏ ਅਤੇ ਐਸ.ਸੀ. ਵਰਗ ਦੀਆਂ ਔਰਤਾਂ ਦੇ ਖਾਤਿਆਂ ਵਿੱਚ 4,500 ਰੁਪਏ ਜਮ੍ਹਾਂ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਸਰਕਾਰ 'ਸਤਿਕਾਰ ਰਾਸ਼ੀ' ਦੀ 3 ਮਹੀਨਿਆਂ ਦੀ ਰਕਮ ਇੱਕੋ ਕਿਸ਼ਤ ਵਿੱਚ ਜਾਰੀ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਦੁਪਹਿਰ 12 ਵਜੇ ਤੋਂ ਬਾਅਦ ਮੋਬਾਈਲ ਫੋਨਾਂ ਦੀਆਂ ਘੰਟੀਆਂ ਵੱਜਣੀਆਂ ਸ਼ੁਰੂ ਹੋ ਜਾਣਗੀਆਂ, 'ਆਪ' ਨੇ ਇੱਕ ਹੋਰ ਵੱਡੀ ਗਾਰੰਟੀ ਪੂਰੀ ਕਰ ਦਿੱਤੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ ਤੇਜ਼ ਵਿਕਾਸ ਤੋਂ ਘਬਰਾਏ ਵਿਰੋਧੀ ਮੈਨੂੰ ਰੋਕਣ ਲਈ ਸਾਜ਼ਿਸ਼ਾਂ ਘੜ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਔਰਤਾਂ ਲਈ ਇਤਿਹਾਸਕ ਦਿਨ ਦੀ ਇਬਾਰਤ ਲਿਖਣ ਲਈ ਤਿਆਰ ਹੈ ਕਿਉਂਕਿ ਆਮ ਆਦਮੀ ਪਾਰਟੀ ਦੀ ਸਰਕਾਰ 'ਮਾਵਾਂ ਧੀਆਂ ਸਤਿਕਾਰ ਯੋਜਨਾ' ਦੇ ਆਗਾਜ਼ ਨਾਲ ਇੱਕ ਹੋਰ ਵੱਡੀ ਗਾਰੰਟੀ ਪੂਰੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੂਰੇ ਪੰਜਾਬ ਵਿੱਚ ਦੁਪਹਿਰ 12 ਵਜੇ ਤੋਂ ਬਾਅਦ ਮੋਬਾਈਲ ਫੋਨਾਂ 'ਤੇ ਮੈਸੇਜ ਆਉਣੇ ਸ਼ੁਰੂ ਹੋ ਜਾਣਗੇ, ਕਿਉਂਕਿ ਤਿੰਨ ਮਹੀਨਿਆਂ ਦੀ 'ਸਤਿਕਾਰ ਰਾਸ਼ੀ' ਇੱਕੋ ਕਿਸ਼ਤ ਵਜੋਂ ਹਰ ਔਰਤ ਦੇ ਬੈਂਕ ਖਾਤੇ ਵਿੱਚ 3,000 ਰੁਪਏ ਅਤੇ ਅਨੁਸੂਚਿਤ ਜਾਤੀ (ਐਸ.ਸੀ.) ਭਾਈਚਾਰੇ ਨਾਲ ਸਬੰਧਤ ਔਰਤਾਂ ਦੇ ਖਾਤਿਆਂ ਵਿੱਚ 4,500 ਰੁਪਏ ਜਮ੍ਹਾਂ ਕੀਤੇ ਜਾ ਰਹੇ ਹਨ।
ਬਰਨਾਲਾ ਦੇ ਮਹਿਲ ਕਲਾਂ ਹਲਕੇ ਵਿੱਚ 'ਲੋਕ ਮਿਲਣੀ' ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਹ ਪਹਿਲਕਦਮੀ ਔਰਤਾਂ ਦੇ ਮਾਣ-ਸਨਮਾਨ ਅਤੇ ਵਿੱਤੀ ਸਸ਼ਕਤੀਕਰਨ ਨੂੰ ਯਕੀਨੀ ਬਣਾਉਣ ਲਈ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਤੇਜ਼ ਵਿਕਾਸ ਤੋਂ ਬੁਖਲਾਏ ਵਿਰੋਧੀ ਸੂਬੇ ਦੀ ਤਰੱਕੀ ਵਿੱਚ ਰੋੜਾ ਅਟਕਾਉਣ ਦੀਆਂ ਸਾਜ਼ਿਸ਼ਾਂ ਘੜ ਰਹੇ ਹਨ।
*ਮਹਿਲ ਕਲਾਂ ਵਿਖੇ ਲੋਕ ਮਿਲਣੀ ਦੌਰਾਨ ਛੱਤਾਂ 'ਤੇ ਜੁੜੇ ਇਕੱਠ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਜ਼ੋਰਦਾਰ ਸਵਾਗਤ*
ਜਦੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਰਨਾਲਾ ਦੇ ਮਹਿਲ ਕਲਾਂ ਹਲਕੇ ਵਿੱਚ ਲੋਕ ਮਿਲਣੀ ਨੂੰ ਸੰਬੋਧਨ ਕਰ ਰਹੇ ਸਨ, ਤਾਂ ਉਨ੍ਹਾਂ ਦੇ ਪੂਰੇ ਭਾਸ਼ਣ ਦੌਰਾਨ ਲੋਕਾਂ ਨੇ ਨਾਅਰਿਆਂ ਨਾਲ ਉਨ੍ਹਾਂ ਦਾ ਸਵਾਗਤ ਕੀਤਾ। ਲੋਕਾਂ ਦਾ ਇਕੱਠ ਇੰਨਾ ਜ਼ਿਆਦਾ ਸੀ ਕਿ ਪੰਡਾਲ ਵਿੱਚ ਜਗ੍ਹਾ ਘਟ ਗਈ, ਜਿਸ ਕਾਰਨ ਸੈਂਕੜੇ ਸਮਰਥਕਾਂ ਨੂੰ ਨੇੜਲੇ ਘਰਾਂ ਅਤੇ ਇਮਾਰਤਾਂ ਦੀਆਂ ਛੱਤਾਂ ਤੋਂ ਰੈਲੀ ਦੇਖਣੀ ਪਈ। ਉਹ ਮੁੱਖ ਮੰਤਰੀ ਦੇ ਸਮਰਥਨ ਵਿੱਚ ਪੋਸਟਰ ਲਹਿਰਾਉਂਦੇ ਰਹੇ ਅਤੇ ਉਨ੍ਹਾਂ ਦੀਆਂ ਗੱਲਾਂ ਦਾ ਉਤਸ਼ਾਹ ਨਾਲ ਜਵਾਬ ਦਿੰਦੇ ਰਹੇ। ਰੈਲੀ ਵਾਲੀ ਥਾਂ ਦੇ ਆਲੇ-ਦੁਆਲੇ ਦੀ ਹਰ ਛੱਤ ’ਤੇ ਲੋਕਾਂ ਦਾ ਵੱਡਾ ਇਕੱਠ ਸੀ।
ਲੋਕ ਮਿਲਣੀ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਇਤਿਹਾਸਕ ਸਕੀਮ ਦੀ ਸ਼ੁਰੂਆਤ ਦਾ ਐਲਾਨ ਕੀਤਾ। ਉਨ੍ਹਾਂ ਕਿਹਾ, "ਇਕ ਜੁਲਾਈ ਤੋਂ ਔਰਤਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ ਪੈਸੇ ਆਉਣੇ ਸ਼ੁਰੂ ਹੋ ਜਾਣਗੇ। 'ਮਾਵਾਂ ਧੀਆਂ ਸਤਿਕਾਰ ਯੋਜਨਾ' ਤਹਿਤ ਹਰ ਔਰਤ ਨੂੰ 1,000 ਰੁਪਏ ਪ੍ਰਤੀ ਮਹੀਨਾ ਮਿਲੇਗਾ, ਜਦੋਂ ਕਿ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਮਿਲੇਗਾ। ਇਹ ਰਕਮ ਸਿੱਧਾ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤੀ ਜਾਵੇਗੀ ਅਤੇ ਜੋ ਔਰਤਾਂ ਪਹਿਲਾਂ ਹੀ ਸਮਾਜਿਕ ਸੁਰੱਖਿਆ ਪੈਨਸ਼ਨਾਂ ਲੈ ਰਹੀਆਂ ਹਨ, ਉਹ ਵੀ ਇਸ ਦੀਆਂ ਯੋਗ ਹੋਣਗੀਆਂ। ਪੰਜਾਬ ਦੀਆਂ ਲਗਭਗ 97 ਫੀਸਦੀ ਔਰਤਾਂ ਨੂੰ ਇਸ ਯੋਜਨਾ ਦਾ ਲਾਭ ਮਿਲਣ ਦੀ ਉਮੀਦ ਹੈ, ਜਿਸ ਲਈ ਸੂਬਾ ਸਰਕਾਰ ਨੇ ਬਜਟ ਵਿੱਚ 9,300 ਕਰੋੜ ਰੁਪਏ ਰੱਖੇ ਹਨ।"
ਮੁੱਖ ਮੰਤਰੀ ਨੇ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਔਰਤਾਂ ਨੂੰ ਮਾਣ-ਸਨਮਾਨ ਅਤੇ ਵਿੱਤੀ ਤੌਰ 'ਤੇ ਆਤਮ-ਨਿਰਭਰ ਬਣਾਉਣਾ ਹੈ। ਮੁੱਖ ਮੰਤਰੀ ਨੇ ਕਿਹਾ, "ਇਹ ਯੋਜਨਾ ਸ਼ਾਇਦ ਔਰਤਾਂ ਨੂੰ ਅਮੀਰ ਨਾ ਬਣਾਵੇ, ਪਰ ਇਹ ਉਨ੍ਹਾਂ ਨੂੰ ਮਾਣ-ਸਤਿਕਾਰ ਅਤੇ ਸਵੈ-ਮਾਣ ਜ਼ਰੂਰ ਦੇਵੇਗੀ। ਔਰਤਾਂ ਸਭ ਤੋਂ ਵੱਧ ਸਤਿਕਾਰ ਦੀਆਂ ਹੱਕਦਾਰ ਹਨ। ਮਾਵਾਂ ਤੇ ਭੈਣਾਂ ਦੀਆਂ ਅਸੀਸਾਂ ਹਰ ਚੁਣੌਤੀ ਨੂੰ ਪਾਰ ਕਰਨ ਵਿੱਚ ਮਦਦ ਕਰ ਸਕਦੀਆਂ ਹਨ। ਪਰਿਵਾਰ ਦੀ ਭਲਾਈ, ਲਿੰਗ ਸਮਾਨਤਾ ਨੂੰ ਉਤਸ਼ਾਹਿਤ ਕਰਨ ਅਤੇ ਸਮਾਜਿਕ ਤੇ ਆਰਥਿਕ ਫੈਸਲਿਆਂ ਵਿੱਚ ਔਰਤਾਂ ਦੀ ਭਾਗੀਦਾਰੀ ਨੂੰ ਵਧਾਉਣ ਲਈ ਉਨ੍ਹਾਂ ਦੀ ਵਿੱਤੀ ਆਜ਼ਾਦੀ ਨੂੰ ਮਜ਼ਬੂਤ ਕਰਨਾ ਬਹੁਤ ਜ਼ਰੂਰੀ ਹੈ।"
ਸਰਕਾਰ ਦੀਆਂ ਲੋਕ-ਪੱਖੀ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, "ਸਾਡੀ ਸਰਕਾਰ ਲੋਕਾਂ ਦੀ ਭਲਾਈ ਲਈ ਦਿਨ-ਰਾਤ ਕੰਮ ਕਰ ਰਹੀ ਹੈ। ਅਸੀਂ ਘਰਾਂ ਨੂੰ ਮੁਫ਼ਤ ਬਿਜਲੀ ਦਿੱਤੀ ਹੈ, 68,000 ਤੋਂ ਵੱਧ ਨੌਜਵਾਨਾਂ ਨੂੰ ਬਿਨਾਂ ਕਿਸੇ ਭ੍ਰਿਸ਼ਟਾਚਾਰ ਦੇ ਸਰਕਾਰੀ ਨੌਕਰੀਆਂ ਦਿੱਤੀਆਂ ਹਨ, ਸੜਕਾਂ ਦਾ ਨਵੀਨੀਕਰਨ ਕੀਤਾ, ਟੋਲ ਪਲਾਜ਼ੇ ਬੰਦ ਕਰਕੇ ਰੋਜ਼ਾਨਾ ਕਰੀਬ 70 ਲੱਖ ਰੁਪਏ ਬਚਾਏ ਹਨ, ਸਿੱਖਿਆ ਅਤੇ ਸਿਹਤ ਸੰਭਾਲ ਨੂੰ ਮਜ਼ਬੂਤ ਕੀਤਾ ਹੈ, ਬੁਨਿਆਦੀ ਢਾਂਚਾ ਤਿਆਰ ਕੀਤਾ ਹੈ ਅਤੇ ਕਈ ਹੋਰ ਅਹਿਮ ਕਦਮ ਚੁੱਕੇ ਹਨ। ਜਦੋਂ ਸਾਡੀ ਸਰਕਾਰ ਨੇ ਸੱਤਾ ਸੰਭਾਲੀ ਸੀ, ਉਦੋਂ ਸਿੰਚਾਈ ਲਈ ਸਿਰਫ਼ 22 ਫੀਸਦ ਨਹਿਰੀ ਪਾਣੀ ਦੀ ਵਰਤੋਂ ਹੋ ਰਹੀ ਸੀ। ਅੱਜ ਇਹ ਅੰਕੜਾ ਵਧ ਕੇ 80 ਫੀਸਦ ਤੋਂ ਵੱਧ ਹੋ ਗਿਆ ਹੈ। ਅਸੀਂ ਸੂਬੇ ਭਰ ਦੇ ਪਿੰਡਾਂ ਦੇ ਵਿਕਾਸ ਲਈ ਗ੍ਰਾਂਟਾਂ ਵੀ ਦੇ ਰਹੇ ਹਾਂ।"
ਸੂਬੇ ਦੇ ਸਿਹਤ ਸੁਧਾਰਾਂ ਬਾਰੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ, "'ਮੁੱਖ ਮੰਤਰੀ ਸਿਹਤ ਯੋਜਨਾ' ਦੇਸ਼ ਦੀ ਆਪਣੀ ਕਿਸਮ ਦੀ ਪਹਿਲੀ ਯੋਜਨਾ ਹੈ ਜੋ ਪੰਜਾਬ ਦੇ ਹਰ ਵਸਨੀਕ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਉਂਦੀ ਹੈ। ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਪੰਜਾਬ ਅਜਿਹੀ ਵਿਆਪਕ ਸਿਹਤ ਸਹੂਲਤ ਦੇਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ। ਇਸ ਯੋਜਨਾ ਨੇ ਮਿਆਰੀ ਸਿਹਤ ਸੇਵਾਵਾਂ ਤੱਕ ਪਹੁੰਚ ਯਕੀਨੀ ਬਣਾਉਂਦੇ ਹੋਏ ਲੋਕਾਂ 'ਤੇ ਵਿੱਤੀ ਬੋਝ ਨੂੰ ਕਾਫ਼ੀ ਘੱਟ ਕੀਤਾ ਹੈ। ਇਸ ਦਾ ਉਦੇਸ਼ ਸੂਬੇ ਦੇ ਹਰ ਪਰਿਵਾਰ ਨੂੰ ਵਿਆਪਕ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਹੈ ਅਤੇ ਲੋਕ ਪਹਿਲਾਂ ਹੀ ਇਸ ਯੋਜਨਾ ਤਹਿਤ 650 ਕਰੋੜ ਰੁਪਏ ਤੋਂ ਵੱਧ ਦੇ ਮੁਫ਼ਤ ਇਲਾਜ ਦਾ ਲਾਭ ਲੈ ਚੁੱਕੇ ਹਨ।"
ਸੂਬੇ ਨੂੰ ਸਿਹਤਮੰਦ ਅਤੇ ਨਸ਼ਾ ਮੁਕਤ ਬਣਾਉਣ ਲਈ ਸਰਕਾਰ ਦੇ ਏਜੰਡੇ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ, "ਸਾਡੀ ਸਰਕਾਰ 15 ਜੁਲਾਈ ਤੱਕ ਪੰਜਾਬ ਭਰ ਵਿੱਚ 3,100 ਨਵੇਂ ਬਣੇ ਖੇਡ ਮੈਦਾਨ ਲੋਕਾਂ ਨੂੰ ਸਮਰਪਿਤ ਕਰੇਗੀ। ਨਸ਼ਿਆਂ ਦੇ ਖ਼ਿਲਾਫ਼ ਸਾਡੀ ਮੁਹਿੰਮ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨਾ ਸਭ ਤੋਂ ਕਾਰਗਰ ਹਥਿਆਰ ਹੈ। ਮੁੱਖ ਮੰਤਰੀ ਨੇ ਕਿਹਾ ਕਿ ਖੇਡਾਂ ਨੂੰ ਹੁਲਾਰਾ ਦੇ ਕੇ ਅਸੀਂ ਆਪਣੇ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਹੀ ਦਿਸ਼ਾ ਵੱਲ ਮੋੜ ਰਹੇ ਹਾਂ। ਖੇਡਾਂ ਵਿੱਚ ਰੁੱਝੇ ਨੌਜਵਾਨਾਂ ਕੋਲ ਨਸ਼ਿਆਂ ਵੱਲ ਦੇਖਣ ਦਾ ਸਮਾਂ ਵੀ ਨਹੀਂ ਹੁੰਦਾ ਕਿਉਂਕਿ ਉਹ ਆਪਣੀ ਪੂਰੀ ਊਰਜਾ ਮੱਲਾਂ ਮਾਰਨ ਲਈ ਲਾਉਂਦੇ ਹਨ। ਇਹ ਪਹਿਲਕਦਮੀ ਨਸ਼ਿਆਂ ਦੀ ਅਲਾਮਤ ਨੂੰ ਖ਼ਤਮ ਕਰਨ ਅਤੇ ਨੌਜਵਾਨਾਂ ਨੂੰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਬਰਾਬਰ ਦੇ ਭਾਈਵਾਲ ਬਣਾਉਣ ਵਿੱਚ ਬਹੁਤ ਸਹਾਈ ਸਿੱਧ ਹੋਵੇਗੀ।
ਪਿਛਲੇ ਚਾਰ ਸਾਲਾਂ ਦੌਰਾਨ ਸਿੱਖਿਆ ਦੇ ਖੇਤਰ ਵਿੱਚ ਆਈ ਤਬਦੀਲੀ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, "ਸੱਤਾ ਸੰਭਾਲਣ ਤੋਂ ਬਾਅਦ ਸਾਡੀ ਸਰਕਾਰ ਨੇ ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ, ਖਾਸ ਕਰਕੇ ਸਿੱਖਿਆ ਖੇਤਰ 'ਤੇ ਵਿਸ਼ੇਸ਼ ਜ਼ੋਰ ਦਿੱਤਾ। ਪਿਛਲੀਆਂ ਸਰਕਾਰਾਂ ਨੇ ਸਰਕਾਰੀ ਸਕੂਲਾਂ ਨੂੰ ਸਿਰਫ਼ 'ਮਿਡ ਡੇ ਮੀਲ' ਦੇ ਕੇਂਦਰ ਬਣਾ ਕੇ ਰੱਖ ਦਿੱਤਾ ਸੀ, ਪਰ ਅੱਜ ਇਨ੍ਹਾਂ ਸਕੂਲਾਂ ਨੂੰ ਸਿੱਖਿਆ ਦੇ ਧੁਰੇ ਵਿੱਚ ਬਦਲ ਦਿੱਤਾ ਗਿਆ ਹੈ। ਅਸੀਂ ਸਿੱਖਿਆ ਨੂੰ ਮਜ਼ਬੂਤ ਕਰਨ ਦੇ ਮਿਸ਼ਨ ਨਾਲ ਕੰਮ ਕਰ ਰਹੇ ਹਾਂ ਤਾਂ ਜੋ ਗਰੀਬ ਤੋਂ ਗਰੀਬ ਬੱਚੇ ਨੂੰ ਵੀ ਮਿਆਰੀ ਸਿੱਖਿਆ ਮਿਲ ਸਕੇ।"
ਸਕੂਲੀ ਸਿੱਖਿਆ ਵਿੱਚ ਸੂਬੇ ਦੀ ਪ੍ਰਾਪਤੀ ਨੂੰ ਸਾਂਝਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਸਾਡੀ ਸਰਕਾਰ ਦੀਆਂ ਅਣਥੱਕ ਕੋਸ਼ਿਸ਼ਾਂ ਸਦਕਾ ਪੰਜਾਬ ਪ੍ਰਾਇਮਰੀ ਅਤੇ ਮਿਡਲ ਸਕੂਲ ਸਿੱਖਿਆ ਵਿੱਚ ਕੇਰਲ, ਮਹਾਰਾਸ਼ਟਰ ਅਤੇ ਦਿੱਲੀ ਨੂੰ ਪਛਾੜ ਕੇ ਨੰਬਰ ਇੱਕ ਸਥਾਨ 'ਤੇ ਪਹੁੰਚ ਗਿਆ ਹੈ। ਅਸੀਂ ਪ੍ਰਾਇਮਰੀ ਅਤੇ ਮਿਡਲ ਸਕੂਲਾਂ ਨੂੰ ਅਪਗ੍ਰੇਡ ਕੀਤਾ ਹੈ, ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕੀਤਾ ਹੈ, ਸਮਾਰਟ ਕਲਾਸਰੂਮ ਸ਼ੁਰੂ ਕੀਤੇ ਹਨ ਅਤੇ ਅਧਿਆਪਕਾਂ ਨੂੰ ਉੱਨਤ ਸਿਖਲਾਈ ਦਿੱਤੀ ਹੈ। ਇਨ੍ਹਾਂ ਨਿਰੰਤਰ ਕੋਸ਼ਿਸ਼ਾਂ ਦੇ ਨਤੀਜੇ ਵਜੋਂ ਪੰਜਾਬ ਹੁਣ ਸਕੂਲੀ ਸਿੱਖਿਆ ਵਿੱਚ ਦੇਸ਼ ਦੀ ਅਗਵਾਈ ਕਰ ਰਿਹਾ ਹੈ। ਨੀਤੀ ਆਯੋਗ ਵੱਲੋਂ ਜਾਰੀ ਕੀਤੇ ਗਏ ਤਾਜ਼ਾ ਅੰਕੜੇ ਸਪੱਸ਼ਟ ਤੌਰ 'ਤੇ ਦਰਸਾਉਂਦੇ ਹਨ ਕਿ ਪੰਜਾਬ ਪ੍ਰਾਇਮਰੀ ਅਤੇ ਮਿਡਲ ਸਕੂਲ ਸਿੱਖਿਆ ਵਿੱਚ ਕੇਰਲ, ਮਹਾਰਾਸ਼ਟਰ ਅਤੇ ਦਿੱਲੀ ਨੂੰ ਪਿੱਛੇ ਛੱਡ ਕੇ ਸਭ ਤੋਂ ਵਧੀਆ ਪ੍ਰਦਰਸ਼ਨ ਕਰਨ ਵਾਲਾ ਸੂਬਾ ਬਣ ਗਿਆ ਹੈ।"
ਮੁੱਖ ਮੰਤਰੀ ਨੇ ਕਿਹਾ, "ਪਿਛਲੇ ਚਾਰ ਸਾਲਾਂ ਤੋਂ ਸਾਡੀ ਸਰਕਾਰ ਨੇ ਅਧਿਆਪਕਾਂ ਦੀ ਸਿਖਲਾਈ, ਆਧੁਨਿਕ ਅਧਿਆਪਨ ਤਰੀਕਿਆਂ ਅਤੇ ਸਮਾਰਟ ਕਲਾਸਰੂਮਾਂ 'ਤੇ ਧਿਆਨ ਕੇਂਦਰਿਤ ਕੀਤਾ ਹੈ ਅਤੇ ਅੱਜ ਪੰਜਾਬ ਸਿਖਰ 'ਤੇ ਖੜ੍ਹਾ ਹੈ। ਪਹਿਲਾਂ ਕੇਰਲਾ ਨੰਬਰ ਇੱਕ ਸਥਾਨ 'ਤੇ ਸੀ, ਪਰ ਪੰਜਾਬ ਨੇ ਹੁਣ ਵੱਡੇ ਫਰਕ ਨਾਲ ਪਹਿਲਾ ਰੈਂਕ ਹਾਸਲ ਕਰ ਲਿਆ ਹੈ। ਅਸੀਂ ਆਉਣ ਵਾਲੇ ਸਾਲਾਂ ਵਿੱਚ ਹੋਰ ਵੀ ਵੱਡੇ ਯਤਨ ਜਾਰੀ ਰੱਖਾਂਗੇ ਕਿਉਂਕਿ ਸਿੱਖਿਆ ਉਹ ਚਾਨਣ ਹੈ ਜੋ ਹਨੇਰੇ ਨੂੰ ਦੂਰ ਕਰਕੇ ਸੰਸਾਰ ਨੂੰ ਰੌਸ਼ਨ ਕਰਦਾ ਹੈ।"
ਹਰ ਬੱਚੇ ਨੂੰ ਸਿੱਖਿਆ ਦੇ ਬਰਾਬਰ ਮੌਕੇ ਯਕੀਨੀ ਬਣਾਉਣ ਲਈ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ, "ਸਾਡੀ ਸਰਕਾਰ ਦਾ ਪੱਕਾ ਵਿਸ਼ਵਾਸ ਹੈ ਕਿ ਹਰ ਬੱਚੇ ਨੂੰ ਮਿਆਰੀ ਸਿੱਖਿਆ ਮਿਲਣੀ ਚਾਹੀਦੀ ਹੈ। ਅਸੀਂ ਸਿੱਖਿਆ ਖੇਤਰ ਨੂੰ ਮਜ਼ਬੂਤ ਕਰਨ ਲਈ ਹਰ ਸੰਭਵ ਯਤਨ ਕਰ ਰਹੇ ਹਾਂ ਤਾਂ ਜੋ ਆਮ ਪਰਿਵਾਰਾਂ ਦੇ ਬੱਚਿਆਂ ਨੂੰ ਵੀ ਅੱਗੇ ਵਧਣ ਦੇ ਉਹੀ ਮੌਕੇ ਮਿਲਣ ਜੋ ਕਿਸੇ ਹੋਰ ਨੂੰ ਮਿਲਦੇ ਹਨ। ਸਿੱਖਿਆ ਆਉਣ ਵਾਲੀਆਂ ਪੀੜ੍ਹੀਆਂ ਨੂੰ ਸ਼ਕਤੀਸ਼ਾਲੀ ਬਣਾਉਣ ਅਤੇ ਖੁਸ਼ਹਾਲ ਪੰਜਾਬ ਦੀ ਸਿਰਜਣਾ ਲਈ ਸਭ ਤੋਂ ਮਜ਼ਬੂਤ ਸਾਧਨ ਹੈ, ਅਤੇ ਸਾਡੀ ਸਰਕਾਰ ਇਸ ਨੂੰ ਹੋਰ ਮਜ਼ਬੂਤ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ।
'ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026' ਦੇ ਪਾਸ ਹੋਣ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ, "ਮੈਂ ਪ੍ਰਮਾਤਮਾ ਦਾ ਸ਼ੁਕਰਗੁਜ਼ਾਰ ਹਾਂ ਜਿਸ ਨੇ ਮੈਨੂੰ 'ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026' ਪਾਸ ਕਰਨ ਦਾ ਸੁਭਾਗ ਬਖਸ਼ਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਹਰ ਘਟਨਾ ਨੇ ਕਰੋੜਾਂ ਲੋਕਾਂ ਦੀਆਂ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚਾਈ ਸੀ। ਪ੍ਰਮਾਤਮਾ ਨੇ ਮੈਨੂੰ ਕਾਨੂੰਨੀ ਮਾਹਿਰਾਂ ਨਾਲ ਵਿਸਤ੍ਰਿਤ ਸਲਾਹ-ਮਸ਼ਵਰੇ ਤੋਂ ਬਾਅਦ ਇਹ ਕਾਨੂੰਨ ਲਿਆਉਣ ਦੀ ਬਲ-ਬੁੱਧੀ ਬਖਸ਼ੀ।
ਭਵਿੱਖ ‘ਚ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਰਕਾਰ ਦੇ ਸੰਕਲਪ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਾਅਵਾ ਕੀਤਾ, “ਸਾਡੀ ਸਰਕਾਰ ਨੇ ਇਸ ਕਾਨੂੰਨ ਨੂੰ ਬਹੁਤ ਸੋਚ-ਸਮਝ ਕੇ ਤਿਆਰ ਕੀਤਾ ਹੈ ਤਾਂ ਜੋ ਭਵਿੱਖ ਵਿੱਚ ਕੋਈ ਵੀ ਸੋਧ ਜਾਂ ਖਾਮੀ ਇਸ ਨੂੰ ਕਮਜ਼ੋਰ ਨਾ ਕਰ ਸਕੇ। ਇਹ ਕਾਨੂੰਨ ਸਮਾਜ ਵਿਰੋਧੀ ਅਨਸਰਾਂ ਲਈ ਇੱਕ ਮਜ਼ਬੂਤ ਰੋਕ ਵਜੋਂ ਕੰਮ ਕਰੇਗਾ ਅਤੇ ਇਹ ਯਕੀਨੀ ਬਣਾਏਗਾ ਕਿ ਕੋਈ ਵੀ ਅਜਿਹਾ ਘਿਨਾਉਣਾ ਅਪਰਾਧ ਕਰਨ ਦੀ ਦੁਬਾਰਾ ਹਿੰਮਤ ਨਾ ਕਰੇ। ਪਹਿਲਾਂ ਬੇਅਦਬੀ ਦੇ ਕਸੂਰਵਾਰ ਇਹ ਆਖ ਕੇ ਸਜ਼ਾ ਤੋਂ ਬਚ ਜਾਂਦੇ ਸਨ ਕਿ ਉਨ੍ਹਾਂ ਦੀ ਦਿਮਾਗੀ ਸਥਿਤੀ ਠੀਕ ਨਹੀਂ ਹੈ ਜਾਂ ਉਹ ਮਾਨਸਿਕ ਤੌਰ 'ਤੇ ਬੀਮਾਰ ਹਨ। ਪਰ ਜੇਕਰ ਕੋਈ ਸੱਚਮੁੱਚ ਮਾਨਸਿਕ ਤੌਰ 'ਤੇ ਬਿਮਾਰ ਹੈ ਤਾਂ ਉਹ ਸਿਰਫ਼ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਹੀ ਕਿਉਂ ਨਿਸ਼ਾਨਾ ਬਣਾਉਂਦਾ ਹੈ? ਉਹ ਕਿਸੇ ਰੇਲ ਇੰਜਣ ਨਾਲ ਕਿਉਂ ਨਹੀਂ ਟਕਰਾਉਂਦਾ ਜਾਂ ਬਿਜਲੀ ਦੀਆਂ ਨੰਗੀਆਂ ਤਾਰਾਂ ਨੂੰ ਕਿਉਂ ਨਹੀਂ ਹੱਥ ਪਾਉਂਦਾ?”
ਵਿਰੋਧੀਆਂ 'ਤੇ ਆਪਣਾ ਸ਼ਬਦੀ ਹਮਲਾ ਜਾਰੀ ਰੱਖਦਿਆਂ ਉਨ੍ਹਾਂ ਕਿਹਾ, “ਅਕਾਲੀ ਬੇਅਦਬੀ ਵਿਰੋਧੀ ਕਾਨੂੰਨ ਦਾ ਪੂਰੀ ਵਾਹ ਲਾ ਕੇ ਵਿਰੋਧ ਕਰ ਰਹੇ ਹਨ ਕਿਉਂਕਿ ਉਹ ਜਾਣਦੇ ਹਨ ਕਿ ਉਨ੍ਹਾਂ ਨੂੰ ਅਤੀਤ ਵਿੱਚ ਕੀਤੇ ਗੁਨਾਹਾਂ ਦਾ ਜਵਾਬ ਦੇਣਾ ਪਵੇਗਾ। ਉਹ ਬੇਅਦਬੀ ਦੀਆਂ ਸਾਜ਼ਿਸ਼ਾਂ ਘੜਨ ਵਾਲੀਆਂ ਦੇਸ਼-ਵਿਰੋਧੀ ਤਾਕਤਾਂ ਨਾਲ ਮਿਲੇ ਹੋਏ ਸਨ। ਹੁਣ ਇਨ੍ਹਾਂ ਆਗੂਆਂ ਨੂੰ ਆਪਣੇ ਮਾੜੇ ਕੰਮਾਂ ਦਾ ਖ਼ਮਿਆਜ਼ਾ ਭੁਗਤਣਾ ਪੈ ਰਿਹਾ ਹੈ, ਜਿਸ ਕਰਕੇ ਉਹ ਅਤੇ ਉਨ੍ਹਾਂ ਦੀਆਂ ਕਠਪੁਤਲੀਆਂ ਇਸ ਕਾਨੂੰਨ ਦਾ ਵਿਰੋਧ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਹਾਲਾਂਕਿ, ਕੋਈ ਵੀ ਵਿਰੋਧ ਮੈਨੂੰ ਲੋਕਾਂ ਦੀ ਭਲਾਈ ਲਈ ਕੰਮ ਕਰਨ ਤੋਂ ਨਹੀਂ ਰੋਕ ਸਕਦਾ ਅਤੇ ਮੈਂ ਇਸ ਮੰਤਵ ਲਈ ਇਸੇ ਤਰ੍ਹਾਂ ਹਰ ਸੰਭਵ ਯਤਨ ਜਾਰੀ ਰੱਖਾਂਗਾ।”
ਲੋਕਾਂ ਨਾਲ ਆਪਣੇ ਸਬੰਧਾਂ 'ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਨੇ ਆਪਣੀ ਸਰਕਾਰ ਦੇ ਸ਼ਾਸਨ ਦੀ ਤੁਲਨਾ ਪਿਛਲੀਆਂ ਸਰਕਾਰਾਂ ਨਾਲ ਕੀਤੀ। ਉਨ੍ਹਾਂ ਕਿਹਾ ਕਿ ਮੇਰੇ ਤੋਂ ਪਹਿਲੇ ਰਹੇ ਮੁੱਖ ਮੰਤਰੀ ਕਦੇ ਵੀ ਆਮ ਲੋਕਾਂ ‘ਚ ਨਹੀਂ ਵਿਚਰੇ। ਉਹ ਮੌਸਮ ਦੇਖ ਕੇ ਹੀ ਆਪਣੇ ਆਲੀਸ਼ਾਨ ਘਰਾਂ ਤੋਂ ਬਾਹਰ ਨਿਕਲਦੇ ਸਨ, ਜਦੋਂ ਕਿ ਮੈਂ ਚੌਵੀ ਘੰਟੇ ਲੋਕਾਂ ਲਈ ਮੌਜੂਦ ਰਹਿੰਦਾ ਹਾਂ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਆਪਣੇ ਅਹੁਦਿਆਂ ਦੀ ਦੁਰਵਰਤੋਂ ਕਰਕੇ ਅੰਨ੍ਹੇਵਾਹ ਸਰਕਾਰੀ ਪੈਸਾ ਲੁੱਟਿਆ ਅਤੇ ਉੱਚੀਆਂ-ਉੱਚੀਆਂ ਕੰਧਾਂ ਅਤੇ ਵੱਡੇ-ਵੱਡੇ ਗੇਟਾਂ ਵਾਲੇ ਮਹਿਲ ਬਣਾਏ, ਜੋ ਲੋਕਾਂ ਲਈ ਹਮੇਸ਼ਾ ਬੰਦ ਰਹੇ। ਇਹ ਆਗੂ ਸਦਾ ਲੋਕਾਂ ਦੀ ਪਹੁੰਚ ਤੋਂ ਦੂਰ ਰਹੇ ਅਤੇ ਆਖਰਕਾਰ ਲੋਕਾਂ ਨੇ ਉਨ੍ਹਾਂ ਨੂੰ ਸੱਤਾ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਉਨ੍ਹਾਂ ਦੇ ਭਰੋਸੇ ਨੂੰ ਸੱਟ ਮਾਰਨ ਵਾਲੇ ਆਗੂਆਂ ਨੂੰ ਵਾਰ-ਵਾਰ ਨਕਾਰਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਉਨ੍ਹਾਂ ਲੋਕਾਂ ਨੂੰ ਸੱਤਾ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ ਜਿਨ੍ਹਾਂ ਨੇ ਵਾਰੀ-ਵਾਰੀ ਕਰਕੇ ਉਨ੍ਹਾਂ ਨੂੰ ਲੁੱਟਿਆ। ਇਨ੍ਹਾਂ ਸਵਾਰਥੀ ਆਗੂਆਂ ਨੇ ਸਾਲਾਂ ਬੱਧੀ ਲੋਕਾਂ ਨੂੰ ਮੂਰਖ ਬਣਾਇਆ, ਪਰ ਅੱਜ ਸੂਬੇ ਦੇ ਲੋਕ ਸਿਆਣੇ ਹੋ ਗਏ ਹਨ ਅਤੇ ਹੁਣ ਉਨ੍ਹਾਂ ਦੇ ਗੁੰਮਰਾਹਕੁੰਨ ਪ੍ਰਚਾਰ ਵਿੱਚ ਨਹੀਂ ਆਉਣਗੇ। ਇਨ੍ਹਾਂ ਹੰਕਾਰੀ ਸਿਆਸਤਦਾਨਾਂ ਨੇ ਹਮੇਸ਼ਾ ਲੋਕਾਂ ਨੂੰ ਹਲਕੇ ਵਿੱਚ ਲਿਆ ਅਤੇ ਇਸੇ ਕਰਕੇ ਆਖਰਕਾਰ ਜਨਤਾ ਨੇ ਉਨ੍ਹਾਂ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ। ਅੱਜ ਇਹ ਮੌਕਾਪ੍ਰਸਤ ਆਗੂ ਬੌਖਲਾਏ ਹੋਏ ਹਨ ਕਿਉਂਕਿ ਲੋਕ ਉਨ੍ਹਾਂ ਨੂੰ ਕੋਈ ਹੁੰਗਾਰਾ ਨਹੀਂ ਦੇ ਰਹੇ। ਇਨ੍ਹਾਂ ਆਗੂਆਂ ਦਾ ਏਜੰਡਾ ਹਮੇਸ਼ਾ ਲੋਕਾਂ ਦੀ ਬਜਾਏ ਆਪਣੇ ਪਰਿਵਾਰਾਂ ਦੀ ਭਲਾਈ ਤੱਕ ਹੀ ਸੀਮਤ ਰਿਹਾ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਤਨਜ਼ ਕੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੁਖਬੀਰ ਬਾਦਲ ਨੂੰ ਸ਼ੇਖ ਚਿੱਲੀ ਦੇ ਸੁਪਨੇ ਦੇਖਣੇ ਬੰਦ ਕਰ ਦੇਣੇ ਚਾਹੀਦੇ ਹਨ। ਸੱਤਾ ਵਿੱਚ ਵਾਪਸੀ ਦੇ ਸੁਪਨੇ ਦੇਖਣ ਦੀ ਬਜਾਏ ਹੁਣ ਉਨ੍ਹਾਂ ਦੇ ਪਰਿਵਾਰ ਦੀ ਜੇਲ੍ਹ ਜਾਣ ਦੀ ਵਾਰੀ ਹੈ। ਉਹ ਦਿਨ ਗਏ ਜਦੋਂ ਇਹ ਪਾਰਟੀਆਂ ਕੁਰਸੀ ਦੀ ਖੇਡ ਖੇਡਦੀਆਂ ਸਨ ਅਤੇ ਰਾਜ ਕਰਨ ਲਈ ਆਪਣੀ ਵਾਰੀ ਉਡੀਕਦੀਆਂ ਸਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੱਤਾ ਵਿੱਚ ਹੁੰਦਿਆਂ ਇਨ੍ਹਾਂ ਲੋਕਾਂ ਨੇ ਇੱਕ ਦੂਜੇ ਦੇ ਹਿੱਤਾਂ ਦੀ ਰਾਖੀ ਕੀਤੀ, ਜਿਸ ਕਰਕੇ ਇਨ੍ਹਾਂ ਦੇ ਕਾਲੇ ਕਾਰਨਾਮੇ ਕਦੇ ਸਾਹਮਣੇ ਨਹੀਂ ਆਏ। ਅੱਜ ਲੋਕਾਂ ਨੇ 'ਆਪ' ਨੂੰ ਚੁਣਿਆ ਹੈ ਅਤੇ ਪਾਰਟੀ ਦਾ ਚੋਣ ਨਿਸ਼ਾਨ 'ਝਾੜੂ' ਪੰਜਾਬ ਦੇ ਸਿਆਸੀ ਸਿਸਟਮ ਦੀ ਸਫਾਈ ਕਰ ਰਿਹਾ ਹੈ। ਉਹ ਦਿਨ ਦੂਰ ਨਹੀਂ ਜਦੋਂ ਅਕਾਲੀ ਆਪਣੇ ਪਾਪਾਂ ਬਦਲੇ ਸਲਾਖਾਂ ਪਿੱਛੇ ਹੋਣਗੇ।
ਉਨ੍ਹਾਂ ਅੱਗੇ ਕਿਹਾ, “ਸੁਖਬੀਰ ਬਾਦਲ ਪੰਜਾਬ ਦੀਆਂ ਜ਼ਮੀਨੀ ਹਕੀਕਤਾਂ ਤੋਂ ਪੂਰੀ ਤਰ੍ਹਾਂ ਅਣਜਾਣ ਹਨ। ਉਨ੍ਹਾਂ ਨੇ ਆਪਣਾ ਸਾਰਾ ਜੀਵਨ ਸੁਖ-ਸਹੂਲਤਾਂ ਅਤੇ ਆਲੀਸ਼ਾਨ ਮਾਹੌਲ ਵਿੱਚ ਗੁਜ਼ਾਰਿਆ ਹੈ। ਇਹ ਕਾਨਵੈਂਟ ਸਕੂਲਾਂ ‘ਚ ਪੜ੍ਹੇ ਲਿਖੇ ਰਾਜਨੀਤਕ ਆਗੂ ਹਨ ਜੋ ਸੂਬੇ ਦੇ ਦੀ ਆਮ ਭੂਗੋਲਿਕ ਸਥਿਤੀ ਤੋਂ ਵੀ ਵਾਕਫ਼ ਨਹੀਂ ਹਨ, ਪਰ ਫਿਰ ਵੀ ਇਹ ਪੰਜਾਬ 'ਤੇ ਰਾਜ ਕਰਨਾ ਚਾਹੁੰਦੇ ਹਨ। ਜੇ ਬਾਕੀ ਸਭ ਛੱਡ ਵੀ ਦੇਈਏ, ਸਾਬਕਾ ਉਪ ਮੁੱਖ ਮੰਤਰੀ ਤਾਂ ਸੂਬੇ ਦੀਆਂ ਆਮ ਫ਼ਸਲਾਂ ਵਿੱਚ ਵੀ ਫਰਕ ਨਹੀਂ ਦੱਸ ਸਕਦੇ ਕਿਉਂਕਿ ਉਨ੍ਹਾਂ ਨੂੰ ਪੰਜਾਬ ਦੇ ਬੁਨਿਆਦੀ ਮੁੱਦਿਆਂ ਬਾਰੇ ਕੋਈ ਸਮਝ ਨਹੀਂ।
ਕਾਂਗਰਸ 'ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ, “ਕਾਂਗਰਸ ਪਾਰਟੀ ਆਪਣੇ ਆਖਰੀ ਸਾਹਾਂ 'ਤੇ ਹੈ ਅਤੇ ਜਲਦੀ ਹੀ ਖੁਦ-ਬ-ਖੁਦ ਖਤਮ ਹੋ ਜਾਵੇਗੀ ਕਿਉਂਕਿ ਇਸ ਕੋਲ ਨਾ ਤਾਂ ਲੋਕਾਂ ਲਈ ਅਤੇ ਨਾ ਹੀ ਪੰਜਾਬ ਲਈ ਕੋਈ ਵਿਜ਼ਨ ਹੈ। ਇਸ ਦਾ ਇੱਕੋ ਇੱਕ ਉਦੇਸ਼ ਹਮੇਸ਼ਾ ਸੱਤਾ ਹਥਿਆਉਣਾ ਅਤੇ ਸੂਬੇ ਦੇ ਖਜ਼ਾਨੇ ਨੂੰ ਲੁੱਟਣਾ ਰਿਹਾ ਹੈ, ਪਰ ਇਹ ਸੁਪਨਾ ਕਦੇ ਪੂਰਾ ਨਹੀਂ ਹੋਵੇਗਾ। ਕਾਂਗਰਸ ਇੱਕ ਖੇਰੂੰ-ਖੇਰੂੰ ਹੋਇਆ ਘਰ ਹੈ ਜੋ ਆਪਣੇ ਅੰਦਰੂਨੀ ਕਾਟੋ-ਕਲੇਸ਼ ਨਾਲ ਹੀ ਢਹਿ-ਢੇਰੀ ਹੋ ਜਾਵੇਗਾ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਹ ਕਿੰਨੀ ਹਾਸੋਹੀਣੀ ਤੇ ਹੈਰਾਨੀ ਦੀ ਗੱਲ ਹੈ ਕਿ ਇਨ੍ਹਾਂ ਆਪਸ ਵਿੱਚ ਲੜ ਰਹੇ ਧੜਿਆਂ ਨੂੰ ਇੱਕਜੁੱਟ ਕਰਨ ਲਈ ਇੱਥੇ ਆਉਣ ਵਾਲੇ ਸੀਨੀਅਰ ਕਾਂਗਰਸੀ ਆਗੂਆਂ ਨੂੰ ਸੂਬੇ ਦੇ ਇਨ੍ਹਾਂ ਆਗੂਆਂ ਦੇ ਨਾਵਾਂ ਦਾ ਸਹੀ ਉਚਾਰਨ ਕਰਨਾ ਤੱਕ ਵੀ ਨਹੀਂ ਆਉਂਦਾ।
ਇਸ ਮੌਕੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ, ਕੈਬਨਿਟ ਮੰਤਰੀ ਬਰਿੰਦਰ ਗੋਇਲ ਅਤੇ ਕਈ ਹੋਰ ਪਤਵੰਤੇ ਵੀ ਹਾਜ਼ਰ ਸਨ।

Women-s-respect-Money-To-Be-Deposited-In-Bank-Accounts-Today-Chief-Minister-Bhagwant-Singh-Mann


About Us


PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.

Meenu Galhotra (Editor)

We are Social


Address


PunjabAMPM
House no 3, street no 1, New Aggar Nagar, behind mediways hospital, Ferozepur road Ludhiana 141001
Mobile: +91 98769 60522
Email: punjabampm0161@gmail.com

Copyright Punjab AMPM | 2023
Website by: Webhead