*ਕਿਹਾ, ਸਾਲ 2022 ਤੋਂ ਹੁਣ ਤੱਕ ਵਿਭਾਗ ਵਿੱਚ ਕੀਤੀਆਂ ਗਈਆਂ 520 ਨਵੀਆਂ ਭਰਤੀਆਂ ਨਾਲ ਵਿਭਾਗੀ ਪ੍ਰਾਜੈਕਟਾਂ ਨੂੰ ਮਿਲੀ ਰਫ਼ਤਾਰ*
ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਵਿਭਾਗ ਦੇ 52 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਪੰਜਾਬ ਭਵਨ ਵਿਖੇ ਕਰਵਾਏ ਸਮਾਗਮ ਦੌਰਾਨ ਉਨ੍ਹਾਂ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਨਿਯੁਕਤੀਆਂ ਨਾ ਸਿਰਫ਼ ਵਿਭਾਗ ਵਿੱਚ ਮੁਲਾਜ਼ਮਾਂ ਦੀ ਘਾਟ ਨੂੰ ਪੂਰਾ ਕਰਨ ਵਿੱਚ ਸਹਾਈ ਸਾਬਤ ਹੋਣਗੀਆਂ, ਸਗੋਂ ਵਿਭਾਗ ਦੇ ਚਲ ਰਹੇ ਅਤੇ ਨਵੇਂ ਪ੍ਰਾਜੈਕਟਾਂ ਨੂੰ ਸਮੇਂ ਸਿਰ ਨੇਪਰੇ ਚਾੜ੍ਹਨ ਵਿੱਚ ਵੀ ਅਹਿਮ ਭੂਮਿਕਾ ਨਿਭਾਉਣਗੀਆਂ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਇਨ੍ਹਾਂ 52 ਉਮੀਦਵਾਰਾਂ ਦੀ ਭਰਤੀ ਤਰਸ ਦੇ ਆਧਾਰ ’ਤੇ ਨੌਕਰੀ ਦੇਣ ਸਬੰਧੀ ਨੀਤੀ ਤਹਿਤ ਕੀਤੀ ਗਈ ਹੈ। ਨਿਯੁਕਤ ਕੀਤੇ ਗਏ ਉਮੀਦਵਾਰਾਂ ਵਿੱਚ 3 ਜੂਨੀਅਰ ਨਕਸ਼ਾ ਨਵੀਸ, 9 ਕਲਰਕ, 31 ਸੇਵਾਦਾਰ, 1 ਸਫ਼ਾਈ ਸੇਵਕ, 7 ਜੂਨੀਅਰ ਟੈਕਨੀਸ਼ੀਅਨ ਅਤੇ 1 ਹੈਲਪਰ ਟੈਕਨੀਸ਼ੀਅਨ ਸ਼ਾਮਲ ਹਨ।
ਸ. ਹਰਦੀਪ ਸਿੰਘ ਮੁੰਡੀਆਂ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ, ਲਗਨ ਅਤੇ ਸਮਰਪਣ ਨਾਲ ਨਿਭਾਉਣ ਲਈ ਪ੍ਰੇਰਦਿਆਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਬਿਹਤਰ ਪੀਣਯੋਗ ਪਾਣੀ ਅਤੇ ਸੈਨੀਟੇਸ਼ਨ ਸੇਵਾਵਾਂ ਮੁਹੱਈਆ ਕਰਵਾਉਣ ਦੇ ਨਾਲ-ਨਾਲ ਯੋਗ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਨਵੀਆਂ ਭਰਤੀਆਂ ਨਾਲ ਵਿਭਾਗ ਦੀ ਕਾਰਜਕੁਸ਼ਲਤਾ ਵਿੱਚ ਹੋਰ ਸੁਧਾਰ ਆਵੇਗਾ ਅਤੇ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾਉਣ ਵਿੱਚ ਮਦਦ ਮਿਲੇਗੀ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਵੱਖ-ਵੱਖ ਵਿਭਾਗਾਂ ਵਿੱਚ ਪਾਰਦਰਸ਼ੀ ਢੰਗ ਨਾਲ ਭਰਤੀ ਪ੍ਰਕਿਰਿਆ ਨੂੰ ਲਗਾਤਾਰ ਅੱਗੇ ਵਧਾਇਆ ਜਾ ਰਿਹਾ ਹੈ ਜਿਸ ਤਹਿਤ ਹੁਣ ਤੱਕ ਮਾਨ ਸਰਕਾਰ ਨੇ ਨੌਜਵਾਨਾਂ ਨੂੰ 68000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ। ਉਨ੍ਹਾਂ ਦੱਸਿਆ ਕਿ ਇਸੇ ਲੜੀ ਤਹਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਅੱਜ ਦੀਆਂ ਨਿਯੁਕਤੀਆਂ ਸਮੇਤ ਸਾਲ 2022 ਤੋਂ ਹੁਣ ਤੱਕ ਵੱਖ-ਵੱਖ ਵਰਗਾਂ ਵਿੱਚ ਕੁੱਲ 520 ਨਿਯੁਕਤੀਆਂ ਕੀਤੀਆਂ ਜਾ ਚੁੱਕੀਆਂ ਹਨ। ਇਸ ਤੋਂ ਪਹਿਲਾਂ ਕੀਤੀਆਂ 468 ਨਿਯੁਕਤੀਆਂ ਵਿੱਚ 44 ਉਪ ਮੰਡਲ ਇੰਜੀਨੀਅਰ, 97 ਜੂਨੀਅਰ ਇੰਜੀਨੀਅਰ, 81 ਜੂਨੀਅਰ ਨਕਸ਼ਾ ਨਵੀਸ, 41 ਕਲਰਕ, 27 ਸਟੈਨੋਟਾਈਪਿਸਟ, 25 ਜੂਨੀਅਰ ਟੈਕਨੀਸ਼ੀਅਨ, 76 ਹੈਲਪਰ ਟੈਕਨੀਕਲ, 71 ਸੇਵਾਦਾਰ, 1 ਚੌਕੀਦਾਰ ਅਤੇ 5 ਸਫਾਈ ਸੇਵਕ ਸ਼ਾਮਲ ਹਨ। ਇਹ ਸਾਰੇ ਕਰਮਚਾਰੀ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ।
ਉਨ੍ਹਾਂ ਆਸ ਪ੍ਰਗਟਾਈ ਕਿ ਨਵ-ਨਿਯੁਕਤ ਮੁਲਾਜ਼ਮ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਂਦੇ ਹੋਏ ਵਿਭਾਗ ਦੀ ਪ੍ਰਗਤੀ ਅਤੇ ਲੋਕ ਸੇਵਾ ਨੂੰ ਹੋਰ ਮਜ਼ਬੂਤ ਬਣਾਉਣ ਵਿੱਚ ਅਹਿਮ ਯੋਗਦਾਨ ਪਾਉਣਗੇ।
PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.
Meenu Galhotra (Editor)