*ਕਿਹਾ, ਡਿਪਟੀ ਕਮਿਸ਼ਨਰਾਂ ਨੂੰ ਇੱਕ ਦਿਨ ਰਾਖਵਾਂ ਰੱਖਣ ਲਈ ਛੇਤੀ ਜਾਰੀ ਹੋਵੇਗਾ ਪੱਤਰ*
*ਮਾਲ ਮੰਤਰੀ ਹਰਦੀਪ ਵੱਲੋਂ ਨੰਬਰਦਾਰ ਯੂਨੀਅਨ ਨਾਲ ਮੁਲਾਕਾਤ*
*ਨੰਬਰਦਾਰਾਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਦਾ ਦਿੱਤਾ ਭਰੋਸਾ*
ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਨੰਬਰਦਾਰ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਮੰਗਾਂ ਸੁਣੀਆਂ ਅਤੇ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਦਾ ਭਰੋਸਾ ਦਿੱਤਾ।
ਮੀਟਿੰਗ ਦੌਰਾਨ ਨੰਬਰਦਾਰ ਯੂਨੀਅਨ ਦੇ ਨੁਮਾਇੰਦਿਆਂ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਬਣਾਏ ਜਾ ਰਹੇ ਸਿਹਤ ਕਾਰਡਾਂ ਲਈ ਨੰਬਰਦਾਰਾਂ ਵਾਸਤੇ ਇੱਕ ਦਿਨ ਵਿਸ਼ੇਸ਼ ਤੌਰ 'ਤੇ ਰਾਖਵਾਂ ਰੱਖਣ ਦੀ ਮੰਗ ਕੀਤੀ। ਇਸ 'ਤੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਉਹ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕਰਨਗੇ ਕਿ ਨੰਬਰਦਾਰਾਂ ਦੀ ਸਹੂਲਤ ਲਈ ਸਿਹਤ ਕਾਰਡ ਬਣਾਉਣ ਵਾਸਤੇ ਇੱਕ ਦਿਨ ਵਿਸ਼ੇਸ਼ ਤੌਰ 'ਤੇ ਨਿਰਧਾਰਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਛੇਤੀ ਹੀ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਜਾਰੀ ਕਰਕੇ ਨੰਬਰਦਾਰਾਂ ਲਈ ਇੱਕ ਦਿਨ ਰਾਖਵਾਂ ਰੱਖਣ ਦੀ ਹਦਾਇਤ ਕੀਤੀ ਜਾਵੇਗੀ।
ਨੰਬਰਦਾਰਾਂ ਵੱਲੋਂ ਮਾਣਭੇਟਾ ਵਧਾਉਣ ਦੀ ਮੰਗ ਬਾਰੇ ਕੈਬਨਿਟ ਮੰਤਰੀ ਨੇ ਕਿਹਾ ਕਿ ਉਹ ਇਸ ਮਾਮਲੇ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਧਿਆਨ ਵਿੱਚ ਲਿਆਉਣਗੇ ਅਤੇ ਨੰਬਰਦਾਰਾਂ ਦਾ ਮਾਣਭੇਟਾ ਵਧਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੰਬਰਦਾਰਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਪਿੰਡਾਂ ਦੇ ਪ੍ਰਸ਼ਾਸਨਿਕ ਢਾਂਚੇ ਵਿੱਚ ਨੰਬਰਦਾਰਾਂ ਵੱਲੋਂ ਨਿਭਾਈ ਜਾ ਰਹੀ ਅਹਿਮ ਭੂਮਿਕਾ ਦਾ ਪੂਰਾ ਸਨਮਾਨ ਕਰਦੀ ਹੈ। ਉਨ੍ਹਾਂ ਨੰਬਰਦਾਰਾਂ ਦੀਆਂ ਹੋਰਨਾਂ ਮੰਗਾਂ ਨੂੰ ਵੀ ਗਹੁ ਨਾਲ ਸੁਣਿਆ ਅਤੇ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ।
ਇਸ ਮੌਕੇ ਵਧੀਕ ਮੁੱਖ ਸਕੱਤਰ-ਕਮ-ਵਿੱਤ ਕਮਿਸ਼ਨਰ ਮਾਲ ਸ੍ਰੀ ਅਨੁਰਾਗ ਵਰਮਾ, ਵਿਸ਼ੇਸ਼ ਸਕੱਤਰ-ਕਮ-ਡਾਇਰੈਕਟਰ ਲੈਂਡ ਰਿਕਾਰਡ ਸ੍ਰੀ ਪਰਮਵੀਰ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।
PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.
Meenu Galhotra (Editor)