July 9, 2026 23:40:00

ਬਰਿੰਦਰ ਕੁਮਾਰ ਗੋਇਲ ਵੱਲੋਂ ਸਸਰਾਲੀ ਕਾਲੋਨੀ ਵਿਖੇ ਸਤਲੁਜ ਧੁੱਸੀ ਬੰਨ੍ਹ ਦੇ ਕਾਰਜਾਂ ਦਾ ਜਾਇਜ਼ਾ

ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਸਸਰਾਲੀ ਕਾਲੋਨੀ ਵਿਖੇ ਸਤਲੁਜ ਦਰਿਆ ਦੇ ਕੰਢੇ ਖੁਰਨ ਤੋਂ ਰੋਕਣ ਲਈ ਬੰਨ੍ਹ ਦੇ ਅੰਦਰਲੇ ਪਾਸੇ ਲਾਈਆਂ ਜਾ ਰਹੀਆਂ ਪੀ.ਪੀ.ਐਮ.ਐਫ. (ਪੌਲੀਪ੍ਰੋਪਾਈਲੀਨ ਮਲਟੀਫਿਲਾਮੈਂਟ) ਜਿਓਟਿਊਬਾਂ ਬਾਰੇ ਜਾਣਕਾਰੀ ਲੈਂਦੇ ਹੋਏ।

Jul9,2026 | Meenu Galhotra | Ludhiana

*ਕਿਹਾ, ਸਤਲੁਜ ਧੁੱਸੀ ਬੰਨ੍ਹ ਦੀ ਸੁਰੱਖਿਆ ਲਈ ਪੰਜਾਬ ਵਿੱਚ ਪਹਿਲੀ ਵਾਰ ਪੀ.ਪੀ.ਐਮ.ਐਫ. (ਪੌਲੀਪ੍ਰੋਪਾਈਲੀਨ ਮਲਟੀਫਿਲਾਮੈਂਟ) ਜਿਓਟਿਊਬ ਤਕਨੀਕ ਦੀ ਹੋਈ ਵਰਤੋਂ*
*ਕੰਢਿਆਂ ਦੀ ਸੁਰੱਖਿਆ ਲਈ ਧੁੱਸੀ ਬੰਨ੍ਹ ਦੇ ਨਦੀ ਵਾਲੇ ਪਾਸੇ 450 ਪੀ.ਪੀ.ਐਮ.ਐਫ. ਜਿਓਟਿਊਬਾਂ ਲਗਾਈਆਂ ਜਾ ਰਹੀਆਂ ਹਨ*
*ਦਰਿਆਈ ਕੰਢਿਆਂ ਦੀ ਸੁਰੱਖਿਆ ਅਤੇ ਹੜ੍ਹ ਪ੍ਰਬੰਧਨ ਨੂੰ ਹੋਰ ਮਜ਼ਬੂਤ ਬਣਾਏਗੀ ਆਧੁਨਿਕ ਜਿਓਸਿੰਥੈਟਿਕ ਇੰਜੀਨੀਅਰਿੰਗ ਤਕਨੀਕ: ਬਰਿੰਦਰ ਕੁਮਾਰ ਗੋਇਲ*
*ਸਤਲੁਜ ਕੰਢੇ ਧੁੱਸੀ ਬੰਨ੍ਹ ਮਜ਼ਬੂਤ ਕਰਨ ਲਈ ਪੰਜਾਬ ਸਰਕਾਰ ਵਚਨਬੱਧ: ਬਰਿੰਦਰ ਕੁਮਾਰ ਗੋਇਲ*


ਪੰਜਾਬ ਦੇ ਜਲ ਸਰੋਤ ਅਤੇ ਖਣਨ ਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਲੁਧਿਆਣਾ ਦੇ ਪਿੰਡ ਸਸਰਾਲੀ ਕਲੋਨੀ ਵਿਖੇ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਦੇ ਚੱਲ ਰਹੇ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਰਸਾਤ ਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਸਾਰੇ ਕੰਮ ਨਿਰਧਾਰਤ ਸਮੇਂ ਅੰਦਰ ਅਤੇ ਉੱਚ ਗੁਣਵੱਤਾ ਨਾਲ ਮੁਕੰਮਲ ਕੀਤੇ ਜਾਣ ਤਾਂ ਜੋ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।
ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਪਿੰਡ ਸਸਰਾਲੀ ਕਲੋਨੀ ਵਿਖੇ ਜੋ ਕਰੀਬ 3300 ਫੁੱਟ ਬੰਨ੍ਹ ਰੁੜ੍ਹ ਗਿਆ ਸੀ, ਉਸ ਦੀ ਮੁੜ-ਉਸਾਰੀ ਦਾ ਕੰਮ ਪ੍ਰਗਤੀ ਅਧੀਨ ਹੈ। ਇਸ ਕੰਮ ਦੀ ਲਾਗਤ ਤਕਰੀਬਨ 11.75 ਕਰੋੜ ਰੁਪਏ ਹੈ। ਇਸ ਵਿੱਚ ਕਰੀਬ 2,00,000 ਕਿਊਬਿਕ ਮੀਟਰ ਮਿੱਟੀ ਦੀ ਵਰਤੋਂ ਨਾਲ ਬੰਨ੍ਹ ਬਣਾਇਆ ਜਾ ਰਿਹਾ ਹੈ, ਜਿਸ ਵਿੱਚੋ ਲਗਭਗ 1,50,000 ਕਿਊਬਿਕ ਮੀਟਰ ਦਾ ਕੰਮ ਮੁਕੰਮਲ ਹੋ ਚੁੱਕਾ ਹੈ ਅਤੇ ਬਾਕੀ ਰਹਿੰਦਾ ਕੰਮ ਵੀ ਜਲਦ ਮੁਕੰਮਲ ਕਰਵਾ ਲਿਆ ਜਾਵੇਗਾ।
ਉਨ੍ਹਾਂ ਦੱਸਿਆ ਕਿ ਇਸ ਬੰਨ੍ਹ ਦੇ ਮੁੜ ਉਸਾਰੀ ਕਾਰਜ ਦੀ ਅਹਿਮ ਵਿਸ਼ੇਸ਼ਤਾ ਇਹ ਹੈ ਕਿ ਕੰਢੇ ਖੁਰਨ ਤੋਂ ਰੋਕਣ ਲਈ ਬੰਨ੍ਹ ਦੇ ਦਰਿਆ ਵਾਲੇ ਅੰਦਰਲੇ ਪਾਸੇ ਪੀ.ਪੀ.ਐਮ.ਐਫ (ਪੌਲੀਪ੍ਰੋਪਾਈਲੀਨ ਮਲਟੀਫਿਲਾਮੈਂਟ) ਜਿਓਟਿਊਬਾਂ ਲਗਾਈਆਂ ਜਾ ਰਹੀਆਂ ਹਨ। ਇਸ ਕੰਮ ਵਿੱਚ ਤਕਰੀਬਨ 450 ਜਿਓਟਿਊਬਾਂ ਦੀ ਵਰਤੋਂ ਕੀਤੀ ਜਾਣੀ ਹੈ, ਜਿਸ ਵਿਚੋਂ ਕਰੀਬ 325 ਜਿਓਟਿਊਬਾਂ ਲਗਾਈਆਂ ਜਾ ਚੁੱਕੀਆਂ ਹਨ ਅਤੇ ਬਾਕੀ ਰਹਿੰਦਾ ਕੰਮ ਵੀ ਜਲਦ ਮੁਕੰਮਲ ਕਰਵਾ ਲਿਆ ਜਾਵੇਗਾ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਪੀ.ਪੀ.ਐਮ.ਐਫ ਜੀਓਟਿਊਬ ਦਾ ਕੰਮ ਪੰਜਾਬ ਵਿੱਚ ਆਪਣੀ ਕਿਸਮ ਦਾ ਪਹਿਲਾ ਪ੍ਰਾਜੈਕਟ ਹੈ, ਜੋ ਦਰਿਆ ਕੰਢੇ ਦੀ ਸੁਰੱਖਿਆ ਅਤੇ ਹੜ੍ਹ ਪ੍ਰਬੰਧਨ ਲਈ ਆਧੁਨਿਕ ਜਿਓਸਿੰਥੈਟਿਕ ਇੰਜੀਨੀਅਰਿੰਗ ਤਕਨੀਕਾਂ ਦੇ ਪ੍ਰਯੋਗ ਵਿੱਚ ਇੱਕ ਮਹੱਤਵਪੂਰਨ ਮੀਲ ਪੱਥਰ ਸਾਬਤ ਹੋਵੇਗਾ।
ਜਲ ਸਰੋਤ ਮੰਤਰੀ ਨੇ ਨਿਰਮਾਣ ਕਾਰਜਾਂ ਦੀ ਪ੍ਰਗਤੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਹਾਸਲ ਕੀਤੀ ਅਤੇ ਮੌਕੇ 'ਤੇ ਚੱਲ ਰਹੇ ਕੰਮਾਂ ਦਾ ਨਿਰੀਖਣ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਦਰਿਆਈ ਬੰਨ੍ਹਾਂ ਨੂੰ ਮਜ਼ਬੂਤ ਕਰਨ ਅਤੇ ਹੜ੍ਹਾਂ ਦੇ ਸੰਭਾਵੀ ਖ਼ਤਰੇ ਨੂੰ ਘਟਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਧੁੱਸੀ ਬੰਨ੍ਹ ਦੀ ਮਜ਼ਬੂਤੀ ਨਾਲ ਸਤਲੁਜ ਦਰਿਆ ਨਾਲ ਲੱਗਦੇ ਇਲਾਕਿਆਂ ਅਤੇ ਪਿੰਡਾਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਬਰਸਾਤ ਦੌਰਾਨ ਪਾਣੀ ਦੇ ਦਬਾਅ ਨਾਲ ਹੋਣ ਵਾਲੇ ਨੁਕਸਾਨ ਨੂੰ ਰੋਕਣ ਵਿੱਚ ਮਦਦ ਮਿਲੇਗੀ।
ਸ੍ਰੀ ਗੋਇਲ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਨਿਰਮਾਣ ਕਾਰਜਾਂ ਵਿੱਚ ਨਿਰਮਾਣ ਦੌਰਾਨ ਸੁਰੱਖਿਆ ਮਾਪਦੰਡਾਂ ਦੀ ਪੂਰੀ ਤਰ੍ਹਾਂ ਪਾਲਣਾ ਕੀਤੀ ਜਾਵੇ ਅਤੇ ਜਿੱਥੇ ਵੀ ਲੋੜ ਹੋਵੇ, ਉੱਥੇ ਵਾਧੂ ਮਸ਼ੀਨਰੀ ਅਤੇ ਮਨੁੱਖੀ ਬਲ ਤਾਇਨਾਤ ਕਰਕੇ ਕੰਮ ਵਿੱਚ ਤੇਜ਼ੀ ਲਿਆਂਦੀ ਜਾਵੇ।
ਉਨ੍ਹਾਂ ਸਥਾਨਕ ਲੋਕਾਂ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਧਿਆਨ ਨਾਲ ਸੁਣੇ। ਉਨ੍ਹਾਂ ਭਰੋਸਾ ਦਿੱਤਾ ਕਿ ਲੋਕਾਂ ਦੀ ਸੁਰੱਖਿਆ ਅਤੇ ਭਲਾਈ ਸਰਕਾਰ ਦੀ ਪਹਿਲੀ ਤਰਜੀਹ ਹੈ ਅਤੇ ਬਰਸਾਤ ਦੇ ਮੌਸਮ ਦੌਰਾਨ ਕਿਸੇ ਵੀ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਲਈ ਸਾਰੇ ਲੋੜੀਂਦੇ ਪ੍ਰਬੰਧ ਪਹਿਲਾਂ ਹੀ ਕੀਤੇ ਜਾ ਰਹੇ ਹਨ।
ਉਪ ਮੰਡਲ ਮਜਿਸਟਰੇਟ ਲੁਧਿਆਣਾ ਪੂਰਬੀ ਸ੍ਰੀਮਤੀ ਜਸਲੀਨ ਕੌਰ ਭੁੱਲਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਲ ਸਰੋਤ ਵਿਭਾਗ ਨਾਲ ਪੂਰਾ ਤਾਲਮੇਲ ਬਣਾ ਕੇ ਨਿਰਮਾਣ ਕਾਰਜਾਂ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੰਵੇਦਨਸ਼ੀਲ ਥਾਵਾਂ 'ਤੇ ਵਿਸ਼ੇਸ਼ ਨਜ਼ਰ ਰੱਖੀ ਜਾ ਰਹੀ ਹੈ ਅਤੇ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਲੋੜੀਂਦੇ ਸਰੋਤ ਉਪਲਬਧ ਹਨ।
ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਮਾਣ ਕਾਰਜਾਂ ਦੀ ਨਿਯਮਿਤ ਸਮੀਖਿਆ ਕਰਨ ਅਤੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਸਾਰੇ ਕੰਮ ਸਮੇਂ ਸਿਰ ਮੁਕੰਮਲ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਸੂਬੇ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਹੜ੍ਹ ਪ੍ਰਬੰਧਨ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਅਤੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ।
ਇਸ ਮੌਕੇ ਜਲ ਸਰੋਤ ਵਿਭਾਗ ਦੇ ਸੀਨੀਅਰ ਅਧਿਕਾਰੀ, ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀ ਅਤੇ ਆਸ-ਪਾਸ ਦੇ ਪਿੰਡਾਂ ਦੇ ਵਸਨੀਕ ਵੀ ਮੌਜੂਦ ਸਨ।

Barinder-Kumar-Goyal-Reviews-Satluj-Embankment-Works-At-Sasrali-Colony-In-Ludhiana


About Us


PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.

Meenu Galhotra (Editor)

We are Social


Address


PunjabAMPM
House no 3, street no 1, New Aggar Nagar, behind mediways hospital, Ferozepur road Ludhiana 141001
Mobile: +91 98769 60522
Email: punjabampm0161@gmail.com

Copyright Punjab AMPM | 2023
Website by: Webhead