*ਪੰਜਾਬ ਨੇ ਫੀਸ ਰੈਗੂਲੇਸ਼ਨ ਆਰਡੀਨੈਂਸ-2026 ਲਾਗੂ ਕੀਤਾ; ਪ੍ਰਾਈਵੇਟ ਸਕੂਲ ਹੁਣ 5 ਫੀਸਦ ਤੋਂ ਵੱਧ ਫੀਸ ਨਹੀਂ ਵਧਾ ਸਕਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*
*ਜੇ ਕਿਸੇ ਪ੍ਰਾਈਵੇਟ ਸਕੂਲ ਨੇ ਪਿਛਲੇ 3 ਸਾਲਾਂ ਵਿੱਚ ਫੀਸਾਂ 'ਚ 15 ਫੀਸਦ ਤੋਂ ਵੱਧ ਵਾਧਾ ਕੀਤਾ ਹੈ, ਤਾਂ ਸਕੂਲ ਨੂੰ ਮਾਪਿਆਂ ਤੋਂ ਵਸੂਲੀ ਗਈ ਵਾਧੂ ਰਕਮ ਵਾਪਸ ਕਰਨੀ ਪਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*
*ਪੰਜਾਬ ਦੇ 7,800 ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹਦੇ 32 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਮਿਲੇਗੀ ਵੱਡੀ ਰਾਹਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*
*ਸਾਰੇ ਪ੍ਰਾਈਵੇਟ ਸਕੂਲਾਂ ਨੂੰ ਅਗਲੇ 10 ਦਿਨਾਂ ਦੇ ਅੰਦਰ ਪੋਰਟਲ 'ਤੇ ਪਿਛਲੇ 4 ਸਾਲਾਂ ਦੀਆਂ ਫੀਸਾਂ ਦੇ ਵੇਰਵੇ ਅਪਲੋਡ ਕਰਨੇ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*
*ਵਿਦਿਆਰਥੀਆਂ ਤੋਂ ਵਸੂਲੇ ਜਾਣ ਵਾਲੇ ਟ੍ਰਾਂਸਪੋਟੇਸ਼ਨ, ਬਿਲਡਿੰਗ ਅਤੇ ਹੋਰ ਸਾਰੇ ਚਾਰਜਿਜ਼ ਟਿਊਸ਼ਨ ਫੀਸ ਦਾ ਹਿੱਸਾ ਮੰਨੇ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*
*ਨਿਯਮਾਂ ਦੀ ਉਲੰਘਣਾ ਕਰਨ ਵਾਲੇ ਸਕੂਲਾਂ ਨੂੰ ਪਹਿਲੀ ਵਾਰ 50,000 ਰੁਪਏ, ਦੂਜੀ ਵਾਰ 1 ਲੱਖ ਰੁਪਏ ਜੁਰਮਾਨਾ ਅਤੇ ਤੀਜੀ ਵਾਰ ਮਾਨਤਾ ਰੱਦ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*
*ਅਸੀਂ ਸਿੱਖਿਆ ਨੂੰ ਵਪਾਰ ਨਹੀਂ ਬਣਨ ਦਿਆਂਗੇ; ਡਿਪਟੀ ਕਮਿਸ਼ਨਰ ਦੀ ਅਗਵਾਈ ਵਾਲੀ ਰੈਗੂਲੇਟਰੀ ਕਮੇਟੀ ਫੀਸਾਂ 'ਚ ਵਾਧੇ ਦੀ ਜਾਂਚ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*
ਸੂਬੇ ਵਿੱਚ 32 ਲੱਖ ਤੋਂ ਵੱਧ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ‘ਪੰਜਾਬ ਰੈਗੂਲੇਸ਼ਨ ਆਫ ਫੀਸ ਆਫ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ (ਸੋਧ) ਆਰਡੀਨੈਂਸ, 2026’ ਜਾਰੀ ਕਰਕੇ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਨੂੰ ਸਖ਼ਤ ਰੈਗੂਲੇਟਰੀ ਢਾਂਚੇ ਅਧੀਨ ਲਿਆਂਦਾ ਹੈ। ਇਹ ਆਰਡੀਨੈਂਸ ਸਲਾਨਾ ਫੀਸ ਵਾਧੇ ਨੂੰ 5 ਫੀਸਦ 'ਤੇ ਸੀਮਤ ਕਰਦਾ ਹੈ, ਉਨ੍ਹਾਂ ਮਾਮਲਿਆਂ ਵਿੱਚ ਫੀਸਦ ਰੀਫੰਡ ਲਾਜ਼ਮੀ ਕਰਦਾ ਹੈ ਜਿੱਥੇ ਪਿਛਲੇ ਤਿੰਨ ਸਾਲਾਂ ਵਿੱਚ ਫੀਸਾਂ ਦਾ ਵਾਧਾ 15 ਫੀਸਦ ਤੋਂ ਵੱਧ ਹੋਇਆ ਹੈ, ਟ੍ਰਾਂਸਪੋਰਟ ਅਤੇ ਬਿਲਡਿੰਗ ਫੀਸਾਂ ਸਮੇਤ ਸਾਰੇ ਚਾਰਜਿਜ਼ ਨੂੰ ਟਿਊਸ਼ਨ ਫੀਸ ਦਾ ਹਿੱਸਾ ਮੰਨਦਾ ਹੈ, ਅਤੇ ਨਿਯਮਾਂ ਦੀ ਉਲੰਘਣਾ ਕਰਨ 'ਤੇ ਮਾਨਤਾ ਰੱਦ ਕਰਨ ਸਮੇਤ ਸਖ਼ਤ ਸਜ਼ਾਵਾਂ ਦੀ ਵਿਵਸਥਾ ਕਰਦਾ ਹੈ।
ਇਸ ਗੱਲ ਨੂੰ ਦੁਹਰਾਉਂਦਿਆਂ ਕਿ ਸਿੱਖਿਆ ਨੂੰ ਵਪਾਰ ਬਣਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ, ਮੁੱਖ ਮੰਤਰੀ ਨੇ ਕਿਹਾ ਕਿ ਡਿਪਟੀ ਕਮਿਸ਼ਨਰਾਂ ਦੀ ਅਗਵਾਈ ਵਾਲੀਆਂ ਰੈਗੂਲੇਟਰੀ ਕਮੇਟੀਆਂ ਫੀਸਾਂ ਦੇ ਵਾਧੇ ਦੀ ਬਾਰੀਕੀ ਨਾਲ ਜਾਂਚ ਕਰਨਗੀਆਂ, ਜਦੋਂ ਕਿ ਸਾਰੇ ਪ੍ਰਾਈਵੇਟ ਸਕੂਲਾਂ ਨੂੰ ਅਗਲੇ 10 ਦਿਨਾਂ ਦੇ ਅੰਦਰ ਨਿਰਧਾਰਤ ਪੋਰਟਲ 'ਤੇ ਪਿਛਲੇ ਚਾਰ ਸਾਲਾਂ ਵਿੱਚ ਫੀਸਾਂ 'ਚ ਕੀਤੇ ਗਏ ਵਾਧੇ ਦਾ ਰਿਕਾਰਡ ਅਪਲੋਡ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਪ੍ਰੈਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬਾ ਸਰਕਾਰ ਵੱਲੋਂ ਲਿਆਂਦੇ ਗਏ ਇਸ ਆਰਡੀਨੈਂਸ ਨੂੰ ਆਪਣੀ ਪ੍ਰਵਾਨਗੀ ਦੇਣ ਲਈ ਰਾਜਪਾਲ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਕਿਹਾ ਕਿ ਇਹ ਅੱਜ ਤੋਂ ਹੀ ਲਾਗੂ ਹੋ ਗਿਆ ਹੈ। "ਅੱਜ ਤੋਂ ਹਰ ਪ੍ਰਾਈਵੇਟ ਵਿਦਿਅਕ ਸੰਸਥਾ ਨੂੰ ਪਿਛਲੇ ਚਾਰ ਸਾਲਾਂ ਦੌਰਾਨ ਇਕੱਠੀ ਕੀਤੀ ਗਈ ਫੀਸ ਦਾ ਪੂਰਾ ਵੇਰਵਾ 10 ਦਿਨਾਂ ਦੇ ਅੰਦਰ ਪੋਰਟਲ 'ਤੇ ਅਪਲੋਡ ਕਰਨਾ ਹੋਵੇਗਾ। ਉਨ੍ਹਾਂ ਕਿਹਾ ਕਿ ਜਿਵੇਂ ਹੀ ਇਹ ਮਿਆਦ ਖ਼ਤਮ ਹੋਵੇਗੀ, ਜੇਕਰ ਕੋਈ ਸੰਸਥਾ ਵਿਦਿਆਰਥੀਆਂ ਤੋਂ ਵਾਧੂ ਫੀਸ ਵਸੂਲਣ ਵਿੱਚ ਸ਼ਾਮਲ ਪਾਈ ਗਈ ਤਾਂ ਉਸ ਨੂੰ ਵਸੂਲੀ ਗਈ ਵਾਧੂ ਰਕਮ ਮਾਪਿਆਂ ਨੂੰ ਵਾਪਸ ਕਰਨੀ ਪਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪ੍ਰਾਈਵੇਟ ਵਿਦਿਅਕ ਸੰਸਥਾਵਾਂ ਨੂੰ ਵਿਦਿਆਰਥੀਆਂ ਅਤੇ ਮਾਪਿਆਂ 'ਤੇ ਬੇਲੋੜੀਆਂ ਫੀਸਾਂ ਥੋਪਣ ਦੀ ਖੁੱਲ੍ਹ ਦਿੱਤੀ ਹੋਈ ਸੀ, ਜਿਸ ਨਾਲ ਸਿੱਖਿਆ ਪ੍ਰਣਾਲੀ ਨੂੰ ਭਾਰੀ ਨੁਕਸਾਨ ਪਹੁੰਚਿਆ। ਸੁਪਰੀਮ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਵਿਦਿਅਕ ਸੰਸਥਾਵਾਂ ਵੱਖ-ਵੱਖ ਖਾਤਿਆਂ ਰਾਹੀਂ ਫੀਸਾਂ ਇਕੱਠੀਆਂ ਕਰਕੇ ਸਿੱਖਿਆ ਦੇ ਨਾਂ 'ਤੇ ਮੁਨਾਫਾ ਨਹੀਂ ਕਮਾ ਸਕਦੀਆਂ।
ਉਨ੍ਹਾਂ ਕਿਹਾ, "ਇਨ੍ਹਾਂ ਸੰਸਥਾਵਾਂ ਵੱਲੋਂ ਕਿਸੇ ਵੀ ਮਾਧਿਅਮ ਰਾਹੀਂ ਇਕੱਠੀ ਕੀਤੀ ਗਈ ਅਸਲ ਫੀਸ ਦਾ ਪਤਾ ਲਾਉਣ ਲਈ ਇੱਕ ਫੋਰੈਂਸਿਕ ਆਡਿਟ ਕਰਵਾਇਆ ਜਾਵੇਗਾ। ਪ੍ਰਾਈਵੇਟ ਅਨ-ਏਡਿਡ ਸਕੂਲਾਂ ਵੱਲੋਂ ਫੀਸਾਂ 'ਚ ਮਨਮਰਜ਼ੀ ਨਾਲ ਕੀਤੇ ਜਾਣ ਵਾਲੇ ਵਾਧੇ 'ਤੇ ਪੂਰੀ ਤਰ੍ਹਾਂ ਰੋਕ ਲਾਉਣ ਲਈ ਪੰਜਾਬ ਸਰਕਾਰ ਨੇ ‘ਪੰਜਾਬ ਰੈਗੂਲੇਸ਼ਨ ਆਫ ਫੀਸ ਆਫ ਅਨ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ (ਅਮੈਂਡਮੈਂਡ) ਆਰਡੀਨੈਂਸ, 2026’ ਨੋਟੀਫਾਈ ਕੀਤਾ ਹੈ।"
ਆਰਡੀਨੈਂਸ ਦੇ ਮੁੱਖ ਉਪਬੰਧਾਂ 'ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਸਲਾਨਾ ਫੀਸ ਵਾਧੇ ਦੀ ਸੀਮਾ 5 ਫੀਸਦ ਤੈਅ ਕੀਤੀ ਗਈ ਹੈ ਅਤੇ ਇਸ ਸੀਮਾ ਤੋਂ ਵੱਧ ਵਾਧਾ ਕਰਨ ਲਈ ਰੈਗੂਲੇਟਰੀ ਅਥਾਰਟੀ ਤੋਂ ਪਹਿਲਾਂ ਪ੍ਰਵਾਨਗੀ ਲੈਣੀ ਹੋਵੇਗੀ। ਉਨ੍ਹਾਂ ਕਿਹਾ ਕਿ ਜਿਨ੍ਹਾਂ ਪ੍ਰਾਈਵੇਟ ਸਕੂਲਾਂ ਨੇ ਪਿਛਲੇ 3 ਸਾਲਾਂ ਦੌਰਾਨ ਕੁੱਲ ਮਿਲਾ ਕੇ ਆਪਣੀਆਂ ਫੀਸਾਂ ਵਿੱਚ 15 ਫੀਸਦ ਤੋਂ ਵੱਧ ਵਾਧਾ ਕੀਤਾ ਹੈ, ਉਨ੍ਹਾਂ ਨੂੰ ਮਾਪਿਆਂ ਤੋਂ ਵਸੂਲੀ ਗਈ ਵਾਧੂ ਰਕਮ ਵਾਪਸ ਕਰਨੀ ਹੋਵੇਗੀ। ਇਹ ਫੈਸਲਾ ਜਿੱਥੇ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਨੂੰ ਨਿਯੰਤਰਿਤ ਕਰੇਗਾ ਉਥੇ ਹੀ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਲਾਗੂ ਕਰਕੇ 32 ਲੱਖ ਤੋਂ ਵੱਧ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਨਾਜਾਇਜ਼ ਵਿੱਤੀ ਬੋਝ ਤੋਂ ਬਚਾਏਗਾ।
ਇਸ ਕਦਮ ਨੂੰ ਇੱਕ ਇਤਿਹਾਸਕ ਸੁਧਾਰ ਕਰਾਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਮੁਨਾਫ਼ਾਖੋਰੀ ਨੂੰ ਨੱਥ ਪਾਉਣ ਅਤੇ ਇਹ ਯਕੀਨੀ ਬਣਾਉਣ ਲਈ ਇੱਕ ਨਿਰਣਾਇਕ ਕਦਮ ਹੈ ਕਿ ਪ੍ਰਾਈਵੇਟ ਸਕੂਲ ਵਪਾਰਕ ਲਾਭ ਦੀ ਬਜਾਏ ਵਿਦਿਆਰਥੀਆਂ ਅਤੇ ਮਾਪਿਆਂ ਦੇ ਹਿੱਤ ਵਿੱਚ ਕੰਮ ਕਰਨ। ਉਨ੍ਹਾਂ ਕਿਹਾ, ''ਸਿੱਖਿਆ ਇੱਕ ਨੇਕ ਅਤੇ ਪਵਿੱਤਰ ਕਾਰਜ ਹੈ। ਇਹ ਇੱਕ ਜਨਤਕ ਭਲਾਈ ਦਾ ਸਾਧਨ ਹੈ, ਨਾ ਕਿ ਮੁਨਾਫੇ ਲਈ ਵਰਤਿਆ ਜਾਣ ਵਾਲਾ ਕੋਈ ਵਪਾਰਕ ਅਦਾਰਾ। ਪੰਜਾਬ ਦੇ ਹਰ ਵਿਦਿਆਰਥੀ ਲਈ ਮਿਆਰੀ ਸਿੱਖਿਆ ਤੱਕ ਪਹੁੰਚ ਯਕੀਨੀ ਬਣਾਉਣਾ ਸਾਡੀ ਸਰਕਾਰ ਦੀ ਸਭ ਤੋਂ ਪ੍ਰਮੁੱਖ ਤਰਜੀਹ ਹੈ।”
ਮੁੱਖ ਮੰਤਰੀ ਨੇ ਦੱਸਿਆ ਕਿ ਇਸ ਸਮੇਂ ਪੰਜਾਬ ਭਰ ਦੇ ਲਗਭਗ 7,800 ਪ੍ਰਾਈਵੇਟ ਸਕੂਲਾਂ ਵਿੱਚ 32 ਲੱਖ ਤੋਂ ਵੱਧ ਵਿਦਿਆਰਥੀ ਪੜ੍ਹ ਰਹੇ ਹਨ ਅਤੇ ਇਹ ਆਰਡੀਨੈਂਸ ਖਾਸ ਕਰਕੇ ਉਨ੍ਹਾਂ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਲਈ ਤਿਆਰ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ “ਇਹ ਆਰਡੀਨੈਂਸ ਪ੍ਰਾਈਵੇਟ ਵਿਦਿਅਕ ਸੰਸਥਾਵਾਂ ਦੇ ਕੰਮਕਾਜ ਵਿੱਚ ਪੂਰੀ ਪਾਰਦਰਸ਼ਤਾ ਯਕੀਨੀ ਬਣਾਉਣ ਦੇ ਨਾਲ-ਨਾਲ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਫੀਸਾਂ ਵਿੱਚ ਮਨਮਾਨੇ ਵਾਧੇ ਵਿਰੁੱਧ ਮਜ਼ਬੂਤ ਸੁਰੱਖਿਆ ਪ੍ਰਦਾਨ ਕਰਦਾ ਹੈ। ਸਾਡੀ ਸਰਕਾਰ ਦੇ ਸੁਹਿਰਦ ਯਤਨਾਂ ਸਦਕਾ ਪੰਜਾਬ ਸਿੱਖਿਆ ਖੇਤਰ ਵਿੱਚ ਕੇਰਲ ਤੋਂ ਵੀ ਅੱਗੇ ਨਿਕਲ ਗਿਆ ਹੈ।”
ਇਸ ਨਿਯਮ ਨੂੰ ਲਾਗੂ ਕਰਨ ਦੀ ਪ੍ਰਕਿਰਿਆ ਬਾਰੇ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਆਰਡੀਨੈਂਸ ਦੀ ਪੂਰੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਸਖ਼ਤ ਜੁਰਮਾਨੇ ਸ਼ਾਮਲ ਕੀਤੇ ਗਏ ਹਨ। “ਆਰਡੀਨੈਂਸ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਪ੍ਰਾਈਵੇਟ ਸਕੂਲ ਨੂੰ ਪਹਿਲੀ ਉਲੰਘਣਾ ਲਈ 50,000 ਰੁਪਏ ਅਤੇ ਦੂਜੀ ਉਲੰਘਣਾ ਲਈ 1 ਲੱਖ ਰੁਪਏ ਜੁਰਮਾਨਾ ਦੇਣਾ ਪਵੇਗਾ। ਤੀਜੀ ਵਾਰ ਉਲੰਘਣਾ ਕਰਨ 'ਤੇ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਲਈ ਹੋਰ ਸਖ਼ਤ ਕਾਰਵਾਈ ਦੇ ਨਾਲ-ਨਾਲ ਸਕੂਲ ਦੀ ਮਾਨਤਾ ਰੱਦ ਕਰ ਦਿੱਤੀ ਜਾਵੇਗੀ।''
ਉਨ੍ਹਾਂ ਅੱਗੇ ਸਪੱਸ਼ਟ ਕੀਤਾ ਕਿ ਮਾਪਿਆਂ ਤੋਂ ਵਸੂਲੀ ਜਾਣ ਵਾਲੀ ਹਰ ਰਕਮ ਨੂੰ ਰੈਗੂਲੇਸ਼ਨ ਦੇ ਉਦੇਸ਼ ਲਈ ਫੀਸ ਦਾ ਹਿੱਸਾ ਹੀ ਮੰਨਿਆ ਜਾਵੇਗਾ। ਉਨ੍ਹਾਂ ਅੱਗੇ ਕਿਹਾ “ਮਾਪਿਆਂ ਤੋਂ ਲਿਆ ਗਿਆ ਕੋਈ ਵੀ ਪੈਸਾ, ਚਾਹੇ ਉਸ ਦਾ ਵੇਰਵਾ ਕੁਝ ਵੀ ਹੋਵੇ, ਉਸਨੂੰ ਫੀਸ ਹੀ ਮੰਨਿਆ ਜਾਵੇਗਾ ਅਤੇ ਪ੍ਰਾਈਵੇਟ ਸਕੂਲਾਂ ਵੱਲੋਂ ਪਿਛਲੇ ਤਿੰਨ ਸਾਲਾਂ ਦੌਰਾਨ ਵਸੂਲੀ ਗਈ ਕੋਈ ਵੀ ਵਾਧੂ ਫੀਸ ਮਾਪਿਆਂ ਨੂੰ ਵਾਪਸ ਕਰਨੀ ਪਵੇਗੀ।''
ਸਿੱਖਿਆ ਖੇਤਰ ਵਿੱਚ ਸੁਧਾਰ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਚੱਲ ਰਹੇ ਹਰ ਨਾਪਾਕ ਗਠਜੋੜ ਨੂੰ ਪਹਿਲਾਂ ਹੀ ਖ਼ਤਮ ਕਰ ਦਿੱਤਾ ਹੈ ਅਤੇ ਸਿੱਖਿਆ ਮਾਫੀਆ ਨੂੰ ਵੀ ਕਿਸੇ ਵੀ ਕੀਮਤ 'ਤੇ ਵਧਣ -ਫੁੱਲਣ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਤੋਂ ਵਸੂਲੇ ਜਾਣ ਵਾਲੇ ਸਾਰੇ ਚਾਰਜਿਜ਼, ਜਿਸ ਵਿੱਚ ਟ੍ਰਾਂਸਪੋਰਟੇਸ਼ਨ ਚਾਰਜਿਜ਼, ਬਿਲਡਿੰਗ ਫੰਡ ਅਤੇ ਹੋਰ ਫੁਟਕਲ ਫੀਸਾਂ ਸ਼ਾਮਲ ਹਨ, ਨੂੰ ਰੈਗੂਲੇਟਰੀ ਉਦੇਸ਼ਾਂ ਲਈ ਟਿਊਸ਼ਨ ਫੀਸ ਦਾ ਹਿੱਸਾ ਮੰਨਿਆ ਜਾਵੇਗਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਨੂੰ ਕਦੇ ਵੀ ਵਪਾਰਕ ਉੱਦਮ ਨਹੀਂ ਬਣਨ ਦੇਵੇਗੀ। ਉਨ੍ਹਾਂ ਅੱਗੇ ਕਿਹਾ ਕਿ ਡਿਪਟੀ ਕਮਿਸ਼ਨਰ ਦੀ ਅਗਵਾਈ ਵਾਲੀ ਜ਼ਿਲ੍ਹਾ ਰੈਗੂਲੇਟਰੀ ਕਮੇਟੀ ਫੀਸਾਂ ਦੇ ਵਾਧੇ ਦੇ ਸਾਰੇ ਪ੍ਰਸਤਾਵਾਂ ਦੀ ਜਾਂਚ ਅਤੇ ਨਿਯੰਤਰਣ ਕਰੇਗੀ।
Bhagwant-Mann-Govt-Puts-Stop-To-Arbitrary-Fee-Hikes-By-Private-Schools
PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.
Meenu Galhotra (Editor)