August 8, 2026 10:02:39

ਪੰਜਾਬ ਪੁਲਿਸ ਨੇ 39,000 ਤੋਂ ਵੱਧ ਜਨ-ਜਾਗਰੂਕਤਾ ਮੀਟਿੰਗਾਂ ਰਾਹੀਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹਰ ਪਿੰਡ ਅਤੇ ਹਰ ਜਮਾਤ ਤੱਕ ਪਹੁੰਚਾਇਆ

Aug7,2026 | Meenu Galhotra | Chandigarh


*39,000 ਤੋਂ ਵੱਧ ਪੁਲਿਸ-ਜਨਤਾ ਸੰਵਾਦ ਮੀਟਿੰਗਾਂ ਨੇ ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਲੋਕ ਲਹਿਰ ਦਾ ਰੂਪ ਦਿੱਤਾ*

*ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਕਾਨੂੰਨ ਲਾਗੂ ਕਰਨ ਨਾਲ ਨਹੀਂ ਜਿੱਤੀ ਜਾ ਸਕਦੀ; ਰੋਕਥਾਮ ਅਤੇ ਜਾਗਰੂਕਤਾ ਲਈ ਸਮਾਜ ਨੂੰ ਬਰਾਬਰ ਦਾ ਭਾਈਵਾਲ ਬਣਨਾ ਹੋਵੇਗਾ: ਡੀਜੀਪੀ ਗੌਰਵ ਯਾਦਵ*


ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਮਜ਼ਬੂਤ ਬਣਾਉਣ ਦੇ ਉਦੇਸ਼ ਨਾਲ ਪੰਜਾਬ ਪੁਲਿਸ ਨੇ 1 ਮਾਰਚ, 2025 ਨੂੰ ਮੁਹਿੰਮ ਸ਼ੁਰੂ ਹੋਣ ਤੋਂ ਬਾਅਦ ਸੂਬੇ ਭਰ ਵਿੱਚ 39,000 ਤੋਂ ਵੱਧ ਜਨ-ਜਾਗਰੂਕਤਾ ਮੀਟਿੰਗਾਂ ਆਯੋਜਿਤ ਕੀਤੀਆਂ ਹਨ। ਇਹ ਵਿਆਪਕ ਜਨ-ਸੰਪਰਕ ਪ੍ਰੋਗਰਾਮ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਅਤੇ ਆਮ ਲੋਕਾਂ ਦਰਮਿਆਨ ਦੂਰੀ ਨੂੰ ਘਟਾਉਂਦਿਆਂ ਪੰਜਾਬ ਦੀ ਨਸ਼ਾ ਵਿਰੋਧੀ ਮੁਹਿੰਮ ਦਾ ਇੱਕ ਮਜ਼ਬੂਤ ਥੰਮ੍ਹ ਬਣ ਕੇ ਉੱਭਰਿਆ ਹੈ।
ਪੰਜਾਬ ਪੁਲਿਸ ਨਸ਼ਾ ਤਸਕਰਾਂ ਅਤੇ ਨਸ਼ੇ ਦੇ ਸੌਦਾਗਰਾਂ ਖ਼ਿਲਾਫ਼ ਲਗਾਤਾਰ ਸਖ਼ਤ ਕਾਰਵਾਈ ਕਰ ਰਹੀ ਹੈ ਅਤੇ ਇਸ ਦੇ ਜਨ-ਜਾਗਰੂਕਤਾ ਪ੍ਰੋਗਰਾਮ ਨੇ ਲੋਕਾਂ ਦੀ ਸਰਗਰਮ ਭਾਗੀਦਾਰੀ ਨੂੰ ਉਤਸ਼ਾਹਿਤ ਕਰਦਿਆਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਇੱਕ ਲੋਕ ਲਹਿਰ ਦਾ ਰੂਪ ਦੇਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ।
ਇਸ ਗੱਲ ’ਤੇ ਜ਼ੋਰ ਦਿੰਦਿਆਂ ਕਿ ਨਸ਼ਿਆਂ ਵਿਰੁੱਧ ਲੜਾਈ ਪੂਰੇ ਸਮਾਜ ਦੀ ਸਾਂਝੀ ਭਾਗੀਦਾਰੀ ਨਾਲ ਹੀ ਜਿੱਤੀ ਜਾ ਸਕਦੀ ਹੈ, ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ, “ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਕਾਨੂੰਨ ਲਾਗੂ ਕਰਨ ਨਾਲ ਨਹੀਂ ਜਿੱਤੀ ਜਾ ਸਕਦੀ। ਪੰਜਾਬ ਪੁਲਿਸ ਜਿੱਥੇ ਨਸ਼ਾ ਤਸਕਰਾਂ ਅਤੇ ਸੰਗਠਿਤ ਗਿਰੋਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਉੱਥੇ ਸਥਾਈ ਸਫ਼ਲਤਾ ਉਦੋਂ ਹੀ ਸੰਭਵ ਹੈ, ਜਦੋਂ ਸਮਾਜ ਰੋਕਥਾਮ ਅਤੇ ਜਾਗਰੂਕਤਾ ਦੇ ਯਤਨਾਂ ਵਿੱਚ ਬਰਾਬਰ ਦਾ ਭਾਈਵਾਲ ਬਣੇ। ਸਾਡੀਆਂ ਜਨ-ਜਾਗਰੂਕਤਾ ਪਹਿਲਕਦਮੀਆਂ ਪੁਲਿਸ ਅਤੇ ਲੋਕਾਂ ਵਿਚਕਾਰ ਭਰੋਸੇ ਨੂੰ ਮਜ਼ਬੂਤ ਕਰ ਰਹੀਆਂ ਹਨ, ਨਾਗਰਿਕਾਂ ਨੂੰ ਨਸ਼ਿਆਂ ਨਾਲ ਸਬੰਧਤ ਗਤੀਵਿਧੀਆਂ ਬਾਰੇ ਜਾਣਕਾਰੀ ਦੇਣ ਲਈ ਉਤਸ਼ਾਹਿਤ ਕਰ ਰਹੀਆਂ ਹਨ ਅਤੇ ਅਜਿਹਾ ਮਾਹੌਲ ਤਿਆਰ ਕਰ ਰਹੀਆਂ ਹਨ, ਜਿਸ ਵਿੱਚ ਲੋਕ ਨਸ਼ਿਆਂ ਦੀ ਬੁਰਾਈ ਵਿਰੁੱਧ ਡਟ ਕੇ ਖੜ੍ਹੇ ਹੋਣ।”
5 ਅਗਸਤ, 2026 ਤੱਕ ਪੰਜਾਬ ਪੁਲਿਸ ਨੇ ਸਕੂਲਾਂ, ਕਾਲਜਾਂ ਅਤੇ ਹੋਰ ਵਿੱਦਿਅਕ ਸੰਸਥਾਵਾਂ ਵਿੱਚ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ, ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨ ਲਈ ਅਤੇ ਸਾਥੀਆਂ ਦੇ ਦਬਾਅ ਦਾ ਸਾਹਮਣਾ ਕਰਨ ਬਾਰੇ ਜਾਣਕਾਰੀ ਦੇਣ ਲਈ ਵਿਦਿਆਰਥੀਆਂ ਨਾਲ 10,605 ਮੀਟਿੰਗਾਂ ਕੀਤੀਆਂ ਹਨ। ਵਿਦਿਆਰਥੀਆਂ ਨੂੰ ਨਸ਼ਿਆਂ ਨਾਲ ਸਬੰਧਤ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਜਾਣਕਾਰੀ ਪੁਲਿਸ ਨੂੰ ਦੇਣ ਲਈ ਵੀ ਪ੍ਰੇਰਿਤ ਕੀਤਾ ਗਿਆ।
ਇਸ ਤੋਂ ਇਲਾਵਾ, 3,303 ਸੰਪਰਕ ਮੀਟਿੰਗਾਂ ਆਯੋਜਿਤ ਕੀਤੀਆਂ ਗਈਆਂ, ਜੋ ਮੁੱਖ ਤੌਰ ’ਤੇ ਨੌਜਵਾਨਾਂ ’ਤੇ ਕੇਂਦਰਿਤ ਸਨ, ਕਿਉਂਕਿ ਉਹ ਨਸ਼ਿਆਂ ਦੀ ਲਤ ਦੇ ਸਭ ਤੋਂ ਵੱਧ ਖ਼ਤਰੇ ਵਾਲੇ ਵਰਗਾਂ ਵਿੱਚ ਸ਼ਾਮਲ ਹਨ। ਇਨ੍ਹਾਂ ਮੀਟਿੰਗਾਂ ਰਾਹੀਂ ਨੌਜਵਾਨਾਂ ਨੂੰ ਪੁਲਿਸ ਅਧਿਕਾਰੀਆਂ, ਭਾਈਚਾਰਕ ਆਗੂਆਂ ਅਤੇ ਸਥਾਨਕ ਨੁਮਾਇੰਦਿਆਂ ਨਾਲ ਸਿੱਧਾ ਸੰਵਾਦ ਕਰਨ ਦਾ ਮੌਕਾ ਮਿਲਿਆ। ਇਨ੍ਹਾਂ ਸੰਵਾਦਾਂ ਦੌਰਾਨ ਨਸ਼ਿਆਂ ਨਾਲ ਸਬੰਧਤ ਭਰਮ ਦੂਰ ਕਰਨ ਦੇ ਨਾਲ-ਨਾਲ ਨਸ਼ਾ ਮੁਕਤੀ, ਮੁੜ ਵਸੇਬਾ ਅਤੇ ਰੋਕਥਾਮ ਬਾਰੇ ਵੀ ਜਾਣਕਾਰੀ ਦਿੱਤੀ ਗਈ।
ਇਸ ਜਨ-ਜਾਗਰੂਕਤਾ ਪ੍ਰੋਗਰਾਮ ਵਿੱਚ ਪੇਂਡੂ ਅਤੇ ਸ਼ਹਿਰੀ ਦੋਵਾਂ ਖੇਤਰਾਂ ਦੇ ਲੋਕਾਂ ਦੀ ਬੇਮਿਸਾਲ ਭਾਗੀਦਾਰੀ ਦੇਖਣ ਨੂੰ ਮਿਲੀ ਹੈ। ਪੇਂਡੂ ਖੇਤਰਾਂ ਦੀਆਂ ਪਿੰਡ ਰੱਖਿਆ ਕਮੇਟੀਆਂ (ਵੀਡੀਸੀ) ਅਤੇ ਸ਼ਹਿਰੀ ਖੇਤਰਾਂ ਦੀਆਂ ਵਾਰਡ ਰੱਖਿਆ ਕਮੇਟੀਆਂ ਦੇ ਮੈਂਬਰਾਂ ਨਾਲ 25,328 ਤੋਂ ਵੱਧ ਮੀਟਿੰਗਾਂ ਕੀਤੀਆਂ ਗਈਆਂ ਹਨ। ਇਹ ਪੰਜਾਬ ਸਰਕਾਰ ਦੀ ਹਰ ਪਿੰਡ ਅਤੇ ਹਰ ਵਾਰਡ ਨੂੰ ਨਸ਼ਾ-ਮੁਕਤ ਬਣਾਉਣ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।
ਇਹ ਮੀਟਿੰਗਾਂ ਹੁਣ ਸੂਬੇ ਭਰ ਵਿੱਚ ਨਿਯਮਿਤ ਤੌਰ ’ਤੇ ਕਰਵਾਈਆਂ ਜਾ ਰਹੀਆਂ ਹਨ। ਵਿਆਪਕ ਪੱਧਰ ’ਤੇ ਪੁਲਿਸ-ਜਨਤਾ ਸੰਵਾਦ ਕਰਵਾਉਣ ਲਈ ਹਰ ਰੋਜ਼ ਪੰਜ ਜ਼ਿਲ੍ਹਿਆਂ ਦੀ ਚੋਣ ਕੀਤੀ ਜਾਂਦੀ ਹੈ। ਵੱਡੇ ਪ੍ਰੋਗਰਾਮਾਂ ਦੀ ਪ੍ਰਧਾਨਗੀ ਐਸਪੀ ਰੈਂਕ ਦੇ ਅਧਿਕਾਰੀ ਕਰਦੇ ਹਨ, ਜਦਕਿ ਸਥਾਨਕ ਪੱਧਰ ਦੀਆਂ ਮੀਟਿੰਗਾਂ ਦੀ ਅਗਵਾਈ ਸਟੇਸ਼ਨ ਹਾਊਸ ਅਫ਼ਸਰ (ਐਸਐਚਓ) ਕਰਦੇ ਹਨ, ਤਾਂ ਜੋ ਇਹ ਮੁਹਿੰਮ ਪੰਜਾਬ ਦੇ ਹਰ ਕੋਨੇ ਤੱਕ ਪਹੁੰਚ ਸਕੇ। ਲੋਕਾਂ ਦੀ ਭਾਰੀ ਭਾਗੀਦਾਰੀ ਕਾਰਨ ਕਈ ਥਾਂਵਾਂ ’ਤੇ ਭਾਗੀਦਾਰਾਂ ਦੀ ਸਹੂਲਤ ਲਈ ਬੈਂਕੁਇਟ ਹਾਲਾਂ ਅਤੇ ਵੱਡੇ ਕਮਿਊਨਿਟੀ ਹਾਲਾਂ ਦਾ ਪ੍ਰਬੰਧ ਕਰਨਾ ਪੈ ਰਿਹਾ ਹੈ।
ਮੌਜੂਦਾ ਸਮੇਂ ਪੰਜਾਬ ਵਿੱਚ ਲਗਭਗ 13,000 ਪਿੰਡ ਰੱਖਿਆ ਕਮੇਟੀਆਂ (ਵੀਡੀਸੀ) ਸਰਗਰਮ ਹਨ, ਜਿਨ੍ਹਾਂ ਵਿੱਚ ਸੂਬੇ ਭਰ ਦੇ ਲਗਭਗ 1.25 ਲੱਖ ਵਲੰਟੀਅਰ ਸ਼ਾਮਲ ਹਨ। ਇਹ ਮੈਂਬਰ ਪੰਜਾਬ ਪੁਲਿਸ ਦੇ ਸਹਿਯੋਗੀ ਸੂਚਨਾ ਤੰਤਰ ਵਜੋਂ ਕੰਮ ਕਰਨ ਦੇ ਨਾਲ-ਨਾਲ ਆਪਣੇ-ਆਪਣੇ ਪਿੰਡਾਂ ਅਤੇ ਪੰਚਾਇਤਾਂ, ਖ਼ਾਸ ਕਰਕੇ ਨੌਜਵਾਨਾਂ ਵਿੱਚ, ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਫੈਲਾ ਕੇ ਸਮਾਜ ਸੇਵਾ ਦੀ ਮਹੱਤਵਪੂਰਨ ਭੂਮਿਕਾ ਵੀ ਨਿਭਾ ਰਹੇ ਹਨ।
ਇਨ੍ਹਾਂ ਕਮੇਟੀਆਂ ਵਿੱਚ ਪਿੰਡਾਂ ਦੇ ਸਤਿਕਾਰਯੋਗ ਬਜ਼ੁਰਗ, ਸੇਵਾਮੁਕਤ ਫ਼ੌਜੀ ਅਤੇ ਪੁਲਿਸ ਕਰਮਚਾਰੀ, ਅਧਿਆਪਕ ਅਤੇ ਸਮਾਜ ਦੇ ਹੋਰ ਉੱਘੇ ਵਿਅਕਤੀ ਸ਼ਾਮਲ ਹਨ। ਪੰਜਾਬ ਪੁਲਿਸ ਅਤੇ ਸਿਹਤ ਵਿਭਾਗ ਨਾਲ ਮਿਲ ਕੇ ਕੰਮ ਕਰਦਿਆਂ ਇਹ ਮੈਂਬਰ ਨਾ ਸਿਰਫ਼ ਨਸ਼ਿਆਂ ਨਾਲ ਸਬੰਧਤ ਗਤੀਵਿਧੀਆਂ ਬਾਰੇ ਜਾਣਕਾਰੀ ਸਾਂਝੀ ਕਰਕੇ ਕਾਨੂੰਨ ਲਾਗੂ ਕਰਨ ਦੇ ਯਤਨਾਂ ਨੂੰ ਮਜ਼ਬੂਤ ਕਰਦੇ ਹਨ, ਸਗੋਂ ਨਸ਼ਿਆਂ ਦੇ ਸ਼ਿਕਾਰ ਲੋਕਾਂ ਨੂੰ ਨਸ਼ਾ ਮੁਕਤੀ ਅਤੇ ਮੁੜ ਵਸੇਬਾ ਕੇਂਦਰਾਂ ਨਾਲ ਜੋੜਨ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੇ ਹਨ।
ਜਨ-ਜਾਗਰੂਕਤਾ ਪ੍ਰੋਗਰਾਮ ਦੇ ਵਿਆਪਕ ਦਾਇਰੇ ਅਤੇ ਪ੍ਰਭਾਵ ਦਾ ਜ਼ਿਕਰ ਕਰਦਿਆਂ ਏਡੀਜੀਪੀ, ਐਂਟੀ-ਨਾਰਕੋਟਿਕਸ ਟਾਸਕ ਫੋਰਸ, ਨੀਲਾਭ ਕਿਸ਼ੋਰ ਨੇ ਕਿਹਾ, “ਪੰਜਾਬ ਪੁਲਿਸ ਇਸ ਮੁਹਿੰਮ ਨੂੰ ਜਮਾਤਾਂ ਅਤੇ ਕਾਲਜਾਂ ਤੋਂ ਲੈ ਕੇ ਪਿੰਡਾਂ ਅਤੇ ਸ਼ਹਿਰੀ ਵਾਰਡਾਂ ਤੱਕ ਸਮਾਜ ਦੇ ਹਰ ਵਰਗ ਤੱਕ ਪਹੁੰਚਾਉਣ ਵਿੱਚ ਸਫ਼ਲ ਰਹੀ ਹੈ। 39,000 ਤੋਂ ਵੱਧ ਪੁਲਿਸ-ਜਨਤਾ ਸੰਵਾਦ ਮੀਟਿੰਗਾਂ ਨੇ ਸੰਵਾਦ, ਜਾਗਰੂਕਤਾ ਅਤੇ ਭਾਈਚਾਰਕ ਭਾਗੀਦਾਰੀ ਲਈ ਇੱਕ ਮਜ਼ਬੂਤ ਮੰਚ ਤਿਆਰ ਕੀਤਾ ਹੈ। ਇਹ ਨਿਰੰਤਰ ਜਨ-ਸੰਪਰਕ ਮੁਹਿੰਮ ਲੋਕਾਂ ਨੂੰ ਨਸ਼ਿਆਂ ਨਾਲ ਸਬੰਧਤ ਜਾਣਕਾਰੀ ਸਾਂਝੀ ਕਰਨ, ਕਾਨੂੰਨ ਲਾਗੂ ਕਰਨ ਦੀਆਂ ਸਾਡੀਆਂ ਕਾਰਵਾਈਆਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਅਤੇ ਨਸ਼ਾ-ਮੁਕਤ ਪੰਜਾਬ ਦੀ ਉਸਾਰੀ ਵਿੱਚ ਸਰਗਰਮ ਭਾਈਵਾਲ ਬਣਨ ਲਈ ਪ੍ਰੇਰਿਤ ਕਰ ਰਹੀ ਹੈ।”
ਇਨ੍ਹਾਂ ਸਾਂਝੇ ਯਤਨਾਂ ਰਾਹੀਂ ਪੰਜਾਬ ਪੁਲਿਸ ਸਮਾਜ ਦੇ ਸਾਰੇ ਵਰਗਾਂ ਦੀ ਸਰਗਰਮ ਭਾਗੀਦਾਰੀ ਨਾਲ ਇੱਕ ਸੁਰੱਖਿਅਤ, ਸਿਹਤਮੰਦ ਅਤੇ ਨਸ਼ਾ-ਮੁਕਤ ਪੰਜਾਬ ਦੇ ਨਿਰਮਾਣ ਲਈ ਨਿਰੰਤਰ ਕੰਮ ਕਰ ਰਹੀ ਹੈ।
-----------

Punjab-Police-Takes-yudh-Nashean-Virudh-To-Every-Village-Classroom-Through-Over-39-000-Public-Outreach-Meetings


About Us


PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.

Meenu Galhotra (Editor)

We are Social


Address


PunjabAMPM
House no 3, street no 1, New Aggar Nagar, behind mediways hospital, Ferozepur road Ludhiana 141001
Mobile: +91 98769 60522
Email: punjabampm0161@gmail.com

Copyright Punjab AMPM | 2023
Website by: Webhead