* ਭਾ ">
* ਭਾ" />
August 27, 2026 10:52:18

ਪੰਜਾਬ ਨੂੰ ਲੁੱਟਣ ਲਈ ਭਾਜਪਾ ਨਾਲ ਨਾਪਾਕ ਗਠਜੋੜ ਕਰਨ ਵਾਸਤੇ ਅਕਾਲੀ ਲੀਡਰਸ਼ਿਪ ਪੱਬਾਂ ਭਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Aug26,2026 | Meenu Galhotra | Chandigarh

* ਭਾਜਪਾ-ਅਕਾਲੀ ਸਰਕਾਰ ਨੇ ਹੀ ਪੰਜਾਬ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕਿਆ; ਲੋਕ ਉਨ੍ਹਾਂ ਨੂੰ ਕਦੇ ਮਾਫ਼ ਨਹੀਂ ਕਰਨਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
* ਅਕਾਲੀ ਆਪਣਾ ਮਾਨਸਿਕ ਸੰਤੁਲਨ ਗੁਆ ਚੁੱਕੇ ਹਨ, ਹੁਣ ਸੁਖਬੀਰ ਬਾਦਲ 'ਤੇ ਹੋਏ ਹਮਲੇ ਨੂੰ ਧਰਮ ਨਾਲ ਜੋੜ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

* ਅਕਾਲੀਆਂ ਨੇ ਪਹਿਲਾਂ ਪੰਜਾਬ ਨੂੰ ਲੁੱਟਿਆ ਤੇ ਬਰਬਾਦ ਕੀਤਾ ਅਤੇ ਹੁਣ ਗੰਦੀ ਰਾਜਨੀਤੀ 'ਤੇ ਉਤਰੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

* ਸੁਖਬੀਰ ਬਾਦਲ ਨੇ ਪੰਜਾਬ ਵਿੱਚ ਬੇਅਦਬੀ ਕਰਵਾਈ ਅਤੇ ਜਾਂਚ ਰਿਪੋਰਟ ਕੂੜੇਦਾਨ ਵਿੱਚ ਸੁੱਟ ਦਿੱਤੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

* ਮੈਂ ਹੁਣ ਤੱਕ ਯੋਗਤਾ ਦੇ ਆਧਾਰ 'ਤੇ 70 ਹਜ਼ਾਰ ਸਰਕਾਰੀ ਨੌਕਰੀਆਂ ਦਿੱਤੀਆਂ ਹਨ, ‘ਨਾ ਕੋਈ ਕੈਸ਼, ਨਾ ਕੋਈ ਫ਼ਰਮਾਇਸ਼': ਮੁੱਖ ਮੰਤਰੀ ਭਗਵੰਤ ਸਿੰਘ ਮਾਨ

* ਅੱਜ ਪੂਰੇ ਪੰਜਾਬ ਵਿੱਚ ਸਕੂਲਾਂ, ਹਸਪਤਾਲਾਂ, ਸੜਕਾਂ ਅਤੇ ਸਟੇਡੀਅਮਾਂ ਦੀ ਕਾਇਆ-ਕਲਪ ਕੀਤੀ ਜਾ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

* ਮਹਿਜ਼ ਚਾਰ ਸਾਲਾਂ ਵਿੱਚ ਸਰਕਾਰੀ ਸਕੂਲਾਂ ਦਾ ਇੰਨਾ ਵਧੀਆ ਸੁਧਾਰ ਕੀਤਾ ਗਿਆ ਹੈ ਕਿ ਸਾਡੇ ਬੱਚੇ ਹੁਣ ਜੇ.ਈ.ਈ. ਅਤੇ ਨੀਟ ਪਾਸ ਕਰ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

* ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੰਮ੍ਰਿਤਸਰ ਦੇ ਪਿੰਡ ਚਵਿੰਡਾ ਵਿਖੇ 'ਲੋਕ ਮਿਲਣੀ' ਪ੍ਰੋਗਰਾਮ ਨੂੰ ਕੀਤਾ ਸੰਬੋਧਨ


ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼੍ਰੋਮਣੀ ਅਕਾਲੀ ਦਲ 'ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਸ ਦੀ ਲੀਡਰਸ਼ਿਪ ਸੱਤਾ ਵਿੱਚ ਵਾਪਸੀ ਕਰਨ ਅਤੇ ਪੰਜਾਬ ਨੂੰ ਫਿਰ ਤੋਂ ਲੁੱਟਣ ਦੀ ਕੋਸ਼ਿਸ਼ ਵਿੱਚ ਭਾਜਪਾ ਨਾਲ ਗਠਜੋੜ ਕਰਨ ਲਈ "ਪੱਬਾਂ ਭਾਰ" ਹੋਈ ਪਈ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸੂਬੇ ਦੇ ਲੋਕ ਪੰਜਾਬ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕਣ ਅਤੇ ਬਰਬਾਦ ਕਰਨ ਲਈ ਭਾਜਪਾ-ਅਕਾਲੀ ਗਠਜੋੜ ਨੂੰ ਕਦੇ ਮਾਫ਼ ਨਹੀਂ ਕਰਨਗੇ। ਅੰਮ੍ਰਿਤਸਰ ਦੇ ਚਵਿੰਡਾ ਦੇਵੀ ਵਿਖੇ ਵਿਸ਼ਾਲ 'ਲੋਕ ਮਿਲਣੀ' ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਜੀਠਾ ਦੇ ਲੋਕ ਹੁਣ ਨਵਾਂ ਸਿਆਸੀ ਅਧਿਆਏ ਲਿਖਣ ਲਈ ਤਿਆਰ ਹਨ। ਉਨ੍ਹਾਂ ਪਿਛਲੀਆਂ ਸਰਕਾਰਾਂ ਦੀ "ਪਰਚੇ, ਗੁੰਡਾਗਰਦੀ ਅਤੇ ਡਰ" ਦੀ ਰਾਜਨੀਤੀ ਦਾ ਮੁਕਾਬਲਾ ਆਪਣੀ ਸਰਕਾਰ ਵੱਲੋਂ ਨੌਕਰੀਆਂ, ਸਕੂਲ, ਹਸਪਤਾਲ, ਸੜਕਾਂ ਅਤੇ ਵਿਕਾਸ ਦੇ ਬਣਾਏ ਰਿਕਾਰਡ ਨਾਲ ਕੀਤਾ।
ਮੁੱਖ ਮੰਤਰੀ ਨੇ ਬੇਅਦਬੀ ਦੇ ਮੁੱਦੇ ਅਤੇ ਸੁਖਬੀਰ ਬਾਦਲ 'ਤੇ ਹੋਏ ਹਮਲੇ ਬਾਰੇ ਅਕਾਲੀਆਂ ਦੇ ਰਵੱਈਏ 'ਤੇ ਵੀ ਨਿਸ਼ਾਨਾ ਸਾਧਿਆ। ਉਨ੍ਹਾਂ ਦੱਸਿਆ ਕਿ ਸਾਡੀ ਸਰਕਾਰ ਨੇ "ਨਾ ਕੋਈ ਕੈਸ਼, ਨਾ ਕੋਈ ਫ਼ਰਮਾਇਸ਼" ਦੇ ਸਿਧਾਂਤ ਨਾਲ ਸਿਰਫ਼ ਯੋਗਤਾ ਦੇ ਆਧਾਰ 'ਤੇ 70 ਹਜ਼ਾਰ ਸਰਕਾਰੀ ਨੌਕਰੀਆਂ ਦਿੱਤੀਆਂ ਹਨ ਅਤੇ ਸਰਕਾਰੀ ਸਕੂਲਾਂ ਵਿੱਚ ਇੰਨਾ ਸੁਧਾਰ ਕੀਤਾ ਹੈ ਕਿ ਵਿਦਿਆਰਥੀ ਹੁਣ ਜੇ.ਈ.ਈ. ਅਤੇ ਨੀਟ ਦੀਆਂ ਪ੍ਰੀਖਿਆਵਾਂ ਪਾਸ ਕਰ ਰਹੇ ਹਨ।
ਇਕੱਠ ਦੀਆਂ ਕੁੱਝ ਝਲਕੀਆਂ ਸਾਂਝੀਆਂ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਕਸ 'ਤੇ ਲਿਖਿਆ, “ਅੱਜ ਚਵਿੰਡਾ ਦੇਵੀ ਦੀ ਪਵਿੱਤਰ ਧਰਤੀ 'ਤੇ ਲੋਕਾਂ ਦਾ ਭਾਰੀ ਇਕੱਠ ਇਸ ਗੱਲ ਦਾ ਸਬੂਤ ਹੈ ਕਿ ਮਜੀਠਾ ਹਲਕੇ ਦੇ ਲੋਕ ਹੁਣ ਨਵਾਂ ਅਧਿਆਏ ਲਿਖਣ ਲਈ ਪੂਰੀ ਤਰ੍ਹਾਂ ਤਿਆਰ ਹਨ। ਪਿਛਲੀਆਂ ਸਰਕਾਰਾਂ ਨੇ ਇਸ ਇਲਾਕੇ ਨੂੰ ਝੂਠੇ ਕੇਸਾਂ, ਗੁੰਡਾਗਰਦੀ ਅਤੇ ਡਰ ਦੀ ਰਾਜਨੀਤੀ ਤੋਂ ਇਲਾਵਾ ਕੁਝ ਨਹੀਂ ਦਿੱਤਾ, ਜਦੋਂ ਕਿ ਅਸੀਂ ਪੂਰੇ ਪੰਜਾਬ ਵਿੱਚ ਬਿਹਤਰ ਸਕੂਲਾਂ, ਹਸਪਤਾਲਾਂ, ਨੌਕਰੀਆਂ ਦੇ ਨਾਲ-ਨਾਲ ਵਿਕਾਸ ਦੀਆਂ ਆਪਣੀਆਂ ਗਰੰਟੀਆਂ ਪੂਰੀਆਂ ਕਰ ਰਹੇ ਹਾਂ। ਇਸ ਬੇਮਿਸਾਲ ਪਿਆਰ ਅਤੇ ਅਟੁੱਟ ਸਮਰਥਨ ਲਈ ਮਜੀਠਾ ਦੇ ਲੋਕਾਂ ਦਾ ਤਹਿ ਦਿਲੋਂ ਧੰਨਵਾਦ।"
ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿਸ ਅਕਾਲੀ ਲੀਡਰਸ਼ਿਪ ਨੇ ਸੂਬੇ ਭਰ ਵਿੱਚ ਬੇਅਦਬੀਆਂ ਕਰਵਾਈਆਂ, ਦੋਸ਼ੀਆਂ ਨਾਲ ਸਬੰਧਤ ਸਬੂਤ ਨਸ਼ਟ ਕੀਤੇ, ਨਿਰਦੋਸ਼ ਲੋਕਾਂ 'ਤੇ ਗੋਲੀਬਾਰੀ ਦੇ ਹੁਕਮ ਦਿੱਤੇ ਅਤੇ ਹੋਰ ਕਈ ਪਾਪ ਕੀਤੇ, ਉਹ ਹੁਣ ਪੰਜਾਬ ਦੀ ਸੱਤਾ ਵਿੱਚ ਵਾਪਸ ਆਉਣ ਲਈ ਕਾਹਲੀ ਹੋਈ ਪਈ ਹੈ। ਉਨ੍ਹਾਂ ਕਿਹਾ, "ਇਸ ਮਕਸਦ ਲਈ ਉਹ ਸੂਬੇ ਨੂੰ ਲੁੱਟਣ ਵਾਸਤੇ ਭਾਜਪਾ ਲੀਡਰਸ਼ਿਪ ਨਾਲ ਹੱਥ ਮਿਲਾਉਣ ਲਈ ਤਰਲੇ ਮਾਰ ਰਹੇ ਹਨ, ਪਰ ਪੰਜਾਬ ਦੇ ਸੂਝਵਾਨ ਲੋਕ ਉਨ੍ਹਾਂ ਨੂੰ ਇੱਕ ਵਾਰ ਫਿਰ ਬਾਹਰ ਦਾ ਰਸਤਾ ਦਿਖਾਉਣਗੇ। ਪੰਜਾਬੀ ਅਕਾਲੀਆਂ ਅਤੇ ਭਾਜਪਾ ਨੂੰ ਸੂਬੇ ਅਤੇ ਇਸ ਦੇ ਲੋਕਾਂ ਵਿਰੁੱਧ ਕੀਤੇ ਪਾਪਾਂ ਕਰਕੇ ਸਿਆਸੀ ਗੁਮਨਾਮੀ ਵਿੱਚ ਭੇਜ ਦੇਣਗੇ।"
ਮੁੱਖ ਮੰਤਰੀ ਨੇ ਕਿਹਾ ਕਿ ਲੋਕ ਮਿਲਣੀ ਵਿੱਚ ਲੋਕਾਂ ਦੀ ਭਾਰੀ ਸ਼ਮੂਲੀਅਤ ਦਰਸਾਉਂਦੀ ਹੈ ਕਿ ਉਹ 2027 ਵਿੱਚ ਇੱਕ ਨਵੀਂ ਕਹਾਣੀ ਲਿਖਣ ਲਈ ਪੂਰੀ ਤਰ੍ਹਾਂ ਤਿਆਰ ਹਨ। ਉਨ੍ਹਾਂ ਕਿਹਾ, "ਪਹਿਲਾਂ ਪੰਜਾਬ 'ਤੇ ਸਿਰਫ਼ ਇੱਕ ਪਰਿਵਾਰ ਦਾ ਰਾਜ ਸੀ, ਜਿਨ੍ਹਾਂ ਲੋਕਾਂ ਨੂੰ ਆਪਣੇ ਗ਼ੁਲਾਮ ਬਣਾ ਕੇ ਰੱਖਿਆ, ਉਨ੍ਹਾਂ ਨਾਲ ਜਾਨਵਰਾਂ ਵਾਂਗ ਸਲੂਕ ਕੀਤਾ ਅਤੇ ਅਨੇਕਾਂ ਪਰਿਵਾਰ ਬਰਬਾਦ ਕਰ ਦਿੱਤੇ। ਉਨ੍ਹਾਂ ਕਿਹਾ ਕਿ 2022 ਵਿੱਚ ਅਹੁਦਾ ਸੰਭਾਲਣ ਤੋਂ ਬਾਅਦ ਸਾਡੀ ਸਰਕਾਰ ਨੇ ਪੰਜਾਬ ਦੇ ਸਰਵਪੱਖੀ ਵਿਕਾਸ 'ਤੇ ਧਿਆਨ ਕੇਂਦਰਿਤ ਕੀਤਾ ਅਤੇ ਬਿਜਲੀ, ਖੇਡਾਂ, ਸਿੱਖਿਆ, ਸਿਹਤ ਅਤੇ ਹੋਰ ਪ੍ਰਮੁੱਖ ਖੇਤਰਾਂ ਵਿੱਚ ਮਹੱਤਵਪੂਰਨ ਸੁਧਾਰ ਕੀਤੇ।"
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਢੇ ਚਾਰ ਸਾਲ ਦੇ ਕਾਰਜਕਾਲ ਤੋਂ ਬਾਅਦ ਉਹ ਲੋਕਾਂ ਨਾਲ ਕੀਤੇ ਹਰ ਇੱਕ ਵਾਅਦੇ ਅਤੇ ਹਰ ਗਾਰੰਟੀ ਨੂੰ ਪੂਰਾ ਕਰਕੇ ਅੱਜ ਲੋਕਾਂ ਦੇ ਸਾਹਮਣੇ ਖੜ੍ਹੇ ਹਨ। ਉਨ੍ਹਾਂ ਅੱਗੇ ਕਿਹਾ, "ਮੈਂ ਲੋਕਾਂ ਨੂੰ ਚੇਤੇ ਕਰਵਾਉਂਦਾ ਹਾਂ ਕਿ ਪਹਿਲਾਂ ਮਾਝੇ ਦੀ ਇਸ ਪਵਿੱਤਰ ਧਰਤੀ 'ਤੇ ਗੁੰਡਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਦਾ ਬੋਲਬਾਲਾ ਸੀ। ਇੱਕ ਪਾਸੇ ਬਾਜਵੇ ਸਨ ਅਤੇ ਦੂਜੇ ਪਾਸੇ ਵਲਟੋਹਾ ਅਤੇ ਉਸ ਦਾ ਬਦਨਾਮ ਆਕਾ ਸੀ। ਇਨ੍ਹਾਂ ਲੋਕਾਂ ਨੇ ਇਥੇ ਦਹਿਸ਼ਤ ਦਾ ਮਾਹੌਲ ਬਣਾ ਕੇ ਰੱਖਿਆ ਹੋਇਆ ਸੀ ਅਤੇ ਲੋਕ ਡਰ ਤੇ ਸਹਿਮ ਦੇ ਮਾਹੌਲ ਵਿੱਚ ਰਹਿਣ ਲਈ ਮਜਬੂਰ ਸਨ। ਇਨ੍ਹਾਂ ਲੋਕਾਂ ਨੇ ਪੰਜਾਬ ਵਿੱਚ ਨਸ਼ੇ ਲਿਆਂਦੇ ਅਤੇ ਸਾਡੀਆਂ ਪੀੜ੍ਹੀਆਂ ਬਰਬਾਦ ਕਰ ਦਿੱਤੀਆਂ।"
ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਕੁਝ ਸਿਆਸੀ ਪਰਿਵਾਰਾਂ ਵੱਲੋਂ ਨਿਭਾਈ ਗਈ ਇਤਿਹਾਸਕ ਭੂਮਿਕਾ ਤੋਂ ਲੋਕ ਭਲੀ-ਭਾਂਤ ਜਾਣੂ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਹਰ ਕੋਈ ਜਾਣਦਾ ਹੈ ਕਿ ਇਹ ਕੁਨਬਾ ਅੰਗਰੇਜ਼ਾਂ ਦੀ ਕਠਪੁਤਲੀ ਸੀ ਅਤੇ ਦੇਸ਼ ਲਈ ਲੜਨ ਵਾਲੇ ਦੇਸ਼ ਭਗਤਾਂ ਵਿਰੁੱਧ ਸਾਜ਼ਿਸ਼ਾਂ ਰਚਣ ਬਦਲੇ ਅੰਗਰੇਜ਼ਾਂ ਨੇ ਇਨ੍ਹਾਂ ਨੂੰ 'ਸਰ' ਦਾ ਖ਼ਿਤਾਬ ਦਿੱਤਾ ਸੀ। 13 ਅਪ੍ਰੈਲ 1919 ਦੇ ਜਲ੍ਹਿਆਂਵਾਲਾ ਬਾਗ਼ ਦੇ ਸਾਕੇ ਤੋਂ ਬਾਅਦ ਇਸੇ ਪਰਿਵਾਰ ਨੇ ਜਨਰਲ ਡਾਇਰ ਲਈ ਰਾਤ ਦੇ ਖਾਣੇ ਦੀ ਮੇਜ਼ਬਾਨੀ ਕੀਤੀ ਸੀ। ਅਜਿਹੇ ਹੀ ਕਈ ਕਾਰਿਆਂ ਨੇ ਇਸ ਕੁਨਬੇ ਦੀ ਦੇਸ਼ ਵਿਰੋਧੀ ਅਤੇ ਪੰਜਾਬ ਵਿਰੋਧੀ ਮਾਨਸਿਕਤਾ ਅਤੇ ਕਿਰਦਾਰ ਨੂੰ ਬੇਨਕਾਬ ਕੀਤਾ।"
ਉਨ੍ਹਾਂ ਕਿਹਾ ਕਿ ਇਸ ਕੁਨਬੇ ਦੇ ਅਜਿਹੇ ਕੁਕਰਮ ਕਰਕੇ ਅੰਗਰੇਜ਼ੀ ਹਕੂਮਤ ਵਿਰੁੱਧ ਲੜਨ ਵਾਲੇ ਲੱਖਾਂ ਆਜ਼ਾਦੀ ਘੁਲਾਟੀਆਂ ਨਾਲ ਧ੍ਰੋਹ ਕਮਾਇਆ। ਉਨ੍ਹਾਂ ਕਿਹਾ, "ਸਿਰਫ਼ ਇੰਨਾ ਹੀ ਨਹੀਂ, ਇਸ ਪਰਿਵਾਰ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਜਨਰਲ ਡਾਇਰ ਨੂੰ ਸਿਰੋਪਾਓ ਅਤੇ ਮੁਆਫ਼ੀ ਦਿਵਾ ਕੇ ਲੋਕਾਂ ਦੇ ਜ਼ਖ਼ਮਾਂ ‘ਤੇ ਲੂਣ ਭੁੱਕਣ ਵਿੱਚ ਕੋਈ ਕਸਰ ਨਹੀਂ ਛੱਡੀ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੂੰ ਕਦੇ ਵੀ ਮੁਆਫ਼ ਨਹੀਂ ਕੀਤਾ ਜਾ ਸਕਦਾ ਕਿਉਂਕਿ ਇਹ ਪੰਜਾਬ ਦੀਆਂ ਕਈ ਪੀੜ੍ਹੀਆਂ ਦੀ ਨਸਲਕੁਸ਼ੀ ਲਈ ਜ਼ਿੰਮੇਵਾਰ ਸਨ। ਇਨ੍ਹਾਂ ਦੇ ਲੰਬੇ ਕੁਸ਼ਾਸਨ ਦੌਰਾਨ ਨਸ਼ਿਆਂ ਦੇ ਕਾਰੋਬਾਰ ਨੂੰ ਸਰਪ੍ਰਸਤੀ ਮਿਲੀ ਅਤੇ ਇਹ ਵੱਡੇ ਪੱਧਰ ‘ਤੇ ਵਧਿਆ-ਫੁੱਲਿਆ।"
ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਸਰਕਾਰੀ ਗੱਡੀਆਂ ਵਿੱਚ ਨਸ਼ਿਆਂ ਦੀ ਸਪਲਾਈ ਹੁੰਦੀ ਸੀ, ਜਦਕਿ ਅੱਜ ਨਸ਼ਾ ਤਸਕਰਾਂ ਨੂੰ ਸਲਾਖਾਂ ਪਿੱਛੇ ਸੁੱਟਿਆ ਜਾ ਰਿਹਾ ਹੈ।
ਕਾਂਗਰਸ ਅਤੇ ਅਕਾਲੀ ਦਲ ਦੋਵਾਂ 'ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਜ਼ਾਦੀ ਤੋਂ ਬਾਅਦ ਇਨ੍ਹਾਂ ਪਾਰਟੀਆਂ ਨੇ ਮਿਲ ਕੇ ਪੰਜਾਬ ਨੂੰ ਨੁਕਸਾਨ ਪਹੁੰਚਾਇਆ ਹੈ। ਉਨ੍ਹਾਂ ਕਿਹਾ, "ਕਾਂਗਰਸ ਅਤੇ ਅਕਾਲੀ ਦਲ ਉਹ ਸਿਉਂਕ ਸਨ ਜਿਨ੍ਹਾਂ ਨੇ ਪੰਜਾਬ ਨੂੰ ਬਰਬਾਦ ਕੀਤਾ ਅਤੇ ਸੂਬੇ ਨੂੰ ਤਰੱਕੀ ਦੇ ਰਾਹ ਤੋਂ ਪਛਾੜ ਦਿੱਤਾ। ਇਨ੍ਹਾਂ ਦੇ ਆਗੂ ਕਦੇ ਇੱਕ ਦੂਜੇ ਵਿਰੁੱਧ ਨਹੀਂ ਬੋਲਦੇ, ਪਰ ਮੇਰੇ ਖ਼ਿਲਾਫ਼ ਰੋਜ਼ ਜ਼ਹਿਰ ਉਗਲਦੇ ਹਨ ਕਿਉਂਕਿ ਮੈਂ ਇਨ੍ਹਾਂ ਦੇ ਦੋਗਲੇ ਚਿਹਰੇ ਨੂੰ ਲੋਕਾਂ ਸਾਹਮਣੇ ਬੇਨਕਾਬ ਕਰ ਦਿੱਤਾ ਹੈ। ਇਹ ਉਹ ਗੱਦਾਰ ਹਨ, ਜੋ ਕਦੇ ਵੀ ਪੰਜਾਬ ਅਤੇ ਇਸ ਦੇ ਲੋਕਾਂ ਪ੍ਰਤੀ ਵਫ਼ਾਦਾਰ ਨਹੀਂ ਰਹੇ।"
ਅਕਾਲੀ ਲੀਡਰਸ਼ਿਪ 'ਤੇ ਵਰ੍ਹਦਿਆਂ ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਪੰਜਾਬ ਦੀਆਂ ਜ਼ਮੀਨੀ ਹਕੀਕਤਾਂ ਤੋਂ ਕੋਹਾਂ ਦੂਰ ਹਨ। ਉਨ੍ਹਾਂ ਕਿਹਾ, " ਸੁਖਬੀਰ ਸਿੰਘ ਬਾਦਲ ਆਪਣੀ ਸਾਰੀ ਉਮਰ ਐਸ਼ੋ-ਇਸ਼ਰਤ ਅਤੇ ਠਾਠ-ਬਾਠ ਵਾਲੇ ਮਾਹੌਲ ਵਿੱਚ ਰਹੇ ਹਨ। ਇਹ ਕਾਨਵੈਂਟ-ਸਕੂਲਾਂ ‘ਚ ਪੜ੍ਹੇ ਸਿਆਸੀ ਆਗੂ ਹਨ, ਜਿਨ੍ਹਾਂ ਨੂੰ ਪੰਜਾਬ ਦੀ ਮੂਲ ਭੂਗੋਲਿਕ ਸਥਿਤੀ ਬਾਰੇ ਕੋਈ ਜਾਣਕਾਰੀ ਨਹੀਂ ਹੈ ਪਰ ਉਹ ਇੱਥੇ ਸੱਤਾ ਹਾਸਲ ਕਰਨਾ ਚਾਹੁੰਦੇ ਹਨ। ਬਾਕੀ ਇਹ ਸਭ ਵੀ ਛੱਡ ਦੇਈਏ, ਸਾਬਕਾ ਉਪ ਮੁੱਖ ਮੰਤਰੀ ਤਾਂ ਸੂਬੇ ਦੀਆਂ ਆਮ ਫ਼ਸਲਾਂ ਵਿੱਚ ਵੀ ਫ਼ਰਕ ਨਹੀਂ ਦੱਸ ਸਕਦੇ ਕਿਉਂਕਿ ਉਨ੍ਹਾਂ ਨੂੰ ਆਮ ਲੋਕਾਂ ਦੀਆਂ ਸਮੱਸਿਆਵਾਂ ਬਾਰੇ ਕੁਝ ਪਤਾ ਹੀ ਨਹੀਂ।"
ਕਾਂਗਰਸ 'ਤੇ ਵਿਅੰਗ ਕਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪਾਰਟੀ ਆਖ਼ਰੀ ਸਾਹਾਂ 'ਤੇ ਹੈ ਅਤੇ ਜਲਦੀ ਹੀ ਸਿਆਸੀ ਅਖਾੜੇ ਵਿੱਚ ਆਪਣਾ ਸਭ ਕੁਝ ਗੁਆ ਚੁੱਕੀ ਹੋਵੇਗੀ। ਉਨ੍ਹਾਂ ਕਿਹਾ, "ਕਾਂਗਰਸ ਕੋਲ ਪੰਜਾਬ ਜਾਂ ਇਸ ਦੇ ਲੋਕਾਂ ਲਈ ਕੋਈ ਵਿਜ਼ਨ ਨਹੀਂ ਹੈ। ਇਸ ਦਾ ਇਕੋ-ਇਕ ਮਕਸਦ ਸੱਤਾ ਹਾਸਲ ਕਰਕੇ ਸੂਬੇ ਦੇ ਖ਼ਜ਼ਾਨੇ ਨੂੰ ਲੁੱਟਣਾ ਹੈ, ਪਰ ਇਹ ਸੁਪਨੇ ਕਦੇ ਪੂਰੇ ਨਹੀਂ ਹੋਣਗੇ। ਕਾਂਗਰਸ ਅੰਦਰੂਨੀ ਤੌਰ 'ਤੇ ਫੁੱਟ ਦੀ ਸ਼ਿਕਾਰ ਹੈ, ਇਹ ਆਪਸੀ ਲੜਾਈ ਨਾਲ ਹੀ ਢਹਿ-ਢੇਰੀ ਹੋ ਜਾਵੇਗੀ।"
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਾਂਗਰਸ ਪਾਰਟੀ ਦੀ ਕੇਂਦਰੀ ਲੀਡਰਸ਼ਿਪ 'ਤੇ ਵੀ ਤਨਜ਼ ਕਸਦਿਆਂ ਕਿਹਾ, "ਇਹ ਅਫ਼ਸੋਸ ਦੀ ਗੱਲ ਹੈ ਕਿ ਸੱਤਾ ਦੀ ਲੜਾਈ ਲੜ ਰਹੇ ਇਨ੍ਹਾਂ ਆਗੂਆਂ ਨੂੰ ਇਕਜੁੱਟ ਕਰਨ ਲਈ ਆਉਣ ਵਾਲੇ ਚੋਟੀ ਦੇ ਕਾਂਗਰਸੀ ਆਗੂਆਂ ਨੂੰ ਪੰਜਾਬ ਦੇ ਇਨ੍ਹਾਂ ਲੀਡਰਾਂ ਦੇ ਸਹੀ ਤਰੀਕੇ ਨਾਲ ਨਾਮ ਤੱਕ ਨਹੀਂ ਲੈਣੇ ਆਉਂਦੇ।"
ਮੁੱਖ ਮੰਤਰੀ ਨੇ ਕਿਹਾ, "ਆਪ ਸਰਕਾਰ ਲੋਕਾਂ ਦੀ ਭਲਾਈ ਲਈ ਸਰਕਾਰੀ ਖ਼ਜ਼ਾਨੇ ਦੇ ਇੱਕ-ਇੱਕ ਪੈਸੇ ਦੀ ਸੋਚ-ਸਮਝ ਕੇ ਵਰਤੋਂ ਯਕੀਨੀ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ 90 ਫੀਸਦ ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ ਅਤੇ ਕਿਸਾਨਾਂ ਨੂੰ ਵੀ ਹੁਣ ਦਿਨ ਵੇਲੇ ਬਿਜਲੀ ਮਿਲ ਰਹੀ ਹੈ, ਜੋ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ।"
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਲੋਕਾਂ ਦੇ ਟੈਕਸ ਦਾ ਪੈਸਾ ਲੋਕਾਂ ਦਾ ਹੀ ਹੈ। ਅਸੀਂ ਇਸ ਨੂੰ ਉਨ੍ਹਾਂ ਦੀ ਭਲਾਈ 'ਤੇ ਸਮਝਦਾਰੀ ਨਾਲ ਖ਼ਰਚ ਕਰ ਰਹੇ ਹਾਂ। ਵਿਕਾਸ, ਸਕੂਲਾਂ, ਹਸਪਤਾਲਾਂ ਅਤੇ ਸੜਕਾਂ ਰਾਹੀਂ ਲੋਕਾਂ ਦਾ ਪੈਸਾ ਲੋਕਾਂ ਕੋਲ ਵਾਪਸ ਜਾ ਰਿਹਾ ਹੈ।"
ਮੁੱਖ ਮੰਤਰੀ ਨੇ ਕਿਹਾ ਕਿ ਆਪ ਸਰਕਾਰ ਨੇ ਘਰਾਂ ਨੂੰ ਮੁਫ਼ਤ ਬਿਜਲੀ ਦਿੱਤੀ ਹੈ, 69,000 ਤੋਂ ਵੱਧ ਨੌਜਵਾਨਾਂ ਨੂੰ ਬਿਨਾਂ ਭ੍ਰਿਸ਼ਟਾਚਾਰ ਦੇ ਮੈਰਿਟ ਆਧਾਰ ‘ਤੇ ਨੌਕਰੀਆਂ ਦਿੱਤੀਆਂ ਹਨ, ਸੜਕਾਂ ਦਾ ਵੱਡਾ ਸੁਧਾਰ ਕੀਤਾ ਹੈ, ਟੋਲ ਪਲਾਜ਼ੇ ਬੰਦ ਕਰਕੇ ਲੋਕਾਂ ਦੇ ਰੋਜ਼ਾਨਾ ਲਗਪਗ 70 ਲੱਖ ਰੁਪਏ ਦੀ ਬੱਚਤ ਯਕੀਨੀ ਬਣਾਈ ਹੈ, ਸਿੱਖਿਆ ਤੇ ਸਿਹਤ ਸੰਭਾਲ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਹੈ ਅਤੇ ਕਈ ਹੋਰ ਲੀਹੋਂ ਹਟਵੀਆਂ ਪਹਿਲਕਦਮੀਆਂ ਕੀਤੀਆਂ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਭਰ ਦੇ ਪਿੰਡਾਂ ਦੇ ਵਿਕਾਸ ਲਈ ਗ੍ਰਾਂਟਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ, "ਨੌਜਵਾਨਾਂ ਨੂੰ ਨਸ਼ਿਆਂ ਦੇ ਕੋਹੜ ਤੋਂ ਦੂਰ ਰੱਖਣ ਲਈ ਸੂਬੇ ਭਰ ਵਿੱਚ 3,100 ਖੇਡ ਸਟੇਡੀਅਮ ਬਣਾਏ ਜਾ ਰਹੇ ਹਨ। ਅਸੀਂ ਚਾਹੁੰਦੇ ਹਾਂ ਕਿ ਸਾਡੇ ਨੌਜਵਾਨ ਨਸ਼ਿਆਂ ਦਾ ਸ਼ਿਕਾਰ ਹੋਣ ਦੀ ਬਜਾਏ ਖੇਡ ਮੈਦਾਨਾਂ ਅਤੇ ਖੇਡਾਂ ਵਿੱਚ ਆਪਣਾ ਸਮਾਂ ਬਿਤਾਉਣ।"
ਸਰਕਾਰ ਦੀਆਂ ਸਿਹਤ ਸੰਭਾਲ ਪਹਿਲਕਦਮੀਆਂ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੇ 'ਮੁੱਖ ਮੰਤਰੀ ਸਿਹਤ ਯੋਜਨਾ' ਸ਼ੁਰੂ ਕੀਤੀ ਹੈ, ਜੋ ਦੇਸ਼ ਵਿੱਚ ਆਪਣੀ ਕਿਸਮ ਦੀ ਪਹਿਲੀ ਸਕੀਮ ਹੈ। ਉਨ੍ਹਾਂ ਕਿਹਾ, "ਇਹ ਸਕੀਮ ਪੰਜਾਬ ਦੇ ਹਰੇਕ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਨਕਦੀ-ਰਹਿਤ ਡਾਕਟਰੀ ਇਲਾਜ ਪ੍ਰਦਾਨ ਕਰਦੀ ਹੈ। ਉਨ੍ਹਾਂ ਕਿਹਾ ਕਿ ਇਹ ਵਧੇਰੇ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਪੰਜਾਬ ਇੰਨੀ ਵਿਆਪਕ ਸਿਹਤ ਸੰਭਾਲ ਕਵਰੇਜ ਦੇਣ ਵਾਲਾ ਪਹਿਲਾ ਭਾਰਤੀ ਸੂਬਾ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਨੇ ਮਿਆਰੀ ਸਿਹਤ ਸੇਵਾਵਾਂ ਯਕੀਨੀ ਬਣਾਉਂਦਿਆਂ ਲੋਕਾਂ 'ਤੇ ਵਿੱਤੀ ਬੋਝ ਨੂੰ ਕਾਫ਼ੀ ਹੱਦ ਤੱਕ ਘਟਾਇਆ ਹੈ।"
ਮੁੱਖ ਮੰਤਰੀ ਨੇ ਕਿਹਾ ਕਿ ਇਸ ਇਤਿਹਾਸਕ ਪਹਿਲਕਦਮੀ ਦਾ ਮੰਤਵ ਪੰਜਾਬ ਦੇ ਹਰ ਪਰਿਵਾਰ ਨੂੰ ਸਰਵਵਿਆਪੀ ਸਿਹਤ ਸੰਭਾਲ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ, "ਲੋਕ ਇਸ ਸਕੀਮ ਤਹਿਤ 650 ਕਰੋੜ ਰੁਪਏ ਤੋਂ ਵੱਧ ਦਾ ਮੁਫ਼ਤ ਇਲਾਜ ਕਰਵਾ ਚੁੱਕੇ ਹਨ। ਇਹ ਸਹੀ ਮਾਅਨਿਆਂ ਵਿੱਚ ਸਿਹਤ ਸੰਭਾਲ ਹੈ ਅਤੇ ਹਰ ਪਰਿਵਾਰ ਲਈ ਸਤਿਕਾਰ ਅਤੇ ਸੁਰੱਖਿਆ ਯਕੀਨੀ ਬਣਾਉਣ ਦੀ ਦਿਸ਼ਾ ਵਿੱਚ ਵੱਡਾ ਕਦਮ ਹੈ।"
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ 'ਮਾਵਾਂ-ਧੀਆਂ ਸਤਿਕਾਰ ਯੋਜਨਾ' ਤਹਿਤ 18 ਸਾਲ ਤੋਂ ਵੱਧ ਉਮਰ ਦੀਆਂ ਮਹਿਲਾ ਲਾਭਪਾਤਰੀਆਂ ਨੂੰ ਯੋਜਨਾ ਤਹਿਤ ਦਿੱਤੀ ਜਾ ਰਹੀ ਵਿੱਤੀ ਸਹਾਇਤਾ ਬਾਰੇ ਉਨ੍ਹਾਂ ਦੇ ਮੋਬਾਈਲ ਫੋਨਾਂ 'ਤੇ ਸੰਦੇਸ਼ ਪ੍ਰਾਪਤ ਹੋਣਗੇ। ਉਨ੍ਹਾਂ ਕਿਹਾ, "ਹਰੇਕ ਔਰਤ ਨੂੰ 1,000 ਰੁਪਏ ਪ੍ਰਤੀ ਮਹੀਨਾ ਮਿਲਣਗੇ, ਜਦੋਂ ਕਿ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਮਿਲਣਗੇ। ਇਹ ਰਕਮ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਭੇਜੀ ਜਾਵੇਗੀ। ਪਹਿਲਾਂ ਤੋਂ ਸਮਾਜਿਕ ਸੁਰੱਖਿਆ ਪੈਨਸ਼ਨ ਲੈ ਰਹੀਆਂ ਔਰਤਾਂ ਵੀ ਇਸ ਲਈ ਯੋਗ ਹੋਣਗੀਆਂ।"
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀਆਂ ਲਗਪਗ 97 ਫੀਸਦੀ ਔਰਤਾਂ ਨੂੰ ਇਸ ਯੋਜਨਾ ਦਾ ਲਾਭ ਮਿਲਣ ਦੀ ਉਮੀਦ ਹੈ ਅਤੇ ਸੂਬਾ ਸਰਕਾਰ ਨੇ ਇਸ ਨੂੰ ਲਾਗੂ ਕਰਨ ਲਈ ਬਜਟ ਵਿੱਚ 9,300 ਕਰੋੜ ਰੁਪਏ ਰਾਖਵੇਂ ਰੱਖੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸਿੱਖਿਆ ਸੂਬਾ ਸਰਕਾਰ ਦੀਆਂ ਸਭ ਤੋਂ ਵੱਡੀਆਂ ਤਰਜੀਹਾਂ ਵਿੱਚੋਂ ਇੱਕ ਹੈ ਅਤੇ ਮਿਆਰੀ ਸਿੱਖਿਆ ਰਾਹੀਂ ਲੋਕਾਂ ਦੇ ਜੀਵਨ ਨੂੰ ਬਦਲਣ ਲਈ ਕਈ ਬੇਮਿਸਾਲ ਪਹਿਲਕਦਮੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ, "ਕੋਈ ਵੀ ਮੁਫ਼ਤ ਸਹੂਲਤ ਜਾਂ ਰਿਆਇਤੀ ਕਾਰਡ ਗਰੀਬੀ ਜਾਂ ਹੋਰ ਸਮਾਜਿਕ ਬੁਰਾਈਆਂ ਨੂੰ ਖ਼ਤਮ ਨਹੀਂ ਕਰ ਸਕਦਾ। ਸਿੱਖਿਆ ਹੀ ਉਹ ਕੁੰਜੀ ਹੈ, ਜੋ ਲੋਕਾਂ ਨੂੰ ਇਸ ਮਾੜੇ ਚੱਕਰ 'ਚੋਂ ਕੱਢ ਸਕਦੀ ਹੈ ਅਤੇ ਉਨ੍ਹਾਂ ਦੇ ਜੀਵਨ ਪੱਧਰ ਵਿੱਚ ਸੁਧਾਰ ਕਰ ਸਕਦੀ ਹੈ। ਇਸੇ ਲਈ ਸਾਡੀ ਸਰਕਾਰ ਸਿੱਖਿਆ ਦੀ ਗੁਣਵੱਤਾ ਵਿੱਚ ਸੁਧਾਰ ਕਰਨ ਅਤੇ ਆਮ ਲੋਕਾਂ ਨੂੰ ਸਮਰੱਥ ਬਣਾਉਣ ਲਈ ਨਿਰੰਤਰ ਯਤਨ ਕਰ ਰਹੀ ਹੈ।"
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਧਿਆਪਕ ਸਿਖਲਾਈ ਪ੍ਰੋਗਰਾਮਾਂ, ਸਕੂਲਜ਼ ਆਫ਼ ਐਮੀਨੈਂਸ ਅਤੇ ਸਰਕਾਰ ਵੱਲੋਂ ਕੀਤੇ ਗਏ ਹੋਰ ਸੁਧਾਰਾਂ ਵਰਗੇ ਨਿਰੰਤਰ ਯਤਨਾਂ ਸਦਕਾ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਕੇਰਲ ਅਤੇ ਕਈ ਹੋਰ ਰਾਜਾਂ ਤੋਂ ਅੱਗੇ ਨਿਕਲ ਗਿਆ ਹੈ। ਮੁੱਖ ਮੰਤਰੀ ਨੇ ਕਿਹਾ, "2021 ਵਿੱਚ ਸਰਕਾਰੀ ਸਕੂਲਾਂ ਦੇ ਸਿਰਫ਼ 80 ਵਿਦਿਆਰਥੀਆਂ ਨੇ 'ਨੀਟ' ਪ੍ਰੀਖਿਆ ਪਾਸ ਕੀਤੀ ਸੀ। 2026 ਵਿੱਚ ਇਹ ਗਿਣਤੀ ਵੱਧ ਕੇ 882 ਹੋ ਗਈ ਹੈ। ਇਹ ਸਾਡੇ ਸ਼ਾਸਨ ਅਤੇ ਉਨ੍ਹਾਂ ਸਰਕਾਰਾਂ ਵਿਚਕਾਰ ਫਰਕ ਹੈ, ਜਿਨ੍ਹਾਂ ਨੇ ਕਦੇ ਸਕੂਲਾਂ ਅਤੇ ਸਿੱਖਿਆ ਦੀ ਪ੍ਰਵਾਹ ਨਹੀਂ ਕੀਤੀ।"
ਸਿੰਜਾਈ ਅਤੇ ਬੁਨਿਆਦੀ ਢਾਂਚੇ ਦੇ ਖੇਤਰ ਵਿੱਚ ਪ੍ਰਾਪਤੀਆਂ 'ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ 1,587 ਅਜਿਹੇ ਪਿੰਡਾਂ ਦੇ ਖੇਤਾਂ ਵਿੱਚ ਨਹਿਰੀ ਪਾਣੀ ਪਹੁੰਚਿਆ ਹੈ, ਜਿਨ੍ਹਾਂ ਨੂੰ ਪਹਿਲਾਂ ਕਦੇ ਨਹਿਰੀ ਪਾਣੀ ਨਹੀਂ ਮਿਲਿਆ ਸੀ। ਉਨ੍ਹਾਂ ਕਿਹਾ, "ਇਹ ਮਾਣ ਵਾਲੀ ਗੱਲ ਹੈ ਕਿ ਸੂਬਾ ਸਰਕਾਰ ਨੇ ਇਹ ਯਕੀਨੀ ਬਣਾਉਣ ਲਈ 7,200 ਕਰੋੜ ਰੁਪਏ ਖਰਚ ਕੀਤੇ ਹਨ ਕਿ ਨਹਿਰੀ ਪਾਣੀ ਹਰ ਖੇਤ ਤੱਕ ਪਹੁੰਚੇ। ਸਾਡੇ ਅਹੁਦਾ ਸੰਭਾਲਣ ਤੋਂ ਬਾਅਦ ਨਹਿਰੀ ਸਿੰਜਾਈ ਹੇਠਲਾ ਖੇਤਰ 26 ਤੋਂ ਵਧ ਕੇ 80 ਫੀਸਦੀ ਹੋ ਗਿਆ ਹੈ।"
ਮੁੱਖ ਮੰਤਰੀ ਨੇ ਕਿਹਾ ਕਿ 2022 ਵਿੱਚ ਸਿਰਫ਼ 20 ਲੱਖ 89 ਹਜ਼ਾਰ ਏਕੜ ਰਕਬੇ ਨੂੰ ਨਹਿਰੀ ਪਾਣੀ ਮਿਲਦਾ ਸੀ, ਜਦੋਂ ਕਿ ਅੱਜ ਨਹਿਰੀ ਸਿੰਜਾਈ ਹੇਠ ਰਕਬਾ 60 ਲੱਖ 30 ਹਜ਼ਾਰ ਏਕੜ ਤੱਕ ਪਹੁੰਚ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਪੰਜਾਬ ਭਰ ਵਿੱਚ ਲਗਪਗ 45,000 ਕਿਲੋਮੀਟਰ ਸੜਕਾਂ ਦੀ ਮੁਰੰਮਤ ਅਤੇ ਸੁਧਾਰ ਕੀਤਾ ਜਾ ਰਹਾ ਹੈ। ਇਹ ਬਦਲਾਅ ਹਰ ਖੇਤਰ ਵਿੱਚ ਪ੍ਰਤੱਖ ਦਿਖਾਈ ਦੇ ਰਿਹਾ ਹੈ। ਅਸੀਂ ਇਮਾਨਦਾਰੀ ਅਤੇ ਵਚਨਬੱਧਤਾ ਨਾਲ ਕੰਮ ਕਰ ਰਹੇ ਹਾਂ ਤਾਂ ਜੋ ਸਮਾਜ ਦੇ ਹਰ ਵਰਗ ਨੂੰ ਵਿਕਾਸ ਦਾ ਲਾਭ ਮਿਲੇ ਅਤੇ ਪੰਜਾਬ ਦਾ ਹਰ ਖੇਤਰ ਇਕੱਠੇ ਅੱਗੇ ਵਧੇ।"
'ਲੋਕ ਮਿਲਣੀ' ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਲਾਕੇ ਦੇ ਵਿਕਾਸ ਲਈ 58 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਵੀ ਕੀਤਾ, ਜਿਸ ਨਾਲ ਸਰਕਾਰ ਦੀ ਸਥਾਨਕ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਵਿਕਾਸ ਨੂੰ ਹਲਕੇ ਦੇ ਹਰ ਕੋਨੇ ਤੱਕ ਪਹੁੰਚਾਉਣ ਦੀ ਵਚਨਬੱਧਤਾ ਨੂੰ ਝਲਕਦੀ ਹੈ।
---------------

About Us


PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.

Meenu Galhotra (Editor)

We are Social


Address


PunjabAMPM
House no 3, street no 1, New Aggar Nagar, behind mediways hospital, Ferozepur road Ludhiana 141001
Mobile: +91 98769 60522
Email: punjabampm0161@gmail.com

Copyright Punjab AMPM | 2023
Website by: Webhead