August 31, 2026 10:28:27

ਸ੍ਰੀ ਗੁਰੂ ਰਵਿਦਾਸ ਜੀ ਨੇ ਛੇ ਸਦੀਆਂ ਪਹਿਲਾਂ ਜ਼ੁਲਮ ਅਤੇ ਜਾਤ ਆਧਾਰਿਤ ਵਿਤਕਰੇ ਵਿਰੁੱਧ ਬੁਲੰਦ ਕੀਤੀ ਆਵਾਜ਼: ਤਰੁਨਪ੍ਰੀਤ ਸਿੰਘ ਸੌਂਦ

Aug27,2026 | Meenu Galhotra | Chandigarh

ਵਿਦਿਆਰਥੀਆਂ ਨੂੰ ਲੋੜਾਂ ਤੱਕ ਸੀਮਤ ਰਹਿ ਕੇ ਲਾਲਚ ਤੋਂ ਦੂਰ ਰਹਿਣ ਅਤੇ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਜੀਵਨ ਵਿੱਚ ਅਪਣਾਉਣ ਦੀ ਅਪੀਲ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੀ ਜੀ ਸੀ ਯੂਨੀਵਰਸਿਟੀ, ਝੰਜੇੜੀ, ਮੋਹਾਲੀ ਵਿਖੇ 8ਵਾਂ ਰਾਜ ਪੱਧਰੀ ਸੈਮੀਨਾਰ ਕਰਵਾਇਆ ਗਿਆ


ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਬਿਜਲੀ, ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਨੌਜਵਾਨ ਪੀੜ੍ਹੀ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਨੇ ਅੱਜ ਤੋਂ ਕਰੀਬ ਛੇ ਸਦੀਆਂ ਪਹਿਲਾਂ ਜ਼ੁਲਮ ਅਤੇ ਜਾਤ ਆਧਾਰਿਤ ਵਿਤਕਰੇ ਵਿਰੁੱਧ ਆਵਾਜ਼ ਬੁਲੰਦ ਕੀਤੀ ਸੀ।
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਲੜੀ ਤਹਿਤ ਸੀ ਜੀ ਸੀ ਯੂਨੀਵਰਸਿਟੀ, ਝੰਜੇੜੀ, ਮੋਹਾਲੀ ਵਿਖੇ ਕਰਵਾਏ ਗਏ 8ਵੇਂ ਰਾਜ ਪੱਧਰੀ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਮਨੁੱਖਤਾ ਦੇ ਅਧਿਆਤਮਿਕ ਅਤੇ ਸਮਾਜਿਕ ਉੱਥਾਨ ਵਿੱਚ ਵੱਡਾ ਯੋਗਦਾਨ ਪਾਇਆ ਅਤੇ ਕਿਰਤ ਦੀ ਮਹੱਤਤਾ ਤੇ ਸਖ਼ਤ ਮਿਹਨਤ ਦੇ ਸਿਧਾਂਤ ਨੂੰ ਪ੍ਰਮੁੱਖਤਾ ਦਿੱਤੀ।
ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਉਸ ਸਮੇਂ ਦੱਬੇ-ਕੁਚਲੇ ਅਤੇ ਕਮਜ਼ੋਰ ਵਰਗਾਂ ਦੇ ਹੱਕ ਵਿੱਚ ਦਲੇਰੀ ਨਾਲ ਆਵਾਜ਼ ਉਠਾਈ, ਜਦੋਂ ਲੋਕਾਂ ਨਾਲ ਜਾਤ ਅਤੇ ਹੋਰ ਸਮਾਜਿਕ ਵਖਰੇਵਿਆਂ ਦੇ ਆਧਾਰ 'ਤੇ ਵਿਤਕਰਾ ਅਤੇ ਬੇਇਨਸਾਫ਼ੀ ਕੀਤੀ ਜਾਂਦੀ ਸੀ। ਗੁਰੂ ਸਾਹਿਬ ਨੇ ਸਮਾਨਤਾ, ਨਿਆਂ ਅਤੇ ਮਨੁੱਖੀ ਮਾਣ-ਸਨਮਾਨ ਦੇ ਸਰਬਵਿਆਪੀ ਸਿਧਾਂਤਾਂ ਦਾ ਪ੍ਰਚਾਰ ਕੀਤਾ ਅਤੇ ਵਿਤਕਰੇ ਤੋਂ ਮੁਕਤ ਸਮਾਜ ਦੀ ਕਲਪਨਾ ਕੀਤੀ।
ਵਿਦਿਆਰਥੀਆਂ ਨੂੰ ਇਨ੍ਹਾਂ ਕਦਰਾਂ-ਕੀਮਤਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦੀ ਅਪੀਲ ਕਰਦਿਆਂ ਸ. ਸੌਂਦ ਨੇ ਕਿਹਾ ਕਿ ਉਹ ਲਾਲਚ ਤੋਂ ਦੂਰ ਰਹਿਣ ਅਤੇ ਕੇਵਲ ਆਪਣੀਆਂ ਅਸਲ ਲੋੜਾਂ ਤੱਕ ਸੀਮਤ ਰਹਿ ਕੇ ਸੰਤੁਸ਼ਟੀ ਭਰਿਆ ਅਤੇ ਅਰਥਪੂਰਨ ਜੀਵਨ ਜਿਊਣ। ਉਨ੍ਹਾਂ ਵਿਦਿਆਰਥੀਆਂ ਨੂੰ ਚੰਗੀਆਂ ਕਿਤਾਬਾਂ ਪੜ੍ਹਨ ਦੀ ਆਦਤ ਪਾਉਣ ਲਈ ਵੀ ਪ੍ਰੇਰਿਤ ਕੀਤਾ ਤਾਂ ਜੋ ਉਹ ਅਧਿਆਤਮ ਅਤੇ ਮਨੁੱਖੀ ਕਦਰਾਂ-ਕੀਮਤਾਂ ਦੀ ਡੂੰਘੀ ਸਮਝ ਹਾਸਲ ਕਰ ਸਕਣ।
ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੇ ਆਪ ਨੂੰ ਖੁਸ਼ਕਿਸਮਤ ਸਮਝਦੀ ਹੈ ਕਿ ਉਸ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਅਤੇ ਹੁਣ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਦਾ ਸੁਭਾਗ ਪ੍ਰਾਪਤ ਹੋਇਆ ਹੈ।
ਉਨ੍ਹਾਂ ਕਿਹਾ ਕਿ 650ਵੇਂ ਪ੍ਰਕਾਸ਼ ਪੁਰਬ ਦੇ ਸਾਲ ਭਰ ਚੱਲਣ ਵਾਲੇ ਸਮਾਗਮਾਂ ਤਹਿਤ ਸੂਬੇ ਭਰ ਵਿੱਚ ਕੀਰਤਨ ਦਰਬਾਰ, ਯੂਨੀਵਰਸਿਟੀ ਅਤੇ ਰਾਜ ਪੱਧਰੀ ਸੈਮੀਨਾਰ, ਡਰੋਨ ਸ਼ੋਅ, ਸਕੂਲੀ ਮੁਕਾਬਲੇ, ਸ਼ੋਭਾ ਯਾਤਰਾਵਾਂ ਅਤੇ ਹੋਰ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ।
ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਦਾ ਜ਼ਿਕਰ ਕਰਦਿਆਂ ਸ. ਸੌਂਦ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਵਿਰੁੱਧ ਨਿਰਣਾਇਕ ਜੰਗ ਛੇੜੀ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਭਰ ਵਿੱਚ ਉਸਾਰੇ ਜਾ ਰਹੇ 3100 ਖੇਡ ਸਟੇਡੀਅਮਾਂ ਅਤੇ ਮੈਦਾਨਾਂ ਵਿੱਚੋਂ ਕਰੀਬ 1000 ਮੁਕੰਮਲ ਕੀਤੇ ਜਾ ਚੁੱਕੇ ਹਨ, ਜਿਸ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਖੇਡਾਂ ਅਤੇ ਉਸਾਰੂ ਗਤੀਵਿਧੀਆਂ ਨਾਲ ਜੋੜ ਕੇ ਨਸ਼ਿਆਂ ਦੀ ਅਲਾਮਤ ਤੋਂ ਦੂਰ ਰੱਖਣਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਸਮਾਜ ਪ੍ਰਤੀ ਆਪਣੀਆਂ ਜ਼ਿੰਮੇਵਾਰੀਆਂ ਪ੍ਰਤੀ ਸੰਵੇਦਨਸ਼ੀਲ ਬਣਾਉਣ ਅਤੇ ਅਧਿਆਤਮਿਕ ਮਾਰਗਦਰਸ਼ਨ ਪ੍ਰਦਾਨ ਕਰਨ ਲਈ ਅਜਿਹੇ ਸੈਮੀਨਾਰ ਅਤੇ ਜਾਗਰੂਕਤਾ ਪ੍ਰੋਗਰਾਮ ਵੀ ਕਰਵਾਏ ਜਾ ਰਹੇ ਹਨ।
ਸ. ਸੌਂਦ ਨੇ ਅੱਗੇ ਜਾਣਕਾਰੀ ਦਿੱਤੀ ਕਿ ਜਲੰਧਰ ਦੇ ਡੇਰਾ ਬੱਲਾਂ ਨੇੜੇ 25 ਕਰੋੜ ਰੁਪਏ ਦੀ ਲਾਗਤ ਨਾਲ ਸੈਂਟਰ ਆਫ਼ ਐਕਸੀਲੈਂਸ ਦੀ ਤਰਜ਼ 'ਤੇ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਦੀ ਉਸਾਰੀ ਕੀਤੀ ਜਾ ਰਹੀ ਹੈ, ਜਦਕਿ ਇਸ ਪ੍ਰਾਜੈਕਟ ਲਈ ਜ਼ਮੀਨ ਦੀ ਖਰੀਦ 'ਤੇ 11 ਕਰੋੜ ਰੁਪਏ ਖਰਚ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ 650ਵੇਂ ਪ੍ਰਕਾਸ਼ ਪੁਰਬ ਦੇ ਸਾਲ ਭਰ ਚੱਲਣ ਵਾਲੇ ਸਮਾਗਮਾਂ ਲਈ ਸ਼ੁਰੂਆਤੀ ਤੌਰ 'ਤੇ 100 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ।
ਧਾਰਮਿਕ ਸੰਦੇਸ਼ ਦਿੰਦਿਆਂ ਆਲ ਇੰਡੀਆ ਆਦਿ ਧਰਮ ਮਿਸ਼ਨ, ਚਰਨਛੋਹ ਸੱਚਖੰਡ ਬੇਗਮਪੁਰਾ, ਸ੍ਰੀ ਖੁਰਾਲਗੜ੍ਹ ਸਾਹਿਬ ਦੇ ਕੌਮੀ ਪ੍ਰਧਾਨ ਸੰਤ ਸਤਵਿੰਦਰ ਹੀਰਾ ਜੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਕਿਰਤ, ਸਮਾਨਤਾ ਅਤੇ ਸਮਾਜਿਕ ਨਿਆਂ ਦਾ ਸ਼ਕਤੀਸ਼ਾਲੀ ਸੰਦੇਸ਼ ਦਿੱਤਾ।
ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਕਮਜ਼ੋਰ ਵਰਗਾਂ ਦੇ ਜ਼ੁਲਮ ਦਾ ਵਿਰੋਧ ਕੀਤਾ ਅਤੇ ਸਮੁੱਚੀ ਮਨੁੱਖਤਾ ਵਿੱਚ ਬਰਾਬਰੀ ਦਾ ਉਪਦੇਸ਼ ਦਿੱਤਾ। ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਦਰਸਾਈ ਬੇਗਮਪੁਰਾ ਦੀ ਸੰਕਲਪਨਾ ਅਜਿਹੇ ਬਰਾਬਰੀ ਵਾਲੇ ਸਮਾਜ ਦਾ ਆਦਰਸ਼ ਪੇਸ਼ ਕਰਦੀ ਹੈ, ਜਿੱਥੇ ਹਰ ਵਿਅਕਤੀ ਜਾਤ ਅਤੇ ਰੰਗ ਦੇ ਵਿਤਕਰੇ ਤੋਂ ਮੁਕਤ ਹੋ ਕੇ ਮਾਣ-ਸਨਮਾਨ ਨਾਲ ਜੀਵਨ ਬਤੀਤ ਕਰ ਸਕੇ।
ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਟੀਚਿਆਂ ਪ੍ਰਤੀ ਕੇਂਦਰਿਤ ਰਹਿਣ ਅਤੇ ਬਿਨਾਂ ਕਿਸੇ ਭਟਕਾਅ ਦੇ ਪੂਰੀ ਲਗਨ ਨਾਲ ਆਪਣੇ ਟੀਚਿਆਂ ਨੂੰ ਹਾਸਲ ਕਰਨ ਲਈ ਮਿਹਨਤ ਕਰਨ ਦਾ ਸੱਦਾ ਦਿੱਤਾ। ਸੰਤ ਸਤਵਿੰਦਰ ਹੀਰਾ ਜੀ ਨੇ ਸ੍ਰੀ ਗੁਰੂ ਰਵਿਦਾਸ ਜੀ ਨੂੰ ਸ਼ਰਧਾਂਜਲੀ ਭੇਟ ਕਰਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਸਾਲ ਭਰ ਚੱਲਣ ਵਾਲੇ ਸਮਾਗਮ ਉਲੀਕਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਵੀ ਸ਼ਲਾਘਾ ਕੀਤੀ।
ਆਮ ਆਦਮੀ ਪਾਰਟੀ ਦੇ ਐਸ.ਸੀ. ਵਿੰਗ ਦੇ ਸੂਬਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਸ. ਗੁਰਪ੍ਰੀਤ ਸਿੰਘ ਜੀ.ਪੀ. ਨੇ ਕਿਹਾ ਕਿ ਪੰਜਾਬ ਅਤੇ ਭਾਰਤ ਦੀ ਧਰਤੀ ਮਹਾਨ ਗੁਰੂ ਸਾਹਿਬਾਨ ਅਤੇ ਸੰਤਾਂ ਦੀ ਅਮੀਰ ਵਿਰਾਸਤ ਅਤੇ ਸਿੱਖਿਆਵਾਂ ਦੀ ਧਰੋਹਰ ਪ੍ਰਾਪਤ ਹੋਣ ਕਰਕੇ ਧੰਨ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਪ੍ਰਚਾਰੇ ਗਏ ਸਿਧਾਂਤ ਅੱਜ ਦੇ ਯੁੱਗ ਵਿੱਚ ਵੀ ਪੂਰੀ ਤਰ੍ਹਾਂ ਪ੍ਰਸੰਗਿਕ ਅਤੇ ਅਪਣਾਉਣਯੋਗ ਹਨ।
ਵਾਈਸ ਚਾਂਸਲਰ ਡਾ. ਵਿਨੈ ਗੋਇਲ ਨੇ ਕਿਹਾ ਕਿ ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਤੇਜ਼ੀ ਨਾਲ ਹੋ ਰਹੇ ਡਿਜੀਟਲੀਕਰਨ ਦੇ ਮੌਜੂਦਾ ਦੌਰ ਵਿੱਚ ਮਨੁੱਖੀ ਕਦਰਾਂ-ਕੀਮਤਾਂ ਦੀ ਮਹੱਤਤਾ ਹੋਰ ਵੀ ਵੱਧ ਗਈ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੀ ਦੂਰਦ੍ਰਿਸ਼ਟੀ ਭਰੀ ਸੋਚ ਅਤੇ ਸਿੱਖਿਆਵਾਂ ਅੱਜ ਵੀ ਤਕਨੀਕੀ ਤਰੱਕੀ ਦੇ ਦੌਰ ਵਿੱਚ ਮਨੁੱਖਤਾ ਨੂੰ ਅਧਿਆਤਮਿਕ ਗਿਆਨ ਅਤੇ ਨੈਤਿਕ ਕਦਰਾਂ-ਕੀਮਤਾਂ ਵੱਲ ਸੇਧ ਦਿੰਦੀਆਂ ਹਨ।
ਉਨ੍ਹਾਂ ਵਿਦਿਆਰਥੀਆਂ ਨੂੰ ਮਹਾਨ ਸੰਤਾਂ ਅਤੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਬਾਰੇ ਵੱਧ ਤੋਂ ਵੱਧ ਪੜ੍ਹਨ ਅਤੇ ਜਾਣਨ ਰਾਹੀਂ ਅਧਿਆਤਮਿਕ ਸੰਸਾਰ ਨਾਲ ਜੁੜਨ ਦਾ ਸੱਦਾ ਦਿੱਤਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ.ਡੀ.ਐਮ. ਖਰੜ ਸ. ਗੁਰਮੀਤ ਸਿੰਘ, ਡੀਨ ਸਟੂਡੈਂਟ ਵੈਲਫੇਅਰ ਡਾ. ਸਚਿਨ, ਪ੍ਰੋਫੈਸਰ ਅਤੇ ਮੋਡਰੇਟਰ ਡਾ. ਕ੍ਰਿਸ਼ਨਾ, ਉੱਚ ਸਿੱਖਿਆ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਮਨੀਸ਼ ਕੁਮਾਰ ਅਤੇ ਹੋਰ ਪਤਵੰਤੇ, ਫੈਕਲਟੀ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।
----------

Guru-Ravidas-Ji-Raised-His-Voice-Against-Oppression-And-Caste-Discrimination-Six-Centuries-Ago-Tarunpreet-Singh-Sond


About Us


PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.

Meenu Galhotra (Editor)

We are Social


Address


PunjabAMPM
House no 3, street no 1, New Aggar Nagar, behind mediways hospital, Ferozepur road Ludhiana 141001
Mobile: +91 98769 60522
Email: punjabampm0161@gmail.com

Copyright Punjab AMPM | 2023
Website by: Webhead