*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਮਾਜਿਕ ਨਿਆਂ ਅਤੇ ਸੰਵਿਧਾਨਕ ਹੱਕਾਂ ਦੀ ਰਾਖੀ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ*
*ਐਸ.ਸੀ./ਬੀ.ਸੀ. ਅਧਿਆਪਕ ਯੂਨੀਅਨਾਂ ਨੂੰ ਭਰੋਸਾ—ਹਰ ਜਾਇਜ਼ ਮੰਗ ਦਾ ਕਾਨੂੰਨ ਅਤੇ ਨੀਤੀ ਅਨੁਸਾਰ ਕੀਤਾ ਜਾਵੇਗਾ ਨਿਪਟਾਰਾ*
ਸਮਾਜਿਕ ਸੁਰੱਖਿਆ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮਾਮਲੇ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਪੰਜਾਬ ਵਿੱਚ ਕੀਤੀ ਜਾ ਰਹੀ 1013 ਲੈਕਚਰਾਰਾਂ ਦੀ ਸਿੱਧੀ ਭਰਤੀ ਵਿੱਚ ਅਨੁਸੂਚਿਤ ਜਾਤੀਆਂ ਲਈ ਬਣਦਾ ਰਾਖਵਾਂ ਹਿੱਸਾ ਹਰ ਹਾਲ ਵਿੱਚ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜਿਕ ਨਿਆਂ ਨੂੰ ਮਜ਼ਬੂਤ ਕਰਨ, ਸੰਵਿਧਾਨਕ ਹੱਕਾਂ ਦੀ ਰਾਖੀ ਕਰਨ ਅਤੇ ਹਰ ਵਰਗ ਨੂੰ ਬਰਾਬਰੀ ਦੇ ਮੌਕੇ ਪ੍ਰਦਾਨ ਕਰਨ ਲਈ ਦ੍ਰਿੜ੍ਹ ਸੰਕਲਪ ਨਾਲ ਕੰਮ ਕਰ ਰਹੀ ਹੈ, ਤਾਂ ਜੋ ਸਮਾਵੇਸ਼ੀ ਅਤੇ ਖੁਸ਼ਹਾਲ 'ਰੰਗਲਾ ਪੰਜਾਬ' ਦੀ ਸਿਰਜਣਾ ਕੀਤੀ ਜਾ ਸਕੇ।
ਐਸ.ਸੀ./ਬੀ.ਸੀ. ਅਧਿਆਪਕ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਪੰਜਾਬ ਭਵਨ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਾ. ਬਲਜੀਤ ਕੌਰ ਨੇ ਲੈਕਚਰਾਰ ਭਰਤੀ ਵਿੱਚ ਰਾਖਵੇਂ ਹਿੱਸੇ ਅਤੇ ਹੋਰ ਮੰਗਾਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਯੂਨੀਅਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਹਰ ਜਾਇਜ਼ ਮੰਗ ਨੂੰ ਪੂਰੀ ਗੰਭੀਰਤਾ ਨਾਲ ਵਿਚਾਰਿਆ ਜਾਵੇਗਾ ਅਤੇ ਕਾਨੂੰਨ ਤੇ ਸਰਕਾਰ ਦੀ ਨੀਤੀ ਅਨੁਸਾਰ ਉਸ ਦਾ ਢੁੱਕਵਾਂ ਨਿਪਟਾਰਾ ਕੀਤਾ ਜਾਵੇਗਾ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸਮਾਜ ਦੇ ਵਾਂਝੇ ਅਤੇ ਪਛੜੇ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਭਰਤੀ ਪ੍ਰਕਿਰਿਆ ਪੂਰੀ ਤਰ੍ਹਾਂ ਪਾਰਦਰਸ਼ੀ, ਨਿਰਪੱਖ ਅਤੇ ਸੰਵਿਧਾਨਕ ਪ੍ਰਬੰਧਾਂ ਦੇ ਅਨੁਕੂਲ ਹੋਵੇ, ਤਾਂ ਜੋ ਕਿਸੇ ਵੀ ਹੱਕਦਾਰ ਵਰਗ ਨਾਲ ਕੋਈ ਬੇਇਨਸਾਫ਼ੀ ਨਾ ਹੋਵੇ।
ਡਾ. ਬਲਜੀਤ ਕੌਰ ਨੇ ਕਿਹਾ ਕਿ ਸਮਾਜਿਕ ਨਿਆਂ ਕੇਵਲ ਸਰਕਾਰ ਦੀ ਜ਼ਿੰਮੇਵਾਰੀ ਹੀ ਨਹੀਂ, ਸਗੋਂ ਇੱਕ ਸਮਾਨਤਾ-ਅਧਾਰਿਤ ਅਤੇ ਤਰੱਕੀ ਪਸੰਦ ਸਮਾਜ ਦੀ ਨੀਂਹ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲਗਾਤਾਰ ਅਜਿਹੇ ਨਤੀਜਾ-ਮੁਖੀ ਫ਼ੈਸਲੇ ਲੈ ਰਹੀ ਹੈ, ਜਿਨ੍ਹਾਂ ਨਾਲ ਸਮਾਜ ਦੇ ਹਰ ਵਰਗ ਨੂੰ ਉਸ ਦੇ ਬਣਦੇ ਹੱਕ ਮਿਲਣ ਅਤੇ ਵਿਕਾਸ ਦੀ ਮੁੱਖ ਧਾਰਾ ਵਿੱਚ ਬਰਾਬਰੀ ਨਾਲ ਭਾਗੀਦਾਰੀ ਯਕੀਨੀ ਬਣੇ।
ਯੂਨੀਅਨ ਦੇ ਨੁਮਾਇੰਦਿਆਂ ਵੱਲੋਂ ਰੱਖੇ ਗਏ ਸੁਝਾਵਾਂ ਦੀ ਸ਼ਲਾਘਾ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਆਪਸੀ ਸੰਵਾਦ ਅਤੇ ਸਾਰਥਕ ਵਿਚਾਰ-ਵਟਾਂਦਰੇ ਨੂੰ ਲੋਕ-ਪੱਖੀ ਸ਼ਾਸਨ ਦੀ ਮਜ਼ਬੂਤ ਨੀਂਹ ਮੰਨਦੀ ਹੈ। ਉਨ੍ਹਾਂ ਦੁਹਰਾਇਆ ਕਿ ਲੋਕਾਂ ਦੇ ਭਰੋਸੇ 'ਤੇ ਖਰਾ ਉਤਰਨਾ ਅਤੇ ਹਰ ਹੱਕਦਾਰ ਨੂੰ ਇਨਸਾਫ਼ ਦਿਵਾਉਣਾ ਪੰਜਾਬ ਸਰਕਾਰ ਦੀ ਸਰਵੋਚ ਤਰਜੀਹ ਹੈ।
ਇਸ ਮੌਕੇ ਐਸ.ਸੀ./ਬੀ.ਸੀ. ਅਧਿਆਪਕ ਯੂਨੀਅਨਾਂ ਦੇ ਨੁਮਾਇੰਦਿਆਂ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਧਿਆਨ ਨਾਲ ਸੁਣਨ ਅਤੇ ਸਕਾਰਾਤਮਕ ਭਰੋਸਾ ਦੇਣ ਲਈ ਡਾ. ਬਲਜੀਤ ਕੌਰ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਪ੍ਰਗਟਾਇਆ ਕਿ ਪੰਜਾਬ ਸਰਕਾਰ ਸਮਾਜਿਕ ਨਿਆਂ ਅਤੇ ਸੰਵਿਧਾਨਕ ਹੱਕਾਂ ਦੀ ਰਾਖੀ ਲਈ ਆਪਣੀ ਵਚਨਬੱਧਤਾ ਨੂੰ ਇਸੇ ਤਰ੍ਹਾਂ ਅੱਗੇ ਵੀ ਨਿਭਾਉਂਦੀ ਰਹੇਗੀ।
ਇਸ ਮੌਕੇ ਮੀਟਿੰਗ ਵਿੱਚ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਸ੍ਰੀਮਤੀ ਰਾਜੀ ਪੀ. ਸ੍ਰੀਵਾਸਤਵਾ ਆਈ.ਏ.ਐਸ, ਸਪੈਸਲ ਸਕੱਤਰ ਸ੍ਰੀ ਰਵਿੰਦਰ ਸਿੰਘ ਆਈ.ਏ.ਐਸ., ਡਾਇਰੈਕਟਰ ਸ੍ਰੀਮਤੀ ਵਿੰਮੀ ਭੂੱਲਰ ਆਈ.ਏ.ਐਸ., ਸਿਖਿਆ ਵਿਭਾਗ ਦੇ ਡਾਇਰੈਕਟਰ ਸ੍ਰੀ ਸਕਤਰ ਸਿੰਘ ਬਲ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
______
PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.
Meenu Galhotra (Editor)