October 9, 2026 03:54:12

ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਮਾਨ ਸਰਕਾਰ ਵਚਨਬੱਧ: ਡਿਪਟੀ ਸਪੀਕਰ ਰੌੜੀ

Oct8,2026 | Meenu Galhotra/Anupam | Chandigarh/Garhshankar

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਗੜ੍ਹਸ਼ੰਕਰ ਦੀਆਂ ਮੰਡੀਆਂ ਵਿਖੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ



ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਹਲਕਾ ਗੜ੍ਹਸ਼ੰਕਰ ਦੇ ਵਿਧਾਇਕ ਸ. ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਅੱਜ ਹਲਕੇ ਦੀਆਂ ਵੱਖ-ਵੱਖ ਅਨਾਜ ਮੰਡੀਆਂ ਦਾ ਵਿਸ਼ੇਸ਼ ਦੌਰਾ ਕਰਦਿਆਂ ਝੋਨੇ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਡਿਪਟੀ ਸਪੀਕਰ ਰੌੜੀ ਨੇ ਰੋੜ ਮਜਾਰਾ, ਸਮੁੰਦੜਾ, ਪਨਾਮ, ਗੜ੍ਹਸ਼ੰਕਰ, ਮੇਗੋਵਾਲ, ਮਾਹਿਲਪੁਰ ਅਤੇ ਮੋਰਾਂਵਾਲੀ ਦੀਆਂ ਮੰਡੀਆਂ ਵਿੱਚ ਪਹੁੰਚ ਕੇ ਕਿਸਾਨਾਂ, ਆੜ੍ਹਤੀਆਂ ਅਤੇ ਮੰਡੀ ਨਾਲ ਸਬੰਧਤ ਅਧਿਕਾਰੀਆਂ ਨਾਲ ਗੱਲਬਾਤ ਕੀਤੀ।

ਇਸ ਮੌਕੇ ਡਿਪਟੀ ਸਪੀਕਰ ਰੌੜੀ ਨੇ ਮੰਡੀਆਂ ਵਿੱਚ ਝੋਨੇ ਦੀ ਆਮਦ, ਖਰੀਦ, ਲਿਫਟਿੰਗ, ਬਾਰਦਾਨੇ, ਭੁਗਤਾਨ ਅਤੇ ਹੋਰ ਪ੍ਰਬੰਧਾਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਨੇ ਮੰਡੀ ਵਿੱਚ ਆਪਣੀ ਫ਼ਸਲ ਲੈ ਕੇ ਪਹੁੰਚੇ ਕਿਸਾਨਾਂ ਨਾਲ ਵੀ ਸਿੱਧੀ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਆ ਰਹੀਆਂ ਮੁਸ਼ਕਲਾਂ ਬਾਰੇ ਜਾਣਿਆ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣੀ ਚਾਹੀਦੀ ਅਤੇ ਇਸ ਸਬੰਧੀ ਅਧਿਕਾਰੀ ਪੂਰੀ ਗੰਭੀਰਤਾ ਨਾਲ ਕੰਮ ਕਰਨ।

ਡਿਪਟੀ ਸਪੀਕਰ ਰੌੜੀ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਝੋਨੇ ਦੀ ਖਰੀਦ ਲਈ ਮੰਡੀਆਂ ਵਿੱਚ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ ਦੀ ਸਹੂਲਤ ਨੂੰ ਪਹਿਲ ਦਿੱਤੀ ਜਾ ਰਹੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤਾਂ ਦਿੱਤੀਆਂ ਕਿ ਖਰੀਦ ਪ੍ਰਕਿਰਿਆ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਜਾਂ ਬੇਲੋੜੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਝੋਨੇ ਦੀ ਖਰੀਦ ਦੇ ਨਾਲ-ਨਾਲ ਖਰੀਦੀ ਗਈ ਫ਼ਸਲ ਦੀ ਲਿਫਟਿੰਗ ਵਿੱਚ ਵੀ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਮੰਡੀਆਂ ਵਿੱਚ ਫ਼ਸਲ ਦਾ ਬੇਲੋੜਾ ਭੰਡਾਰ ਜਮ੍ਹਾਂ ਨਾ ਹੋਵੇ ਅਤੇ ਕਿਸਾਨ ਆਪਣੀ ਅਗਲੀ ਫ਼ਸਲ ਲੈ ਕੇ ਸਮੇਂ ਸਿਰ ਮੰਡੀ ਵਿੱਚ ਪਹੁੰਚ ਸਕਣ। ਉਨ੍ਹਾਂ ਮੰਡੀ ਅਧਿਕਾਰੀਆਂ ਅਤੇ ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਤੋਂ ਰੋਜ਼ਾਨਾ ਦੀ ਖਰੀਦ ਅਤੇ ਲਿਫਟਿੰਗ ਸਬੰਧੀ ਜਾਣਕਾਰੀ ਵੀ ਲਈ।

ਰੌੜੀ ਨੇ ਕਿਹਾ ਕਿ ਪੰਜਾਬ ਦਾ ਕਿਸਾਨ ਸੂਬੇ ਦੀ ਆਰਥਿਕਤਾ ਦੀ ਰੀੜ੍ਹ ਹੈ ਅਤੇ ਕਿਸਾਨਾਂ ਦੀ ਮਿਹਨਤ ਨਾਲ ਹੀ ਦੇਸ਼ ਦਾ ਅੰਨ ਭੰਡਾਰ ਭਰਦਾ ਹੈ। ਇਸ ਲਈ ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਫ਼ਸਲ ਵੇਚਣ ਲਈ ਸੁਚਾਰੂ ਅਤੇ ਸੁਖਾਵਾਂ ਮਾਹੌਲ ਮੁਹੱਈਆ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਲਈ ਪੀਣ ਵਾਲਾ ਸਾਫ ਪਾਣੀ, ਸਫ਼ਾਈ, ਰੌਸ਼ਨੀ, ਬੈਠਣ ਦੀ ਵਿਵਸਥਾ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਨੂੰ ਵੀ ਯਕੀਨੀ ਬਣਾਇਆ ਜਾਵੇ।

ਡਿਪਟੀ ਸਪੀਕਰ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸਰਕਾਰ ਵੱਲੋਂ ਜਾਰੀ ਕੀਤੇ ਗਏ ਮਾਪਦੰਡਾਂ ਅਨੁਸਾਰ ਆਪਣੀ ਸੁੱਕੀ ਫ਼ਸਲ ਮੰਡੀਆਂ ਵਿੱਚ ਲੈ ਕੇ ਆਉਣ, ਤਾਂ ਜੋ ਖਰੀਦ ਪ੍ਰਕਿਰਿਆ ਤੇਜ਼ੀ ਨਾਲ ਮੁਕੰਮਲ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਲਈ ਕਿਸੇ ਵੀ ਤਰ੍ਹਾਂ ਦੀ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਉਹ ਖੁਦ ਵੀ ਮੰਡੀਆਂ ਦੇ ਪ੍ਰਬੰਧਾਂ ਦੀ ਲਗਾਤਾਰ ਨਿਗਰਾਨੀ ਕਰ ਰਹੇ ਹਨ।

ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਕਿਸਾਨਾਂ ਦੀਆਂ ਸ਼ਿਕਾਇਤਾਂ ਨੂੰ ਪਹਿਲ ਦੇ ਆਧਾਰ ’ਤੇ ਸੁਣਿਆ ਜਾਵੇ ਅਤੇ ਜੇਕਰ ਕਿਸੇ ਮੰਡੀ ਵਿੱਚ ਕੋਈ ਸਮੱਸਿਆ ਸਾਹਮਣੇ ਆਉਂਦੀ ਹੈ ਤਾਂ ਉਸ ਦਾ ਤੁਰੰਤ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਝੋਨੇ ਦੀ ਖਰੀਦ ਦਾ ਸੀਜ਼ਨ ਕਿਸਾਨਾਂ ਲਈ ਬਹੁਤ ਮਹੱਤਵਪੂਰਨ ਹੁੰਦਾ ਹੈ ਅਤੇ ਇਸ ਦੌਰਾਨ ਸਰਕਾਰ, ਪ੍ਰਸ਼ਾਸਨ ਅਤੇ ਖਰੀਦ ਏਜੰਸੀਆਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨਾ ਚਾਹੀਦਾ ਹੈ।

ਇਸ ਮੌਕੇ ਕਿਸਾਨਾਂ ਨੇ ਵੀ ਮੰਡੀਆਂ ਵਿੱਚ ਕੀਤੇ ਜਾ ਰਹੇ ਪ੍ਰਬੰਧਾਂ ਸਬੰਧੀ ਡਿਪਟੀ ਸਪੀਕਰ ਰੌੜੀ ਨਾਲ ਆਪਣੇ ਵਿਚਾਰ ਸਾਂਝੇ ਕੀਤੇ। ਰੌੜੀ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਕਦਮ ਚੁੱਕ ਰਹੀ ਹੈ ਅਤੇ ਝੋਨੇ ਦੀ ਖਰੀਦ ਦੌਰਾਨ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ।

ਇਸ ਮੌਕੇ ਹਲਕਾ ਸੰਗਠਨ ਇੰਚਾਰਜ ਚਰਨਜੀਤ ਸਿੰਘ ਚੰਨੀ, ਮਾਰਕੀਟ ਕਮੇਟੀ ਚੇਅਰਮੈਨ ਬਲਦੀਪ ਸੈਣੀ, ਬਲਾਕ ਪ੍ਰਧਾਨ ਜਗਤਾਰ ਕਿਤਨਾ, ਮਾਰਕੀਟ ਕਮੇਟੀ ਦੇ ਸਬੰਧਤ ਅਧਿਕਾਰੀ, ਆੜ੍ਹਤੀਏ, ਕਿਸਾਨ ਅਤੇ ਇਲਾਕੇ ਦੇ ਹੋਰ ਪਤਵੰਤੇ ਹਾਜ਼ਰ ਸਨ।

Mann-Government-Committed-To-Purchase-Every-Grain-Of-Farmers-Produce-Deputy-Speaker-Rouri


About Us


PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.

Meenu Galhotra (Editor)

We are Social


Address


PunjabAMPM
House no 3, street no 1, New Aggar Nagar, behind mediways hospital, Ferozepur road Ludhiana 141001
Mobile: +91 98769 60522
Email: punjabampm0161@gmail.com

Copyright Punjab AMPM | 2023
Website by: Webhead ↑