October 11, 2026 03:45:27

ਇਮਾਨਦਾਰੀ ਹੀ ਮੇਰਾ ਅਸਲ ਸਰਮਾਇਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Oct10,2026 | Meenu Galhotra | Chandigarh

* ਮੈਂ ਪੰਜਾਬ ਦੇ ਹੱਕਾਂ ਲਈ ਲੜ ਰਿਹਾ ਹਾਂ, ਇਸੇ ਕਰ ਕੇ ਭਾਜਪਾ ਨੇ ਮੇਰੇ ਪਿੱਛੇ ਈ.ਡੀ. ਅਤੇ ਸੀ.ਬੀ.ਆਈ. ਲਾ ਦਿੱਤੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
* ਵਿਰੋਧੀ ਪਾਰਟੀਆਂ ਪੰਜਾਬ ਨੂੰ ਲੁੱਟਣ ਲਈ ਸੱਤਾ ਹਥਿਆਉਣਾ ਚਾਹੁੰਦੀਆਂ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

* ਮੇਰਾ ਹਿੱਸਾ ਬੱਸਾਂ, ਰੇਤੇ, ਠੇਕਿਆਂ ਜਾਂ ਰੇਹੜੀਆਂ-ਫੜ੍ਹੀਆਂ ਵਿੱਚ ਨਹੀਂ, ਸਗੋਂ ਤਿੰਨ ਕਰੋੜ ਪੰਜਾਬੀਆਂ ਦੇ ਸੁੱਖ-ਦੁੱਖ ਵਿੱਚ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

* ਮੇਰੇ 'ਤੇ ਭਰੋਸਾ ਰੱਖੋ, ਲੋਕ ਸੇਵਾ ਹੀ ਮੇਰੀ ਅਸਲ ਸਿਆਸਤ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

* ਪਹਿਲੀ ਵਾਰ ਪੰਜਾਬ ਵਿੱਚ ਸਰਕਾਰੀ ਨੌਕਰੀਆਂ ਬਿਨਾਂ ਰਿਸ਼ਵਤ ਜਾਂ ਸਿਫ਼ਾਰਸ਼ ਦੇ ਦਿੱਤੀਆਂ ਜਾ ਰਹੀਆਂ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

* ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਗਰੂਰ ਦੇ ਪਿੰਡ ਬੱਲਰਾਂ ਵਿਖੇ 'ਲੋਕ ਮਿਲਣੀ' ਪ੍ਰੋਗਰਾਮ ਨੂੰ ਕੀਤਾ ਸੰਬੋਧਨ

ਆਪਣੀ ਸਿਆਸਤ ਨਿੱਜੀ ਹਿੱਤਾਂ ਦੀ ਬਜਾਏ ਇਮਾਨਦਾਰੀ ਅਤੇ ਲੋਕ ਸੇਵਾ ਦੀ ਹੋਣ ਦੀ ਗੱਲ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਹ ਪੰਜਾਬ ਦੇ ਹੱਕਾਂ ਲਈ ਲੜਨ ਕਾਰਨ ਭਾਜਪਾ ਦੀ ਈ.ਡੀ.ਅਤੇ ਸੀ.ਬੀ.ਆਈ. ਦੀ ਕਾਰਵਾਈ ਦਾ ਸਾਹਮਣਾ ਕਰ ਰਹੇ ਹਨ, ਜਦੋਂ ਕਿ ਰਵਾਇਤੀ ਵਿਰੋਧੀ ਪਾਰਟੀਆਂ ਸੂਬੇ ਨੂੰ ਲੁੱਟਣ ਲਈ ਸੱਤਾ 'ਤੇ ਨਜ਼ਰ ਰੱਖ ਰਹੀਆਂ ਹਨ। ਸੰਗਰੂਰ ਦੇ ਪਿੰਡ ਬੱਲਰਾਂ ਵਿੱਚ 'ਲੋਕ ਮਿਲਣੀ' ਪ੍ਰੋਗਰਾਮ ਦੌਰਾਨ ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਬਿਨਾਂ ਕਿਸੇ ਰਿਸ਼ਵਤ ਜਾਂ ਸਿਫ਼ਾਰਸ਼ ਦੇ 70,680 ਤੋਂ ਵੱਧ ਸਰਕਾਰੀ ਨੌਕਰੀਆਂ ਦੇ ਕੇ, ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਭੁਗਤਾਨ ਸ਼ੁਰੂ ਕਰ ਕੇ ਅਤੇ ਪਿੰਡ ਬੱਲਰਾਂ ਤੇ ਗੁਆਂਢੀ ਪਿੰਡ ਲਹਿਲ ਖੁਰਦ ਵਿੱਚ ਵਿਕਾਸ ਕਾਰਜਾਂ ਲਈ 60 ਲੱਖ ਰੁਪਏ ਜਾਰੀ ਕਰ ਕੇ ਬਦਲੇ ਦੀ ਰਾਜਨੀਤੀ ਨੂੰ ਖ਼ਤਮ ਕਰ ਰਹੀ ਹੈ। ਉਨ੍ਹਾਂ ਕਿਹਾ, “ਮੇਰਾ ਹਿੱਸਾ ਬੱਸਾਂ, ਰੇਤੇ ਜਾਂ ਠੇਕਿਆਂ ਵਿੱਚ ਨਹੀਂ, ਸਗੋਂ ਤਿੰਨ ਕਰੋੜ ਪੰਜਾਬੀਆਂ ਦੇ ਸੁੱਖ-ਦੁੱਖ ਵਿੱਚ ਹੈ ਅਤੇ ਲੋਕਾਂ ਦਾ ਭਰੋਸਾ ਮੇਰੀ ਦੀ ਸਭ ਤੋਂ ਵੱਡੀ ਤਾਕਤ ਬਣਿਆ ਹੋਇਆ ਹੈ।”
ਸੋਸ਼ਲ ਮੀਡੀਆ ਪਲੇਟਫ਼ਾਰਮ ਐਕਸ ‘ਤੇ ਆਪਣੇ ਵਿਚਾਰ ਸਾਂਝੇ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪਿੰਡ ਬੱਲਰਾਂ (ਲਹਿਰਾਗਾਗਾ) ਵਿੱਚ 'ਲੋਕ ਮਿਲਣੀ' ਪ੍ਰੋਗਰਾਮ ਦੌਰਾਨ ਮਾਵਾਂ ਅਤੇ ਭੈਣਾਂ ਵੱਲੋਂ ਦਿਖਾਇਆ ਗਿਆ ਅਥਾਹ ਪਿਆਰ ਇਸ ਗੱਲ ਦਾ ਪ੍ਰਤੀਕ ਹੈ ਕਿ ਸੱਚਾਈ ਦਾ ਸੂਰਜ ਕਦੇ ਨਹੀਂ ਡੁੱਬਦਾ। ਬੱਲਰਾਂ ਦੇ ਲੋਕਾਂ ਨਾਲ ਮੇਰਾ ਸਬੰਧ 2012 ਤੋਂ ਹੈ ਅਤੇ ਉਨ੍ਹਾਂ ਨੇ ਹਮੇਸ਼ਾ ਮੈਨੂੰ ਮੇਰੀ ਉਮੀਦ ਨਾਲੋਂ ਵੀ ਵੱਧ ਪਿਆਰ ਦਿੱਤਾ ਹੈ। ਰਵਾਇਤੀ ਪਾਰਟੀਆਂ ਵਾਂਗ ਅਸੀਂ ਬਦਲੇ ਦੀ ਰਾਜਨੀਤੀ ਵਿੱਚ ਵਿਸ਼ਵਾਸ ਨਹੀਂ ਰੱਖਦੇ। ਸਾਡਾ ਟੀਚਾ ਤੁਹਾਡੇ ਧੀਆਂ-ਪੁੱਤਰਾਂ ਨੂੰ ਪੜ੍ਹਾਉਣਾ ਅਤੇ ਉਨ੍ਹਾਂ ਨੂੰ ਉੱਚੇ ਅਹੁਦਿਆਂ 'ਤੇ ਪਹੁੰਚਾਉਣਾ ਹੈ। ਅਸੀਂ ਬਿਨਾਂ ਕਿਸੇ ਸਿਫ਼ਾਰਸ਼ ਜਾਂ ਰਿਸ਼ਵਤ ਦੇ 70,680 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ ਅਤੇ ਮਾਵਾਂ ਤੇ ਭੈਣਾਂ ਦੇ ਬੈਂਕ ਖਾਤਿਆਂ ਵਿੱਚ ਸਨਮਾਨ ਰਾਸ਼ੀ ਜਮ੍ਹਾਂ ਹੋਣ ਦਾ ਕੰਮ ਵੀ ਸ਼ੁਰੂ ਹੋ ਚੁੱਕਾ ਹੈ। ਪਿੰਡਾਂ ਵਿੱਚ ਵਿਕਾਸ ਕਾਰਜਾਂ ਨੂੰ ਰੁਕਣ ਨਹੀਂ ਦਿੱਤਾ ਜਾਵੇਗਾ। ਇਸ ਅਨੁਸਾਰ ਬੱਲਰਾਂ ਲਈ 35 ਲੱਖ ਰੁਪਏ ਅਤੇ ਗੁਆਂਢੀ ਪਿੰਡ ਲਹਿਲ ਖੁਰਦ ਲਈ 25 ਲੱਖ ਰੁਪਏ, ਕੁੱਲ 60 ਲੱਖ ਰੁਪਏ ਦੇ ਗ੍ਰਾਂਟ ਚੈੱਕ ਅੱਜ ਸੌਂਪੇ ਗਏ। ਤੁਹਾਡਾ ਪਿਆਰ ਅਤੇ ਆਸ਼ੀਰਵਾਦ ਹੀ ਮੇਰੀ ਅਸਲ ਤਾਕਤ ਹੈ ਅਤੇ ਇਸ ਤਾਕਤ ਨੂੰ ਕੋਈ ਨਹੀਂ ਹਰਾ ਸਕਦਾ। ਇਨਕਲਾਬ ਜ਼ਿੰਦਾਬਾਦ।”
'ਲੋਕ ਮਿਲਣੀ' ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੇਰੀ ਇਮਾਨਦਾਰੀ ਮੇਰੀ ਸਭ ਤੋਂ ਵੱਡੀ ਦੌਲਤ ਹੈ ਅਤੇ ਤਿੰਨ ਕਰੋੜ ਪੰਜਾਬੀਆਂ ਦਾ ਪਿਆਰ ਅਤੇ ਭਰੋਸਾ ਮੇਰੀ ਅਸਲ ਤਾਕਤ ਹੈ। ਮੇਰਾ ਹਿੱਸਾ ਬੱਸਾਂ, ਰੇਤੇ, ਠੇਕਿਆਂ ਜਾਂ ਸੜਕ ਕਿਨਾਰੇ ਲੱਗੀਆਂ ਰੇਹੜੀਆਂ-ਫੜ੍ਹੀਆਂ ਵਿੱਚ ਨਹੀਂ ਹੈ। ਮੇਰਾ ਹਿੱਸਾ ਪੰਜਾਬ ਦੇ ਲੋਕਾਂ ਦੇ ਸੁੱਖ-ਦੁੱਖ ਵਿੱਚ ਹੈ। ਉਨ੍ਹਾਂ ਦੀਆਂ ਉਮੀਦਾਂ ਮੇਰੀ ਜ਼ਿੰਮੇਵਾਰੀ ਹਨ ਅਤੇ ਉਨ੍ਹਾਂ ਦਾ ਸੰਘਰਸ਼ ਮੇਰਾ ਆਪਣਾ ਹੈ। ਮੈਂ ਲੋਕਾਂ ਦੀ ਸੇਵਾ ਕਰਨ ਲਈ ਰਾਜਨੀਤੀ ਵਿੱਚ ਆਇਆ ਹਾਂ ਅਤੇ ਲੋਕ ਸੇਵਾ ਹਮੇਸ਼ਾ ਮੇਰੀ ਸਰਕਾਰ ਦਾ ਮਾਰਗਦਰਸ਼ਕ ਬਣੀ ਰਹੇਗੀ।”
ਕੇਂਦਰੀ ਜਾਂਚ ਏਜੰਸੀਆਂ ਦੀ ਵਰਤੋਂ ਬਾਰੇ ਭਾਜਪਾ ਨੂੰ ਘੇਰਦਿਆਂ ਮੁੱਖ ਮੰਤਰੀ ਨੇ ਕਿਹਾ, “ਮੈਂ ਪੰਜਾਬ ਦੇ ਹੱਕਾਂ ਲਈ ਲੜ ਰਿਹਾ ਹਾਂ ਅਤੇ ਇਸੇ ਕਰ ਕੇ ਭਾਜਪਾ ਨੇ ਈ.ਡੀ. ਅਤੇ ਸੀ.ਬੀ.ਆਈ. ਨੂੰ ਮੇਰੇ ਪਿੱਛੇ ਲਾਇਆ ਹੈ। ਜੋ ਲੋਕ ਪੰਜਾਬ ਲਈ ਆਵਾਜ਼ ਉਠਾਉਂਦੇ ਹਨ ਅਤੇ ਇਸ ਦੇ ਹਿੱਤਾਂ ਨਾਲ ਸਮਝੌਤਾ ਕਰਨ ਤੋਂ ਇਨਕਾਰ ਕਰਦੇ ਹਨ, ਉਨ੍ਹਾਂ 'ਤੇ ਰਾਜਨੀਤਿਕ ਦਬਾਅ ਪਾਇਆ ਜਾ ਰਿਹਾ ਹੈ ਪਰ ਮੈਂ ਨਿੱਜੀ ਆਰਾਮ ਲਈ ਕਦੇ ਵੀ ਪੰਜਾਬ ਦੇ ਹੱਕਾਂ ਅਤੇ ਇਸ ਦੇ ਲੋਕਾਂ ਦੇ ਸਨਮਾਨ ਨਾਲ ਸਮਝੌਤਾ ਨਹੀਂ ਕਰਾਂਗਾ।”
ਉਨ੍ਹਾਂ ਕਿਹਾ, “ਵਿਰੋਧੀ ਪਾਰਟੀਆਂ ਪੰਜਾਬ ਦੀ ਸੇਵਾ ਕਰਨ ਲਈ ਨਹੀਂ, ਸਗੋਂ ਸੂਬੇ ਦੇ ਸਾਧਨਾਂ 'ਤੇ ਮੁੜ ਕਬਜ਼ਾ ਕਰਨ ਅਤੇ ਆਪਣੇ ਹਿੱਤਾਂ ਲਈ ਉਨ੍ਹਾਂ ਨੂੰ ਵਰਤਣ ਲਈ ਸੱਤਾ ਹਥਿਆਉਣਾ ਚਾਹੁੰਦੀਆਂ ਹਨ। ਪੰਜਾਬ ਨੇ ਨਿੱਜੀ ਹਿੱਤਾਂ ਵਾਲੀ ਰਾਜਨੀਤੀ ਹੇਠ ਬਹੁਤ ਦੁੱਖ ਝੱਲ ਲਏ ਹਨ। ਲੋਕਾਂ ਨੂੰ ਇਮਾਨਦਾਰ ਲੀਡਰਸ਼ਿਪ, ਆਪਣੇ ਬੱਚਿਆਂ ਲਈ ਮੌਕੇ ਅਤੇ ਇੱਕ ਇਮਾਨਦਾਰ ਸਰਕਾਰ ਚਾਹੀਦੀ ਹੈ, ਜੋ ਮੁਸ਼ਕਿਲ ਸਮੇਂ ਵਿੱਚ ਉਨ੍ਹਾਂ ਦੇ ਨਾਲ ਖੜ੍ਹੀ ਹੋਵੇ। ਸਾਡੀ ਸਰਕਾਰ ਕੁਝ ਖ਼ਾਸ ਲੋਕਾਂ ਦੀ ਸੇਵਾ ਕਰਨ ਦੀ ਬਜਾਏ ਇਨ੍ਹਾਂ ਇੱਛਾਵਾਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ।”
ਪਾਰਦਰਸ਼ੀ ਭਰਤੀ ਪ੍ਰਤੀ ਆਪਣੀ ਸਰਕਾਰ ਦੀ ਪ੍ਰਤੀਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਵਿੱਚ ਪਹਿਲੀ ਵਾਰ ਨੌਜਵਾਨਾਂ ਨੂੰ ਬਿਨਾਂ ਰਿਸ਼ਵਤ ਜਾਂ ਰਾਜਨੀਤਿਕ ਸਿਫ਼ਾਰਸ਼ ਦੇ ਸਰਕਾਰੀ ਨੌਕਰੀਆਂ ਮਿਲ ਰਹੀਆਂ ਹਨ। ਅਸੀਂ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ 'ਤੇ 70,680 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਪੀੜ੍ਹੀਆਂ ਤੋਂ ਨੌਜਵਾਨਾਂ ਨੂੰ ਇਹ ਵਿਸ਼ਵਾਸ ਦਿਵਾਇਆ ਗਿਆ ਸੀ ਕਿ ਸਰਕਾਰੀ ਨੌਕਰੀ ਹਾਸਲ ਕਰਨ ਲਈ ਪੈਸੇ, ਪ੍ਰਭਾਵ ਜਾਂ ਰਾਜਨੀਤਿਕ ਪਹੁੰਚ ਦੀ ਲੋੜ ਹੁੰਦੀ ਹੈ। ਅਸੀਂ ਉਸ ਮਾਨਸਿਕਤਾ ਨੂੰ ਬਦਲਣ ਲਈ ਦ੍ਰਿੜ੍ਹ ਹਾਂ। ਕਿਸੇ ਵੀ ਯੋਗ ਨੌਜਵਾਨ ਨੂੰ ਨੌਕਰੀ ਪ੍ਰਾਪਤ ਕਰਨ ਲਈ ਕਿਸੇ ਸਿਆਸਤਦਾਨ ਕੋਲ ਜਾਣ ਜਾਂ ਰਿਸ਼ਵਤ ਦੇਣ ਦੀ ਲੋੜ ਨਹੀਂ ਪੈਣੀ ਚਾਹੀਦੀ।”
ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਨੌਜਵਾਨਾਂ ਦਾ ਭਵਿੱਖ ਪੈਸੇ ਜਾਂ ਰਾਜਨੀਤਿਕ ਪ੍ਰਭਾਵ ਦੀ ਬਜਾਏ ਮੈਰਿਟ ਦੁਆਰਾ ਤੈਅ ਹੋਵੇ। ਉਨ੍ਹਾਂ ਅੱਗੇ ਕਿਹਾ, “ਮੈਂ ਲੋਕਾਂ ਦਾ ਭਰੋਸਾ ਮੰਗਦਾ ਹਾਂ ਕਿਉਂਕਿ ਮੈਂ ਉਨ੍ਹਾਂ ਦੀ ਸੇਵਾ ਕਰਨਾ ਚਾਹੁੰਦਾ ਹਾਂ। ਮੇਰੀ ਤਾਕਤ ਪੰਜਾਬ ਦੇ ਲੋਕਾਂ ਤੋਂ ਆਉਂਦੀ ਹੈ, ਨਾ ਕਿ ਸੱਤਾ ਦੇ ਅਹੁਦਿਆਂ ਤੋਂ। ਜਦੋਂ ਤੱਕ ਉਹ ਮੇਰਾ ਸਮਰਥਨ ਕਰਦੇ ਰਹਿਣਗੇ, ਮੈਂ ਉਨ੍ਹਾਂ ਦੇ ਹੱਕਾਂ, ਸਨਮਾਨ ਅਤੇ ਅਗਲੀ ਪੀੜ੍ਹੀ ਦੇ ਬਿਹਤਰ ਭਵਿੱਖ ਲਈ ਲੜਦਾ ਰਹਾਂਗਾ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਰਦਾਤਿਆਂ ਤੋਂ ਇਕੱਠਾ ਕੀਤਾ ਗਿਆ ਹਰ ਇੱਕ ਰੁਪਿਆ ਲੋਕਾਂ ਦੀ ਭਲਾਈ ਲਈ ਸਮਝਦਾਰੀ ਨਾਲ ਵਰਤਿਆ ਜਾ ਰਿਹਾ ਹੈ। ਉਨ੍ਹਾਂ ਕਿਹਾ, “ਲੋਕਾਂ ਦਾ ਪੈਸਾ ਲੋਕਾਈ ਦਾ ਹੈ ਅਤੇ ਇਸ ਨੂੰ ਵਿਕਾਸ, ਬਿਹਤਰ ਸਕੂਲਾਂ, ਹਸਪਤਾਲਾਂ, ਸੜਕਾਂ ਅਤੇ ਜਨਤਕ ਬੁਨਿਆਦੀ ਢਾਂਚੇ ਰਾਹੀਂ ਉਨ੍ਹਾਂ ਨੂੰ ਵਾਪਸ ਮੋੜਿਆ ਜਾ ਰਿਹਾ ਹੈ। ਪੰਜਾਬ ਵਿੱਚ 90 ਫੀਸਦੀ ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ, ਜਦੋਂ ਕਿ ਕਿਸਾਨਾਂ ਨੂੰ ਖੇਤੀਬਾੜੀ ਕਾਰਜਾਂ ਵਿੱਚ ਵਧੇਰੇ ਸਹੂਲਤ ਪ੍ਰਦਾਨ ਕਰਦਿਆਂ ਦਿਨ ਵੇਲੇ ਬਿਜਲੀ ਦਿੱਤੀ ਜਾ ਰਹੀ ਹੈ।”
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਪਰਿਵਾਰਾਂ 'ਤੇ ਵਿੱਤੀ ਬੋਝ ਘਟਾਉਣ ਅਤੇ ਜਨਤਕ ਸੇਵਾਵਾਂ ਨੂੰ ਬਿਹਤਰ ਬਣਾਉਣ ਲਈ ਕਈ ਕਦਮ ਚੁੱਕੇ ਹਨ। ਇਨ੍ਹਾਂ ਵਿੱਚ ਮੁਫ਼ਤ ਬਿਜਲੀ, 70,000 ਤੋਂ ਵੱਧ ਨੌਜਵਾਨਾਂ ਲਈ ਰੋਜ਼ਗਾਰ, ਸੜਕਾਂ ਵਿੱਚ ਸੁਧਾਰ, ਬਿਹਤਰ ਸਿੱਖਿਆ ਅਤੇ ਸਿਹਤ ਸੰਭਾਲ ਅਤੇ ਟੋਲ ਪਲਾਜ਼ਿਆਂ ਨੂੰ ਬੰਦ ਕਰਨਾ ਸ਼ਾਮਲ ਹੈ, ਜਿਸ ਨਾਲ ਯਾਤਰੀਆਂ ਦੇ ਰੋਜ਼ਾਨਾ ਲਗਪਗ 70 ਲੱਖ ਰੁਪਏ ਦੀ ਬੱਚਤ ਹੋ ਰਹੀ ਹੈ। ਉਨ੍ਹਾਂ ਕਿਹਾ, “ਜਨਤਕ ਪੈਸੇ ਨੂੰ ਜਨਤਕ ਹਿੱਤਾਂ ਦੀ ਸੇਵਾ ਲਈ ਵਰਤਣਾ ਚਾਹੀਦਾ ਹੈ। ਸਾਡੀ ਸਰਕਾਰ ਇਹ ਯਕੀਨੀ ਬਣਾਉਣ ਲਈ ਕੰਮ ਕਰ ਰਹੀ ਹੈ ਕਿ ਵਿਕਾਸ ਦੇ ਲਾਭ ਆਮ ਪਰਿਵਾਰਾਂ ਤੱਕ ਪਹੁੰਚਣ, ਨਾ ਕਿ ਕੁਝ ਖ਼ਾਸ ਲੋਕਾਂ ਤੱਕ ਸੀਮਤ ਰਹਿਣ।”
ਸੂਬੇ ਦੀ ਸਿਹਤ ਸੰਭਾਲ ਪਹਿਲਕਦਮੀ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੁੱਖ ਮੰਤਰੀ ਸਿਹਤ ਯੋਜਨਾ ਹਰ ਪਰਿਵਾਰ ਨੂੰ ਪ੍ਰਤੀ ਸਾਲ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਮੈਡੀਕਲ ਇਲਾਜ ਪ੍ਰਦਾਨ ਕਰਦੀ ਹੈ। ਇਸ ਯੋਜਨਾ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਵਿੱਤੀ ਮੁਸ਼ਕਿਲਾਂ ਕਾਰਨ ਪੰਜਾਬ ਵਿੱਚ ਕੋਈ ਵੀ ਪਰਿਵਾਰ ਜ਼ਰੂਰੀ ਮੈਡੀਕਲ ਇਲਾਜ ਤੋਂ ਵਾਂਝਾ ਨਾ ਰਹੇ।”
ਮੁੱਖ ਮੰਤਰੀ ਨੇ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਪਰਿਵਾਰਾਂ 'ਤੇ ਸਿਹਤ ਸੰਭਾਲ ਦਾ ਵਿੱਤੀ ਬੋਝ ਘਟਾਉਣਾ ਅਤੇ ਮਿਆਰੀ ਮੈਡੀਕਲ ਸੇਵਾਵਾਂ ਤੱਕ ਪਹੁੰਚ ਨੂੰ ਵਿਸ਼ਾਲ ਕਰਨਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਦਾ ਟੀਚਾ ਸੂਬੇ ਭਰ ਦੇ ਨਿਵਾਸੀਆਂ ਲਈ ਵਿਆਪਕ ਸਿਹਤ ਸੰਭਾਲ ਨੂੰ ਪਹੁੰਚਯੋਗ ਬਣਾਉਣਾ ਹੈ।
ਉਨ੍ਹਾਂ ਕਿਹਾ ਕਿ ਮਾਵਾਂ-ਧੀਆਂ ਸਤਿਕਾਰ ਯੋਜਨਾ ਔਰਤਾਂ ਦੇ ਸਨਮਾਨ ਅਤੇ ਵਿੱਤੀ ਸ਼ਕਤੀਕਰਨ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ 18 ਸਾਲ ਅਤੇ ਇਸ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਜਨਰਲ ਸ਼੍ਰੇਣੀ ਦੀਆਂ ਲਾਭਪਾਤਰੀਆਂ ਲਈ 1,000 ਰੁਪਏ ਅਤੇ ਅਨੁਸੂਚਿਤ ਜਾਤੀ ਦੀਆਂ ਔਰਤਾਂ ਲਈ 1,500 ਰੁਪਏ ਦੀ ਮਹੀਨਾਵਾਰ ਸਹਾਇਤਾ ਮਿਲ ਰਹੀ ਹੈ ਅਤੇ ਇਹ ਪੈਸਾ 1 ਜੁਲਾਈ ਤੋਂ ਸਿੱਧਾ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤਾ ਜਾ ਰਿਹਾ ਹੈ।
ਉਨ੍ਹਾਂ ਅੱਗੇ ਕਿਹਾ ਕਿ ਸਮਾਜਿਕ ਸੁਰੱਖਿਆ ਪੈਨਸ਼ਨ ਲੈ ਰਹੀਆਂ ਔਰਤਾਂ ਵੀ ਇਸ ਯੋਜਨਾ ਲਈ ਯੋਗ ਹਨ। ਉਨ੍ਹਾਂ ਕਿਹਾ, “ਪੰਜਾਬ ਵਿੱਚ ਲਗਪਗ 97 ਫ਼ੀਸਦ ਔਰਤਾਂ ਨੂੰ ਇਸ ਪਹਿਲਕਦਮੀ ਤੋਂ ਲਾਭ ਮਿਲਣ ਦੀ ਉਮੀਦ ਹੈ, ਜਿਸ ਲਈ ਸੂਬਾ ਸਰਕਾਰ ਨੇ ਬਜਟ ਵਿੱਚ 9,300 ਕਰੋੜ ਰੁਪਏ ਰੱਖੇ ਹਨ। ਇਹ ਸਹਾਇਤਾ ਔਰਤਾਂ ਦੀ ਆਰਥਿਕ ਆਜ਼ਾਦੀ ਨੂੰ ਮਜ਼ਬੂਤ ਕਰਨ ਅਤੇ ਉਨ੍ਹਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਵਿੱਚ ਉਨ੍ਹਾਂ ਨੂੰ ਵਧੇਰੇ ਸਹਾਇਤਾ ਪ੍ਰਦਾਨ ਕਰਨ ਦੇ ਉਦੇਸ਼ ਨਾਲ ਦਿੱਤੀ ਗਈ ਹੈ।”
ਸਿੱਖਿਆ ਨੂੰ ਸਮਾਜਿਕ ਅਤੇ ਆਰਥਿਕ ਬਦਲਾਅ ਦੀ ਨੀਂਹ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਕੇਵਲ ਮੁਫ਼ਤ ਸਹੂਲਤਾਂ ਅਤੇ ਰਿਆਇਤੀ ਕਾਰਡ ਗ਼ਰੀਬੀ ਜਾਂ ਹੋਰ ਸਮਾਜਿਕ ਸਮੱਸਿਆਵਾਂ ਨੂੰ ਖ਼ਤਮ ਨਹੀਂ ਕਰ ਸਕਦੇ। ਸਿੱਖਿਆ ਉਹ ਕੁੰਜੀ ਹੈ, ਜੋ ਲੋਕਾਂ ਨੂੰ ਗ਼ਰੀਬੀ ਦੇ ਚੱਕਰ ਵਿੱਚੋਂ ਕੱਢਣ, ਉਨ੍ਹਾਂ ਦੇ ਜੀਵਨ ਪੱਧਰ ਨੂੰ ਸੁਧਾਰਨ ਅਤੇ ਉਨ੍ਹਾਂ ਦੇ ਬੱਚਿਆਂ ਲਈ ਸੁਨਹਿਰੀ ਭਵਿੱਖ ਨੂੰ ਸੁਰੱਖਿਅਤ ਕਰਨ ਵਿੱਚ ਮਦਦ ਕਰ ਸਕਦੀ ਹੈ।”
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਅਧਿਆਪਕ ਸਿਖਲਾਈ, 'ਸਕੂਲ ਆਫ਼ ਐਮੀਨੈਂਸ' ਅਤੇ ਵਿਦਿਅਕ ਮਿਆਰਾਂ ਨੂੰ ਉੱਚਾ ਚੁੱਕਣ ਦੇ ਉਦੇਸ਼ ਨਾਲ ਪਹਿਲਕਦਮੀਆਂ ਰਾਹੀਂ ਸਰਕਾਰੀ ਸਕੂਲਾਂ ਵਿੱਚ ਸੁਧਾਰਾਂ ਨੂੰ ਪਹਿਲ ਦਿੱਤੀ ਹੈ।
ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਨੂੰ ਉਜਾਗਰ ਕਰਦਿਆਂ ਉਨ੍ਹਾਂ ਕਿਹਾ, “ਸਾਲ 2021 ਵਿੱਚ ਸਰਕਾਰੀ ਸਕੂਲਾਂ ਦੇ ਸਿਰਫ਼ 80 ਵਿਦਿਆਰਥੀਆਂ ਨੇ ਨੀਟ ਪ੍ਰੀਖਿਆ ਪਾਸ ਕੀਤੀ ਸੀ। ਸਾਲ 2026 ਵਿੱਚ ਇਹ ਗਿਣਤੀ ਵਧ ਕੇ 882 ਹੋ ਗਈ ਹੈ, ਜੋ ਗਿਆਰਾਂ ਗੁਣਾ ਤੋਂ ਵੱਧ ਦਾ ਵਾਧਾ ਹੈ। ਇਹ ਤਰੱਕੀ ਸਿੱਖਿਆ ਦੀ ਗੁਣਵੱਤਾ ਸੁਧਾਰਨ ਅਤੇ ਆਮ ਪਰਿਵਾਰਾਂ ਦੇ ਵਿਦਿਆਰਥੀਆਂ ਲਈ ਮੌਕਿਆਂ ਨੂੰ ਵਧਾਉਣ ਲਈ ਕੀਤੇ ਜਾ ਰਹੇ ਲਗਾਤਾਰ ਯਤਨਾਂ ਨੂੰ ਦਰਸਾਉਂਦੀ ਹੈ।”
ਉਨ੍ਹਾਂ ਕਿਹਾ ਕਿ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਆਰਥਿਕ ਤੌਰ 'ਤੇ ਕਮਜ਼ੋਰ ਪਿਛੋਕੜ ਵਾਲੇ ਬੱਚਿਆਂ ਨੂੰ ਮਿਆਰੀ ਸਿੱਖਿਆ ਮਿਲੇ ਅਤੇ ਉਨ੍ਹਾਂ ਨੂੰ ਆਪਣੀਆਂ ਇੱਛਾਵਾਂ ਨੂੰ ਪੂਰਾ ਕਰਨ ਦਾ ਮੌਕਾ ਮਿਲੇ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਨਹਿਰੀ ਸਿੰਜਾਈ ਦਾ ਵਿਸਥਾਰ ਕਰਨ ਅਤੇ ਪੇਂਡੂ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਲਈ ਵਿਆਪਕ ਕੰਮ ਕੀਤਾ ਹੈ। ਉਨ੍ਹਾਂ ਕਿਹਾ, “ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਨਹਿਰੀ ਪਾਣੀ ਉਨ੍ਹਾਂ 1,587 ਪਿੰਡਾਂ ਦੇ ਖੇਤਾਂ ਤੱਕ ਪਹੁੰਚਿਆ ਹੈ, ਜਿਨ੍ਹਾਂ ਨੂੰ ਪਹਿਲਾਂ ਕਦੇ ਨਹਿਰੀ ਪਾਣੀ ਨਹੀਂ ਮਿਲਿਆ ਸੀ। ਸਾਡੀ ਸਰਕਾਰ ਨੇ ਨਹਿਰੀ ਸਿੰਜਾਈ ਦਾ ਵਿਸਥਾਰ ਕਰਨ ਅਤੇ ਇਹ ਯਕੀਨੀ ਬਣਾਉਣ ਲਈ ਕਿ ਹਰੇਕ ਖੇਤ ਤੱਕ ਪਾਣੀ ਪਹੁੰਚੇ, 7,200 ਕਰੋੜ ਰੁਪਏ ਖ਼ਰਚ ਕੀਤੇ ਹਨ।”
ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਦੇ ਅਹੁਦਾ ਸੰਭਾਲਣ ਤੋਂ ਬਾਅਦ ਨਹਿਰੀ ਸਿੰਜਾਈ ਅਧੀਨ ਆਉਂਦਾ ਰਕਬਾ 26 ਫ਼ੀਸਦ ਤੋਂ ਵਧ ਕੇ 80 ਫ਼ੀਸਦ ਹੋ ਗਿਆ ਹੈ।
ਮੁੱਖ ਮੰਤਰੀ ਵੱਲੋਂ ਦਿੱਤੇ ਗਏ ਅੰਕੜਿਆਂ ਅਨੁਸਾਰ ਸਾਲ 2022 ਵਿੱਚ ਲਗਪਗ 20.89 ਲੱਖ ਏਕੜ ਰਕਬੇ ਨੂੰ ਨਹਿਰੀ ਪਾਣੀ ਮਿਲਦਾ ਸੀ, ਜਦੋਂ ਕਿ ਮੌਜੂਦਾ ਸਮੇਂ ਵਿੱਚ 60.30 ਲੱਖ ਏਕੜ ਨੂੰ ਨਹਿਰੀ ਪਾਣੀ ਮਿਲ ਰਿਹਾ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਸਮੁੱਚੇ ਸੂਬੇ ਵਿੱਚ ਸੰਪਰਕ ਨੂੰ ਬਿਹਤਰ ਬਣਾਉਣ ਅਤੇ ਵਸਨੀਕਾਂ ਦੀ ਸਹੂਲਤ ਲਈ ਲਗਪਗ 45,000 ਕਿਲੋਮੀਟਰ ਸੜਕਾਂ ਦਾ ਨਵੀਨੀਕਰਨ ਅਤੇ ਅਪਗ੍ਰੇਡੇਸ਼ਨ ਕੀਤੀ ਜਾ ਰਿਹਾ ਹੈ।
ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਵਿੱਚ ਖੇਡਾਂ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਪੰਜਾਬ ਵਿੱਚ 3,100 ਸਟੇਡੀਅਮ ਵਿਕਸਤ ਕਰਨ ਲਈ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਨਾਲ ਨੌਜਵਾਨਾਂ ਨੂੰ ਖੇਡਾਂ ਦੀਆਂ ਬਿਹਤਰ ਸਹੂਲਤਾਂ ਮਿਲਣਗੀਆਂ, ਸਰੀਰਕ ਗਤੀਵਿਧੀਆਂ ਵਿੱਚ ਭਾਗੀਦਾਰੀ ਨੂੰ ਉਤਸ਼ਾਹ ਮਿਲੇਗਾ ਅਤੇ ਪਿੰਡਾਂ ਵਿੱਚ ਖੇਡ ਪ੍ਰਤਿਭਾ ਨੂੰ ਨਿਖਾਰਨ ਵਿੱਚ ਮਦਦ ਮਿਲੇਗੀ।
ਉਨ੍ਹਾਂ ਅੱਗੇ ਕਿਹਾ ਕਿ ਪੇਂਡੂ ਵਿਕਾਸ ਉਨ੍ਹਾਂ ਦੀ ਤਰਜੀਹ ਬਣਿਆ ਹੋਇਆ ਹੈ ਅਤੇ ਇਹ ਯਕੀਨੀ ਬਣਾਉਣ ਲਈ ਗ੍ਰਾਂਟਾਂ ਦਿੱਤੀਆਂ ਜਾ ਰਹੀਆਂ ਹਨ ਕਿ ਜ਼ਰੂਰੀ ਵਿਕਾਸ ਕਾਰਜ ਬਿਨਾਂ ਕਿਸੇ ਰੁਕਾਵਟ ਦੇ ਜਾਰੀ ਰਹਿਣ।
ਬੱਲਰਾਂ ਦੇ ਲੋਕਾਂ ਨਾਲ ਆਪਣੇ ਪੁਰਾਣੇ ਸਬੰਧਾਂ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਬੱਲਰਾਂ ਦੇ ਲੋਕਾਂ ਨਾਲ ਮੇਰਾ ਰਿਸ਼ਤਾ ਸਾਲ 2012 ਤੋਂ ਹੈ ਅਤੇ ਉਨ੍ਹਾਂ ਨੇ ਮੈਨੂੰ ਹਮੇਸ਼ਾ ਉਮੀਦ ਨਾਲੋਂ ਵੱਧ ਪਿਆਰ ਅਤੇ ਸਤਿਕਾਰ ਦਿੱਤਾ ਹੈ। ਲੋਕਾਂ ਦਾ ਅਥਾਹ ਪਿਆਰ ਅਤੇ ਆਸ਼ੀਰਵਾਦ, ਖ਼ਾਸ ਕਰ ਕੇ ਉਨ੍ਹਾਂ ਮਾਵਾਂ ਅਤੇ ਭੈਣਾਂ ਦਾ ਜੋ ਲੋਕ ਮਿਲਣੀ ਵਿੱਚ ਸ਼ਾਮਲ ਹੋਈਆਂ, ਇਮਾਨਦਾਰੀ ਨਾਲ ਉਨ੍ਹਾਂ ਦੀ ਸੇਵਾ ਜਾਰੀ ਰੱਖਣ ਦੇ ਮੇਰੇ ਸੰਕਲਪ ਨੂੰ ਹੋਰ ਮਜ਼ਬੂਤ ਕਰਦਾ ਹੈ।”
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪਿੰਡਾਂ ਵਿੱਚ ਵਿਕਾਸ ਕਾਰਜਾਂ ਨੂੰ ਰੁਕਣ ਨਹੀਂ ਦੇਵੇਗੀ ਅਤੇ ਬੱਲਰਾਂ ਲਈ 35 ਲੱਖ ਰੁਪਏ ਅਤੇ ਗੁਆਂਢੀ ਪਿੰਡ ਲਹਿਲ ਖੁਰਦ ਲਈ 25 ਲੱਖ ਰੁਪਏ ਦੀਆਂ ਵਿਕਾਸ ਗ੍ਰਾਂਟਾਂ ਦਾ ਐਲਾਨ ਕੀਤਾ, ਜਿਸ ਨਾਲ ਕੁੱਲ ਅਲਾਟਮੈਂਟ 60 ਲੱਖ ਰੁਪਏ ਹੋ ਗਈ ਹੈ। ਉਨ੍ਹਾਂ ਕਿਹਾ, “ਸਾਡੀ ਸਰਕਾਰ ਰਵਾਇਤੀ ਪਾਰਟੀਆਂ ਵੱਲੋਂ ਕੀਤੀ ਜਾਂਦੀ ਬਦਲੇ ਦੀ ਰਾਜਨੀਤੀ ਵਿੱਚ ਵਿਸ਼ਵਾਸ ਨਹੀਂ ਰੱਖਦੀ। ਸਾਡਾ ਉਦੇਸ਼ ਪੰਜਾਬ ਦੇ ਧੀਆਂ-ਪੁੱਤਰਾਂ ਨੂੰ ਪੜ੍ਹਾਉਣਾ, ਉਨ੍ਹਾਂ ਨੂੰ ਸਮਰੱਥ ਪੇਸ਼ੇਵਰ ਅਤੇ ਅਧਿਕਾਰੀ ਬਣਾਉਣਾ ਅਤੇ ਹਰ ਪਰਿਵਾਰ ਲਈ ਤਰੱਕੀ ਦੇ ਮੌਕੇ ਪੈਦਾ ਕਰਨਾ ਹੈ। ਤੁਹਾਡਾ ਪਿਆਰ ਅਤੇ ਆਸ਼ੀਰਵਾਦ ਹੀ ਸਾਡੀ ਅਸਲ ਤਾਕਤ ਹੈ ਅਤੇ ਮੈਂ ਪੰਜਾਬ ਦੀ ਭਲਾਈ ਅਤੇ ਖ਼ੁਸ਼ਹਾਲੀ ਲਈ ਕੰਮ ਕਰਦਾ ਰਹਾਂਗਾ।”
ਮੁੱਖ ਮੰਤਰੀ ਨੇ ਦੁਹਰਾਇਆ ਕਿ ਸਾਡੀ ਸਰਕਾਰ ਪਾਰਦਰਸ਼ੀ ਸ਼ਾਸਨ, ਰੋਜ਼ਗਾਰ, ਸਿੱਖਿਆ, ਸਿਹਤ ਸੰਭਾਲ, ਸਿੰਜਾਈ ਅਤੇ ਪੇਂਡੂ ਵਿਕਾਸ ਨੂੰ ਪਹਿਲ ਦੇਣਾ ਜਾਰੀ ਰੱਖੇਗੀ ਅਤੇ ਹਰੇਕ ਫ਼ੈਸਲਾ ਲੋਕਾਂ ਦੀ ਭਲਾਈ ਨੂੰ ਧਿਆਨ ਵਿੱਚ ਰੱਖ ਕੇ ਲਿਆ ਜਾਵੇਗਾ।-------------

Honesty-Is-My-Only-Wealth-Cm-Bhagwant-Singh-Mann


About Us


PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.

Meenu Galhotra (Editor)

We are Social


Address


PunjabAMPM
House no 3, street no 1, New Aggar Nagar, behind mediways hospital, Ferozepur road Ludhiana 141001
Mobile: +91 98769 60522
Email: punjabampm0161@gmail.com

Copyright Punjab AMPM | 2023
Website by: Webhead ↑