October 22, 2026 17:24:11

ਭਗਵੰਤ ਮਾਨ ਸਰਕਾਰ ਨਸ਼ਿਆਂ ਦੇ ਖ਼ਾਤਮੇ ਲਈ ਵਚਨਬੱਧ; ਪਿੰਡ ਅਤੇ ਵਾਰਡ ਸੁਰੱਖਿਆ ਕਮੇਟੀਆਂ ਰਾਹੀਂ 1.26 ਲੱਖ ਤੋਂ ਵੱਧ ਮੈਂਬਰ ਲਾਮਬੰਦ ਕੀਤੇ: ਬਰਿੰਦਰ ਕੁਮਾਰ ਗੋਇਲ

Oct22,2026 | Meenu Galhotra | Chandigarh

*‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਆਏ, ਹਜ਼ਾਰਾਂ ਨਸ਼ਾ ਤਸਕਰ ਗ੍ਰਿਫ਼ਤਾਰ ਅਤੇ ਗ਼ੈਰ-ਕਾਨੂੰਨੀ ਜਾਇਦਾਦਾਂ ਢਾਹੀਆਂ: ਬਰਿੰਦਰ ਕੁਮਾਰ ਗੋਇਲ*

*ਨਸ਼ਿਆਂ ਵਿਰੁੱਧ ਲੜਨ ਦੀ ਬਜਾਏ ਸਿਆਸੀ ਵਿਖਾਵੇਬਾਜ਼ੀ ਵਿੱਚ ਜੁਟੀਆਂ ਵਿਰੋਧੀ ਪਾਰਟੀਆਂ ਜਦਕਿ ਭਗਵੰਤ ਮਾਨ ਸਰਕਾਰ ਕਾਰਵਾਈ ’ਤੇ ਕੇਂਦਰਿਤ: ਬਰਿੰਦਰ ਕੁਮਾਰ ਗੋਇਲ*

*ਵਿਰੋਧੀ ਪਾਰਟੀਆਂ ਦੇ ਸ਼ਾਸਨ ਵਾਲੇ ਸੂਬਿਆਂ ਨਾਲੋਂ ਪੰਜਾਬ ਦੀ ਸਥਿਤੀ ਕਿਤੇ ਬਿਹਤਰ: ਬਰਿੰਦਰ ਕੁਮਾਰ ਗੋਇਲ*

*ਸਾਰੇ ਵਾਅਦੇ ਪੂਰੇ ਕਰਨ ਵਾਲੀ ਪਹਿਲੀ ਸਰਕਾਰ, ਪੰਜਾਬ ਦੇ ਭਵਿੱਖ, ਧਰਤੀ ਹੇਠਲੇ ਪਾਣੀ ਅਤੇ ਲੋਕ ਦੇ ਹੱਕਾਂ ਦੀ ਰਾਖੀ ਲਈ ਵਚਨਬੱਧ: ਬਰਿੰਦਰ ਕੁਮਾਰ ਗੋਇਲ*


ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਸ਼ਿਆਂ ਵਿਰੁੱਧ ਭਗਵੰਤ ਮਾਨ ਸਰਕਾਰ ਦੀ ਜ਼ੀਰੋ ਟਾਲਰੈਂਸ ਨੀਤੀ ਨੂੰ ਦੁਹਰਾਉਂਦਿਆਂ ਅੱਜ ਕਿਹਾ ਕਿ ਸਰਕਾਰ ਦੀ ਨਸ਼ਿਆਂ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਲੋਕਾਂ ਦੀ ਸ਼ਮੂਲੀਅਤ ਵਧਾ ਕੇ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਨਸ਼ਿਆਂ ਤੋਂ ਪੀੜਤ ਲੋਕਾਂ ਦੇ ਮੁੜ ਵਸੇਬੇ ਲਈ ਵੀ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਭਰ ਵਿੱਚ ਵਾਰਡ ਅਤੇ ਪਿੰਡ ਸੁਰੱਖਿਆ ਕਮੇਟੀਆਂ ਰਾਹੀਂ 1.26 ਲੱਖ ਤੋਂ ਵੱਧ ਮੈਂਬਰਾਂ ਨੂੰ ਲਾਮਬੰਦ ਕੀਤਾ ਗਿਆ ਹੈ, ਜਦਕਿ ਹਜ਼ਾਰਾਂ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਸਣੇ ਨਸ਼ਿਆਂ ਦੇ ਕਾਰੋਬਾਰ ਰਾਹੀਂ ਗ਼ੈਰ-ਕਾਨੂੰਨੀ ਢੰਗ ਨਾਲ ਹਾਸਲ ਕੀਤੀਆਂ ਜਾਇਦਾਦਾਂ ਵੀ ਢਾਹੀਆਂ ਗਈਆਂ ਹਨ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ, “ਭਗਵੰਤ ਮਾਨ ਸਰਕਾਰ ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਜ਼ਮੀਨੀ ਪੱਧਰ ’ਤੇ ਲਗਾਤਾਰ ਕੰਮ ਕਰ ਰਹੀ ਹੈ। ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਅਸੀਂ ਅਜਿਹੀ ਪਹੁੰਚ ਅਪਣਾਈ ਹੈ ਜਿਸ ਵਿੱਚ ਲੋਕਾਂ ਦੀ ਸ਼ਮੂਲੀਅਤ, ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਅਤੇ ਨਸ਼ਿਆਂ ਤੋਂ ਪੀੜਤ ਲੋਕਾਂ ਦਾ ਮੁੜ ਵਸੇਬਾ ਸ਼ਾਮਲ ਹੈ। ਸਾਡਾ ਟੀਚਾ ਸਪੱਸ਼ਟ ਹੈ ਪੰਜਾਬ ਨੂੰ ਨਸ਼ਿਆਂ ਤੋਂ ਨਿਜਾਤ ਦਿਵਾਉਣਾ ਹੈ।"
ਕੈਬਨਿਟ ਮੰਤਰੀ ਨੇ ਕਿਹਾ, “ਇਸ ਲੜਾਈ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਲਈ ਪੂਰੇ ਪੰਜਾਬ ਵਿੱਚ ਵਾਰਡ ਅਤੇ ਪਿੰਡ ਸੁਰੱਖਿਆ ਕਮੇਟੀਆਂ ਦਾ ਯੋਜਨਾਬੱਧ ਢੰਗ ਨਾਲ ਗਠਨ ਕੀਤਾ ਗਿਆ ਹੈ। ਸੂਬੇ ਭਰ ਵਿੱਚ 1.26 ਲੱਖ ਤੋਂ ਵੱਧ ਮੈਂਬਰਾਂ ਨੂੰ ਲਾਮਬੰਦ ਕਰਕੇ ਲੋਕਾਂ ਦੀ ਭਾਗੀਦਾਰੀ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ ਤਾਂ ਜੋ ਨਸ਼ਿਆਂ ਵਿਰੁੱਧ ਮੁਹਿੰਮ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚ ਸਕੇ।”
ਉਨ੍ਹਾਂ ਕਿਹਾ, “ਅਸੀਂ ਨਸ਼ਿਆਂ ਦੀ ਸਪਲਾਈ ਚੇਨ ਵਿਰੁੱਧ ਵੱਡੀ ਕਾਰਵਾਈ ਸ਼ੁਰੂ ਕੀਤੀ ਹੈ। ਨਸ਼ਾ ਵੇਚਣ ਵਾਲਿਆਂ ਅਤੇ ਤਸਕਰਾਂ ਵੱਲੋਂ ਗ਼ੈਰ-ਕਾਨੂੰਨੀ ਢੰਗ ਨਾਲ ਹਾਸਲ ਕੀਤੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਅਤੇ ਢਾਹੁਣ ਦੀ ਕਾਰਵਾਈ ਨਿਰੰਤਰ ਜਾਰੀ ਹੈ ਤਾਂ ਜੋ ਉਨ੍ਹਾਂ ਦੇ ਨੈੱਟਵਰਕ ਨੂੰ ਬੇਅਸਰ ਕਰਕੇ ਨਸ਼ਿਆਂ ਦੇ ਗ਼ੈਰ-ਕਾਨੂੰਨੀ ਕਾਰੋਬਾਰ ਦਾ ਲੱਕ ਤੋੜਿਆ ਜਾ ਸਕੇ।’’
ਵਿਰੋਧੀ ਪਾਰਟੀਆਂ ਨੂੰ ਕਰੜੇ ਹੱਥੀਂ ਲੈਂਦਿਆਂ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਉਹ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਕੀਤੇ ਜਾ ਰਹੇ ਨਿਰੰਤਰ ਯਤਨਾਂ ਨੂੰ ਸਵੀਕਾਰ ਕਰਨ ਦੀ ਥਾਂ ਸਿਆਸੀ ਵਿਖਾਵੇਬਾਜ਼ੀ ਕਰ ਰਹੀਆਂ ਹਨ ਅਤੇ ਪੰਜਾਬ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ। ਉਨ੍ਹਾਂ ਕਿਹਾ, “ਅਸੀਂ ਵਿਰੋਧੀਆਂ ਵਾਂਗ ਦਿਖਾਵੇਬਾਜ਼ੀ ਦੀ ਬਜਾਏ ਜ਼ਮੀਨੀ ਪੱਧਰ ’ਤੇ ਕੰਮ ਕਰਕੇ ਨਤੀਜੇ ਦੇ ਰਹੇ ਹਾਂ। ਜਦੋਂ ਅਸੀਂ ਨਸ਼ਿਆਂ ਦੇ ਖ਼ਾਤਮੇ ਲਈ ਲਗਾਤਾਰ ਯਤਨ ਕਰ ਰਹੇ ਹਾਂ ਤਾਂ ਵਿਰੋਧੀ ਪਾਰਟੀਆਂ ਪੰਜਾਬ ਦੇ ਭਵਿੱਖ ਨੂੰ ਸੁਰੱਖਿਅਤ ਬਣਾਉਣ ਲਈ ਕੀਤੇ ਜਾ ਰਹੇ ਯਤਨਾਂ ਨੂੰ ਗੁਮਰਾਹਕੁੰਨ ਬਿਆਨਬਾਜ਼ੀ ਕਰਕੇ ਸੂਬੇ ਨੂੰ ਬਦਨਾਮ ਕਰਨ ਵਿੱਚ ਜੁਟੀਆਂ ਹੋਈਆਂ ਹਨ।’’
ਉਨ੍ਹਾਂ ਕਿਹਾ, “ਕਾਨੂੰਨ ਵਿਵਸਥਾ ਅਤੇ ਨਸ਼ਿਆਂ ’ਤੇ ਕਾਬੂ ਪਾਉਣ ਵਿੱਚ ਪੰਜਾਬ ਦੀ ਸਥਿਤੀ ਵਿਰੋਧੀ ਪਾਰਟੀਆਂ ਦੇ ਸ਼ਾਸਨ ਵਾਲੇ ਸੂਬਿਆਂ ਨਾਲੋਂ ਕਿਤੇ ਬਿਹਤਰ ਹੈ। ਸਿਆਸੀ ਪਾਰਟੀਆਂ ਨੂੰ ਲੋਕਾਂ ਨੂੰ ਗੁਮਰਾਹ ਕਰਨ ਅਤੇ ਸਿਆਸੀ ਬਿਆਨਬਾਜ਼ੀ ਕਰਨ ਦੀ ਬਜਾਏ ਆਪਣੇ ਸ਼ਾਸਨ ਵਾਲੇ ਸੂਬਿਆਂ ਦੇ ਰਿਕਾਰਡ ’ਤੇ ਝਾਤ ਮਾਰਨੀ ਚਾਹੀਦੀ ਹੈ।”
ਭਗਵੰਤ ਮਾਨ ਸਰਕਾਰ ਦੀ ਕਾਰਜਸ਼ੈਲੀ ਦੀ ਤੁਲਨਾ ਵਿਰੋਧੀ ਪਾਰਟੀਆਂ ਦੇ ਪਿਛਲੇ ਕੰਮਾਂ ਨਾਲ ਕਰਦਿਆਂ ਬਰਿੰਦਰ ਕੁਮਾਰ ਗੋਇਲ ਨੇ ਕਿਹਾ, “ਵਿਰੋਧੀਆਂ ਵਾਂਗ ਅਸੀਂ ਮਹਿਜ਼ ਦਿਖਾਵੇ ਲਈ ਐਂਟੀ-ਡਰੱਗ ਮਾਰਚ ਨਹੀਂ ਕੱਢੇ ਅਤੇ ਨਾ ਹੀ 10 ਤੋਂ 12 ਦਿਨਾਂ ਵਿੱਚ ਨਸ਼ੇ ਖ਼ਤਮ ਕਰਨ ਦੇ ਦਾਅਵੇ ਕਰਕੇ ਸਿਆਸੀ ਡਰਾਮੇਬਾਜ਼ੀ ਕੀਤੀ। ਅਸੀਂ ਗੁਟਕਾ ਸਾਹਿਬ ਦੀ ਝੂਠੀ ਸਹੁੰ ਵੀ ਨਹੀਂ ਖਾਧੀ। ਸਾਡੀ ਪਹੁੰਚ ਲਗਾਤਾਰ ਜ਼ਮੀਨੀ ਪੱਧਰ ’ਤੇ ਕੰਮ ਕਰਕੇ ਠੋਸ ਨਤੀਜੇ ਦੇਣ ਦੀ ਰਹੀ ਹੈ।”
ਉਨ੍ਹਾਂ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਪਿਛਲੇ ਲਗਭਗ ਡੇਢ-ਦੋ ਸਾਲਾਂ ਤੋਂ ਚੱਲ ਰਹੀ ਹੈ ਅਤੇ ਇਸ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਹਜ਼ਾਰਾਂ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਨਸ਼ਿਆਂ ਦੀ ਅਲਾਮਤ ਤੋਂ ਪੀੜਤ ਲੋਕਾਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿੱਚ ਭੇਜਿਆ ਗਿਆ ਹੈ। ਇਸ ਤੋਂ ਇਲਾਵਾ ਨਸ਼ਾ ਤਸਕਰੀ ਰਾਹੀਂ ਹਾਸਲ ਕੀਤੀਆਂ ਜਾਇਦਾਦਾਂ ਵੀ ਢਾਹੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਨੈੱਟਵਰਕ ਨੂੰ ਤੋੜਨ ਲਈ ਅਜਿਹੀ ਨਿਰੰਤਰ ਅਤੇ ਸਖ਼ਤ ਕਾਰਵਾਈ ਜ਼ਰੂਰੀ ਹੈ।
ਭਗਵੰਤ ਮਾਨ ਸਰਕਾਰ ਦੇ ਪ੍ਰਸ਼ਾਸਨਿਕ ਏਜੰਡੇ ਦਾ ਜ਼ਿਕਰ ਕਰਦਿਆਂ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਹਨ। ਅਸੀਂ ਠੋਸ ਕਾਰਵਾਈ ਅਤੇ ਜ਼ਿੰਮੇਵਾਰ ਪ੍ਰਸ਼ਾਸਨ ਰਾਹੀਂ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਵਚਨਬੱਧ ਹਾਂ।’’
ਉਨ੍ਹਾਂ ਕਿਹਾ, “ਅਸੀਂ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਹੈ। ਨਸ਼ਿਆਂ ਦੇ ਨੈੱਟਵਰਕ ਦਾ ਸਫ਼ਾਇਆ ਕਰਨ ਅਤੇ ਵਾਤਾਵਰਣ ਦੀ ਸੰਭਾਲ ਸਬੰਧੀ ਨੀਤੀਆਂ ਨੂੰ ਪ੍ਰਭਾਵੀ ਢੰਗ ਨਾਲ ਲਾਗੂ ਕਰਕੇ ਅਸੀਂ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਦੇ ਨਾਲ-ਨਾਲ ਧਰਤੀ ਹੇਠਲੇ ਸਾਡੇ ਕੀਮਤੀ ਪਾਣੀ ਦੇ ਭੰਡਾਰਾਂ ਦੀ ਰਾਖੀ ਵੀ ਕਰ ਰਹੇ ਹਾਂ।’’
ਸੂਬੇ ਦੇ ਵਡੇਰੇ ਹਿੱਤਾਂ ਪ੍ਰਤੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਵਿਰੁੱਧ ਕਾਰਵਾਈ ਹੋਰ ਤੇਜ਼ ਕਰਦੀ ਰਹੇਗੀ ਅਤੇ ਇਸ ਦੇ ਨਾਲ ਲੋਕ ਭਲਾਈ, ਵਾਤਾਵਰਣ ਦੀ ਸੰਭਾਲ ਅਤੇ ਨਾਗਰਿਕਾਂ ਦੀ ਭਲਾਈ ਨੂੰ ਤਰਜੀਹ ਦਿੱਤੀ ਜਾਵੇਗੀ। ਉਨ੍ਹਾਂ ਕਿਹਾ, “ਸਾਡਾ ਸੁਪਨਾ ਖੁਸ਼ਹਾਲ, ਸਿਹਤਮੰਦ ਅਤੇ ਨਸ਼ਾ ਮੁਕਤ ਪੰਜਾਬ ਬਣਾਉਣਾ ਹੈ। ਅਸੀਂ ਆਪਣੇ ਨੌਜਵਾਨੀ ਦੀ ਰਾਖੀ , ਨਸ਼ਾ ਤਸਕਰੀ ਨੈੱਟਵਰਕ ਨੂੰ ਤੋੜਨ ਅਤੇ ਸੂਬੇ ਦੇ ਹਰ ਨਾਗਰਿਕ ਲਈ ਸੁਰੱਖਿਅਤ ਭਵਿੱਖ ਯਕੀਨੀ ਬਣਾਉਣ ਲਈ ਲਗਾਤਾਰ ਯਤਨ ਕਰਦੇ ਰਹਾਂਗੇ।’’

------

Bhagwant-Mann-Govt-Committed-To-Wiping-Out-Drug-Menace-1-26-Lakh-Members-Mobilised-Through-Village-Ward-Defence-Committees-Barinder-Kumar-Goyal


About Us


PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.

Meenu Galhotra (Editor)

We are Social


Address


PunjabAMPM
House no 3, street no 1, New Aggar Nagar, behind mediways hospital, Ferozepur road Ludhiana 141001
Mobile: +91 98769 60522
Email: punjabampm0161@gmail.com

Copyright Punjab AMPM | 2023
Website by: Webhead ↑