November 4, 2026 03:52:56

ਡਾ. ਬਲਜੀਤ ਕੌਰ: ਪੰਜਾਬ ਸਰਕਾਰ ਵੱਲੋਂ ਐਸ.ਸੀ. ਵਿਦਿਆਰਥੀਆਂ ਦੇ ਉੱਚ ਸਿੱਖਿਆ ਦੇ ਸੁਪਨਿਆਂ ਨੂੰ ਮਿਲ ਰਿਹਾ ਮਜ਼ਬੂਤ ਸਹਾਰਾ; 2026-27 ਵਿੱਚ 2.70 ਲੱਖ ਵਿਦਿਆਰਥੀਆਂ ਨੂੰ ਮਿਲੇਗਾ ਸਕਾਲਰਸ਼ਿਪ ਦਾ ਲਾਭ

Oct31,2026 | Meenu Galhotra | Chandigarh

*ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਸੰਕਲਪ—ਆਰਥਿਕ ਤੰਗੀ ਕਾਰਨ ਕੋਈ ਵੀ ਯੋਗ ਵਿਦਿਆਰਥੀ ਉੱਚ ਸਿੱਖਿਆ ਤੋਂ ਵਾਂਝਾ ਨਾ ਰਹੇ*

*ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ₹245 ਕਰੋੜ ਦਾ ਪ੍ਰਸਤਾਵਿਤ ਖਰਚ; ਸਾਲ 2020-21 ਦੇ ਮੁਕਾਬਲੇ 2025-26 ਵਿੱਚ ਲਾਭਪਾਤਰੀ ਵਿਦਿਆਰਥੀਆਂ ਦੀ ਗਿਣਤੀ ਵਿੱਚ 40 ਫੀਸਦੀ ਵਾਧਾ*

*ਐਨ.ਐਸ.ਪੀ. ਪੋਰਟਲ ਰਾਹੀਂ ਸੁਚਾਰੂ ਅਰਜ਼ੀ ਪ੍ਰਕਿਰਿਆ; ਵਿਦਿਆਰਥੀਆਂ ਦੀ ਸਹੂਲਤ ਲਈ ਜਾਗਰੂਕਤਾ ਅਤੇ ਸਹਾਇਤਾ ’ਤੇ ਵਿਸ਼ੇਸ਼ ਜ਼ੋਰ*

*ਡਾ. ਬਲਜੀਤ ਕੌਰ ਵੱਲੋਂ ਵਿਦਿਆਰਥੀਆਂ ਨੂੰ ਸਕੀਮ ਦਾ ਵੱਧ ਤੋਂ ਵੱਧ ਲਾਭ ਲੈ ਕੇ ‘ਰੰਗਲਾ ਪੰਜਾਬ’ ਦੀ ਉਸਾਰੀ ਵਿੱਚ ਯੋਗਦਾਨ ਪਾਉਣ ਦੀ ਅਪੀਲ*


ਸਮਾਜਿਕ ਨਿਆਂ ਅਤੇ ਸਿੱਖਿਆ ਦੇ ਖੇਤਰ ਵਿੱਚ ਬਰਾਬਰੀ ਦੇ ਮੌਕੇ ਯਕੀਨੀ ਬਣਾਉਣ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇਹ ਯਕੀਨੀ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਕਿ ਆਰਥਿਕ ਮੁਸ਼ਕਲਾਂ ਕਿਸੇ ਵੀ ਅਨੁਸੂਚਿਤ ਜਾਤੀ ਦੇ ਵਿਦਿਆਰਥੀ ਦੀ ਉੱਚ ਸਿੱਖਿਆ ਦੇ ਰਾਹ ਵਿੱਚ ਰੁਕਾਵਟ ਨਾ ਬਣਨ।
ਸਾਲ 2026-27 ਦੇ ਬਜਟ ਪ੍ਰਸਤਾਵਾਂ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਕਰੀਬ 2.70 ਲੱਖ ਅਨੁਸੂਚਿਤ ਜਾਤੀ ਵਿਦਿਆਰਥੀਆਂ ਨੂੰ ਲਾਭ ਪਹੁੰਚਾਉਣ ਦਾ ਟੀਚਾ ਰੱਖਿਆ ਗਿਆ ਹੈ, ਜਿਸ ਲਈ ਲਗਭਗ ₹245 ਕਰੋੜ ਦਾ ਅਨੁਮਾਨਿਤ ਖਰਚ ਪ੍ਰਸਤਾਵਿਤ ਹੈ। ਉਨ੍ਹਾਂ ਕਿਹਾ ਕਿ ਇਹ ਕਦਮ ਐਸ.ਸੀ. ਵਿਦਿਆਰਥੀਆਂ ਦੇ ਵਿਦਿਅਕ ਸਸ਼ਕਤੀਕਰਨ ਅਤੇ ਉਨ੍ਹਾਂ ਨੂੰ ਉੱਚ ਸਿੱਖਿਆ ਦੇ ਬਰਾਬਰ ਮੌਕੇ ਪ੍ਰਦਾਨ ਕਰਨ ਪ੍ਰਤੀ ਪੰਜਾਬ ਸਰਕਾਰ ਦੀ ਮਜ਼ਬੂਤ ਵਚਨਬੱਧਤਾ ਨੂੰ ਦਰਸਾਉਂਦਾ ਹੈ।
ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਨੂੰ ਪੂਰੀ ਪਾਰਦਰਸ਼ਤਾ ਅਤੇ ਸਮਰਪਣ ਨਾਲ ਲਾਗੂ ਕੀਤਾ ਜਾ ਰਿਹਾ ਹੈ, ਜਿਸ ਸਦਕਾ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਨਾਲ ਸਬੰਧਤ ਵਿਦਿਆਰਥੀ ਉੱਚ ਸਿੱਖਿਆ ਹਾਸਲ ਕਰਕੇ ਆਪਣੇ ਸੁਪਨੇ ਸਾਕਾਰ ਕਰ ਰਹੇ ਹਨ।
ਸਕੀਮ ਦੀ ਪ੍ਰਗਤੀ ਬਾਰੇ ਦੱਸਦਿਆਂ ਮੰਤਰੀ ਨੇ ਕਿਹਾ ਕਿ ਸਾਲ 2020-21 ਦੇ ਮੁਕਾਬਲੇ ਸਾਲ 2025-26 ਵਿੱਚ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦਾ ਲਾਭ ਲੈਣ ਵਾਲੇ ਵਿਦਿਆਰਥੀਆਂ ਦੀ ਗਿਣਤੀ ਵਿੱਚ 40 ਫੀਸਦੀ ਵਾਧਾ ਹੋਇਆ ਹੈ, ਜੋ ਕਿ ਸਕੀਮ ਦੀ ਵਧਦੀ ਪਹੁੰਚ ਅਤੇ ਸਰਕਾਰ ਵੱਲੋਂ ਯੋਗ ਵਿਦਿਆਰਥੀਆਂ ਤੱਕ ਲਾਭ ਪਹੁੰਚਾਉਣ ਲਈ ਕੀਤੇ ਜਾ ਰਹੇ ਯਤਨਾਂ ਦਾ ਪ੍ਰਮਾਣ ਹੈ।
ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਮਿਤੀ 30 ਜਨਵਰੀ, 2026 ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਵਿਸ਼ੇਸ਼ ਜਾਗਰੂਕਤਾ ਸਮਾਗਮ ਕਰਵਾਇਆ ਗਿਆ, ਜਿਸ ਵਿੱਚ 10 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਵੱਲੋਂ ਭਾਗ ਲਿਆ ਗਿਆ। ਉਨ੍ਹਾਂ ਕਿਹਾ ਕਿ ਇਸ ਸਮਾਗਮ ਦਾ ਉਦੇਸ਼ ਵਿਦਿਆਰਥੀਆਂ ਨੂੰ ਸਕੀਮ ਸਬੰਧੀ ਜਾਣਕਾਰੀ ਮੁਹੱਈਆ ਕਰਵਾਉਣਾ ਅਤੇ ਉਨ੍ਹਾਂ ਨੂੰ ਇਸ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਉਤਸ਼ਾਹਿਤ ਕਰਨਾ ਸੀ।
ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਸਹੂਲਤ ਲਈ ਸਕੀਮ ਨੂੰ ਨੈਸ਼ਨਲ ਸਕਾਲਰਸ਼ਿਪ ਪੋਰਟਲ (NSP) ਰਾਹੀਂ ਆਨਲਾਈਨ ਲਾਗੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਅਰਜ਼ੀ ਪ੍ਰਕਿਰਿਆ ਸਬੰਧੀ ਜਾਣਕਾਰੀ, ਤਕਨੀਕੀ ਸਮੱਸਿਆਵਾਂ ਦੇ ਹੱਲ ਅਤੇ ਸਕੀਮ ਬਾਰੇ ਜਾਗਰੂਕਤਾ ਲਈ ਵਿਭਾਗ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਅਧਿਕਾਰੀਆਂ ਅਤੇ ਵਿੱਦਿਅਕ ਸੰਸਥਾਵਾਂ ਨੂੰ ਵੀ ਨਿਰਦੇਸ਼ ਦਿੱਤੇ ਕਿ ਉਹ ਯੋਗ ਵਿਦਿਆਰਥੀਆਂ ਨੂੰ ਪੂਰਾ ਸਹਿਯੋਗ ਪ੍ਰਦਾਨ ਕਰਨ ਤਾਂ ਜੋ ਕੋਈ ਵੀ ਵਿਦਿਆਰਥੀ ਜਾਣਕਾਰੀ ਦੀ ਘਾਟ ਕਾਰਨ ਸਕੀਮ ਦੇ ਲਾਭ ਤੋਂ ਵਾਂਝਾ ਨਾ ਰਹੇ।
ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਕੇਵਲ ਵਿੱਤੀ ਸਹਾਇਤਾ ਪ੍ਰਦਾਨ ਕਰਨਾ ਹੀ ਨਹੀਂ, ਸਗੋਂ ਐਸ.ਸੀ. ਵਿਦਿਆਰਥੀਆਂ ਨੂੰ ਸਿੱਖਿਆ ਰਾਹੀਂ ਆਤਮਨਿਰਭਰ, ਸਸ਼ਕਤ ਅਤੇ ਸਮਾਜ ਦੀ ਮੁੱਖ ਧਾਰਾ ਨਾਲ ਜੋੜਨਾ ਵੀ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਦੇ ਮੌਕੇ ਵਧਾ ਕੇ ਹੀ ਨੌਜਵਾਨਾਂ ਦੀ ਸਮਰੱਥਾ ਨੂੰ ਸਹੀ ਦਿਸ਼ਾ ਦਿੱਤੀ ਜਾ ਸਕਦੀ ਹੈ ਅਤੇ ਇੱਕ ਬਰਾਬਰੀ ਵਾਲੇ ਤੇ ਖੁਸ਼ਹਾਲ ਪੰਜਾਬ ਦੀ ਨੀਂਹ ਮਜ਼ਬੂਤ ਕੀਤੀ ਜਾ ਸਕਦੀ ਹੈ।
ਮੰਤਰੀ ਨੇ ਕਿਹਾ ਕਿ ਸਿੱਖਿਆ ਸਮਾਜਿਕ ਬਰਾਬਰੀ, ਆਰਥਿਕ ਤਰੱਕੀ ਅਤੇ ਸਸ਼ਕਤੀਕਰਨ ਦਾ ਸਭ ਤੋਂ ਮਜ਼ਬੂਤ ਸਾਧਨ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੌਜਵਾਨਾਂ ਦੀਆਂ ਆਸਾਂ ਅਤੇ ਸੁਪਨਿਆਂ ਨੂੰ ਪੂਰਾ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ ਤਾਂ ਜੋ ਇੱਕ ਖੁਸ਼ਹਾਲ, ਤਰੱਕੀਸ਼ੀਲ ਅਤੇ ‘ਰੰਗਲਾ ਪੰਜਾਬ’ ਬਣਾਉਣ ਦਾ ਸੁਪਨਾ ਸਾਕਾਰ ਕੀਤਾ ਜਾ ਸਕੇ।
ਡਾ. ਬਲਜੀਤ ਕੌਰ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ, ਉੱਚ ਸਿੱਖਿਆ ਹਾਸਲ ਕਰਨ ਲਈ ਪੂਰੀ ਲਗਨ ਨਾਲ ਯਤਨ ਕਰਨ ਅਤੇ ਪੰਜਾਬ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਯੋਗ ਵਿਦਿਆਰਥੀ ਦੇ ਨਾਲ ਖੜ੍ਹੀ ਹੈ ਅਤੇ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਆਰਥਿਕ ਕਮਜ਼ੋਰੀ ਕਿਸੇ ਵੀ ਵਿਦਿਆਰਥੀ ਦੇ ਉੱਜਵਲ ਭਵਿੱਖ ਦੇ ਰਾਹ ਵਿੱਚ ਰੁਕਾਵਟ ਨਾ ਬਣੇ।
--------

Dr-Baljit-Kaur-Punjab-Government-Strengthens-Support-For-Sc-Students-Higher-Education-Dreams-2-70-Lakh-Students-To-Benefit-Under-Post-matric-Scholarship-Scheme-In-2026-27


About Us


PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.

Meenu Galhotra (Editor)

We are Social


Address


PunjabAMPM
House no 3, street no 1, New Aggar Nagar, behind mediways hospital, Ferozepur road Ludhiana 141001
Mobile: +91 98769 60522
Email: punjabampm0161@gmail.com

Copyright Punjab AMPM | 2023
Website by: Webhead ↑