ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਚੰਡੀਗੜ੍ਹ ਸਥਿਤ ਮੁੱਖ ਦਫ਼ਤਰ ਵਿਖੇ ਅੱਜ 'ਸੰਵਿਧਾਨ ਦਿਵਸ' ਮਨਾਇਆ ਗਿਆ। ਇਸ ਮੌਕੇ ਭਾਰਤੀ ਸੰਵਿਧਾਨ ਦੀ ਮਹੱਤਤਾ, ਇਸ ਦੇ ਮੂਲ ਸਿਧਾਂਤਾਂ ਅਤੇ ਨਾਗਰਿਕਾਂ ਦੇ ਮਾਣ, ਅਧਿਕਾਰਾਂ ਅਤੇ ਸੁਤੰਤਰਤਾ ਦੀ ਰਾਖੀ ਵਿੱਚ ਇਸ ਦੀ ਭੂਮਿਕਾ ਬਾਰੇ ਵਿਆਪਕ ਚਰਚਾ ਕੀਤੀ ਗਈ।
ਇਸ ਮੌਕੇ, ਸੰਸਥਾ ਦੇ ਸੰਗ੍ਰਹਿ ਵਿੱਚ ਵਡਮੁੱਲਾ ਵਾਧਾ ਕਰਦਿਆਂ ਪੰਜਾਬ ਰਾਜ ਸੂਚਨਾ ਕਮਿਸ਼ਨ ਦੀ ਲਾਇਬ੍ਰੇਰੀ ਵਿੱਚ ਭਾਰਤੀ ਸੰਵਿਧਾਨ ਦੀਆਂ ਜਿਲਦਾਂ ਰੱਖੀਆਂ ਗਈਆਂ।
ਪੰਜਾਬ ਦੇ ਮੁੱਖ ਸੂਚਨਾ ਕਮਿਸ਼ਨਰ, ਸ੍ਰੀ ਇੰਦਰਪਾਲ ਸਿੰਘ ਧੰਨਾ ਨੇ ਕਿਹਾ ਕਿ ਭਾਰਤੀ ਸੰਵਿਧਾਨ ਹਰੇਕ ਨਾਗਰਿਕ ਦੇ ਮਾਣ-ਸਤਿਕਾਰ ਨੂੰ ਬਰਕਰਾਰ ਰੱਖਦਾ ਹੈ ਅਤੇ ਇਹ ਲੋਕਤੰਤਰੀ ਕਦਰਾਂ-ਕੀਮਤਾਂ ਤੇ ਨਿਆਂ ਦਾ ਮੁੱਖ ਆਧਾਰ ਹੈ।
ਚੰਡੀਗੜ੍ਹ ਸਥਿਤ ਸੂਚਨਾ ਕਮਿਸ਼ਨ ਦੇ ਮੁੱਖ ਦਫ਼ਤਰ ਵਿਖੇ ਕਰਵਾਏ ਇਸ ਸਮਾਗਮ ਵਿੱਚ ਰਾਜ ਸੂਚਨਾ ਕਮਿਸ਼ਨਰ ਵਰਿੰਦਰਜੀਤ ਸਿੰਘ ਬਿਲਿੰਗ, ਡਾ. ਭੁਪਿੰਦਰ ਐਸ. ਬਾਠ ਅਤੇ ਹਰਪ੍ਰੀਤ ਸੰਧੂ ਵੀ ਸ਼ਾਮਲ ਹੋਏ।
ਪੰਜਾਬ ਦੇ ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਨੇ ਕਿਹਾ ਕਿ 'ਸੰਵਿਧਾਨ ਦਿਵਸ' ਸਾਨੂੰ ਭਾਰਤ ਦੇ ਸੰਵਿਧਾਨ ਵਿੱਚ ਦਰਜ ਆਦਰਸ਼ਾਂ ਦੀ ਰਾਖੀ ਕਰਨ, ਉਨ੍ਹਾਂ ਨੂੰ ਕਾਇਮ ਰੱਖਣ ਅਤੇ ਉਨ੍ਹਾਂ ਦਾ ਸਤਿਕਾਰ ਕਰਨ ਦਾ ਸੁਨੇਹਾ ਦਿੰਦਾ ਹੈ। ਇਹ ਹਰੇਕ ਨਾਗਰਿਕ ਨੂੰ ਇੱਕ ਨਿਆਂਪੂਰਨ, ਸਮਾਨਤਾ ਵਾਲੇ ਅਤੇ ਸਾਰਿਆਂ ਲਈ ਬਰਾਬਰ ਸਮਾਜ ਦੀ ਸਿਰਜਣਾ ਵਿੱਚ ਯੋਗਦਾਨ ਪਾਉਣ ਸਬੰਧੀ ਆਪਣੇ ਫਰਜ਼ ਦੀ ਯਾਦ ਦਿਵਾਉਂਦਾ ਹੈ। ਇਸ ਤਰ੍ਹਾਂ ਇਹ ਸਾਡੇ ਸੰਵਿਧਾਨ ਦੇ ਨਿਰਮਾਤਾਵਾਂ ਦੇ ਸੁਪਨਿਆਂ ਅਤੇ ਵਿਰਾਸਤ ਦਾ ਸਨਮਾਨ ਕਰਦਾ ਹੈ। ਉਨ੍ਹਾਂ ਅੱਗੇ ਕਿਹਾ ਕਿ 'ਸੰਵਿਧਾਨ ਦਿਵਸ' ਸਬੰਧਤ ਅਧਿਕਾਰੀਆਂ ਨੂੰ ਇੱਕ ਅਹਿਮ ਮੌਕਾ ਪ੍ਰਦਾਨ ਕਰਦਾ ਹੈ ਕਿ ਉਹ ਸਾਰਿਆਂ ਲਈ, ਖਾਸ ਕਰਕੇ ਗਰੀਬ, ਕਮਜ਼ੋਰ ਅਤੇ ਸਮਾਜ ਦੇ ਹਾਸ਼ੀਏ 'ਤੇ ਰਹਿ ਰਹੇ ਵਰਗਾਂ ਲਈ ਬਰਾਬਰ ਅਤੇ ਪਹੁੰਚਯੋਗ ਨਿਆਂ ਯਕੀਨੀ ਬਣਾਉਣ, ਤਾਂ ਜੋ ਸੰਵਿਧਾਨਕ ਗਾਰੰਟੀਆਂ ਨੂੰ ਹਰੇਕ ਨਾਗਰਿਕ ਲਈ ਨਿਆਂ ਅਤੇ ਮਾਣ-ਸਤਿਕਾਰ ਵਿੱਚ ਬਦਲਿਆ ਜਾ ਸਕੇ।
PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.
Meenu Galhotra (Editor)