*— ਗ੍ਰਿਫ਼ਤਾਰ ਦੋਸ਼ੀ ਇੰਸਟਾਗ੍ਰਾਮ ਅਤੇ ਵਟਸਐਪ ਰਾਹੀਂ ਸ਼ਹਿਜ਼ਾਦ ਭੱਟੀ ਨਾਲ ਸਿੱਧੇ ਸੰਪਰਕ ਵਿੱਚ ਸੀ: ਡੀਜੀਪੀ ਗੌਰਵ ਯਾਦਵ*
*— ਇਸ ਮਾਮਲੇ ਵਿੱਚ ਅਗਲੇਰੀ ਜਾਂਚ ਜਾਰੀ: ਏਆਈਜੀ ਐਸਐਸਓਸੀ ਦੀਪਕ ਪਾਰਿਕ*
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਪਾਕਿਸਤਾਨ-ਅਧਾਰਤ ਅੱਤਵਾਦੀ ਨੈੱਟਵਰਕ ਵਿਰੁੱਧ ਵੱਡੀ ਸਫ਼ਲਤਾ ਹਾਸਲ ਕਰਦਿਆਂ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਐਸਏਐਸ ਨਗਰ ਨੇ ਪਾਕਿਸਤਾਨ-ਅਧਾਰਤ ਅੱਤਵਾਦੀ ਸ਼ਹਿਜ਼ਾਦ ਭੱਟੀ ਦੇ ਮੁੱਖ ਸਾਥੀ ਨੂੰ .30 ਬੋਰ ਪਿਸਤੌਲ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਰਮਨ ਕੁਮਾਰ ਉਰਫ਼ ਗੋਲੂ ਵਾਸੀ ਗੰਗਿਆਲ, ਜੰਮੂ ਵਜੋਂ ਹੋਈ ਹੈ। ਰਮਨ ਕੁਮਾਰ ਉਰਫ਼ ਗੋਲੂ ਨੂੰ ਅੰਬਾਲਾ ਪੁਲਿਸ ਨੇ ਲਗਭਗ ਇੱਕ ਹਫ਼ਤਾ
ਪਹਿਲਾਂ ਅੰਬਾਲਾ ਦੇ ਥਾਣੇ ਵਿੱਚ ਹੋਏ ਧਮਾਕੇ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ, ਜੋ ਕਿ ਸ਼ਹਿਜ਼ਾਦ ਭੱਟੀ ਦੇ ਨਿਰਦੇਸ਼ਾਂ 'ਤੇ ਕੀਤਾ ਗਿਆ ਸੀ, ਜਿਸ ਵਿੱਚ ਮੁਲਜ਼ਮ ਨੇ ਭੱਟੀ ਦੇ ਇਸ਼ਾਰੇ 'ਤੇ ਦੋਸ਼ੀਆਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਸੀ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਇੰਸਟਾਗ੍ਰਾਮ ਅਤੇ ਵਟਸਐਪ ਸਮੇਤ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਸ਼ਹਿਜ਼ਾਦ ਭੱਟੀ ਨਾਲ ਸਿੱਧੇ ਸੰਪਰਕ ਵਿੱਚ ਸੀ ਅਤੇ ਅੰਬਾਲਾ ਥਾਣਾ ਧਮਾਕੇ ਦੇ ਮਾਮਲੇ ਵਿੱਚ ਸ਼ਾਮਲ ਸੀ ਅਤੇ ਉਸਨੇ ਦੋਸ਼ੀਆਂ ਨੂੰ ਵਿੱਤੀ ਸਹਾਇਤਾ ਵੀ ਪ੍ਰਦਾਨ ਕੀਤੀ ਸੀ।
ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।
ਏਆਈਜੀ ਐਸਐਸਓਸੀ ਐਸਏਐਸ ਨਗਰ ਦੀਪਕ ਪਾਰਿਕ ਨੇ ਕਾਰਵਾਈ ਸਬੰਧੀ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਪੁਲਿਸ ਟੀਮਾਂ ਨੇ ਜੰਮੂ ਦੇ ਗੌਰਵ ਸਿੰਘ, ਜੋ ਕਿ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਿਹਾ ਸੀ, ਨੂੰ ਮੋਹਾਲੀ ਤੋਂ ਗ੍ਰਿਫ਼ਤਾਰ ਕੀਤਾ ਸੀ ਅਤੇ ਪੁੱਛਗਿੱਛ ਦੌਰਾਨ ਉਸਨੇ ਦੱਸਿਆ ਸੀ ਕਿ ਸ਼ਹਿਜ਼ਾਦ ਭੱਟੀ ਨੇ ਟਾਰਗੇਟ ਕਿਲਿੰਗ ਦੇ ਉਦੇਸ਼ ਨਾਲ ਰਮਨ ਕੁਮਾਰ ਉਰਫ਼ ਗੋਲੂ ਵਜੋਂ ਪਛਾਣੇ ਗਏ ਇੱਕ ਹੋਰ ਵਿਅਕਤੀ ਨੂੰ ਪਿਸਤੌਲ ਮੁਹੱਈਆ ਕਰਵਾਇਆ ਸੀ।
ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਮੁਲਜ਼ਮ ਗੌਰਵ ਦੇ ਖੁਲਾਸੇ ਤੋਂ ਬਾਅਦ, ਮੁਲਜ਼ਮ ਰਮਨ ਕੁਮਾਰ ਨੂੰ ਪ੍ਰੋਡਕਸ਼ਨ ਵਾਰੰਟ ´ਤੇ ਅੰਬਾਲਾ ਜੇਲ੍ਹ ਤੋਂ ਪੰਜਾਬ ਲਿਆਂਦਾ ਗਿਆ ਸੀ ਅਤੇ ਸਬੰਧਤ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਜਾਂਚ ਦੌਰਾਨ ਪੁਲਿਸ ਟੀਮਾਂ ਨੇ ਉਸ ਦੇ ਖੁਲਾਸਿਆਂ ਦੇ ਆਧਾਰ 'ਤੇ ਉਸ ਤੋਂ .30 ਬੋਰ ਪਿਸਤੌਲ ਬਰਾਮਦ ਕੀਤਾ ਹੈ।
ਏਆਈਜੀ ਨੇ ਕਿਹਾ ਕਿ ਮੁਲਜ਼ਮ ਲੰਬੇ ਸਮੇਂ ਤੋਂ ਅੱਤਵਾਦੀ ਸ਼ਹਿਜ਼ਾਦ ਭੱਟੀ ਦੇ ਸੰਪਰਕ ਵਿੱਚ ਸੀ ਅਤੇ ਉਸ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਿਹਾ ਸੀ। ਪੁੱਛਗਿੱਛ ਦੌਰਾਨ ਮੁਲਜ਼ਮ ਰਮਨ ਕੁਮਾਰ ਨੇ ਖੁਲਾਸਾ ਕੀਤਾ ਕਿ ਉਸ ਦੀ ਜੰਮੂ ਦੇ ਗੰਗਿਆਲ ਵਿਖੇ ਮੀਟ ਦੀ ਦੁਕਾਨ ਹੈ ਅਤੇ ਉਸ ਦੀ ਸਥਾਨਕ ਇਲਾਕੇ ਦੇ ਕਈ ਵਿਅਕਤੀਆਂ ਨਾਲ ਦੁਸ਼ਮਣੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧੀ ਹੋਰ ਜਾਂਚ ਜਾਰੀ ਹੈ।
ਇਸ ਸਬੰਧੀ ਕੇਸ ਥਾਣਾ ਐਸਐਸਓਸੀ ਐਸਏਐਸ ਨਗਰ ਵਿਖੇ ਅਸਲਾ ਐਕਟ ਦੀ ਧਾਰਾ 25(1) ਅਤੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 113(1) ਅਤੇ 61(2) ਤਹਿਤ ਐਫਆਈਆਰ ਨੰਬਰ 13 ਮਿਤੀ 10.12.2025 ਨੂੰ ਦਰਜ ਕੀਤਾ ਗਿਆ ਸੀ।
Key-Associate-Of-Pak-based-Terrorist-Shahzad-Bhatti-Arrested-Pistol-Recovered
PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.
Meenu Galhotra (Editor)