— ਆਈਈਡੀ ਦੀ ਵਰਤੋਂ ਪੰਜਾਬ ਅਤੇ ਦਿੱਲੀ ਸਮੇਤ ਕਈ ਰਾਜਾਂ ਵਿੱਚ ਯੋਜਨਾਬੱਧ ਹਮਲਿਆਂ 'ਚ ਕੀਤੀ ਜਾਣੀ ਸੀ: ਡੀਜੀਪੀ ਗੌਰਵ ਯਾਦਵ
— ਗ੍ਰਿਫ਼ਤਾਰ ਮੁਲਜ਼ਮ ਆਪਣੇ ਹੈਂਡਲਰ ਵੱਲੋਂ ਚੰਗੇ ਪੈਸੇ ਮਿਲਣ ਦੇ ਭਰੋਸੇ ਮਗਰੋਂ ਉੱਤਰ ਪ੍ਰਦੇਸ਼ ਤੋਂ ਅੰਮ੍ਰਿਤਸਰ ਆਇਆ: ਏਆਈਜੀ ਐਸਐਸਓਸੀ ਸੁਖਮਿੰਦਰ ਮਾਨ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਖੁਫ਼ੀਆ ਜਾਣਕਾਰੀ 'ਤੇ ਅਧਾਰਤ ਇੱਕ ਕਾਰਵਾਈ ਵਿੱਚ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ ਨੇ ਪਾਕਿਸਤਾਨ ਦੀ ਹਮਾਇਤ ਵਾਲੇ ਇੱਕ ਹੋਰ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਇੱਕ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ ਅਤੇ ਇਸ ਕਾਰਵਾਈ 'ਚ ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਤੋਂ ਰਿਮੋਟ ਕੰਟਰੋਲ ਸਮੇਤ ਮਟੈਲਿਕ ਕੇਸ ਵਿੱਚ ਪੈਕ ਇੱਕ ਇਮਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ) ਅਤੇ ਗੋਲੀ-ਸਿੱਕੇ ਸਮੇਤ ਇੱਕ ਵਿਦੇਸ਼ੀ ਪਿਸਤੌਲ ਬਰਾਮਦ ਕੀਤਾ ਗਿਆ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਸ਼ੁਭਮ ਕੁਮਾਰ ਉਰਫ਼ ਸ਼ੁਭਮ ਸ੍ਰੀਵਾਸਤਵ ਵਜੋਂ ਹੋਈ ਹੈ, ਜੋ ਸੀਤਾਪੁਰ, ਉੱਤਰ ਪ੍ਰਦੇਸ਼ ਦੇ ਪਿੰਡ ਸਰੋਸਾ ਦਾ ਰਹਿਣ ਵਾਲਾ ਹੈ।
ਦੱਸਣਯੋਗ ਹੈ ਕਿ ਇਹ ਸਫ਼ਲਤਾ ਪੰਜਾਬ ਪੁਲਿਸ ਵੱਲੋਂ ਪਾਕਿਸਤਾਨ ਆਈ.ਐਸ.ਆਈ. ਦੀ ਹਮਾਇਤ ਵਾਲੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਨ ਉਪਰੰਤ ਇਸ ਨਾਲ ਸਬੰਧਤ ਕਾਰਕੁਨ, ਜਿਸਦੀ ਪਛਾਣ ਅੰਮ੍ਰਿਤਸਰ ਦੇ ਰਾਹੁਲ ਕੁਮਾਰ ਉਰਫ਼ ਗੱਜੂ ਵਜੋਂ ਹੋਈ ਹੈ, ਨੂੰ ਆਰਡੀਐਕਸ-ਅਧਾਰਤ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ) ਸਮੇਤ ਗ੍ਰਿਫ਼ਤਾਰ ਕੀਤੇ ਜਾਣ ਤੋਂ ਇੱਕ ਦਿਨ ਬਾਅਦ ਸਾਹਮਣੇ ਆਈ ਹੈ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਅਨੁਸਾਰ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਐਨਕ੍ਰਿਪਟਡ ਪਲੇਟਫਾਰਮਾਂ ਰਾਹੀਂ ਪਾਕਿਸਤਾਨ-ਅਧਾਰਤ ਹੈਂਡਲਰ ਦੇ ਸੰਪਰਕ ਵਿੱਚ ਸੀ। ਉਨ੍ਹਾਂ ਕਿਹਾ ਕਿ ਮੁਲਜ਼ਮ ਤੋਂ ਬਰਾਮਦ ਹੋਈ ਖੇਪ ਸਰਹੱਦ ਪਾਰ ਤੋਂ ਭੇਜੀ ਗਈ ਸੀ, ਜਿਸਨੂੰ ਉਸਨੇ ਸ਼ਹਿਰ ਦੇ ਬਾਹਰਵਾਰ ਇੱਕ ਨਿਰਧਾਰਤ ਸਥਾਨ ਤੋਂ ਪ੍ਰਾਪਤ ਕੀਤਾ ਸੀ।
ਡੀਜੀਪੀ ਨੇ ਕਿਹਾ ਕਿ ਇਹ ਆਈ.ਈ.ਡੀ. ਪੰਜਾਬ ਅਤੇ ਦਿੱਲੀ ਸਮੇਤ ਕਈ ਰਾਜਾਂ ਵਿੱਚ ਯੋਜਨਾਬੱਧ ਹਮਲਿਆਂ ਵਿੱਚ ਵਰਤਿਆ ਜਾਣਾ ਸੀ। ਉਨ੍ਹਾਂ ਅੱਗੇ ਕਿਹਾ ਕਿ ਸਮੁੱਚੇ ਅੱਤਵਾਦੀ ਨੈੱਟਵਰਕ ਦਾ ਖ਼ਾਤਮਾ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।
ਏਆਈਜੀ ਐਸਐਸਓਸੀ ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ ਨੇ ਕਿਹਾ ਕਿ ਪੁਲਿਸ ਟੀਮਾਂ ਨੂੰ ਇੱਕ ਠੋਸ ਜਾਣਕਾਰੀ ਮਿਲੀ ਸੀ ਕਿ ਪਾਕਿਸਤਾਨੀ ਸੰਚਾਲਕਾਂ ਦੁਆਰਾ ਪੰਜਾਬ, ਦਿੱਲੀ ਅਤੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਧਮਾਕੇ ਅਤੇ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਦੇ ਇਰਾਦੇ ਨਾਲ ਆਈਈਡੀ ਅਤੇ ਹਥਿਆਰਾਂ ਦੀ ਇੱਕ ਖੇਪ ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੀ ਗਈ ਹੈ, ਜਿਸਨੂੰ ਉਨ੍ਹਾਂ ਦੇ ਭਾਰਤ ਵਿਚਲੇ ਕਾਰਕੁਨਾਂ ਨੇ ਹਾਸਲ ਕੀਤਾ ਹੈ। ਪ੍ਰਾਪਤ ਜਾਣਕਾਰੀ 'ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਵਿਸ਼ੇਸ਼ ਪੁਲਿਸ ਟੀਮਾਂ ਦਾ ਗਠਨ ਕਰਕੇ ਇੱਕ ਸਪੈਸ਼ਲ ਆਪ੍ਰੇਸ਼ਨ ਚਲਾਇਆ ਗਿਆ, ਜਿਸ ਦੌਰਾਨ ਸ਼ੱਕੀ ਸ਼ੁਭਮ ਕੁਮਾਰ ਉਰਫ ਸ਼ੁਭਮ ਸ਼੍ਰੀਵਾਸਤਵ ਨੂੰ ਗ੍ਰਿਫਤਾਰ ਕਰਕੇ ਅੰਮ੍ਰਿਤਸਰ ਜਲੰਧਰ ਜੀਟੀ ਰੋਡ 'ਤੇ ਸਥਿਤ ਦਰਗਾਹ ਨੇੜੇ ਖਾਲੀ ਪਈ ਜਗ੍ਹਾ ਤੋਂ ਆਈਈਡੀ ਅਤੇ ਪਿਸਤੌਲ ਕੀਤਾ ਗਿਆ।
ਏਆਈਜੀ ਨੇ ਕਿਹਾ ਕਿ ਜਾਂਚ ਮੁਤਾਬਕ ਗ੍ਰਿਫਤਾਰ ਕੀਤਾ ਗਿਆ ਦੋਸ਼ੀ ਪੂਰੀ ਤਰ੍ਹਾਂ ਕੱਟੜਪੰਥੀ ਹੈ ਅਤੇ ਉਹ ਆਪਣੇ ਹੈਂਡਲਰ ਤੋਂ ਚੰਗੇ ਪੈਸੇ ਮਿਲਣ ਦੇ ਭਰੋਸੇ ਮਗਰੋਂ ਉੱਤਰ ਪ੍ਰਦੇਸ਼ ਤੋਂ ਅੰਮ੍ਰਿਤਸਰ ਆਇਆ ਸੀ ਅਤੇ ਉਸਨੇ ਆਪਣੇ ਹੈਂਡਲਰ ਦੇ ਨਿਰਦੇਸ਼ਾਂ 'ਤੇ ਸ਼ਹਿਰ ਦੇ ਬਾਹਰਵਾਰ ਇੱਕ ਨਿਰਧਾਰਤ ਸਥਾਨ ਤੋਂ ਆਈਈਡੀ ਅਤੇ ਹਥਿਆਰਾਂ ਦੀ ਖੇਪ ਹਾਸਲ ਕੀਤੀ ਸੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਹੋਰ ਜਾਂਚ ਜਾਰੀ ਹੈ।
ਇਸ ਸਬੰਧੀ ਥਾਣਾ ਐਸ.ਐਸ.ਓ.ਸੀ., ਅੰਮ੍ਰਿਤਸਰ ਵਿਖੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 61(2), ਗੈਰ-ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (ਯੂਏਪੀਏ) ਦੀ ਧਾਰਾ 18 ਅਤੇ 20, ਵਿਸਫੋਟਕ ਪਦਾਰਥ ਐਕਟ ਦੀ ਧਾਰਾ 4 ਅਤੇ ਅਸਲਾ ਐਕਟ ਦੀ ਧਾਰਾ 25(1)(ਡੀ) ਤਹਿਤ ਐਫਆਈਆਰ ਨੰ.09 ਮਿਤੀ 10.02.2026 ਦਰਜ ਕੀਤੀ ਗਈ ਹੈ।
PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.
Meenu Galhotra (Editor)