— ਪੰਜ ਮਹੀਨਿਆਂ ਦੌਰਾਨ ਪੁਲਿਸ ਟੀਮਾਂ ਨੇ 15,000 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ; 1244 ਭਗੌੜੇ ਅਪਰਾਧੀਆਂ ਨੂੰ ਕੀਤਾ ਗ੍ਰਿਫ਼ਤਾਰ
— ਲੋਕ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਕਰ ਸਕਦੇ ਹਨ ਗੈਂਗਸਟਰਾਂ ਬਾਰੇ ਰਿਪੋਰਟ
— ਯੁੱਧ ਨਸ਼ਿਆਂ ਵਿਰੁੱਧ ਦੇ 476ਵੇਂ ਦਿਨ 103 ਨਸ਼ਾ ਤਸਕਰ ਗ੍ਰਿਫ਼ਤਾਰ
'ਗੈਂਗਸਟਰਾਂ ‘ਤੇ ਵਾਰ' ਮੁਹਿੰਮ ਨੂੰ ਪੰਜ ਮਹੀਨੇ ਪੂਰੇ ਹੋ ਗਏ ਹਨ ਅਤੇ ਪੰਜਾਬ ਪੁਲਿਸ ਨੇ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੂਬੇ ਭਰ ਵਿੱਚ 93,927 ਛਾਪੇਮਾਰੀਆਂ ਕਰਕੇ ਗੈਂਗਸਟਰਾਂ ਅਤੇ ਉਨ੍ਹਾਂ ਨਾਲ ਸਬੰਧਤ ਅਪਰਾਧੀਆਂ ਸਮੇਤ ਕੁੱਲ 38,738 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।
ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਪ੍ਰਵੀਨ ਸਿਨਹਾ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਹੁਣ ਤੱਕ ਗ੍ਰਿਫ਼ਤਾਰ ਵਿਅਕਤੀਆਂ ਦੇ ਕਬਜ਼ੇ ਵਿੱਚੋਂ 1,976 ਜ਼ਿੰਦਾ ਕਾਰਤੂਸਾਂ ਤੇ 209 ਮੈਗਜ਼ੀਨਾਂ ਸਮੇਤ 716 ਹਥਿਆਰ, 187 ਤੇਜ਼ਧਾਰ ਹਥਿਆਰ ਅਤੇ 12 ਹੈਂਡ ਗ੍ਰਨੇਡ ਬਰਾਮਦ ਕੀਤੇ ਹਨ।
ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਹੁਣ ਤੱਕ 15,825 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 18,042 ਵਿਅਕਤੀਆਂ ਨੂੰ ਤਸਦੀਕ ਅਤੇ ਪੁੱਛਗਿੱਛ ਤੋਂ ਬਾਅਦ ਜਾਣ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਨੇ ਮੁਹਿੰਮ ਸ਼ੁਰੂ ਹੋਣ ਤੋਂ ਲੈ ਕੇ ਹੁਣ ਤੱਕ 1,244 ਭਗੌੜੇ ਅਪਰਾਧੀਆਂ (ਪੀਓ) ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।
151ਵੇਂ ਦਿਨ ਪੁਲਿਸ ਟੀਮਾਂ ਨੇ 575 ਛਾਪੇਮਾਰੀਆਂ ਕੀਤੀਆਂ ਜਿਸ ਦੇ ਚਲਦਿਆਂ 348 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਤੋਂ ਇਲਾਵਾ 125 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਅਤੇ ਪੰਜ ਭਗੌੜੇ ਅਪਰਾਧੀਆਂ (ਪੀਓ) ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ।
ਵਿਸ਼ੇਸ਼ ਡੀਜੀਪੀ ਨੇ ਕਿਹਾ ਕਿ 'ਗੈਂਗਸਟਰਾਂ ‘ਤੇ ਵਾਰ' ਮੁਹਿੰਮ ਇਸੇ ਜੋਸ਼ ਅਤੇ ਮੁਸਤੈਦੀ ਨਾਲ ਜਾਰੀ ਰਹੇਗੀ।
ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।
ਇਸ ਦੇ ਨਾਲ ਹੀ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ "ਯੁੱਧ ਨਸ਼ਿਆਂ ਵਿਰੁਂਧ" ਨੂੰ 476ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 103 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 848 ਗ੍ਰਾਮ ਹੈਰੋਇਨ, 12 ਕਿਲੋ ਭੁੱਕੀ, 1308 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 6756 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ, ਸਿਰਫ 476 ਦਿਨਾਂ ਵਿੱਚ ਗ੍ਰਿਫਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 69,201 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 13 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ।
-gangstran-Te-Vaar-Over-38k-Individuals-Arrested-With-716-Weapons-In-Five-Months-
PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.
Meenu Galhotra (Editor)