October 17, 2026 07:31:54

ਮੈਡ ਸੰਧੂ ਕਤਲ ਕੇਸ: ਮੁੱਖ ਮੁਲਜ਼ਮ ਜੋਬਨਪ੍ਰੀਤ ਸਿੰਘ ਮੁੰਬਈ ਤੋਂ ਕਾਬੂ; 3 ਪਿਸਤੌਲ ਬਰਾਮਦ

Oct14,2026 | Vazul Galhotra | Chandigarh


*— ਗ੍ਰਿਫ਼ਤਾਰ ਮੁਲਜ਼ਮ ਨੇ ਵਿਦੇਸ਼ ਵਿੱਚ ਬੈਠੇ ਸੰਚਾਲਕਾਂ ਦੇ ਇਸ਼ਾਰੇ 'ਤੇ ਸ਼ੂਟਰਾਂ ਲਈ ਹਥਿਆਰਾਂ ਅਤੇ ਫੰਡਿੰਗ ਦਾ ਪ੍ਰਬੰਧ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ: ਡੀਜੀਪੀ ਗੌਰਵ ਯਾਦਵ*

*— ਮੁਲਜ਼ਮ ਨੇ ਤਰਨ ਤਾਰਨ ਵਿੱਚ ਫਿਰੌਤੀ ਨਾਲ ਸਬੰਧਤ ਗੋਲੀਬਾਰੀ ਦੀਆਂ ਤਿੰਨ ਘਟਨਾਵਾਂ ਵਿੱਚ ਸ਼ਾਮਲ ਹੋਣ ਦਾ ਜੁਰਮ ਕਬੂਲਿਆ*

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਅਤੇ ਅਪਰਾਧ-ਮੁਕਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ 'ਮੈਡ ਸੰਧੂ' ਕਤਲ ਕੇਸ ਵਿੱਚ ਵੱਡੀ ਸਫਲਤਾ ਹਾਸਲ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀ.ਆਈ.) ਜਲੰਧਰ ਨੇ ਮਹਾਰਾਸ਼ਟਰ ਐਂਟੀ-ਟੈਰਰਿਜ਼ਮ ਸਕੁਐਡ (ਏ.ਟੀ.ਐਸ.) ਦੇ ਸਹਿਯੋਗ ਨਾਲ ਮੁੰਬਈ ਦੇ ਚੇਂਬੂਰ ਇਲਾਕੇ ਤੋਂ ਮੁੱਖ ਮੁਲਜ਼ਮ ਜੋਬਨਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਜੋਬਨਪ੍ਰੀਤ ਸਿੰਘ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਜੰਡੋਕੇ ਦਾ ਰਹਿਣ ਵਾਲਾ ਹੈ। ਪੁਲਿਸ ਟੀਮਾਂ ਨੇ ਉਸ ਕੋਲੋਂ ਤਿੰਨ ਆਧੁਨਿਕ ਪਿਸਤੌਲਾਂ ਜਿਨ੍ਹਾਂ ਵਿੱਚ ਇੱਕ 9ਐਮਐਮ ਗਲਾਕ, ਇੱਕ 9ਐਮਐਮ ਬੈਰੇਟਾ ਅਤੇ ਇੱਕ .30 ਬੋਰ ਪੀਐਕਸ5 ਸ਼ਾਮਲ ਹੈ, ਸਮੇਤ ਪੰਜ ਮੈਗਜ਼ੀਨਾਂ ਅਤੇ 11 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।
ਦੱਸਣਯੋਗ ਹੈ ਕਿ 3 ਅਕਤੂਬਰ 2026 ਨੂੰ, ਅੰਮ੍ਰਿਤਸਰ ਦੇ ਲੋਹਾਰਕਾ ਰੋਡ 'ਤੇ ਮੋਟਰਸਾਈਕਲ ਸਵਾਰ ਦੋ ਹਮਲਾਵਰਾਂ ਨੇ ਸੋਸ਼ਲ ਮੀਡੀਆ ਇਨਫਲੂਐਂਸਰ ਮਧੂ ਸੂਦਨ ਸਿੰਘ ਉਰਫ਼ 'ਮੈਡ ਸੰਧੂ' 'ਤੇ ਗੋਲੀਆਂ ਚਲਾਈਆਂ ਸਨ, ਜਿਸ ਕਾਰਨ ਉਸ ਦੀ ਮੌਤ ਹੋ ਗਈ ਸੀ। ਇਸ ਸਬੰਧ ਵਿੱਚ ਥਾਣਾ ਕੈਂਟ, ਕਮਿਸ਼ਨਰੇਟ ਅੰਮ੍ਰਿਤਸਰ ਵਿਖੇ ਭਾਰਤੀ ਨਿਆਂ ਸੰਹਿਤਾ ਦੀਆਂ ਧਾਰਾਵਾਂ 103 ਅਤੇ 3(5) ਅਤੇ ਅਸਲਾ ਐਕਟ ਦੀਆਂ ਧਾਰਾਵਾਂ 25 ਅਤੇ 27 ਤਹਿਤ ਮਿਤੀ 03.10.2026 ਨੂੰ ਐਫ.ਆਈ.ਆਰ. ਨੰਬਰ 186 ਦਰਜ ਕੀਤੀ ਗਈ ਸੀ।
ਇਸ ਤੋਂ ਪਹਿਲਾਂ, ਗੁਜਰਾਤ ਏ.ਟੀ.ਐਸ. ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਉਸਦੇ ਮਾਡਿਊਲ ਦੇ ਦੋ ਸਾਥੀਆਂ—ਹਰਸਿਮਰਨਜੀਤ ਸਿੰਘ ਉਰਫ਼ ਸੰਘਾ ਅਤੇ ਫਤਿਹ ਸਿੰਘ ਦੋਵੇਂ ਵਾਸੀ ਪਿੰਡ ਸੰਘੇ, ਤਰਨਤਾਰਨ—ਨੂੰ ਵੀ ਸੂਰਤ, ਗੁਜਰਾਤ ਤੋਂ ਟਰੇਸ ਕਰ ਕੇ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਹੁਣ ਤੱਕ ਇੱਕ ਸ਼ੂਟਰ ਸਮੇਤ ਕੁੱਲ 11 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।
ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਇਹ ਸਪੱਸ਼ਟ ਹੋਇਆ ਹੈ ਕਿ ਮੁਲਜ਼ਮ ਜੋਬਨਪ੍ਰੀਤ ਸਿੰਘ ਨੇ ਵਿਦੇਸ਼ ਵਿੱਚ ਬੈਠੇ ਹੈਂਡਲਰਾਂ ਦੇ ਇਸ਼ਾਰੇ 'ਤੇ ਸ਼ੂਟਰਾਂ ਲਈ ਹਥਿਆਰਾਂ ਦਾ ਪ੍ਰਬੰਧ ਕਰਨ, ਵਿੱਤੀ ਸਹਾਇਤਾ ਦੇਣ ਅਤੇ ਲੌਜਿਸਟਿਕ ਸਹਾਇਤਾ ਮੁਹੱਈਆ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਸੀ।
ਡੀ.ਜੀ.ਪੀ. ਨੇ ਅੱਗੇ ਦੱਸਿਆ ਕਿ ਪੁੱਛਗਿੱਛ ਦੌਰਾਨ ਮੁਲਜ਼ਮ ਜੋਬਨਪ੍ਰੀਤ ਨੇ ਤਰਨ ਤਾਰਨ ਜ਼ਿਲ੍ਹੇ ਵਿੱਚ ਫਿਰੌਤੀ ਨਾਲ ਸਬੰਧਤ ਗੋਲੀਬਾਰੀ ਦੀਆਂ ਤਿੰਨ ਵੱਖ-ਵੱਖ ਘਟਨਾਵਾਂ ਵਿੱਚ ਆਪਣੀ ਸ਼ਮੂਲੀਅਤ ਦਾ ਜੁਰਮ ਕਬੂਲਿਆ ਹੈ। ਉਨ੍ਹਾਂ ਕਿਹਾ ਕਿ ਇਸ ਨੈੱਟਵਰਕ ਦਾ ਪਰਦਾਫਾਸ਼ ਕਰਨ ਅਤੇ ਇਸ ਦੀਆਂ ਅਗਲੀਆਂ-ਪਿਛਲੀਆਂ ਕੜੀਆਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।
ਇਸ ਸਬੰਧ ਵਿੱਚ, ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਵਿਖੇ ਭਾਰਤੀ ਨਿਆਂ ਸੰਹਿਤਾ ਅਤੇ ਅਸਲਾ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
-----------

Mad-Sandhu-Murder-Case-Key-Accused-Jobanpreet-Singh-Held-From-Mumbai-3-Pistols-Recovered


About Us


PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.

Meenu Galhotra (Editor)

We are Social


Address


PunjabAMPM
House no 3, street no 1, New Aggar Nagar, behind mediways hospital, Ferozepur road Ludhiana 141001
Mobile: +91 98769 60522
Email: punjabampm0161@gmail.com

Copyright Punjab AMPM | 2023
Website by: Webhead ↑