*122 ਬਿਸਤਰਿਆਂ ਵਾਲਾ ਹੋਸਟਲ 6 ਮਹੀਨਿਆਂ ਵਿੱਚ ਹੋਵੇਗਾ ਮੁਕੰਮਲ, 13 ਲੱਖ ਰੁਪਏ ਦੀ ਡਿਜੀਟਲ ਲਾਇਬ੍ਰੇਰੀ ਦਾ ਵੀ ਕੀਤੀ ਜਾਵੇਗਾ ਸਥਾਪਿਤ: ਹਰਪਾਲ ਸਿੰਘ ਚੀਮਾ*
*4 ਸਾਲਾਂ ਵਿੱਚ 63,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ, ਨੌਜਵਾਨਾਂ ਦਾ ਵਿਦੇਸ਼ ਜਾਣ ਦਾ ਰੁਝਾਨ ਘਟਿਆ: ਹਰਪਾਲ ਸਿੰਘ ਚੀਮਾ*
* ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ ਨੂੰ ਖਰਾਬ ਕਰਨ ਵਾਲੇ ਕਿਸੇ ਵੀ ਸ਼ਖਸ ਨੂੰ ਬਖਸ਼ਿਆ ਨਹੀਂ ਜਾਵੇਗਾ, ਨਸ਼ਿਆਂ ਅਤੇ ਗੈਂਗਸਟਰਾਂ ਵਿਰੁੱਧ ਮੁਹਿੰਮ ਤੇਜ਼: ਹਰਪਾਲ ਸਿੰਘ ਚੀਮਾ*
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ, ਮਾਨਸਾ ਵਿਖੇ ਲੜਕੀਆਂ ਦੇ ਨਵੇਂ ਹੋਸਟਲ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਉਚੇਰੀ ਸਿੱਖਿਆ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਪੰਜਾਬ ਦੇ ਕੋਨੇ-ਕੋਨੇ ਤੋਂ ਆਉਣ ਵਾਲੀਆਂ ਧੀਆਂ ਲਈ ਸੁਰੱਖਿਅਤ ਅਤੇ ਮਿਆਰੀ ਸਿੱਖਿਆ ਸਹੂਲਤਾਂ ਯਕੀਨੀ ਬਣਾਉਣ ਲਈ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ।
ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਲਗਭਗ 10 ਕਰੋੜ ਰੁਪਏ ਦੀ ਅਨੁਮਾਨਿਤ ਲਾਗਤ ਨਾਲ ਬਣਨ ਵਾਲੇ ਇਸ ਗਰਲਜ਼ ਹੋਸਟਲ ਦਾ ਨਿਰਮਾਣ ਅਗਲੇ ਛੇ ਮਹੀਨਿਆਂ ਵਿੱਚ ਮੁਕੰਮਲ ਕਰ ਲਿਆ ਜਾਵੇਗਾ। ਇਹ ਸਹੂਲਤ ਉਨ੍ਹਾਂ ਵਿਦਿਆਰਥਣਾਂ ਨੂੰ ਵੱਡੀ ਰਾਹਤ ਦੇਵੇਗੀ ਜੋ ਦੂਰ-ਦੁਰਾਡੇ ਦੇ ਇਲਾਕਿਆਂ ਤੋਂ ਪੜ੍ਹਾਈ ਲਈ ਆਉਂਦੀਆਂ ਹਨ।”
ਉਨ੍ਹਾਂਅੱਗੇ ਐਲਾਨ ਕੀਤਾ, “ਕਾਲਜ ਵਿੱਚ 13 ਲੱਖ ਰੁਪਏ ਦੀ ਲਾਗਤ ਨਾਲ ਇੱਕ ਅਤਿ-ਆਧੁਨਿਕ ਡਿਜੀਟਲ ਲਾਇਬ੍ਰੇਰੀ ਵੀ ਸਥਾਪਿਤ ਕੀਤੀ ਜਾਵੇਗੀ। ਇਹ ਡਿਜੀਟਲ ਲਾਇਬ੍ਰੇਰੀ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਪੜ੍ਹਾਈ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਵਿੱਚ ਸਹਾਈ ਹੋਵੇਗੀ।”
ਸੂਬੇ ਦੇ ਵਿਆਪਕ ਵਿਕਾਸ ਦੇ ਏਜੰਡੇ 'ਤੇ ਜ਼ੋਰ ਦਿੰਦਿਆਂ ਵਿੱਤ ਮੰਤਰੀ ਨੇ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਾਰੇ ਖੇਤਰਾਂ ਵਿੱਚ ਸਰਬਪੱਖੀ ਵਿਕਾਸ ਦਾ ਗਵਾਹ ਬਣ ਰਿਹਾ ਹੈ।”
ਆਪਣੀ ਪਿਛਲੀ ਫੇਰੀ ਨੂੰ ਯਾਦ ਕਰਦਿਆਂ ਉਨ੍ਹਾਂ ਕਿਹਾ, “ਮੇਰੀ ਪਿਛਲੀ ਫੇਰੀ ਦੌਰਾਨ ਵਿਦਿਆਰਥਣਾਂ ਨੇ ਰਿਹਾਇਸ਼ੀ ਸਹੂਲਤਾਂ ਦੀ ਘਾਟ ਕਾਰਨ ਆ ਰਹੀਆਂ ਮੁਸ਼ਕਿਲਾਂ ਬਾਰੇ ਦੱਸਿਆ ਸੀ। ਉਨ੍ਹਾਂ ਦੀਆਂ ਚਿੰਤਾਵਾਂ ਦਾ ਤੁਰੰਤ ਨੋਟਿਸ ਲੈਂਦਿਆਂ ਅਸੀਂ ਸਬੰਧਤ ਵਿਭਾਗਾਂ ਨਾਲ ਤਾਲਮੇਲ ਕੀਤਾ ਅਤੇ ਪੀ.ਐਮ-ਊਸ਼ਾ ਸਕੀਮ ਤਹਿਤ ਇਸ ਕਰੋੜਾਂ ਰੁਪਏ ਦੇ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ।” ਉਨ੍ਹਾਂ ਕਿਹਾ, “ਹੋਸਟਲ ਵਿੱਚ 122 ਵਿਦਿਆਰਥਣਾਂ ਦੇ ਰਹਿਣ ਲਈ ਕਮਰੇ ਹੋਣਗੇ, ਜੋ ਸਾਡੀਆਂ ਧੀਆਂ ਲਈ ਇੱਕ ਸੁਰੱਖਿਅਤ ਅਤੇ ਸਹਾਇਕ ਮਾਹੌਲ ਯਕੀਨੀ ਬਣਾਉਣਗੇ।”
ਰੁਜ਼ਗਾਰ ਦੇ ਮੋਰਚੇ 'ਤੇ ਪੰਜਾਬ ਸਰਕਾਰ ਦੇ ਰਿਕਾਰਡ ਬਾਰੇ ਦੱਸਦਿਆਂ ਵਿੱਤ ਮੰਤਰੀ ਚੀਮਾ ਨੇ ਕਿਹਾ, “ਪਿਛਲੇ ਚਾਰ ਸਾਲਾਂ ਵਿੱਚ ਪੰਜਾਬ ਦੇ ਨੌਜਵਾਨਾਂ ਨੂੰ 63,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਇਨ੍ਹਾਂ ਪਾਰਦਰਸ਼ੀ ਅਤੇ ਯੋਗਤਾ ਅਧਾਰਤ ਭਰਤੀਆਂ ਨੇ ਜਨਤਾ ਦਾ ਵਿਸ਼ਵਾਸ ਬਹਾਲ ਕੀਤਾ ਹੈ ਅਤੇ ਨੌਜਵਾਨਾਂ ਦੇ ਵਿਦੇਸ਼ਾਂ ਵਿੱਚ ਜਾਣ ਦੇ ਰੁਝਾਨ ਵਿੱਚ ਸਪੱਸ਼ਟ ਗਿਰਾਵਟ ਆਈ ਹੈ।”
ਅਮਨ-ਕਾਨੂੰਨ ਨੂੰ ਬਰਕਰਾਰ ਰੱਖਣ ਬਾਰੇ ਸਰਕਾਰ ਦੇ ਸਖ਼ਤ ਰੁਖ ਨੂੰ ਦੁਹਰਾਉਂਦੇ ਹੋਏ ਵਿੱਤ ਮੰਤਰੀ ਚੀਮਾ ਨੇ ਕਿਹਾ, “ਪੰਜਾਬ ਵਿੱਚੋਂ ਨਸ਼ਿਆਂ ਅਤੇ ਗੈਂਗਸਟਰਾਂ ਦੇ ਖਾਤਮੇ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਮੈਂ ਇਹ ਸਪੱਸ਼ਟ ਕਰ ਦੇਣਾ ਚਾਹੁੰਦਾ ਹਾਂ ਕਿ ਸੂਬੇ ਦੀ ਅਮਨ-ਕਾਨੂੰਨ ਦੀ ਸਥਿਤੀ ਨੂੰ ਵਿਗਾੜਨ ਦੀ ਕੋਸ਼ਿਸ਼ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।”
ਇਸ ਮੌਕੇ ਮਾਨਸਾ ਦੇ ਵਿਧਾਇਕ ਡਾ: ਵਿਜੇ ਸਿੰਗਲਾ ਨੇ ਵੀ ਇਕੱਠ ਨੂੰ ਸੰਬੋਧਨ ਕੀਤਾ ਅਤੇ ਧੰਨਵਾਦ ਪ੍ਰਗਟ ਕਰਦਿਆਂ ਕਿਹਾ, “ਮੈਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਇਸ ਅਹਿਮ ਬੁਨਿਆਦੀ ਢਾਂਚੇ ਲਈ ਧੰਨਵਾਦ ਕਰਦਾ ਹਾਂ, ਜਿਸ ਨਾਲ ਇਸ ਖੇਤਰ ਦੀਆਂ ਵਿਦਿਆਰਥਣਾਂ ਨੂੰ ਬਹੁਤ ਫਾਇਦਾ ਹੋਵੇਗਾ।”
ਪ੍ਰੋਗਰਾਮ ਦੀ ਸ਼ੁਰੂਆਤ ਕਾਲਜ ਦੇ ਪ੍ਰਿੰਸੀਪਲ ਡਾ: ਬਰਿੰਦਰ ਕੌਰ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਡਾਇਰੈਕਟਰ (ਸੀ.ਸੀ.) ਡਾ: ਅਮਰ ਇੰਦਰ ਸਿੰਘ ਦੇ ਸਵਾਗਤੀ ਭਾਸ਼ਣ ਨਾਲ ਹੋਈ, ਜਿਨ੍ਹਾਂ ਨੇ ਵਿਦਿਅਕ ਸੰਸਥਾਵਾਂ ਨੂੰ ਮਜ਼ਬੂਤ ਕਰਨ ਲਈ ਸਰਕਾਰ ਦੇ ਲਗਾਤਾਰ ਸਹਿਯੋਗ ਦੀ ਸ਼ਲਾਘਾ ਕੀਤੀ।
ਆਪਣੀ ਫੇਰੀ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੈਂਪਸ ਵਿੱਚ ਕਿੱਕਬਾਕਸਿੰਗ ਦੇ ਮੈਚ ਵੀ ਦੇਖੇ, ਖਿਡਾਰੀਆਂ ਦੀ ਲਗਨ ਅਤੇ ਅਨੁਸ਼ਾਸਨ ਲਈ ਉਨ੍ਹਾਂ ਦੀ ਹੌਸਲਾ ਅਫਜ਼ਾਈ ਕੀਤੀ ਅਤੇ ਉਨ੍ਹਾਂ ਨਾਲ ਯਾਦਗਾਰੀ ਤਸਵੀਰਾਂ ਵੀ ਖਿਚਵਾਈਆਂ।
ਇਸ ਮੌਕੇ ਬੁਢਲਾਡਾ ਦੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ, ਡਿਪਟੀ ਕਮਿਸ਼ਨਰ ਮਾਨਸਾ ਨਵਜੋਤ ਕੌਰ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਭੁੱਚਰ, ਵਿੱਤ ਮੰਤਰੀ ਦੇ ਓ.ਐਸ.ਡੀ ਤਪਿੰਦਰ ਸਿੰਘ ਸੋਹੀ, ਡਾਇਰੈਕਟਰ ਅਮਨ ਮਿੱਤਲ, ਐਸ.ਡੀ.ਐਮ ਕਾਲਾ ਰਾਮ ਕਾਂਸਲ, ਨਗਰ ਕੌਂਸਲ ਪ੍ਰਧਾਨ ਸੁਨੀਲ ਕੁਮਾਰ ਨੀਨੂ ਅਤੇ ਕਈ ਹੋਰ ਪ੍ਰਸ਼ਾਸਨਿਕ ਅਤੇ ਸਿਆਸੀ ਸ਼ਖਸੀਅਤਾਂ ਹਾਜ਼ਰ ਸਨ।
PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.
Meenu Galhotra (Editor)