*ਹੁਣ ਨਿੱਜੀ ਸਕੂਲ ਨਵੇਂ ਵਿੱਦਿਅਕ ਸੈਸ਼ਨ ਵਿੱਚ 5 ਫੀਸਦੀ ਤੋਂ ਵੱਧ ਫੀਸ ਨਹੀਂ ਵਧਾ ਸਕਣਗੇ-ਭਗਵੰਤ ਸਿੰਘ ਮਾਨ**ਨਿੱਜੀ ਸਕੂਲ ਚਾਹੇ ਕਿਸੇ ਵੀ ਢੰਗ ਨਾਲ ਮਾਪਿਆਂ ਤੋਂ ਪੈਸਾ ਵਸੂਲਣਗੇ, ਉਸ ਨੂੰ ਫੀਸ ਹੀ ਮੰਨਿਆ ਜਾਵੇਗਾ-ਭਗਵੰਤ ਸਿੰਘ ਮਾਨ**ਸਾਰੇ ਪ੍ਰਾਈਵੇਟ ਸਕੂਲਾਂ ਦਾ ਫੌਰੈਂਸਿਕ ਆਡਿਟ ਕਰਵਾ ਕੇ ਵੱਧ ਵਸੂਲੀ ਗਈ ਫੀਸ ਮਾਪਿਆਂ ਨੂੰ ਵਾਪਸ ਕਰਾਵਾਂਗੇ-ਭਗਵੰਤ ਸਿੰਘ ਮਾਨ**ਕਾਨੂੰਨ ਦੀ ਉਲੰਘਣਾ ਕਰਨ 'ਤੇ ਪਹਿਲੀ ਵਾਰ 50 ਹਜ਼ਾਰ ਦਾ ਜੁਰਮਾਨਾ, ਦੂਜੀ ਵਾਰ ਇਕ ਲੱਖ ਦਾ ਅਤੇ ਤੀਜੀ ਵਾਰ ਵਿੱਚ ਮਾਨਤਾ ਰੱਦ ਕਰ ਦਿੱਤੀ ਜਾਵੇਗੀ-ਭਗਵੰਤ ਸਿੰਘ ਮਾਨ**ਸਾਡੀ ਸਰਕਾਰ ਸੂਬੇ ਵਿੱਚ ਨਾ ਤਾਂ ਸਿੱਖਿਆ ਨੂੰ ਵਪਾਰ ਬਣਨ ਦੇਵੇਗੀ ਅਤੇ ਨਾ ਹੀ ਸਿੱਖਿਆ ਮਾਫੀਏ ਨੂੰ ਪੈਰ ਪਸਾਰਨ ਦੇਵੇਗੀ - ਭਗਵੰਤ ਸਿੰਘ ਮਾਨ**ਕੋਵਿਡ ਵਿੱਚ ਕਾਂਗਰਸ ਸਰਕਾਰ ਨੇ ਮਾਪਿਆਂ ਨੂੰ ਟ੍ਰਾਂਸਪੋਰਟ ਫੀਸ ਦੇਣ ਲਈ ਮਜਬੂਰ ਕੀਤਾ ਸੀ, ਪਰ ਹੁਣ ਅਜਿਹਾ ਨਹੀਂ ਹੋਵੇਗਾ-ਭਗਵੰਤ ਸਿੰਘ ਮਾਨ*
ਸੂਬੇ ਵਿੱਚ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਨਾਲ ਫੀਸਾਂ ਵਿੱਚ ਕੀਤੇ ਜਾਂਦੇ ਵਾਧੇ ’ਤੇ ਰੋਕ ਲਾਉਂਦਿਆਂ ਪੰਜਾਬ ਵਿਧਾਨ ਸਭਾ ਨੇ ਅੱਜ 'ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ (ਅਮੈਂਡਮੈਂਟ) ਬਿੱਲ, 2026' ਨੂੰ ਜ਼ੁਬਾਨੀ ਵੋਟਾਂ ਰਾਹੀਂ ਸਰਬਸੰਮਤੀ ਨਾਲ ਪਾਸ ਕਰ ਦਿੱਤਾ। ਇਸ ਬਿੱਲ ਦੇ ਪਾਸ ਹੋਣ ਨਾਲ ਬਹੁਤ ਜ਼ਿਆਦਾ ਅਤੇ ਅਸਪੱਸ਼ਟ ਰੂਪ ਵਿੱਚ ਫੀਸਾਂ ਦੀ ਵਸੂਲੀ ਕਰਨ ਖ਼ਿਲਾਫ਼ ਵਿਦਿਆਰਥੀਆਂ ਅਤੇ ਮਾਪਿਆਂ ਲਈ ਮਜ਼ਬੂਤ ਸੁਰੱਖਿਆ ਦਾ ਰਾਹ ਪੱਧਰਾ ਹੋ ਗਿਆ ਹੈ।ਨਵੇਂ ਪਾਸ ਹੋਏ ਐਕਟ ਤਹਿਤ ਨਵੇਂ ਵਿੱਦਿਅਕ ਸੈਸ਼ਨ ਵਿੱਚ ਨਿੱਜੀ ਸਕੂਲਾਂ ਨੂੰ 5 ਫੀਸਦੀ ਤੋਂ ਵੱਧ ਫੀਸ ਵਧਾਉਣ ਦੀ ਇਜਾਜ਼ਤ ਨਹੀਂ ਹੋਵੇਗੀ, ਜਦੋਂ ਕਿ ਕਿਸੇ ਵੀ ਮੱਦ (ਹੈੱਡ) ਤਹਿਤ ਮਾਪਿਆਂ ਤੋਂ ਵਸੂਲੀ ਗਈ ਹਰ ਰਕਮ ਨੂੰ ਫੀਸ ਹੀ ਮੰਨਿਆ ਜਾਵੇਗਾ ਅਤੇ ਇਸ ਨੂੰ ਰੈਗੂਲੇਸ਼ਨ ਅਧੀਨ ਲਿਆਂਦਾ ਜਾਵੇਗਾ। ਪੰਜਾਬ ਸਰਕਾਰ ਵਾਧੂ ਵਸੂਲੀਆਂ ਦੀ ਪਛਾਣ ਕਰਨ ਅਤੇ ਇਹ ਯਕੀਨੀ ਬਣਾਉਣ ਲਈ ਨਿੱਜੀ ਸਕੂਲਾਂ ਦਾ ਫੌਰੈਂਸਿਕ ਆਡਿਟ ਵੀ ਕਰਵਾਏਗੀ ਕਿ ਵਾਧੂ ਰਕਮ ਮਾਪਿਆਂ ਨੂੰ ਵਾਪਸ ਕੀਤੀ ਜਾਵੇ। ਕਾਨੂੰਨ ਦੀ ਉਲੰਘਣਾ ਕਰਨ 'ਤੇ ਪਹਿਲੀ ਵਾਰ 50 ਹਜ਼ਾਰ ਰੁਪਏ ਜੁਰਮਾਨਾ, ਦੂਜੀ ਵਾਰ ਇਕ ਲੱਖ ਰੁਪਏ ਦਾ ਜੁਰਮਾਨਾ ਅਤੇ ਤੀਜੀ ਵਾਰ ਮਾਨਤਾ ਰੱਦ ਕਰ ਦਿੱਤੀ ਜਾਵੇਗੀ।ਪਿਛਲੀ ਕਾਂਗਰਸ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੋਵਿਡ ਦੌਰਾਨ ਜਦੋਂ ਸਕੂਲ ਬੰਦ ਸਨ ਅਤੇ ਸਕੂਲ ਦੇ ਵਾਹਨ ਨਹੀਂ ਚੱਲ ਰਹੇ ਸਨ, ਤਾਂ ਵੀ ਮਾਪਿਆਂ ਨੂੰ ਟ੍ਰਾਂਸਪੋਰਟ ਫੀਸ ਦੇਣ ਲਈ ਮਜਬੂਰ ਕੀਤਾ ਗਿਆ ਸੀ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਪੰਜਾਬ ਵਿੱਚ ਹੁਣ ਅਜਿਹੀ ਲੁੱਟ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਨਾ ਤਾਂ ਸਿੱਖਿਆ ਨੂੰ ਵਪਾਰ ਬਣਨ ਦੇਵੇਗੀ ਅਤੇ ਨਾ ਹੀ ਸੂਬੇ ਵਿੱਚ ਸਿੱਖਿਆ ਮਾਫੀਆ ਨੂੰ ਸਿਰ ਚੁੱਕਣ ਦੇਵੇਗੀ।ਬਿੱਲ 'ਤੇ ਬਹਿਸ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਵਿਜੇ ਮਾਲਿਆ ਵਰਗੇ ਲੋਕਾਂ ਵੱਲੋਂ ਪੈਸੇ ਤਾਂ ਹੜੱਪੇ ਜਾ ਸਕਦੇ ਹਨ, ਪਰ ਸਿੱਖਿਆ ਕਿਸੇ ਤੋਂ ਖੋਹੀ ਨਹੀਂ ਜਾ ਸਕਦੀ। ਪਹਿਲਾਂ ਸਰਕਾਰੀ ਅਤੇ ਨਿੱਜੀ ਸਕੂਲਾਂ ਦੀਆਂ ਕਿਤਾਬਾਂ, ਪਾਠਕ੍ਰਮ ਅਤੇ ਅਧਿਆਪਕਾਂ ਵਿੱਚ ਵੱਡਾ ਫਰਕ ਹੁੰਦਾ ਸੀ। ਸੂਬੇ ਵਿੱਚ ਸਰਕਾਰੀ ਸਕੂਲ ਸਿਰਫ਼ ਮਿਡ-ਡੇ-ਮੀਲ ਕੇਂਦਰਾਂ ਤੱਕ ਹੀ ਸੀਮਤ ਰਹਿ ਗਏ ਸਨ, ਪਰ ਹੁਣ ਸੂਬਾ ਸਰਕਾਰ ਵੱਲੋਂ ਇਨ੍ਹਾਂ ਸਕੂਲਾਂ ਦੀ ਕਾਇਆ-ਕਲਪ ਕਰ ਦਿੱਤੀ ਗਈ ਹੈ।”ਬਿੱਲ ਨੂੰ ਸੂਬੇ ਅਤੇ ਇਸ ਦੇ ਵਿਦਿਆਰਥੀਆਂ ਦੇ ਭਵਿੱਖ ਲਈ ਅਹਿਮ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ, “ਇਸ ਬਿੱਲ ਦਾ ਮਕਸਦ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵੱਡੀ ਰਾਹਤ ਦੇਣਾ ਹੈ। ਅਫ਼ਸੋਸ ਦੀ ਗੱਲ ਹੈ ਕਿ ਪਿਛਲੀਆਂ ਸਰਕਾਰਾਂ ਦੇ ਸਮੇਂ ਨਿੱਜੀ ਅਦਾਰਿਆਂ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਭਾਰੀ ਫੀਸਾਂ ਦੇਣ ਲਈ ਮਜਬੂਰ ਕੀਤਾ, ਜਿਸ ਨਾਲ ਪੂਰੀ ਸਿੱਖਿਆ ਪ੍ਰਣਾਲੀ ਖ਼ਤਰੇ ਵਿੱਚ ਪੈ ਗਈ ਸੀ। ਸੁਪਰੀਮ ਕੋਰਟ ਦੀਆਂ ਹਦਾਇਤਾਂ ਮੁਤਾਬਕ ਵਿੱਦਿਅਕ ਅਦਾਰੇ ਵੱਖ-ਵੱਖ ਖਾਤਿਆਂ ਵਿੱਚ ਫੀਸਾਂ ਵਸੂਲ ਕੇ ਸਿੱਖਿਆ ਦੇ ਨਾਂ 'ਤੇ ਅੰਨ੍ਹੀ ਕਮਾਈ ਨਹੀਂ ਕਰ ਸਕਦੇ। ਇਨ੍ਹਾਂ ਅਦਾਰਿਆਂ ਵੱਲੋਂ ਕਿਸੇ ਵੀ ਮਾਧਿਅਮ ਰਾਹੀਂ ਇਕੱਠੀ ਕੀਤੀ ਗਈ ਫੀਸ ਦਾ ਪਤਾ ਲਾਉਣ ਲਈ ਫੌਰੈਂਸਿਕ ਆਡਿਟ ਕਰਵਾਇਆ ਜਾਵੇਗਾ।”ਉਨ੍ਹਾਂ ਕਿਹਾ, “ਇਹ ਬਿੱਲ ਸਾਲਾਨਾ ਫੀਸ ਵਾਧੇ ਦੀ ਸੀਮਾ 5 ਫੀਸਦੀ ਤੈਅ ਕਰਦਾ ਹੈ ਅਤੇ ਇਸ ਤੋਂ ਵੱਧ ਕਿਸੇ ਵੀ ਵਾਧੇ ਲਈ ਰੈਗੂਲੇਟਰੀ ਸੰਸਥਾ ਦੀ ਪੂਰਵ ਪ੍ਰਵਾਨਗੀ ਦੀ ਲੋੜ ਹੋਵੇਗੀ। ਇਸ ਤੋਂ ਇਲਾਵਾ ਜਿਨ੍ਹਾਂ ਨਿੱਜੀ ਸਕੂਲਾਂ ਨੇ ਪਿਛਲੇ ਤਿੰਨ ਸਾਲਾਂ ਵਿੱਚ ਕੁੱਲ ਮਿਲਾ ਕੇ 15 ਫੀਸਦੀ ਤੋਂ ਵੱਧ ਫੀਸ ਵਧਾਈ ਹੈ, ਉਨ੍ਹਾਂ ਨੂੰ ਮਾਪਿਆਂ ਤੋਂ ਵਸੂਲੀ ਗਈ ਵਾਧੂ ਰਕਮ ਵਾਪਸ ਕਰਨੀ ਪਵੇਗੀ। ਇਸ ਕਦਮ ਨਾਲ ਨਿੱਜੀ ਸਕੂਲਾਂ ਦੀਆਂ ਫੀਸਾਂ ਦਾ ਰੈਗੂਲੇਸ਼ਨ ਹੋਵੇਗਾ, ਪਾਰਦਰਸ਼ਤਾ ਅਤੇ ਜਵਾਬਦੇਹੀ ਯਕੀਨੀ ਬਣੇਗੀ ਅਤੇ 32 ਲੱਖ ਤੋਂ ਵੱਧ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਅਣ-ਉਚਿਤ ਵਿੱਤੀ ਬੋਝ ਤੋਂ ਬਚਾਇਆ ਜਾ ਸਕੇਗਾ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਸਿੱਖਿਆ ਖੇਤਰ ਵਿੱਚ ਮੁਨਾਫ਼ਾਖੋਰੀ 'ਤੇ ਠੱਲ੍ਹ ਪਾਉਣ ਅਤੇ ਇਹ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਦਾ ਫੈਸਲਾਕੁਨ ਕਦਮ ਹੈ ਕਿ ਨਿੱਜੀ ਸਕੂਲ ਵਪਾਰਕ ਲਾਭ ਦੀ ਬਜਾਏ ਵਿਦਿਆਰਥੀਆਂ ਅਤੇ ਮਾਪਿਆਂ ਦੇ ਹਿੱਤ ਵਿੱਚ ਕੰਮ ਕਰਨ। ਸਿੱਖਿਆ ਇੱਕ ਨੇਕ ਅਤੇ ਪਵਿੱਤਰ ਉਪਰਾਲਾ ਹੈ ਅਤੇ ਇਹ ਜਨਤਕ ਭਲਾਈ ਦਾ ਜ਼ਰੀਆ ਹੈ, ਨਾ ਕਿ ਮੁਨਾਫ਼ਾ ਕਮਾਉਣ ਵਾਲਾ ਵਪਾਰਕ ਅਦਾਰਾ। ਸੂਬੇ ਦੇ ਹਰ ਵਿਦਿਆਰਥੀ ਲਈ ਮਿਆਰੀ ਸਿੱਖਿਆ ਤੱਕ ਪਹੁੰਚ ਯਕੀਨੀ ਬਣਾਉਣਾ ਪੰਜਾਬ ਸਰਕਾਰ ਦੀ ਪ੍ਰਮੁੱਖ ਪਹਿਲਕਦਮੀ ਹੈ।”ਮੁੱਖ ਮੰਤਰੀ ਨੇ ਦੱਸਿਆ, “ਪੰਜਾਬ ਭਰ ਦੇ ਲਗਭਗ 7,800 ਨਿੱਜੀ ਸਕੂਲਾਂ ਵਿੱਚ 32 ਲੱਖ ਤੋਂ ਵੱਧ ਵਿਦਿਆਰਥੀ ਪੜ੍ਹ ਰਹੇ ਹਨ ਅਤੇ ਇਸ ਬਿੱਲ ਦਾ ਮਕਸਦ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਕਰਨਾ ਹੈ। ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਮਨਮਰਜ਼ੀ ਨਾਲ ਫੀਸਾਂ ਵਿੱਚ ਵਾਧੇ ਤੋਂ ਮਜ਼ਬੂਤ ਸੁਰੱਖਿਆ ਮਿਲੇਗੀ, ਨਾਲ ਹੀ ਇਨ੍ਹਾਂ ਅਦਾਰਿਆਂ ਦੇ ਚਾਲ-ਚੱਲਣ ਵਿੱਚ ਪੂਰੀ ਪਾਰਦਰਸ਼ਤਾ ਆਵੇਗੀ। ਸੂਬਾ ਸਰਕਾਰ ਦੇ ਸਾਂਝੇ ਯਤਨਾਂ ਕਰਕੇ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਕੇਰਲ ਤੋਂ ਵੀ ਅੱਗੇ ਲੰਘ ਗਿਆ ਹੈ।”ਉਨ੍ਹਾਂ ਕਿਹਾ, “ਇਸ ਇਤਿਹਾਸਕ ਫੈਸਲੇ ਨਾਲ ਜੇਕਰ ਕੋਈ ਵੀ ਨਿੱਜੀ ਸਕੂਲ ਇਸ ਐਕਟ ਦੀ ਉਲੰਘਣਾ ਕਰਦਾ ਹੈ ਤਾਂ ਉਨ੍ਹਾਂ ਨੂੰ ਪਹਿਲੀ ਉਲੰਘਣਾ 'ਤੇ 50 ਹਜ਼ਾਰ ਰੁਪਏ ਅਤੇ ਦੂਜੀ ਉਲੰਘਣਾ 'ਤੇ ਇਕ ਲੱਖ ਰੁਪਏ ਦਾ ਜੁਰਮਾਨਾ ਭਰਨਾ ਪਵੇਗਾ। ਤੀਜੀ ਉਲੰਘਣਾ 'ਤੇ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਲਈ ਸਕੂਲ ਦੀ ਮਾਨਤਾ ਰੱਦ ਕਰਨ ਦੇ ਨਾਲ-ਨਾਲ ਹੋਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਮਾਪਿਆਂ ਵੱਲੋਂ ਦਿੱਤੇ ਜਾਣ ਵਾਲੇ ਇੱਕ-ਇੱਕ ਪੈਸੇ ਨੂੰ ਫੀਸ ਹੀ ਮੰਨਿਆ ਜਾਵੇਗਾ ਅਤੇ ਤਿੰਨ ਸਾਲਾਂ ਵਿੱਚ ਵਸੂਲੀ ਗਈ ਕੋਈ ਵੀ ਵਾਧੂ ਫੀਸ ਲੋਕਾਂ ਨੂੰ ਵਾਪਸ ਕੀਤੀ ਜਾਵੇਗੀ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਡੀ ਸਰਕਾਰ ਨੇ ਸੂਬੇ ਵਿੱਚ ਹਰ ਗੈਰ-ਕਾਨੂੰਨੀ ਗਠਜੋੜ ਦਾ ਲੱਕ ਤੋੜ ਦਿੱਤਾ ਹੈ ਅਤੇ ਉਹ ਸੂਬੇ ਵਿੱਚ ਸਿੱਖਿਆ ਮਾਫੀਏ ਨੂੰ ਪਨਪਣ ਨਹੀਂ ਦੇਣਗੇ। ਵਿਦਿਆਰਥੀਆਂ ਤੋਂ ਵਸੂਲੇ ਜਾਣ ਵਾਲੇ ਸਾਰੇ ਖਰਚੇ, ਜਿਸ ਵਿੱਚ ਟ੍ਰਾਂਸਪੋਰਟੇਸ਼ਨ, ਬਿਲਡਿੰਗ ਫੰਡ ਅਤੇ ਹੋਰ ਫੁਟਕਲ ਫੀਸਾਂ ਸ਼ਾਮਲ ਹਨ, ਨੂੰ ਰੈਗੂਲੇਸ਼ਨ ਦੇ ਮਕਸਦ ਲਈ ਟਿਊਸ਼ਨ ਫੀਸ ਦਾ ਹਿੱਸਾ ਹੀ ਮੰਨਿਆ ਜਾਵੇਗਾ। ਸੂਬਾ ਸਰਕਾਰ ਸਿੱਖਿਆ ਨੂੰ ਵਪਾਰ ਨਹੀਂ ਬਣਨ ਦੇਵੇਗੀ ਅਤੇ ਡਿਪਟੀ ਕਮਿਸ਼ਨਰ ਦੀ ਅਗਵਾਈ ਵਾਲੀ 'ਜ਼ਿਲ੍ਹਾ ਰੈਗੂਲੇਟਰੀ ਕਮੇਟੀ' ਫੀਸ ਵਾਧੇ ਦੀਆਂ ਸਾਰੀਆਂ ਤਜਵੀਜ਼ਾਂ ਦੀ ਜਾਂਚ ਤੇ ਰੈਗੂਲੇਸ਼ਨ ਕਰੇਗੀ।”ਮੁੱਖ ਮੰਤਰੀ ਨੇ ਕਿਹਾ, “ਕੋਵਿਡ ਕਾਲ ਦੌਰਾਨ ਜਦੋਂ ਕਾਂਗਰਸ ਸੱਤਾ ਵਿੱਚ ਸੀ, ਤਾਂ ਸਕੂਲ ਨਾ ਖੁੱਲ੍ਹਣ ਅਤੇ ਕੋਈ ਵੀ ਵਾਹਨ ਨਾ ਚੱਲਣ ਦੇ ਬਾਵਜੂਦ ਮਾਪਿਆਂ ਨੂੰ ਟ੍ਰਾਂਸਪੋਰਟ ਫੀਸ ਦੇਣ ਲਈ ਮਜਬੂਰ ਕੀਤਾ ਗਿਆ ਸੀ। ਇਹ ਬਿੱਲ ਵਿਦਿਆਰਥੀਆਂ ਦੀ ਭਲਾਈ ਅਤੇ ਉਨ੍ਹਾਂ ਦੇ ਮਾਪਿਆਂ ਦੇ ਹਿੱਤਾਂ ਦੀ ਰਾਖੀ ਲਈ ਬਹੁਤ ਜ਼ਰੂਰੀ ਹੈ, ਜਿਨ੍ਹਾਂ ਨੂੰ ਪੈਸੇ ਕਮਾਉਣ ਦਾ ਜ਼ਰੀਆ ਨਹੀਂ ਸਮਝਿਆ ਜਾਣਾ ਚਾਹੀਦਾ। ਸੂਬਾ ਸਰਕਾਰ ਦੇ ਯਤਨਾਂ ਨੂੰ ਉਦੋਂ ਬੂਰ ਪਿਆ ਜਦੋਂ 2026 ਦੀ ਨੀਟ ਪ੍ਰੀਖਿਆ ਵਿੱਚ 882 ਵਿਦਿਆਰਥੀਆਂ ਨੇ ਪ੍ਰੀਖਿਆ ਪਾਸ ਕੀਤੀ, ਜਦੋਂ ਕਿ 2021 ਵਿੱਚ ਸਿਰਫ਼ 80 ਵਿਦਿਆਰਥੀ ਹੀ ਅਜਿਹਾ ਕਰ ਸਕੇ ਸਨ।”
PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.
Meenu Galhotra (Editor)