- ਬੰਦੀਆਂ ਨੂੰ ਪਰੋਸੇ ਜਾਣ ਵਾਲੇ ਖਾਣੇ ਦੀ ਵੀ ਕੀਤੀ ਜਾਂਚ
- ਮੁਫਤ ਕਾਨੂੰਨੀ ਸਹਾਇਤਾ ਲਈ ਲੀਗਲ ਏਡ ਕਲੀਨਿਕ 'ਚ ਕੀਤਾ ਜਾ ਸਕਦਾ ਹੈ ਸੰਪਰਕ - ਹਰਪ੍ਰੀਤ ਕੌਰ ਰੰਧਾਵਾ
ਜ਼ਿਲ੍ਹਾ ਤੇ ਸੈਸ਼ਨ ਜੱਜ—ਕਮ—ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਸ੍ਰੀਮਤੀ ਹਰਪ੍ਰੀਤ ਕੌਰ ਰੰਧਾਵਾ ਵੱਲੋਂ ਕੇਂਦਰੀ ਲੁਧਿਆਣਾ ਦੀਆਂ ਕੇਂਦਰੀ ਜੇਲ੍ਹ, ਬੋਰਸਟਲ ਜੇਲ੍ਹ ਅਤੇ ਜਨਾਨਾ ਜੇਲ੍ਹਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ।
ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਕੇਂਦਰੀ ਜੇਲ੍ਹ ਦੀਆਂ ਬੈਰਕਾਂ ਦੀ ਚੈਕਿੰਗ ਕਰਦਿਆਂ ਹਵਾਲਾਤੀਆਂ ਅਤੇ ਕੈਦੀਆਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਸੁਣਿਆ ਅਤੇ ਮੌਕੇ 'ਤੇ ਹੀ ਜੇਲ੍ਹ ਅਧਿਕਾਰੀਆਂ ਨੂੰ ਤੁਰੰਤ ਨਿਪਟਾਰਾ ਕਰਨ ਦੇ ਵੀ ਹੁਕਮ ਜਾਰੀ ਕੀਤੇ। ਚੈਕਿੰਗ ਦੌਰਾਨ ਉਨ੍ਹਾਂ ਜੇਲ੍ਹ ਦੇ ਲੰਗਰ ਹਾਲ ਦਾ ਵਿਸ਼ੇ਼ਸ਼ ਤੌਰ 'ਤੇ ਨਿਰੀਖਣ ਕੀਤਾ, ਉਥੇ ਬਣ ਰਿਹਾ ਖਾਣਾ ਜਿਸ ਵਿੱਚ ਰੋਟੀ ਅਤੇ ਦਾਲ ਸ਼ਾਮਲ ਸਨ, ਨੂੰ ਚੈੱਕ ਕੀਤਾ ਗਿਆ।
ਇਸ ਤੋਂ ਇਲਾਵਾ ਮਾਨਯੋਗ ਜਿਲ੍ਹਾ ਤੇ ਸੈਸ਼ਨ ਜੱਜ ਰੰਧਾਵਾ ਵੱਲੋਂ ਜੇਲ੍ਹ ਵਿੱਚ ਵੱਖ-ਵੱਖ ਹਵਾਲਾਤੀਆਂ ਅਤੇ ਕੈਦੀਆਂ ਨਾਲ ਗੱਲਬਾਤ ਕੀਤੀ, ਜੇਲ੍ਹ ਵਿੱਚ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਬਾਰੇ ਪੁੱਛਿਆ ਅਤੇ ਮੌਕੇ 'ਤੇ ਹੀ ਹੱਲ ਕਰਨ ਦੇ ਉਪਰਾਲੇ ਕੀਤੇ ਗਏ । ਜਨਾਨਾ ਜੇਲ੍ਹ ਦੀ ਚੈਕਿੰਗ ਦੌਰਾਨ ਉਨ੍ਹਾਂ ਵੱਲੋਂ ਬੰਦੀਆਂ ਨਾਲ ਗੱਲਬਾਤ ਕੀਤੀ ਗਈ ਅਤੇ ਜੇਲ੍ਹ ਵਿੱਚ ਉਨ੍ਹਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਬਾਰੇ ਪੁੱਛਿਆ ਗਿਆ। ਇਸ ਮੌਕੇ ਉਨ੍ਹਾਂ ਜੇਲ੍ਹ ਦੀਆਂ ਬੰਦੀ ਔਰਤਾਂ ਦੀਆਂ ਸਮੱਸਿਆਵਾਂ ਦਾ ਹੱਲ ਛੇਤੀ ਤੋਂ ਛੇਤੀ ਕਰਨ ਦੇ ਹੁਕਮ ਦਿੱਤੇ। ਉਨ੍ਹਾਂ ਜੇਲ੍ਹ ਵਿੱਚ ਬੰਦੀ ਔਰਤਾਂ ਨੂੰ ਮਿਲ ਰਹੀ ਮੈਡੀਕਲ ਸਹੂਲਤ ਦਾ ਵੀ ਨਿਰੀਖਣ ਕੀਤਾ।
ਇਸ ਮੌਕੇ ਉਨ੍ਹਾਂ ਜੇਲ੍ਹ ਦੇ ਬੰਦੀਆਂ ਨੂੰ ਦੱਸਿਆ ਕਿ ਜੇਕਰ ਉਹ ਆਪਣੇ ਕੇਸ ਦੀ ਪੈਰਵੀ ਲਈ ਆਪਣੇ ਪ੍ਰਾਈਵੇਟ ਪੱਧਰ 'ਤੇ ਐਡਵੋਕੇਟ ਹਾਇਰ ਕਰਨ ਵਿੱਚ ਅਸਮਰਥ ਹਨ ਤਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਤੋਂ ਮੁਫਤ ਕਾਨੂੰਨੀ ਸਹਾਇਤਾ ਪ੍ਰਾਪਤ ਕਰ ਸਕਦੇ ਹਨ। ਮੁਫਤ ਕਾਨੂੰਨੀ ਸਹਾਇਤਾ ਲੈਣ ਲਈ ਜੇਲ੍ਹ ਵਿੱਚ ਖੋਲ੍ਹੇ ਗਏ ਲੀਗਲ ਏਡ ਕਲੀਨਿਕ ਵਿੱਚ ਪੇਸ਼ ਹੋ ਕੇ ਕਾਨੂੰਨੀ ਸਹਾਇਤਾ ਦਾ ਫਾਰਮ ਭਰਵਾਇਆ ਜਾ ਸਕਦਾ ਹੈ। ਉਨ੍ਹਾਂ ਕੇਂਦਰੀ ਜੇਲ੍ਹ, ਬੋਰਸਟਲ ਜੇਲ੍ਹ ਅਤੇ ਜਨਾਨਾ ਜੇਲ੍ਹ ਦੇ ਸੁਪਰਡੈਂਟ ਨੂੰ ਜੇਲ੍ਹ ਵਿੱਚ ਪਾਈਆਂ ਗਈਆਂ ਕਮੀਆਂ ਬਾਬਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਅਤੇ ਹਦਾਇਤ ਕੀਤੀ ਕਿ ਪਾਈਆਂ ਗਈਆਂ ਖਾਮੀਆਂ 'ਤੇ ਤੁਰੰਤ ਅਮਲ ਸਬੰਧੀ ਰਿਪੋਰਟ ਪੇਸ਼ ਕੀਤੀ ਜਾਵੇ।
ਇਸ ਮੌਕੇ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਸ੍ਰੀਮਤੀ ਸੁਮਿਤ ਸੱਭਰਵਾਲ, ਸੀ.ਜੇ.ਐੱਸ.ਡੀ, ਲੁਧਿਆਣਾ ਸ੍ਰੀਮਤੀ ਡੇਜ਼ੀ ਬਾਂਗੜ, ਚੀਫ ਲੀਗਲ ਏਡ ਡਿਫੈਂਸ ਕੌਂਸਲ ਸ੍ਰੀ ਵਰਿੰਦਰਜੀਤ ਸਿੰਘ ਰੰਧਾਵਾ, ਸੁਪਰਡੰਟ ਕੇਂਦਰੀ ਜੇਲ੍ਹ, ਜਨਾਨਾ ਜੇਲ੍ਹ, ਬੋਰਸਟਲ ਜੇਲ੍ਹ, ਲੁਧਿਆਣਾ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।
District-And-Sessions-Judge-Conducts-Surprise-Checks-Of-Central-Borstal-And-Women-s-Jails
PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.
Meenu Galhotra (Editor)