• ਝੋਨੇ ਦੀ ਸਿੱਧੀ ਬਿਜਾਈ ਅਧੀਨ ਰਕਬੇ ਵਿੱਚ ਸਾਲ 2023 ਦੇ ਮੁਕਾਬਲੇ ਹੋਇਆ 47 ਫ਼ੀਸਦ ਵਾਧਾ
ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਸਾਉਣੀ ਸੀਜ਼ਨ 2024 ਦੌਰਾਨ ਪਾਣੀ ਦੀ ਬੱਚਤ ਕਰਨ ਵਾਲੀ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਤਕਨੀਕ ਅਪਣਾਉਣ ਵਾਲੇ 20,229 ਕਿਸਾਨਾਂ ਨੂੰ 27.79 ਕਰੋੜ ਰੁਪਏ ਦੀ ਰਾਸ਼ੀ ਵੰਡੀ ਗਈ ਹੈ।
ਉਨ੍ਹਾਂ ਦੱਸਿਆ ਕਿ ਸਾਲ 2024 ਵਿੱਚ 2.53 ਲੱਖ ਏਕੜ ਰਕਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਕੀਤੀ ਗਈ, ਜਦੋਂਕਿ ਸਾਉਣੀ ਸੀਜ਼ਨ 2023 ਦੌਰਾਨ ਝੋਨੇ ਦੀ ਸਿੱਧੀ ਬਿਜਾਈ ਅਧੀਨ 1.72 ਲੱਖ ਏਕੜ ਰਕਬਾ ਸੀ। ਇਸ ਮੁਤਾਬਕ ਸਾਲ 2024 ਦੌਰਾਨ ਝੋਨੇ ਦੀ ਸਿੱਧੀ ਬਿਜਾਈ ਅਧੀਨ 47 ਫੀਸਦ ਵੱਧ ਰਕਬਾ ਸੀ। ਜ਼ਿਕਰਯੋਗ ਹੈ ਕਿ ਮਾਰਚ 2025 ਦੇ ਪਹਿਲੇ ਹਫ਼ਤੇ, ਪਹਿਲੇ ਪੜਾਅ ਅਧੀਨ 9,500 ਤੋਂ ਵੱਧ ਕਿਸਾਨਾਂ ਨੂੰ 4.34 ਕਰੋੜ ਰੁਪਏ ਜਾਰੀ ਕੀਤੇ ਗਏ ਸਨ ਅਤੇ ਹੁਣ ਬਾਕੀ ਸਾਰੀ ਰਕਮ ਲਾਭਪਾਤਰੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕਰ ਦਿੱਤੀ ਗਈ ਹੈ।
ਟਿਕਾਊ ਖੇਤੀ ਨੂੰ ਉਤਸ਼ਾਹਿਤ ਕਰਨ ਅਤੇ ਪਾਣੀ ਦੀ ਖਪਤ ਘਟਾਉਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ (ਡੀਐਸਆਰ) ਤਕਨੀਕ ਨੂੰ ਅਪਣਾਉਣ ਲਈ ਸਰਗਰਮੀ ਨਾਲ ਉਤਸ਼ਾਹਿਤ ਕੀਤਾ ਜਾ ਰਿਹਾ ਹੈ।
ਸ. ਖੁੱਡੀਆਂ ਨੇ ਦੱਸਿਆ ਕਿ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1,500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਪ੍ਰੋਤਸਾਹਨ ਰਾਸ਼ੀ ਦਿੱਤੀ ਜਾ ਰਹੀ ਹੈ। ਇਸ ਪਹਿਲਕਦਮੀ ਦਾ ਉਦੇਸ਼ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਦੀ ਸਮੱਸਿਆ ਨਾਲ ਨਜਿੱਠਣਾ ਅਤੇ ਸੂਬੇ ਦੀ ਖੇਤੀ ਸਥਿਰਤਾ ਨੂੰ ਹੁਲਾਰਾ ਦੇਣਾ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਪਾਣੀ ਦੀ ਸੰਭਾਲ ਅਤੇ ਵਾਤਾਵਰਨ ਸੁਰੱਖਿਆ ਪ੍ਰਤੀ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦਰਸਾਉਂਦੀ ਹੈ।
PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.
Meenu Galhotra (Editor)