ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਨੇ ਕਿਹਾ - ਪੰਜਾਬ ਸਰਕਾਰ ਵੱਲੋਂ ਚਲਾਈ ਨਸ਼ਿਆ ਵਿਰੁੱਧ ਮੁਹਿੰਮ ਵਿੱਚ ਵਿਰੋਧੀ ਧਿਰਾਂ ਨੇ ਨਹੀਂ ਦਿੱਤਾ ਕੋਈ ਸਾਥ
ਲੁਧਿਆਣਾ ਪੱਛਮੀ ਦੀ ਜਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੀ ਵੱਡੇ ਅੰਤਰ ਨਾਲ ਜਿੱਤ ਪੱਕੀ
ਆਮ ਆਦਮੀ ਪਾਰਟੀ (ਆਪ), ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਵਿਰੋਧੀਆਂ ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਵਿਰੋਧੀ ਧਿਰਾਂ ਨੂੰ ਸਿਰਫ਼ ਤੇ ਸਿਰਫ਼ ਸੱਤਾ ਦਾ ਲਾਲਚ ਹੈ। ਸੱਤਾ ਹਾਸਲ ਕਰਨ ਲਈ ਵਿਰੋਧੀਆਂ ਵੱਲੋਂ ਲਗਾਤਾਰ ਬੇਬੁਨਿਆਦ ਬਿਆਨਬਾਜੀ ਕੀਤੀ ਜਾ ਰਹੀ ਹੈ, ਜਦਕਿ ਇਨ੍ਹਾਂ ਦਾ ਪੰਜਾਬ ਦੇ ਵਿਕਾਸ ਅਤੇ ਤਰੱਕੀ ਨਾਲ ਕੋਈ ਵਾਸਤਾ ਨਹੀਂ ਹੈ। ਇਹ ਕੇਵਲ ਆਪਣੇ ਨਿੱਜੀ ਹਿੱਤਾ ਨੂੰ ਪੂਰਾ ਕਰਨ ਲਈ ਗੁਮਰਾਹਕੁੰਨ ਬਿਆਨ ਦੇ ਰਹੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਵਿੱਚ ਆਮ ਲੋਕਾਂ ਵੱਲੋਂ ਪੂਰਾ ਸਾਥ ਦਿੱਤਾ ਜਾ ਰਿਹਾ ਹੈ, ਪਰ ਵਿਰੋਧੀ ਧਿਰਾਂ ਵੱਲੋਂ ਇਸ ਮੁਹਿੰਮ ਵਿੱਚ ਸਾਥ ਦੇਣਾ ਤਾਂ ਦੂਰ ਦੀ ਗੱਲ ਹੈ, ਸਗੋਂ ਬੇਬੁਨਿਆਦ ਬਿਆਨਬਾਜੀਆਂ ਕਰਕੇ ਲੋਕਾਂ ਨੂੰ ਗੁਮਰਾਹ ਕਰਨ ਵਿੱਚ ਲੱਗੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣਾ ਚਾਹੁੰਦੀ ਹੈ, ਜਦਕਿ ਪੁਰਾਣੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਸੂਬੇ ਵਿੱਚ ਨਸ਼ਿਆ ਦਾ ਪ੍ਰਸਾਰ ਹੋਇਆ ਹੈ।
ਬਰਸਟ ਨੇ ਕਿਹਾ ਕਿ ਵਿਰੋਧੀ ਧਿਰਾਂ ਦੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਪੰਜਾਬ ਦੇ ਸੱਭਿਆਚਾਰ ਨੂੰ ਭੰਗ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ ਗਈ। ਅਸ਼ਲੀਲ ਅਤੇ ਲੱਚਰ ਗਾਇਕੀ ਨੂੰ ਵਧਾਵਾ ਦਿੱਤਾ ਗਿਆ, ਗਨ ਕਲਚਰ ਨੂੰ ਪ੍ਰਮੋਟ ਕੀਤਾ ਗਿਆ। ਵਿੱਦਿਅਕ ਢਾਂਚਾ ਤਹਿਸ-ਨਹਿਸ ਕਰਕੇ ਬੱਚਿਆਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੁਰਾਣੀਆਂ ਸਰਕਾਰਾਂ ਦੀਆਂ ਮਾੜੀਆਂ ਕਾਰਗੁਜਾਰੀਆਂ ਕਰਕੇ ਪੰਜਾਬ ਆਪਣੀ ਅਸਲ ਪਹਿਚਾਣ ਤੋਂ ਦੂਰ ਹੋ ਗਿਆ ਸੀ, ਪਰ ਆਮ ਆਦਮੀ ਪਾਰਟੀ ਨੇ ਸਰਕਾਰ ਬਣਦੀਆਂ ਹੀ ਸੂਬੇ ਦੇ ਵਿਕਾਸ ਅਤੇ ਤਰੱਕੀ ਨੂੰ ਮੁੱਖ ਰੱਖਦਿਆਂ ਹਰ ਖੇਤਰ ਵਿੱਚ ਸੁਧਾਰ ਕੀਤਾ। ਅੱਜ ਪੰਜਾਬ ਦੇ ਸਰਕਾਰੀ ਸਕੂਲਾਂ ਵਿਖੇ ਚੰਗੇ ਮਾਹੌਲ ਵਿੱਚ ਬੱਚਿਆ ਨੂੰ ਚੰਗੀ ਸਿੱਖਿਆ ਦਿੱਤੀ ਜਾ ਰਹੀ ਹੈ।
ਸੂਬਾ ਜਨਰਲ ਸਕੱਤਰ ਨੇ ਕਿਹਾ ਕਿ ਵਿਰੋਧੀ ਧਿਰਾਂ ਵੱਲੋਂ ਬੱਚਿਆਂ ਦੀ ਤੰਦਰੁਸਤੀ ਵਾਸਤੇ ਸਹੀ ਢੰਗ ਨਾਲ ਕੋਈ ਇੰਤਜਾਮ ਨਹੀਂ ਕੀਤੇ ਗਏ, ਜਦਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ ਅਤੇ ਖੇਡ ਨਰਸਰੀਆਂ ਤੇ ਖੇਡ ਮੈਦਾਨਾਂ ਦਾ ਨਿਰਮਾਣ ਵੀ ਕੀਤਾ ਜਾ ਰਿਹਾ ਹੈ, ਤਾਂਕਿ ਬੱਚਿਆਂ ਦਾ ਚੰਗੇ ਢੰਗ ਨਾਲ ਸ਼ਰੀਰਕ ਅਤੇ ਮਾਨਸਿਕ ਵਿਕਾਸ ਹੋ ਸਕੇ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰਾਂ ਨੇ ਆਪਣੀਆਂ ਨੀਤੀਆਂ ਤੇ ਪਰਦਾ ਪਾਉਣ ਲਈ ਪੰਜਾਬ ਦੇ ਪੈਸਿਆ ਦਾ ਗਲਤ ਢੰਗ ਨਾਲ ਇਸਤੇਮਾਲ ਕੀਤਾ ਅਤੇ ਸੂਬੇ ਨੂੰ ਕਰਜ਼ਈ ਬਣਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਵਿਰੋਧੀ ਪਾਰਟੀਆਂ ਦੇ ਅਸਲ ਚਹਿਰਿਆਂ ਨੂੰ ਪਹਿਚਾਣ ਚੁੱਕੇ ਹਨ ਅਤੇ ਇਨ੍ਹਾਂ ਨੂੰ ਸਬਕ ਸਿਖਾਉਣ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਲੁਧਿਆਣਾ ਪੱਛਮੀ ਦੀ ਜਿਮਨੀ ਚੋਣ ਵਿੱਚ ਲੋਕ ਆਮ ਆਦਮੀ ਪਾਰਟੀ ਨੂੰ ਵੋਟਾਂ ਪਾ ਕੇ ਵੱਡੇ ਅੰਤਰ ਨਾਲ ਜਿਤਾਉਣਗੇ।
PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.
Meenu Galhotra (Editor)