August 30, 2026 10:45:52

ਕਿਸਾਨਾਂ ਦੀ ਕਾਤਲ ਭਾਜਪਾ ਨਾਲ ਹੱਥ ਮਿਲਾਉਣ ਲਈ ਤਰਲੋਮੱਛੀ ਹੋਇਆ ਅਕਾਲੀ ਦਲ-ਭਗਵੰਤ ਸਿੰਘ ਮਾਨ

Aug27,2026 | Meenu Galhotra | Chandigarh

*ਹੱਕ ਮੰਗਣ 'ਤੇ 750 ਕਿਸਾਨਾਂ ਨੂੰ ਮਰਵਾਉਣ ਵਾਲੀ ਭਾਜਪਾ ਨੂੰ ਪੰਜਾਬ ਕਦੇ ਮਾਫ਼ ਨਹੀਂ ਕਰੇਗਾ-ਭਗਵੰਤ ਸਿੰਘ ਮਾਨ*

*ਅਕਾਲੀ ਅਤੇ ਕਾਂਗਰਸ ਕੋਲ ਪੰਜਾਬ ਨੂੰ ਲੈ ਕੇ ਕੋਈ ਏਜੰਡਾ ਨਹੀਂ, ਇਹ ਸਿਰਫ਼ ਸੱਤਾ ਦੇ ਭੁੱਖੇ-ਭਗਵੰਤ ਸਿੰਘ ਮਾਨ*

*ਪਹਿਲਾਂ ਚੋਰਾਂ ਦੀ ਸਰਕਾਰ ਸੀ ਤਾਂ ਕੋਈ ਕੰਮ ਨਹੀਂ ਹੁੰਦਾ ਸੀ, ਅੱਜ ਇਮਾਨਦਾਰ ਸਰਕਾਰ ਹੈ, ਸਾਰੇ ਕੰਮ ਹੋ ਰਹੇ ਹਨ-ਭਗਵੰਤ ਸਿੰਘ ਮਾਨ*

*ਅੱਜ ਪੰਜਾਬ ਦੇ 90 ਫ਼ੀਸਦੀ ਘਰਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ-ਭਗਵੰਤ ਸਿੰਘ ਮਾਨ*

*ਅਕਾਲੀਆਂ ਨੇ ਪੂਰੇ ਪੰਜਾਬ ਵਿੱਚ ਨਸ਼ਾ ਫੈਲਾਇਆ, ਅਸੀਂ ਨਸ਼ੇ 'ਤੇ ਕਾਬੂ ਪਾ ਰਹੇ ਹਾਂ- ਭਗਵੰਤ ਸਿੰਘ ਮਾਨ*


ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਭਾਜਪਾ ਨਾਲ ਹੱਥ ਮਿਲਾਉਣ ਲਈ ਤਰਲੋਮੱਛੀ ਹੋਣ 'ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ 750 ਕਿਸਾਨਾਂ ਦੀਆਂ ਹੋਈਆਂ ਮੌਤਾਂ ਲਈ ਪੰਜਾਬ ਦੇ ਲੋਕ ਭਾਜਪਾ ਨੂੰ ਕਦੇ ਮਾਫ਼ ਨਹੀਂ ਕਰਨਗੇ। ਕਰਤਾਰਪੁਰ ਦੇ ਪਿੰਡ ਕਾਹਲਵਾਂ ਵਿਖੇ 'ਲੋਕ ਮਿਲਣੀ' ਦੌਰਾਨ ਉਨ੍ਹਾਂ ਕਿਹਾ ਕਿ ਅਕਾਲੀਆਂ ਅਤੇ ਕਾਂਗਰਸ ਕੋਲ ਪੰਜਾਬ ਲਈ ਕੋਈ ਏਜੰਡਾ ਨਹੀਂ ਹੈ ਅਤੇ ਉਨ੍ਹਾਂ ਨੂੰ ਸਿਰਫ਼ ਸੱਤਾ ਦੀ ਭੁੱਖ ਹੈ, ਜਦਕਿ ਉਨ੍ਹਾਂ ਦੀ ਸਰਕਾਰ ਨੇ ਇੱਕ ਇਮਾਨਦਾਰ ਅਤੇ ਲੋਕ ਭਲਾਈ ਵਾਲੇ ਪ੍ਰਸ਼ਾਸਨ ਰਾਹੀਂ ਲੋਕਾਂ ਨੂੰ ਅਸਲ ਲਾਭ ਪਹੁੰਚਾਏ ਹਨ।
90 ਫ਼ੀਸਦੀ ਘਰਾਂ ਦੇ ਜ਼ੀਰੋ ਬਿਜਲੀ ਬਿੱਲਾਂ, ਕਿਸਾਨਾਂ ਲਈ ਦਿਨ ਵੇਲੇ ਨਹਿਰੀ ਪਾਣੀ ਅਤੇ ਬਿਨਾਂ ਕਿਸੇ ਰਿਸ਼ਵਤ ਜਾਂ ਸਿਫ਼ਾਰਸ਼ ਦੇ ਦਿੱਤੀਆਂ 70,840 ਸਰਕਾਰੀ ਨੌਕਰੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕ ਪਹਿਲਾਂ ਵਾਲੀ "ਚੋਰਾਂ ਦੀ ਸਰਕਾਰ" ਅਤੇ ਮੌਜੂਦਾ "ਇਮਾਨਦਾਰ ਸਰਕਾਰ" ਵਿਚਕਾਰ ਦਾ ਫ਼ਰਕ ਸਾਫ਼ ਦੇਖ ਸਕਦੇ ਹਨ। ਉਨ੍ਹਾਂ ਨੇ ਪੂਰੇ ਸੂਬੇ ਵਿੱਚ ਨਸ਼ਾ ਫੈਲਾਉਣ ਲਈ ਅਕਾਲੀਆਂ 'ਤੇ ਨਿਸ਼ਾਨਾ ਸਾਧਿਆ, ਜਦਕਿ ਇਹ ਦਾਅਵਾ ਕੀਤਾ ਕਿ ਉਨ੍ਹਾਂ ਦੀ ਸਰਕਾਰ ਨਸ਼ਿਆਂ ਦੀ ਅਲਾਮਤ 'ਤੇ ਕਾਬੂ ਪਾ ਰਹੀ ਹੈ।
'ਲੋਕ ਮਿਲਣੀ' ਦੀਆਂ ਕੁੱਝ ਝਲਕੀਆਂ ਸਾਂਝੀਆਂ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 'ਐਕਸ' 'ਤੇ ਲਿਖਿਆ: "ਅੱਜ ਕਰਤਾਰਪੁਰ ਦੇ ਪਿੰਡ ਕਾਹਲਵਾਂ ਵਿਖੇ ਭਾਰੀ ਇਕੱਠ ਅਤੇ ਲੋਕਾਂ ਦਾ ਅਥਾਹ ਪਿਆਰ ਦੇਖ ਕੇ ਮੇਰਾ ਦਿਲ ਖ਼ੁਸ਼ੀ ਨਾਲ ਭਰ ਗਿਆ। ਤੁਹਾਡਾ ਇਹ ਉਤਸ਼ਾਹ ਮੈਨੂੰ ਹੋਰ ਵੀ ਵੱਧ ਤਾਕਤ ਦਿੰਦਾ ਹੈ। ਸਾਡੀ ਸਰਕਾਰ ਨੇ ਪਹਿਲੇ ਦਿਨ ਤੋਂ ਹੀ ਲੋਕ ਹਿੱਤ ਵਿੱਚ ਫ਼ੈਸਲੇ ਲੈਣੇ ਸ਼ੁਰੂ ਕਰ ਦਿੱਤੇ ਸਨ। ਹੁਣ 90% ਘਰਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ, ਕਿਸਾਨਾਂ ਨੂੰ ਦਿਨ ਵੇਲੇ ਨਹਿਰੀ ਪਾਣੀ ਮਿਲ ਰਿਹਾ ਹੈ ਅਤੇ 70,840 ਨੌਜਵਾਨਾਂ ਨੂੰ ਬਿਨਾਂ ਕਿਸੇ ਰਿਸ਼ਵਤ ਜਾਂ ਸਿਫ਼ਾਰਸ਼ ਦੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।"
ਪੋਸਟ ਦੇ ਅੰਤ ਵਿੱਚ ਉਨ੍ਹਾਂ ਲਿਖਿਆ: "ਕੱਲ੍ਹ ਰੱਖੜੀ ਦੇ ਪਵਿੱਤਰ ਤਿਉਹਾਰ 'ਤੇ 'ਸਤਿਕਾਰ ਯੋਜਨਾ' ਤਹਿਤ ਸ਼ਗਨ ਦੀ ਰਾਸ਼ੀ ਵੀ ਮੇਰੀਆਂ ਭੈਣਾਂ ਦੇ ਖ਼ਾਤਿਆਂ ਵਿੱਚ ਪਹੁੰਚ ਜਾਵੇਗੀ। ਮੈਂ ਪਿੰਡ ਕਾਹਲਵਾਂ ਦੇ ਵਿਕਾਸ ਲਈ ਪੰਚਾਇਤ ਨੂੰ 51 ਲੱਖ ਰੁਪਏ ਦਾ ਚੈੱਕ ਵੀ ਸੌਂਪਿਆ ਹੈ। ਲੋਕਾਂ ਦਾ ਪੈਸਾ ਪੰਜਾਬ ਦੇ ਲੋਕਾਂ 'ਤੇ ਹੀ ਖ਼ਰਚ ਕੀਤਾ ਜਾਵੇਗਾ।"
'ਲੋਕ ਮਿਲਣੀ' ਦੌਰਾਨ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਮੈਂ ਜਿੱਥੇ ਵੀ ਜਾਂਦਾ ਹਾਂ, ਲੋਕ ਮੈਨੂੰ ਅਥਾਹ ਪਿਆਰ ਦਿੰਦੇ ਹਨ, ਜਦਕਿ ਉਹ ਕਾਂਗਰਸ ਅਤੇ ਅਕਾਲੀਆਂ ਨਾਲ ਹੱਥ ਮਿਲਾਉਣ ਤੋਂ ਵੀ ਝਿਜਕਦੇ ਹਨ। ਮੈਂ ਪੈਸੇ ਕਮਾਉਣ ਲਈ ਰਾਜਨੀਤੀ ਵਿੱਚ ਨਹੀਂ ਆਇਆ, ਮੈਂ ਲੋਕਾਂ ਦੀ ਸੇਵਾ ਕਰਨ ਆਇਆ ਹਾਂ। ਮੈਂ ਪੰਜਾਬ ਅਤੇ ਇਸ ਦੇ ਲੋਕਾਂ ਦੀ ਸੇਵਾ ਲਈ ਆਪਣੀ ਸ਼ੋਹਰਤ ਪਿੱਛੇ ਛੱਡ ਦਿੱਤੀ ਸੀ।"
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀਆਂ ਪਿਛਲੀਆਂ ਸਰਕਾਰਾਂ ਨੇ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਵੱਲ ਧੱਕਿਆ, ਜੋ ਕਿ ਉਨ੍ਹਾਂ ਦੇ ਰਾਜਨੀਤੀ ਵਿੱਚ ਆਉਣ ਦਾ ਇੱਕ ਮੁੱਖ ਕਾਰਨ ਸੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਸਾਲ 2022 ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਇਤਿਹਾਸਕ ਫ਼ਤਵਾ ਦਿੱਤਾ ਅਤੇ ਪ੍ਰਕਾਸ਼ ਸਿੰਘ ਬਾਦਲ, ਚਰਨਜੀਤ ਸਿੰਘ ਚੰਨੀ, ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਵਰਗੇ ਕਈ ਸਿਆਸੀ ਥੰਮ੍ਹਾਂ ਨੂੰ ਉਨ੍ਹਾਂ ਦੇ ਰਵਾਇਤੀ ਗੜ੍ਹਾਂ ਤੋਂ ਹਰਾਇਆ। ਉਨ੍ਹਾਂ ਅੱਗੇ ਕਿਹਾ, "ਪੰਜਾਬ ਦੇ ਲੋਕਾਂ ਨੇ ਆਪਣੀ ਤਾਕਤ ਦੀ ਵਰਤੋਂ ਕਰਕੇ ਉਨ੍ਹਾਂ ਲੋਕਾਂ ਨੂੰ ਹਰਾਇਆ ਜਿਨ੍ਹਾਂ ਨੇ ਉਨ੍ਹਾਂ ਦੇ ਹਿੱਤਾਂ ਦੇ ਖ਼ਿਲਾਫ਼ ਕੰਮ ਕੀਤਾ ਅਤੇ ਉਨ੍ਹਾਂ ਨੂੰ ਸਿਆਸੀ ਗੁੰਮਨਾਮੀ ਵਿੱਚ ਭੇਜ ਦਿੱਤਾ। ਇਸ ਤੋਂ ਬਾਅਦ ਸੂਬੇ ਵਿੱਚ ਇੱਕ ਇਮਾਨਦਾਰ ਸਰਕਾਰ ਨੇ ਵਾਗਡੋਰ ਸੰਭਾਲੀ। ਇਹਨਾਂ ਰਵਾਇਤੀ ਸਿਆਸੀ ਪਾਰਟੀਆਂ ਦਾ ਇੱਕੋ-ਇੱਕ ਏਜੰਡਾ ਪੰਜਾਬ ਨੂੰ ਬਦਨਾਮ ਕਰਨਾ ਹੈ। ਇਹ ਸਿਰਫ਼ ਲੋਕਾਂ ਨੂੰ ਲੁੱਟਣ ਲਈ ਸੱਤਾ ਚਾਹੁੰਦੇ ਹਨ।"
ਉਨ੍ਹਾਂ ਕਿਹਾ ਕਿ ਰਵਾਇਤੀ ਸਿਆਸੀ ਆਗੂ ਇਸ ਗੱਲ ਨੂੰ ਬਰਦਾਸ਼ਤ ਨਹੀਂ ਕਰ ਪਾ ਰਹੇ ਕਿ ਇਕ ਆਮ ਪਰਿਵਾਰ ਦਾ ਵਿਅਕਤੀ ਸੂਬਾ ਚਲਾ ਰਿਹਾ ਹੈ ਅਤੇ ਇਸ ਦੇ ਲੋਕਾਂ ਦੀ ਭਲਾਈ ਲਈ ਦਿਨ-ਰਾਤ ਮਿਹਨਤ ਕਰ ਰਿਹਾ ਹੈ। ਉਨ੍ਹਾਂ ਕਿਹਾ, "ਉਹ ਮੇਰੇ ਤੋਂ ਈਰਖਾ ਕਰਦੇ ਹਨ ਕਿਉਂਕਿ ਮੈਂ ਇੱਕ ਆਮ ਪਰਿਵਾਰ ਤੋਂ ਆਉਂਦਾ ਹਾਂ ਅਤੇ ਲੋਕਾਂ ਦੀ ਭਲਾਈ ਲਈ ਦਿਨ-ਰਾਤ ਕੰਮ ਕਰ ਰਿਹਾ ਹਾਂ। ਇਹ ਆਗੂ ਹਮੇਸ਼ਾ ਮੰਨਦੇ ਸਨ ਕਿ ਪੰਜਾਬ 'ਤੇ ਰਾਜ ਕਰਨਾ ਉਨ੍ਹਾਂ ਦਾ ਇਲਾਹੀ ਹੱਕ ਹੈ। ਉਹ ਇਹ ਹਜ਼ਮ ਨਹੀਂ ਕਰ ਪਾ ਰਹੇ ਕਿ ਇੱਕ ਆਮ ਆਦਮੀ ਸੂਬੇ ਦਾ ਸ਼ਾਸਨ ਇੰਨੇ ਚੰਗੇ ਢੰਗ ਨਾਲ ਕਿਵੇਂ ਚਲਾ ਰਿਹਾ ਹੈ। ਉਨ੍ਹਾਂ ਨੇ ਲੰਬੇ ਸਮੇਂ ਤੱਕ ਲੋਕਾਂ ਨੂੰ ਮੂਰਖ ਬਣਾਇਆ, ਪਰ ਹੁਣ ਲੋਕ ਉਨ੍ਹਾਂ ਦੇ ਗੁੰਮਰਾਹਕੁੰਨ ਪ੍ਰਚਾਰ ਵਿੱਚ ਨਹੀਂ ਆ ਰਹੇ।"
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਉਨ੍ਹਾਂ ਆਗੂਆਂ ਨੂੰ ਨਕਾਰ ਦਿੱਤਾ ਹੈ ਜਿਨ੍ਹਾਂ ਨੇ ਆਪਣੇ ਸੱਤਾ ਦੇ ਸਾਲਾਂ ਦੌਰਾਨ ਮਹਿਲਾਂ ਵਿੱਚ ਸਮਾਂ ਬਿਤਾਇਆ ਅਤੇ ਆਮ ਲੋਕਾਂ ਤੋਂ ਦੂਰ ਰਹੇ। ਉਨ੍ਹਾਂ ਅੱਗੇ ਕਿਹਾ, "ਜਿਹੜੇ ਦਾਅਵਾ ਕਰਦੇ ਸਨ ਕਿ ਉਹ 25 ਸਾਲ ਪੰਜਾਬ 'ਤੇ ਰਾਜ ਕਰਨਗੇ, ਲੋਕਾਂ ਨੇ ਉਨ੍ਹਾਂ ਨੂੰ ਸਿਆਸੀ ਗੁੰਮਨਾਮੀ ਵਿੱਚ ਭੇਜ ਦਿੱਤਾ ਹੈ। ਅੱਜ ਉਨ੍ਹਾਂ ਨੂੰ ਕਮੇਟੀ ਬਣਾਉਣ ਲਈ ਪੰਜ ਬੰਦੇ ਵੀ ਨਹੀਂ ਮਿਲ ਰਹੇ। ਪੰਜਾਬ ਦੇ ਸੂਝਵਾਨ ਅਤੇ ਬਹਾਦਰ ਲੋਕਾਂ ਨੇ ਇਹਨਾਂ ਹੰਕਾਰੀ ਆਗੂਆਂ ਨੂੰ ਉਨ੍ਹਾਂ ਦੇ ਮਾੜੇ ਕੰਮਾਂ ਦਾ ਕਰਾਰਾ ਸਬਕ ਸਿਖਾਇਆ ਹੈ।"
ਅਕਾਲੀ ਦਲ 'ਤੇ ਵਰ੍ਹਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਆਪਣੇ ਲੰਬੇ ਕੁਸ਼ਾਸਨ ਦੌਰਾਨ ਅਕਾਲੀਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦਾ ਪਾਪ ਕੀਤਾ, ਇਸ ਘਿਨੌਣੇ ਅਪਰਾਧ ਦੇ ਦੋਸ਼ੀਆਂ ਦੀ ਪੁਸ਼ਤਪਨਾਹੀ ਕੀਤੀ ਅਤੇ ਨਿਰਦੋਸ਼ ਲੋਕਾਂ 'ਤੇ ਗੋਲੀਆਂ ਚਲਵਾਈਆਂ। ਉਨ੍ਹਾਂ ਨੇ ਪੰਜਾਬ ਨੂੰ ਬੇਰਹਿਮੀ ਨਾਲ ਲੁੱਟਿਆ, ਪੰਜਾਬੀਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਅਤੇ ਸੂਬੇ ਵਿੱਚ ਮਾਫ਼ੀਏ ਨੂੰ ਸ਼ਹਿ ਦਿੱਤੀ। ਅਕਾਲੀ ਦਲ ਨੂੰ ਪਾਇਆ ਗਿਆ ਹਰ ਵੋਟ ਬੇਅਦਬੀ ਦੇ ਹੱਕ ਵਿੱਚ ਫ਼ਤਵਾ ਹੋਵੇਗਾ। ਅਕਾਲੀ ਲੀਡਰਸ਼ਿਪ ਨੇ ਪੰਜਾਬ ਦਾ ਜੋ ਨੁਕਸਾਨ ਕੀਤਾ ਹੈ, ਉਸ ਲਈ ਕਦੇ ਮਾਫ਼ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਨੇ ਨਸ਼ਾ ਤਸਕਰੀ ਦੀ ਪੁਸ਼ਤਪਨਾਹੀ ਕੀਤੀ ਅਤੇ ਉਨ੍ਹਾਂ ਦੇ ਲੰਬੇ ਕੁਸ਼ਾਸਨ ਦੌਰਾਨ ਨਸ਼ਿਆਂ ਨੇ ਪੈਰ ਪਸਾਰੇ।"
ਉਨ੍ਹਾਂ ਕਿਹਾ, "ਸੱਤਾ ਦੀ ਲਾਲਸਾ ਖਾਤਰ ਅਕਾਲੀ ਦਲ ਹੁਣ ਭਾਜਪਾ ਨਾਲ ਗਠਜੋੜ ਲਈ ਤਰਲੇ ਮਾਰ ਰਿਹਾ ਹੈ, ਜਿਸ ਦੇ ਹੱਥ 700 ਤੋਂ ਵੱਧ ਉਨ੍ਹਾਂ ਕਿਸਾਨਾਂ ਦੇ ਖ਼ੂਨ ਨਾਲ ਰੰਗੇ ਹੋਏ ਹਨ ਜੋ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਵਿਰੁੱਧ ਪ੍ਰਦਰਸ਼ਨ ਕਰਦੇ ਹੋਏ ਸ਼ਹੀਦ ਹੋ ਗਏ ਸਨ। ਇਸ ਅਕਾਲੀ-ਭਾਜਪਾ ਗਠਜੋੜ ਦੀ ਕੋਈ ਵਿਚਾਰਧਾਰਾ ਜਾਂ ਜਨਤਕ ਭਲਾਈ ਦੀ ਚਿੰਤਾ ਨਹੀਂ ਹੈ। ਇਸ ਦਾ ਇੱਕੋ-ਇੱਕ ਮਕਸਦ ਪੰਜਾਬ ਵਿੱਚ ਸੱਤਾ ਹਥਿਆਉਣਾ ਹੈ।"
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕ ਅਜਿਹੀਆਂ ਸਿਆਸੀ ਚਾਲਾਂ ਨਾਲ ਮੂਰਖ ਨਹੀਂ ਬਣਨਗੇ ਅਤੇ ਦੋਵਾਂ ਪਾਰਟੀਆਂ ਨੂੰ ਢੁਕਵਾਂ ਜਵਾਬ ਦੇਣਗੇ। "ਅਕਾਲੀ ਆਗੂਆਂ ਨੂੰ ਹਮੇਸ਼ਾ ਪੰਜਾਬ ਜਾਂ ਪੰਜਾਬੀਆਂ ਨਾਲੋਂ ਆਪਣੇ ਹਿੱਤਾਂ ਦੀ ਚਿੰਤਾ ਰਹਿੰਦੀ ਹੈ। ਜੇਕਰ ਪ੍ਰਧਾਨ ਮੰਤਰੀ ਉਨ੍ਹਾਂ ਦਾ ਹਾਲ-ਚਾਲ ਪੁੱਛਣ ਲਈ ਫ਼ੋਨ ਵੀ ਕਰਦੇ ਹਨ ਤਾਂ ਉਹ ਪੰਜਾਬ ਨੂੰ ਲੁੱਟਣ ਲਈ ਦਿੱਲੀ ਨਾਲ ਗਠਜੋੜ ਦੇ ਸੁਫ਼ਨੇ ਦੇਖਣ ਲੱਗ ਪੈਂਦੇ ਹਨ। 'ਆਪ' ਸਿਰਫ਼ ਪੰਜਾਬ ਅਤੇ ਇਸ ਦੇ ਲੋਕਾਂ ਲਈ ਵਚਨਬੱਧ ਹੈ।"
ਕਾਂਗਰਸ ਦੀ ਅੰਦਰੂਨੀ ਫੁੱਟ 'ਤੇ ਚੁਟਕੀ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ, "ਉਹ ਆਪਣੇ ਨਿੱਜੀ ਸਿਆਸੀ ਹਿੱਤਾਂ ਲਈ ਸੱਤਾ ਵਾਸਤੇ ਲੜ ਰਹੇ ਹਨ, ਜਦਕਿ ਅਸੀਂ 'ਰੰਗਲਾ ਪੰਜਾਬ' ਬਣਾਉਣ ਲਈ ਦਿਨ-ਰਾਤ ਕੰਮ ਕਰ ਰਹੇ ਹਾਂ। ਅਸੀਂ ਆਪਸ ਵਿੱਚ ਨਹੀਂ ਲੜਦੇ; ਸਾਡੀ ਲੜਾਈ ਮਿਆਰੀ ਸਿੱਖਿਆ, ਚੰਗੀਆਂ ਸਿਹਤ ਸਹੂਲਤਾਂ ਅਤੇ ਲੋਕਾਂ ਦੀ ਭਲਾਈ ਲਈ ਹੈ।"
ਉਨ੍ਹਾਂ ਕਿਹਾ ਕਿ ਕਾਂਗਰਸ ਕੋਲ ਪੰਜਾਬ ਲਈ ਕੋਈ ਏਜੰਡਾ ਨਹੀਂ ਅਤੇ ਉਸ ਦਾ ਇੱਕੋ-ਇੱਕ ਮਕਸਦ ਸੱਤਾ ਵਿੱਚ ਆ ਕੇ ਸੂਬੇ ਦੀ ਦੌਲਤ ਲੁੱਟਣਾ ਹੈ। "ਕਾਂਗਰਸ ਕੋਲ ਲੋਕਾਂ ਅਤੇ ਸੂਬੇ ਲਈ ਕੋਈ ਏਜੰਡਾ ਨਹੀਂ ਹੈ। ਇਸ ਦਾ ਇੱਕੋ-ਇੱਕ ਮਕਸਦ ਸੱਤਾ ਹਾਸਲ ਕਰਕੇ ਪੰਜਾਬ ਦੇ ਖ਼ਜ਼ਾਨੇ ਨੂੰ ਲੁੱਟਣਾ ਹੈ, ਪਰ ਉਨ੍ਹਾਂ ਦੇ ਸੁਫ਼ਨੇ ਕਦੇ ਪੂਰੇ ਨਹੀਂ ਹੋਣਗੇ। ਕਾਂਗਰਸ ਇੱਕ ਵੰਡਿਆ ਹੋਇਆ ਘਰ ਹੈ ਜੋ ਆਪਣੀ ਅੰਦਰੂਨੀ ਲੜਾਈ ਕਰਕੇ ਹੀ ਢਹਿ ਢੇਰੀ ਹੋ ਜਾਵੇਗਾ। ਅਫ਼ਸੋਸ ਦੀ ਗੱਲ ਹੈ ਕਿ ਉਨ੍ਹਾਂ ਨੂੰ ਇੱਕਜੁੱਟ ਕਰਨ ਆਉਣ ਵਾਲੇ ਸੀਨੀਅਰ ਕਾਂਗਰਸੀ ਆਗੂਆਂ ਨੂੰ ਵੀ ਇਹ ਨਹੀਂ ਪਤਾ ਹੁੰਦਾ ਕਿ ਉਨ੍ਹਾਂ ਦੇ ਨਾਵਾਂ ਦਾ ਉਚਾਰਨ ਕਿਵੇਂ ਕਰਨਾ ਹੈ।"
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬ ਦੇ ਵਿਕਾਸ ਲਈ ਅਣਥੱਕ ਮਿਹਨਤ ਕੀਤੀ ਹੈ ਅਤੇ ਇਹ ਯਕੀਨੀ ਬਣਾਇਆ ਹੈ ਕਿ ਲੋਕਾਂ ਦਾ ਪੈਸਾ ਸਮਝਦਾਰੀ ਨਾਲ ਲੋਕ ਭਲਾਈ 'ਤੇ ਖ਼ਰਚ ਹੋਵੇ। "ਮੈਂ ਪੰਜਾਬ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ ਆਪਣਾ ਖ਼ੂਨ-ਪਸੀਨਾ ਬਹਾਇਆ ਹੈ। ਪਹਿਲੀਆਂ ਸਰਕਾਰਾਂ ਵਾਂਗ ਮੈਂ ਕਦੇ ਵੀ ਆਪਣੇ ਲਈ ਸਰਕਾਰੀ ਖ਼ਜ਼ਾਨੇ ਵਿੱਚੋਂ ਇੱਕ ਰੁਪਿਆ ਵੀ ਨਹੀਂ ਮੰਗਿਆ। ਇਸ ਦੀ ਬਜਾਏ, ਮੈਂ ਇਹ ਯਕੀਨੀ ਬਣਾਇਆ ਹੈ ਕਿ ਕਰਦਾਤਿਆਂ ਦੇ ਪੈਸੇ ਦਾ ਇੱਕ-ਇੱਕ ਰੁਪਿਆ ਲੋਕ ਭਲਾਈ ਲਈ ਸਮਝਦਾਰੀ ਨਾਲ ਖ਼ਰਚ ਕੀਤਾ ਜਾਵੇ।"
ਉਨ੍ਹਾਂ ਕਿਹਾ ਕਿ ਲੋਕਾਂ ਦਾ ਪੁੱਤ ਅਤੇ ਭਰਾ ਹੋਣ ਦੇ ਨਾਤੇ ਉਹ ਉਨ੍ਹਾਂ ਦੀਆਂ ਤਕਲੀਫ਼ਾਂ ਨੂੰ ਸਮਝਦੇ ਹਨ ਅਤੇ ਮਹਿਲਾਂ ਦੀ ਐਸ਼ੋ-ਆਰਾਮ ਵਾਲੀ ਜ਼ਿੰਦਗੀ ਜਿਊਣ ਦੀ ਬਜਾਏ ਲੋਕਾਂ ਦੀ ਪਹੁੰਚ ਵਿੱਚ ਰਹੇ ਹਨ। "ਪਹਿਲਾਂ ਕਿਸੇ ਵੀ ਹਾਕਮ ਨੇ ਲੋਕਾਂ ਦੀਆਂ ਤਕਲੀਫ਼ਾਂ ਬਾਰੇ ਵਿਸਥਾਰ ਨਾਲ ਗੱਲਬਾਤ ਕਰਨ ਅਤੇ ਸੇਵਾ ਭਾਵਨਾ ਨਾਲ ਉਨ੍ਹਾਂ ਦਾ ਹੱਲ ਕਰਨ ਲਈ ਇਸ ਤਰ੍ਹਾਂ ਲੋਕਾਂ ਵਿੱਚ ਆ ਕੇ ਕੰਮ ਨਹੀਂ ਕੀਤਾ। ਉਹ ਹੰਕਾਰੀ ਸਿਆਸਤਦਾਨ ਆਪਣੇ ਵੱਡੇ ਬੰਗਲਿਆਂ ਦੀਆਂ ਉੱਚੀਆਂ ਕੰਧਾਂ ਪਿੱਛੇ ਸੀਮਤ ਰਹੇ। ਮੈਂ ਹਮੇਸ਼ਾ ਮੈਦਾਨ ਵਿੱਚ ਰਿਹਾ ਹਾਂ, ਲੋਕਾਂ ਤੋਂ ਫ਼ੀਡਬੈਕ ਲੈਂਦਾ ਹਾਂ ਅਤੇ ਵਿਕਾਸਮੁਖੀ ਤੇ ਲੋਕ ਪੱਖੀ ਨੀਤੀਆਂ ਬਣਾਉਂਦਾ ਹਾਂ।"
ਪੰਜਾਬ ਸਰਕਾਰ ਦੇ ਉਪਰਾਲਿਆਂ 'ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੇਸ਼ ਵਿੱਚ ਹੋਰ ਥਾਵਾਂ 'ਤੇ ਜਨਤਕ ਖੇਤਰ ਦੇ ਅਸਾਸਿਆਂ ਦਾ ਨਿੱਜੀਕਰਨ ਕੀਤਾ ਜਾ ਰਿਹਾ ਹੈ, ਜਦਕਿ ਉਨ੍ਹਾਂ ਦੀ ਸਰਕਾਰ ਨੇ 1,080 ਕਰੋੜ ਰੁਪਏ ਵਿੱਚ ਇੱਕ ਨਿੱਜੀ ਥਰਮਲ ਪਾਵਰ ਪਲਾਂਟ ਖ਼ਰੀਦਿਆ ਹੈ। ਪਹਿਲਾਂ 'ਜੀ.ਵੀ.ਕੇ. ਥਰਮਲ ਪਾਵਰ ਪਲਾਂਟ' ਦੇ ਨਾਂ ਨਾਲ ਜਾਣੇ ਜਾਂਦੇ ਇਸ ਪਲਾਂਟ ਦਾ ਨਾਂ ਬਦਲ ਕੇ ਤੀਜੇ ਸਿੱਖ ਗੁਰੂ, 'ਸ੍ਰੀ ਗੁਰੂ ਅਮਰਦਾਸ ਜੀ' ਦੇ ਨਾਂ 'ਤੇ ਰੱਖਿਆ ਗਿਆ ਹੈ। "ਲੋਕਾਂ ਦਾ ਪੈਸਾ ਲੋਕਾਂ ਦਾ ਹੈ। ਅਸੀਂ ਸੂਬੇ ਦੇ ਖ਼ਜ਼ਾਨੇ ਦਾ ਇੱਕ-ਇੱਕ ਪੈਸਾ ਉਨ੍ਹਾਂ ਦੀ ਭਲਾਈ ਲਈ ਸਮਝਦਾਰੀ ਨਾਲ ਖ਼ਰਚ ਕਰ ਰਹੇ ਹਾਂ। ਵਿਕਾਸ, ਸਕੂਲਾਂ, ਹਸਪਤਾਲਾਂ ਅਤੇ ਸੜਕਾਂ ਰਾਹੀਂ ਲੋਕਾਂ ਦਾ ਪੈਸਾ ਲੋਕਾਂ ਕੋਲ ਵਾਪਸ ਆ ਰਿਹਾ ਹੈ।"
ਮੁੱਖ ਮੰਤਰੀ ਨੇ ਕਿਹਾ, "ਅੱਜ ਪੰਜਾਬ ਵਿੱਚ 90 ਫੀਸਦੀ ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ। ਕਿਸਾਨਾਂ ਨੂੰ ਦਿਨ ਵੇਲੇ ਵੀ ਬਿਜਲੀ ਮਿਲ ਰਹੀ ਹੈ, ਜੋ ਇਕ ਮਿਸਾਲ ਹੈ। ਪਹਿਲਾਂ 'ਚੋਰਾਂ ਦੀ ਸਰਕਾਰ' ਹੁੰਦੀ ਸੀ ਜਿੱਥੇ ਕੋਈ ਕੰਮ ਨਹੀਂ ਹੁੰਦਾ ਸੀ। ਅੱਜ 'ਇਮਾਨਦਾਰ ਸਰਕਾਰ' ਹੈ ਅਤੇ ਸਾਰੇ ਕੰਮ ਹੋ ਰਹੇ ਹਨ।"
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਅਸੀਂ ਪਿੰਡਾਂ ਦੇ ਵਿਕਾਸ ਲਈ ਨਿਰੰਤਰ ਕੰਮ ਕਰ ਰਹੇ ਹਾਂ। ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਸੂਬੇ ਭਰ ਵਿੱਚ 3,100 ਖੇਡ ਖੇਡ ਮੈਦਾਨ ਬਣਾਏ ਜਾ ਰਹੇ ਹਨ। ਸਿੱਖਿਆ ਵੀ ਸਾਡੀ ਮੁੱਖ ਤਰਜੀਹ ਹੈ ਅਤੇ ਅਸੀਂ ਸਿੱਖਿਆ ਖੇਤਰ ਨੂੰ ਬਦਲਣ ਲਈ ਕ੍ਰਾਂਤੀਕਾਰੀ ਪਹਿਲਕਦਮੀਆਂ ਕੀਤੀਆਂ ਹਨ।"
ਮੁੱਖ ਮੰਤਰੀ ਨੇ ਕਿਹਾ, "ਕੋਈ ਵੀ ਮੁਫ਼ਤ ਦੀ ਚੀਜ਼ ਜਾਂ ਰਿਆਇਤੀ ਕਾਰਡ ਗਰੀਬੀ ਜਾਂ ਹੋਰ ਸਮਾਜਿਕ ਬੁਰਾਈਆਂ ਨੂੰ ਖ਼ਤਮ ਨਹੀਂ ਕਰ ਸਕਦਾ। ਸਿੱਖਿਆ ਹੀ ਉਹ ਕੁੰਜੀ ਹੈ ਜੋ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕ ਕੇ ਉਨ੍ਹਾਂ ਨੂੰ ਇਸ ਚੱਕਰ ਵਿੱਚੋਂ ਬਾਹਰ ਕੱਢ ਸਕਦੀ ਹੈ। ਇਸੇ ਲਈ ਸਾਡੀ ਸਰਕਾਰ ਸਿੱਖਿਆ ਦੇ ਮਿਆਰ ਨੂੰ ਸੁਧਾਰਨ ਅਤੇ ਆਮ ਲੋਕਾਂ ਨੂੰ ਸ਼ਕਤੀਸ਼ਾਲੀ ਬਣਾਉਣ ਲਈ ਅਣਥੱਕ ਯਤਨ ਕਰ ਰਹੀ ਹੈ।"
ਉਨ੍ਹਾਂ ਕਿਹਾ ਕਿ ਸੂਬੇ ਭਰ ਦੇ ਵਸਨੀਕਾਂ ਦੀ ਸਹੂਲਤ ਲਈ 45,000 ਕਿਲੋਮੀਟਰ ਸੜਕਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ। "ਜਦੋਂ ਅਸੀਂ ਸੱਤਾ ਵਿੱਚ ਆਏ ਸੀ ਤਾਂ ਸਿਰਫ਼ 26 ਫੀਸਦੀ ਖੇਤਰ ਹੀ ਨਹਿਰੀ ਸਿੰਚਾਈ ਅਧੀਨ ਸੀ। ਅੱਜ ਇਹ ਵਧ ਕੇ 80 ਫੀਸਦੀ ਹੋ ਗਿਆ ਹੈ, ਜਿਸ ਨਾਲ ਸਾਡੇ ਕਿਸਾਨਾਂ ਨੂੰ ਭਾਰੀ ਲਾਭ ਹੋਇਆ ਹੈ।"
ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ ਵਿਆਪਕ ਸਿਹਤ ਸੰਭਾਲ ਸਹੂਲਤਾਂ ਪ੍ਰਦਾਨ ਕਰਨ ਲਈ 'ਮੁੱਖ ਮੰਤਰੀ ਸਿਹਤ ਯੋਜਨਾ' ਸ਼ੁਰੂ ਕੀਤੀ ਹੈ। "ਮੁੱਖ ਮੰਤਰੀ ਸਿਹਤ ਯੋਜਨਾ ਦੇਸ਼ ਵਿੱਚ ਆਪਣੀ ਕਿਸਮ ਦੀ ਪਹਿਲੀ ਯੋਜਨਾ ਹੈ, ਜੋ ਪੰਜਾਬ ਦੇ ਹਰੇਕ ਨਿਵਾਸੀ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਕੈਸ਼ਲੇਸ ਇਲਾਜ ਪ੍ਰਦਾਨ ਕਰਦੀ ਹੈ। ਪੰਜਾਬ ਅਜਿਹੀ ਵਿਆਪਕ ਸਿਹਤ ਸੰਭਾਲ ਕਵਰੇਜ ਦੇਣ ਵਾਲਾ ਪਹਿਲਾ ਭਾਰਤੀ ਸੂਬਾ ਹੈ। ਇਸ ਯੋਜਨਾ ਨੇ ਸਿਹਤ ਸੰਭਾਲ ਯਕੀਨੀ ਬਣਾਉਂਦੇ ਹੋਏ ਲੋਕਾਂ 'ਤੇ ਵਿੱਤੀ ਬੋਝ ਨੂੰ ਕਾਫ਼ੀ ਘਟਾਇਆ ਹੈ।"
'ਮਾਵਾਂ ਧੀਆਂ ਸਤਿਕਾਰ ਯੋਜਨਾ' ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "'ਮਾਵਾਂ ਧੀਆਂ ਸਤਿਕਾਰ ਯੋਜਨਾ' ਤਹਿਤ 18 ਸਾਲ ਤੋਂ ਵੱਧ ਉਮਰ ਦੀ ਹਰੇਕ ਮਹਿਲਾ ਲਾਭਪਾਤਰੀ ਨੂੰ 1,000 ਰੁਪਏ ਅਤੇ ਐਸ.ਸੀ. ਔਰਤਾਂ ਨੂੰ 1,500 ਰੁਪਏ ਦੀ ਵਿੱਤੀ ਸਹਾਇਤਾ ਮਿਲੇਗੀ। ਇਹ ਰਾਸ਼ੀ ਸਿੱਧੀ ਉਨ੍ਹਾਂ ਦੇ ਬੈਂਕ ਖ਼ਾਤਿਆਂ ਵਿੱਚ ਟਰਾਂਸਫ਼ਰ ਕੀਤੀ ਜਾਵੇਗੀ ਅਤੇ ਪਹਿਲਾਂ ਤੋਂ ਸਮਾਜਿਕ ਸੁਰੱਖਿਆ ਪੈਨਸ਼ਨ ਪ੍ਰਾਪਤ ਕਰ ਰਹੀਆਂ ਔਰਤਾਂ ਵੀ ਇਸ ਦੀਆਂ ਯੋਗ ਹਨ। ਪੰਜਾਬ ਦੀਆਂ 97 ਫੀਸਦੀ ਔਰਤਾਂ ਨੂੰ ਇਸ ਯੋਜਨਾ ਦਾ ਲਾਭ ਮਿਲਣ ਦੀ ਉਮੀਦ ਸੀ ਅਤੇ ਸੂਬਾ ਸਰਕਾਰ ਨੇ ਬਜਟ ਵਿੱਚ ਇਸ ਲਈ 9,300 ਕਰੋੜ ਰੁਪਏ ਰੱਖੇ ਹਨ।"
ਮੁੱਖ ਮੰਤਰੀ ਨੇ ਕਿਹਾ ਕਿ ਰੱਖੜੀ ਦੇ ਤੋਹਫ਼ੇ ਵਜੋਂ 'ਮਾਵਾਂ ਧੀਆਂ ਸਤਿਕਾਰ ਯੋਜਨਾ' ਦੇ ਲਾਭਪਾਤਰੀਆਂ ਨੂੰ ਰੱਖੜੀ ਦੇ ਤਿਉਹਾਰ ’ਤੇ 28 ਅਗਸਤ ਨੂੰ ਉਨ੍ਹਾਂ ਦੀ ਕਿਸ਼ਤ ਮਿਲ ਜਾਵੇਗੀ। "ਇਸ ਰੱਖੜੀ 'ਤੇ 'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ' ਦੀਆਂ ਮਹਿਲਾ ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਦੀ ਕਿਸ਼ਤ ਮਿਲੇਗੀ। ਮੈਂ ਬਾਕੀ ਰਹਿੰਦੀਆਂ ਯੋਗ ਔਰਤਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਆਪਣੀ ਰਜਿਸਟ੍ਰੇਸ਼ਨ ਕਰਵਾਉਣ ਅਤੇ ਵੱਧ ਤੋਂ ਵੱਧ ਲਾਭ ਉਠਾਉਣ।"
ਇਸ ਮੌਕੇ ਵਿਧਾਇਕ ਬਲਕਾਰ ਸਿੰਘ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਤੇ ਹੋਰ ਵੀ ਹਾਜ਼ਰ ਸਨ।
---------------

About Us


PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.

Meenu Galhotra (Editor)

We are Social


Address


PunjabAMPM
House no 3, street no 1, New Aggar Nagar, behind mediways hospital, Ferozepur road Ludhiana 141001
Mobile: +91 98769 60522
Email: punjabampm0161@gmail.com

Copyright Punjab AMPM | 2023
Website by: Webhead