ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਗੁਰਸਿਖਾ ਇਕੋ ਪਿਆਰ ਗੁਰਮਿਤਾ ਪੁਤਾ ਭਾਈਆ’ ਨਾਮ ਹੇਠ ਖ਼ਾਲਸਾ ਮਾਰਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਰਵਾਨਾ ਹੋਇਆ। ਇਹ ਖ਼ਾਲਸਾ ਮਾਰਚ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ 11 ਮਾਰਚ ਨੂੰ ਗੁਰਦੁਆਰਾ ਸ਼ਹੀਦ ਭਾਈ ਤਾਰਾ ਸਿੰਘ ਜੀ, ਪਿੰਡ ਵਾਂ, ਜ਼ਿਲ੍ਹਾ ਤਰਨ ਤਾਰਨ ਵਿਖੇ ਸੰਪੂਰਨ ਹੋਵੇਗਾ।ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਉਪਰੰਤ ਨਗਰ ਕੀਰਤਨ ਦੀ ਰਵਾਨਗੀ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ। ਇਸ ਮੌਕੇ ਗੱਲ ਕਰਦਿਆਂ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਨੇ ਹੋਰ ਸ਼ਹੀਦ ਸਿੰਘਾਂ ਨਾਲ ਜ਼ਕਰੀਆ ਦੀ ਫ਼ੌਜ ਦਾ ਡੱਟ ਕੇ ਮੁਕਾਬਲਾ ਕੀਤਾ ਅਤੇ ਫ਼ਤਹਿ ਪਾਈ। ਸ਼ਹੀਦਾਂ ਦਾ ਇਹ ਇਤਿਹਾਸ ਕੌਮ ਲਈ ਵੱਡੀ ਪ੍ਰੇਰਣਾ ਹੈ। ਉਨ੍ਹਾਂ ਕਿਹਾ ਕਿ ਖਾਲਸਾ ਮਾਰਚ ਦਾ ਮਕਸਦ ਸਿੱਖੀ ਪ੍ਰਚਾਰ ਦੇ ਨਾਲ-ਨਾਲ ਭਾਈ ਤਾਰਾ ਸਿੰਘ ਵਾਂ ਅਤੇ ਹੋਰ ਸ਼ਹੀਦ ਸਿੰਘਾਂ ਦੇ ਇਤਿਹਾਸ ਨੂੰ ਸੰਗਤਾਂ ’ਚ ਪ੍ਰਚਾਰਨਾ ਹੈ। ਉਨ੍ਹਾਂ ਕਿਹਾ ਕਿ ਸਿੱਖ ਪੰਥ ਦੀ ਨੁਮਾਇੰਦਾ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਸ਼ਹੀਦ ਭਾਈ ਤਾਰਾ ਸਿੰਘ ਵਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਪੰਥਕ ਪ੍ਰੰਪਰਾਵਾਂ ਅਨੁਸਾਰ ਮਨਾਈ ਜਾ ਰਹੀ ਹੈ, ਜਿਸ ਦੇ ਸਮਾਗਮ 11 ਤੋਂ 14 ਮਾਰਚ ਤੱਕ ਪਿੰਡ ਵਾਂ ਵਿਖੇ ਹੋਣਗੇ। ਉਨ੍ਹਾਂ ਸੰਗਤਾਂ ਨੂੰ ਵੱਧ ਤੋਂ ਵੱਧ ਸ਼ਤਾਬਦੀ ਸਮਾਗਮਾਂ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ।ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਦੀ ਰਵਾਨਗੀ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਗੁਰਚਰਨ ਸਿੰਘ ਗਰੇਵਾਲ, ਭਾਈ ਅਜੈਬ ਸਿੰਘ ਅਭਿਆਸੀ, ਭਾਈ ਮਨਜੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਿੰਦਰ ਸਿੰਘ ਮਥਰੇਵਾਲ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ. ਕੁਲਦੀਪ ਸਿੰਘ ਰੋਡੇ, ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਹਰਭਜਨ ਸਿੰਘ ਵਕਤਾ, ਸ. ਸੁਖਬੀਰ ਸਿੰਘ, ਸ. ਮਨਜੀਤ ਸਿੰਘ ਤਲਵੰਡੀ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ ਤੇ ਸ. ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸ. ਨਰਿੰਦਰ ਸਿੰਘ, ਸ. ਜਸਪਾਲ ਸਿੰਘ ਢੱਡੇ, ਵਧੀਕ ਮੈਨੇਜਰ ਸ. ਗੁਰਵਿੰਦਰ ਸਿੰਘ ਦੇਵੀਦਾਸਪੁਰਾ, ਸ. ਸਤਨਾਮ ਸਿੰਘ ਝਬਾਲ, ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ, ਪ੍ਰਚਾਰਕ/ਨਿਗਰਾਨ ਭਾਈ ਬਲਵੰਤ ਸਿੰਘ ਐਨੋਕੋਟ, ਬਾਬਾ ਮੇਜਰ ਸਿੰਘ ਸੋਢੀ, ਬਾਬਾ ਗੁਰਦੀਪ ਸਿੰਘ, ਬਾਬਾ ਸਤਨਾਮ ਸਿੰਘ ਸਮੇਤ ਸੰਗਤਾਂ ਮੌਜੂਦ ਸਨ।
PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.
Meenu Galhotra (Editor)