February 20, 2026 03:40:22

ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਬੈਲ ਗੱਡੀਆਂ ਦੀਆਂ ਦੌੜਾਂ ‘ਤੇ ਰੋਕ ਲੱਗੀ ਸੀ, ਅਸੀਂ ਕਾਨੂੰਨ ਵਿੱਚ ਸੋਧ ਕਰਕੇ ਮੁੜ ਸ਼ੁਰੂ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Feb19,2026 | Meenu Galhotra/Anupam | Ludhiana

* ਜਦੋਂ ਬੱਚੇ ਮੈਦਾਨ ਵਿੱਚ ਮੁੜ੍ਹਕਾ ਵਹਾਉਣਗੇ ਅਤੇ ਘਰਾਂ ਨੂੰ ਤਗਮੇ ਲਿਆਉਣਗੇ ਤਾਂ ਕਿਸੇ ਵੀ ਨਸ਼ਾ ਵਿਰੋਧੀ ਮੁਹਿੰਮ ਦੀ ਲੋੜ ਨਹੀਂ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*
*ਕਿਲ੍ਹਾ ਰਾਏਪੁਰ ਵਿੱਚ 8 ਏਕੜ ਵਿੱਚ ਫੈਲੇ ਛੱਪੜ ਦਾ ਸੁੰਦਰੀਕਰਨ ਕੀਤਾ ਜਾਵੇਗਾ ਅਤੇ ਪਿੰਡ ਵਿੱਚ ਆਧੁਨਿਕ ਲਾਇਬ੍ਰੇਰੀ ਬਣਾਈ ਜਾਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*
*ਅਸੀਂ ਪਿਛਲੀਆਂ ਸਰਕਾਰਾਂ ਵੱਲੋਂ ਕੀਤੀ ਲੁੱਟ-ਖਸੁੱਟ ਦੀ ਲੀਕੇਜ ਨੂੰ ਬੰਦ ਕਰ ਰਹੇ ਹਾਂ, ਜਨਤਾ ਦੇ ਪੈਸੇ ਦੀ ਬੱਚਤ ਕਰ ਰਹੇ ਹਾਂ ਅਤੇ ਇਸ ਨੂੰ ਲੋਕਾਂ 'ਤੇ ਖਰਚ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*
*ਨਸ਼ਿਆਂ ਦੇ ਖਾਤਮੇ ਲਈ ਖੇਡਾਂ ਸਭ ਤੋਂ ਘਾਤਕ ਹਥਿਆਰ ਹਨ, ਖੇਡਾਂ ਦੇ ਬਜਟ ਵਿੱਚ ਵਾਧਾ ਕੀਤਾ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*
*ਕਿਲ੍ਹਾ ਰਾਏਪੁਰ ਖੇਡਾਂ ਦੀ ਪੁਨਰ ਸੁਰਜੀਤੀ ਪੰਜਾਬ ਦੀ ਪੇਂਡੂ ਵਿਰਾਸਤ ਅਤੇ ਸੱਭਿਆਚਾਰਕ ਤਾਕਤ ਨੂੰ ਦਰਸਾਉਂਦੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*
*ਨਵੀਂ ਖੇਡ ਨੀਤੀ 2023 ਪੰਜਾਬ ਦੀਆਂ ਖੇਡਾਂ ਦੀ ਸ਼ਾਨ ਨੂੰ ਬਹਾਲ ਕਰ ਰਹੀ ਹੈ, ਹਰ ਪਿੰਡ ਵਿੱਚ ਸਟੇਡੀਅਮ ਬਣਾਏ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*



ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਤਿਹਾਸਕ ਕਿਲ੍ਹਾ ਰਾਏਪੁਰ ਪੇਂਡੂ ਓਲੰਪਿਕਸ ਵਿੱਚ ਸ਼ਾਮਲ ਹੁੰਦਿਆਂ ਖੇਡਾਂ ਨੂੰ ਨਸ਼ਿਆਂ ਦੇ ਖਾਤਮੇ ਲਈ ਸਭ ਤੋਂ ਘਾਤਕ ਹਥਿਆਰ ਐਲਾਨਿਆ। ਉਨ੍ਹਾਂ ਕਿਹਾ ਕਿ ਆਉਣ ਵਾਲੇ ਪੰਜਾਬ ਦੇ ਬਜਟ ਵਿੱਚ ਖੇਡਾਂ ਦੇ ਬਜਟ ਵਿੱਚ ਵਾਧਾ ਕੀਤਾ ਜਾਵੇਗਾ, ਜਿਸ ਨਾਲ ਪੰਜਾਬ ਦੇ ਨੌਜਵਾਨਾਂ ਦੀ ਊਰਜਾ ਨੂੰ ਉਸਾਰੂ ਦਿਸ਼ਾ ਵੱਲ ਲਿਜਾਣ ਲਈ ਠੋਸ ਯਤਨ ਕੀਤੇ ਜਾਣਗੇ। ਇਹ ਦੱਸਦਿਆਂ ਕਿ ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਬੰਦ ਕੀਤੀਆਂ ਗਈਆਂ ਬੈਲ ਗੱਡੀਆਂ ਦੀਆਂ ਦੌੜਾਂ ਹੁਣ ਕਾਨੂੰਨ ਵਿੱਚ ਸੋਧ ਉਪਰੰਤ ਮੁੜ ਸ਼ੁਰੂ ਹੋ ਗਈਆਂ ਹਨ, ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਬੱਚੇ ਮੈਦਾਨ ਵਿੱਚ ਪਸੀਨਾ ਵਹਾਉਣਗੇ ਅਤੇ ਘਰਾਂ ਨੂੰ ਤਗਮੇ ਲਿਆਉਣਗੇ ਤਾਂ ਕਿਸੇ ਵੀ ਨਸ਼ਾ ਵਿਰੋਧੀ ਮੁਹਿੰਮ ਦੀ ਲੋੜ ਨਹੀਂ ਰਹੇਗੀ।
ਕਿਲਾ ਰਾਏਪੁਰ ਖੇਡਾਂ ਦੀ ਪੁਨਰ ਸੁਰਜੀਤੀ ਨੂੰ ਪੰਜਾਬ ਦੇ ਪੇਂਡੂ ਸੱਭਿਆਚਾਰ ਅਤੇ ਵਿਰਾਸਤ ਦੀ ਝਲਕ ਦੱਸਦਿਆਂ, ਮੁੱਖ ਮੰਤਰੀ ਨੇ ਨਵੀਂ ਖੇਡ ਨੀਤੀ 2023 ਨੂੰ ਸੂਬੇ ਦੀਆਂ ਖੇਡਾਂ ਦੀ ਸ਼ਾਨ ਨੂੰ ਬਹਾਲ ਕਰਨ ਵੱਲ ਇੱਕ ਅਹਿਮ ਕਦਮ ਦੱਸਿਆ ਜਿਸ ਤਹਿਤ ਹਰ ਪਿੰਡ ਵਿੱਚ ਸਟੇਡੀਅਮ ਬਣਾਏ ਜਾਣਗੇ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਕਿਲਾ ਰਾਏਪੁਰ ਵਿੱਚ ਅੱਠ ਏਕੜ ਵਿੱਚ ਫੈਲੇ ਛੱਪੜ ਦਾ ਸੁੰਦਰੀਕਰਨ ਕੀਤਾ ਜਾਵੇਗਾ ਅਤੇ ਪਿੰਡ ਵਿੱਚ ਇੱਕ ਆਧੁਨਿਕ ਲਾਇਬ੍ਰੇਰੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਅਸੀਂ ਪਿਛਲੀਆਂ ਸਰਕਾਰਾਂ ਵੱਲੋਂ ਕੀਤੀ ਲੁੱਟ-ਖਸੁੱਟ ਦੀ ਲੀਕੇਜ ਨੂੰ ਬੰਦ ਕਰ ਰਹੇ ਹਾਂ, ਜਿਸ ਨਾਲ ਜਨਤਾ ਦਾ ਪੈਸਾ ਬਚਾਇਆ ਜਾ ਰਿਹਾ ਹੈ ਅਤੇ ਇਸ ਨੂੰ ਸਿੱਧਾ ਲੋਕਾਂ 'ਤੇ ਖਰਚ ਕੀਤਾ ਜਾ ਰਿਹਾ ਹੈ।
ਕਿਲਾ ਰਾਏਪੁਰ ਪੇਂਡੂ ਓਲੰਪਿਕਸ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਖੇਡਾਂ ਨਸ਼ਿਆਂ ਦੇ ਖਾਤਮੇ ਦਾ ਸਭ ਤੋਂ ਘਾਤਕ ਹਥਿਆਰ ਹਨ ਅਤੇ ਸੂਬਾ ਸਰਕਾਰ ਸੂਬੇ ਦੇ ਆਉਣ ਵਾਲੇ ਬਜਟ ਵਿੱਚ ਖੇਡਾਂ ਦੇ ਬਜਟ ਵਿੱਚ ਵਾਧਾ ਕੀਤਾ ਜਾਵੇਗਾ।” ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪਹਿਲਾਂ ਹੀ ਖੇਡਾਂ ਨੂੰ ਵੱਡੇ ਪੱਧਰ 'ਤੇ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ, “ਪਿਛਲੀਆਂ ਸਰਕਾਰਾਂ ਵੱਲੋਂ ਨੌਜਵਾਨਾਂ ਦੇ ਵਿਕਾਸ ਲਈ ਅਹਿਮ ਖੇਤਰ ਨੂੰ ਨਜ਼ਰਅੰਦਾਜ਼ ਕੀਤਾ ਗਿਆ ਸੀ, ਸਾਡੀ ਸਰਕਾਰ ਨੇ ਇਸ ਵੱਲ ਪੂਰਾ ਧਿਆਨ ਕੇਂਦਰਿਤ ਕੀਤਾ ਹੈ।” ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਅਥਾਹ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਲਿਜਾਣ ਲਈ ਖੇਡਾਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ।
ਢਾਂਚਾਗਤ ਸੁਧਾਰਾਂ ‘ਤੇ ਚਾਨਣਾ ਪਾਉਂਦਿਆ ਮੁੱਖ ਮੰਤਰੀ ਨੇ ਕਿਹਾ, "ਨਵੀਂ ਖੇਡ ਨੀਤੀ 2023 ਪੰਜਾਬ ਦੀਆਂ ਖੇਡਾਂ ਦੀ ਸ਼ਾਨ ਨੂੰ ਬਹਾਲ ਕਰਨ ਲਈ ਸ਼ੁਰੂ ਕੀਤੀ ਗਈ ਸੀ ਅਤੇ ਹੁਣ ਖੇਡ ਬਜਟ ਨੂੰ ਵੀ ਹੋਰ ਵਧਾਇਆ ਜਾਵੇਗਾ।" ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਨੇ "ਖੇਡਾਂ ਵਤਨ ਪੰਜਾਬ ਦੀਆਂ" ਦੇ ਤਿੰਨ ਸੀਜ਼ਨ ਸਫਲਤਾਪੂਰਵਕ ਕਰਵਾਏ ਗਏ ਜਿਸ ਦੌਰਾਨ ਇੱਕੋ ਪਰਿਵਾਰ ਦੀਆਂ ਤਿੰਨ ਪੀੜ੍ਹੀਆਂ ਹਿੱਸਾ ਲੈਂਦੀਆਂ ਵੇਖੀਆਂ ਗਈਆਂ। ਉਨ੍ਹਾਂ ਕਿਹਾ, "ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਪੰਜਾਬ ਅੱਜ ਖੇਡਾਂ ਵਿੱਚ ਦੇਸ਼ ਦੀ ਅਗਵਾਈ ਕਰ ਰਿਹਾ ਹੈ ਅਤੇ ਮੁੱਖ ਭਾਰਤੀ ਟੀਮਾਂ ਦੇ ਕਪਤਾਨ ਪੰਜਾਬ ਤੋਂ ਹਨ।"
ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਜੰਗ ਬਾਰੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਸਰਕਾਰ ਨੇ ਸੂਬੇ ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਸ਼ੁਰੂ ਕੀਤੀ ਹੈ ਅਤੇ ਖੇਡਾਂ ਇਸ ਜੰਗ ਵਿੱਚ ਸਭ ਤੋਂ ਵੱਡਾ ਹਥਿਆਰ ਹਨ।” ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਹਰ ਪਿੰਡ ਵਿੱਚ ਸਟੇਡੀਅਮ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਸੂਬੇ ਦੇ ਨੌਜਵਾਨ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਵਿੱਚ ਤਗਮੇ ਜਿੱਤ ਕੇ ਪੰਜਾਬ ਅਤੇ ਦੇਸ਼ ਦਾ ਨਾਮ ਰੌਸ਼ਨ ਕਰ ਰਹੇ ਹਨ।
ਕਿਲਾ ਰਾਏਪੁਰ ਖੇਡਾਂ ਨੂੰ ਪੇਂਡੂ ਸੱਭਿਆਚਾਰ ਅਤੇ ਵਿਰਾਸਤ ਦੀ ਝਲਕ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਖੁਸ਼ੀ ਦੀ ਗੱਲ ਹੈ ਕਿ ਪੰਜਾਬ ਸਰਕਾਰ ਨੇ ਇਸ ਵਿਰਾਸਤ ਨੂੰ ਮੁੜ ਸੁਰਜੀਤ ਕੀਤਾ ਹੈ।” ਇਸ ਨੂੰ ਇੱਕ ਇਤਿਹਾਸਕ ਪਲ ਦੱਸਦਿਆਂ ਉਨ੍ਹਾਂ ਕਿਹਾ ਕਿ ਇਹ ਖੇਡਾਂ ਵਿਸ਼ਵ ਪੱਧਰ 'ਤੇ ਪ੍ਰਸਿੱਧ ਹਨ ਅਤੇ ਲੰਬੇ ਸਮੇਂ ਤੋਂ ਬੈਲ ਗੱਡੀਆਂ ਦੀਆਂ ਦੌੜਾਂ ਨੂੰ ਮੁੜ ਸ਼ੁਰੂ ਕਰਨ ਦੀ ਮੰਗ ਕੀਤੀ ਜਾ ਰਹੀ ਸੀ।
ਉਨ੍ਹਾਂ ਕਿਹਾ, “ਅਸੀਂ ਇਤਿਹਾਸਕ ਪਲਾਂ ਦੇ ਗਵਾਹ ਬਣ ਰਹੇ ਹਾਂ। ਲੋਕਾਂ ਨੂੰ ਆਪਣੇ ਬੈਲਾਂ ਨਾਲ ਬਹੁਤ ਪਿਆਰ ਹੈ ਅਤੇ ਉਹ ਉਨ੍ਹਾਂ ਨੂੰ ਆਪਣੇ ਪੁੱਤਰਾਂ ਵਾਂਗ ਪਾਲਦੇ ਹਨ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਗਾਤਾਰ ਤੀਜੇ ਸਾਲ ਕਿਲ੍ਹਾ ਰਾਏਪੁਰ ਦੇ ਗਰੇਵਾਲ ਸਟੇਡੀਅਮ ਵਿਖੇ ਪੇਂਡੂ ਓਲੰਪਿਕ 2026 ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਮੇਲੇ ਦਾ ਮੁੱਖ ਆਕਰਸ਼ਣ ਬੈਲ ਗੱਡੀਆਂ ਦੀਆਂ ਦੌੜਾਂ 12 ਸਾਲਾਂ ਦੇ ਅੰਤਰਾਲ ਤੋਂ ਬਾਅਦ ਮੁੜ ਸੁਰਜੀਤ ਹੋਈਆਂ ਹਨ।
ਬੈਲ ਗੱਡੀਆਂ ਦੀਆਂ ਦੌੜਾਂ ਨੂੰ ਮੁੜ ਸ਼ੁਰੂ ਕਰਨ ਸਬੰਧੀ ਕਾਨੂੰਨੀ ਵਿਵਸਥਾ ਬਾਰੇ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “11 ਜੁਲਾਈ, 2025 ਨੂੰ ਪੰਜਾਬ ਵਿਧਾਨ ਸਭਾ ਵਿੱਚ ‘ਜਾਨਵਰਾਂ 'ਤੇ ਅੱਤਿਆਚਾਰ ਦੀ ਰੋਕਥਾਮ (ਪੰਜਾਬ ਸੋਧ) ਐਕਟ, 2025’ ਸਰਬਸੰਮਤੀ ਨਾਲ ਪਾਸ ਕੀਤਾ ਗਿਆ ਸੀ ਜਿਸ ਨਾਲ ਬੈਲ ਗੱਡੀਆਂ ਦੀਆਂ ਦੌੜਾਂ ਮੁੜ ਸ਼ੁਰੂ ਕਰਨ ਦਾ ਰਾਹ ਪੱਧਰਾ ਹੋਇਆ ਸੀ।” ਉਨ੍ਹਾਂ ਅੱਗੇ ਕਿਹਾ ਕਿ ਕਾਨੂੰਨ ਪਾਸ ਹੋਣ ਤੋਂ ਬਾਅਦ 29 ਜੁਲਾਈ, 2025 ਨੂੰ ਲੁਧਿਆਣਾ ਦੇ ਪਿੰਡ ਮਹਿਮਾ ਸਿੰਘ ਵਾਲਾ ਵਿਖੇ ਵਿਰਾਸਤੀ ਖੇਡ ਪ੍ਰੇਮੀਆਂ ਵੱਲੋਂ ਇੱਕ ਸ਼ਾਨਦਾਰ ਸਮਾਗਮ ਕਰਵਾਇਆ ਗਿਆ ਸੀ। ਉਨ੍ਹਾਂ ਕਿਹਾ, “ਬੈਲ ਗੱਡੀਆਂ ਦੀਆਂ ਦੌੜਾਂ ਸਾਡੀ ਪੇਂਡੂ ਵਿਰਾਸਤ ਨੂੰ ਦਰਸਾਉਂਦੀਆਂ ਹਨ ਅਤੇ ਸਾਨੂੰ ਸਾਡੇ ਸੱਭਿਆਚਾਰ ਤੇ ਵਿਰਾਸਤ ਨਾਲ ਜੋੜਦੀਆਂ ਹਨ। ਇਹ ਰਵਾਇਤੀ ਖੇਡਾਂ ਦੀ ਪੁਨਰ ਸੁਰਜੀਤੀਕਰਨ ਹੈ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਬੈਲ ਸੂਬੇ ਦੀ ਸੱਭਿਆਚਾਰਕ ਵਿਰਾਸਤ ਦਾ ਇੱਕ ਅਨਿੱਖੜਵਾਂ ਅੰਗ ਹਨ ਅਤੇ ਪਹਿਲੇ ਸਿੱਖ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਕਰਤਾਰਪੁਰ ਸਾਹਿਬ ਵਿਖੇ ਲੰਮਾ ਸਮਾਂ ਬਲਦਾਂ ਨਾਲ ਖੇਤੀ ਕੀਤੀ।" ਉਨ੍ਹਾਂ ਅੱਗੇ ਕਿਹਾ ਕਿ ਜਦੋਂ ਬੈਲ ਗੱਡੀਆਂ ਦੀਆਂ ਦੌੜਾਂ 'ਤੇ ਪਾਬੰਦੀ ਲਗਾਉਣ ਵਾਲਾ ਕਾਨੂੰਨ ਲਾਗੂ ਕੀਤਾ ਗਿਆ ਤਾਂ ਵਿਰਾਸਤੀ ਖੇਡ ਪ੍ਰੇਮੀਆਂ ਨੂੰ ਵੱਡਾ ਝਟਕਾ ਲੱਗਾ ਅਤੇ ਰਵਾਇਤੀ ਖੇਡ ਵਿਰਾਸਤ ਨੂੰ ਨੁਕਸਾਨ ਭਾਰੀ ਹੋਇਆ। ਉਨ੍ਹਾਂ ਕਿਹਾ, "ਇਹ ਖੇਡ ਮੇਲਾ ਪੰਜਾਬੀ ਸੱਭਿਆਚਾਰ ਦੀ ਇੱਕ ਜਿਉਂਦੀ ਜਾਗਦੀ ਤਸਵੀਰ ਹੈ, ਜਿੱਥੇ ਕੁਸ਼ਤੀ, ਨੱਚਣ-ਗਾਉਣ ਵਰਗੀਆਂ ਖੇਡਾਂ ਰਾਹੀਂ ਪੰਜਾਬ ਦੀ ਮਹਾਨ ਵਿਰਾਸਤ ਨੂੰ ਨਿਹਾਰਿਆ ਜਾ ਸਕਦਾ ਹੈ।"
ਇਸ ਸਮਾਗਮ ਨਾਲ ਜੁੜੀ ਵਿਰਾਸਤ ਨੂੰ ਯਾਦ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਧਿਆਨ ਚੰਦ, ਬਲਬੀਰ ਸਿੰਘ, ਊਧਮ ਸਿੰਘ, ਪ੍ਰਿਥੀਪਾਲ ਸਿੰਘ, ਅਜੀਤਪਾਲ ਸਿੰਘ ਅਤੇ ਸੁਰਜੀਤ ਸਿੰਘ ਵਰਗੇ ਮਹਾਨ ਹਾਕੀ ਖਿਡਾਰੀਆਂ ਨੇ ਇਸ ਸਮਾਗਮ ਵਿੱਚ ਆਪਣੀ ਪ੍ਰਤਿਭਾ ਦੇ ਜੌਹਰ ਦਿਖਾਏ। ਉਨ੍ਹਾਂ ਅੱਗੇ ਕਿਹਾ ਕਿ ਮਿਲਖਾ ਸਿੰਘ, ਮੱਖਣ ਸਿੰਘ, ਪ੍ਰਦੁਮਨ ਸਿੰਘ, ਗੁਰਬਚਨ ਸਿੰਘ ਰੰਧਾਵਾ ਅਤੇ ਪਰਵੀਨ ਕੁਮਾਰ ਸਮੇਤ ਦੇਸ਼ ਭਰ ਦੇ ਚੋਟੀ ਦੇ ਐਥਲੀਟ ਵੀ ਇਸ ਟਰੈਕ 'ਤੇ ਦੌੜੇ। ਇਹਨਾਂ ਖੇਡਾਂ ਦੀ ਸ਼ੁਰੂਆਤ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਸਰਦਾਰ ਇੰਦਰ ਸਿੰਘ ਦੀ ਸਰਪ੍ਰਸਤੀ ਹੇਠ ਸਾਲ 1933 ਵਿੱਚ ਇਸ ਸਟੇਡੀਅਮ ਨੂੰ ਬਣਾਉਣ ਦਾ ਸੁਪਨਾ ਦੇਖਿਆ ਗਿਆ ਸੀ ਜਦੋਂ ਗਰੇਵਾਲ ਐਜੂਕੇਸ਼ਨ ਸੋਸਾਇਟੀ ਅਤੇ ਗਰੇਵਾਲ ਸਪੋਰਟਸ ਐਸੋਸੀਏਸ਼ਨ ਬਣਾਈ ਗਈ ਸੀ।
ਉਨ੍ਹਾਂ ਕਿਹਾ ਕਿ ਇੱਥੇ ਪਹਿਲੇ ਕੁਸ਼ਤੀ ਮੁਕਾਬਲੇ ਸਾਲ 1933 ਵਿੱਚ ਹੋਏ ਅਤੇ ਸਾਲ 1942 ਵਿੱਚ ਇਸ ਮੈਦਾਨ 'ਤੇ ਰੱਥ ਦੌੜਾਂ ਸ਼ੁਰੂ ਹੋਈਆਂ, ਜੋ 1950 ਵਿੱਚ ਰੱਥਾਂ ਤੋਂ ਛਤਰੀਆਂ ਹਟਾਉਣ ਤੋਂ ਬਾਅਦ ਬੈਲ ਗੱਡੀਆਂ ਦੀਆਂ ਦੌੜਾਂ ਵਿੱਚ ਬਦਲ ਗਈਆਂ। ਉਨ੍ਹਾਂ ਕਿਹਾ, "ਬੈਲ ਗੱਡੀਆਂ ਦੀਆਂ ਦੌੜਾਂ ਦੇ ਨਾਲ-ਨਾਲ, ਇਸ ਸਟੇਡੀਅਮ ਵਿੱਚ ਐਥਲੈਟਿਕਸ ਮੁਕਾਬਲੇ ਵੀ ਸ਼ੁਰੂ ਹੋਏ ਜਿਸ ਨੇ ਕਈ ਪੀੜ੍ਹੀਆਂ ਨੂੰ ਖੇਡਾਂ ਵਿੱਚ ਉੱਤਮਤਾ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ।" ਉਨ੍ਹਾਂ ਕਿਹਾ ਕਿ ਸਾਲ 1964 ਵਿੱਚ ਇੱਥੇ ਕੁੜੀਆਂ ਦੇ ਐਥਲੈਟਿਕਸ ਮੁਕਾਬਲੇ ਸ਼ੁਰੂ ਕੀਤੇ ਗਏ, ਜਿਸ ਨਾਲ ਕੁੜੀਆਂ ਦੇ ਐਥਲੈਟਿਕਸ ਕਰਵਾਉਣ ਵਾਲਾ ਇਹ ਪਹਿਲਾ ਪੇਂਡੂ ਸਟੇਡੀਅਮ ਬਣ ਗਿਆ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਲ 1933 ਵਿੱਚ ਸ਼ੁਰੂ ਹੋਈਆਂ ਕਿਲ੍ਹਾ ਰਾਏਪੁਰ ਦੀਆਂ ਖੇਡਾਂ ਹੁਣ "ਮਿੰਨੀ ਓਲੰਪਿਕ" ਜਾਂ "ਪੇਂਡੂ ਓਲੰਪਿਕ" ਵਜੋਂ ਜਾਣੀਆਂ ਜਾਂਦੀਆਂ ਹਨ ਅਤੇ ਭਾਰਤ ਦੇ ਰਾਸ਼ਟਰਪਤੀ ਅਤੇ ਹੋਰ ਉੱਘੀਆਂ ਸ਼ਖਸੀਅਤਾਂ ਵੀ ਇਨ੍ਹਾਂ ਵਿੱਚ ਸ਼ਾਮਲ ਹੁੰਦੀਆਂ ਰਹੀਆਂ ਹਨ।
ਪਿੰਡਾਂ ਵਿੱਚ ਭਾਈਚਾਰਕ ਸਾਂਝ ਅਤੇ ਏਕਤਾ 'ਤੇ ਜ਼ੋਰ ਦਿੰਦੇ ਹੋਏ ਉਨ੍ਹਾਂ ਨੇ ਕਿਲ੍ਹਾ ਰਾਏਪੁਰ ਦੇ ਵਸਨੀਕਾਂ ਵੱਲੋਂ ਖੇਡ ਵਿਰਾਸਤ ਨੂੰ ਇਕਜੁੱਟ ਹੋ ਕੇ ਪ੍ਰਫੁੱਲਤ ਕਰਨ ਲਈ ਸ਼ਲਾਘਾ ਕੀਤੀ ਅਤੇ ਸਾਰੇ ਪਿੰਡਾਂ ਨੂੰ ਰਾਜਨੀਤਿਕ ਮਤਭੇਦਾਂ ਤੋਂ ਉੱਪਰ ਉੱਠ ਕੇ ਪਿੰਡਾਂ ਦੇ ਵਿਕਾਸ ਵਿੱਚ ਯੋਗਦਾਨ ਪਾਉਣ ਦੀ ਅਪੀਲ ਕੀਤੀ।
ਕਿਲ੍ਹਾ ਰਾਏਪੁਰ ਦੇ ਵਾਸੀਆਂ ਦੀਆਂ ਮੰਗਾਂ ਦਾ ਜ਼ਿਕਰ ਕਰਦੇ ਹੋਏ ਭਗਵੰਤ ਸਿੰਘ ਮਾਨ ਨੇ ਕਈ ਵਿਕਾਸ ਪ੍ਰੋਜੈਕਟਾਂ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਪਿੰਡ ਦੀ ਫਿਰਨੀ ਵਾਲੀ ਸੜਕ ਨੂੰ 1.5 ਕਰੋੜ ਰੁਪਏ ਦੀ ਲਾਗਤ ਨਾਲ ਚੌੜਾ ਕੀਤਾ ਜਾਵੇਗਾ, ਪਿੰਡ ਦੀ ਸਹਿਕਾਰੀ ਸਭਾ ਨੂੰ ਮੁੜ ਸੁਰਜੀਤ ਕੀਤਾ ਜਾਵੇਗਾ, ਪਿੰਡ ਦੇ ਅੱਠ ਏਕੜ ਵਿੱਚ ਫੈਲੇ ਛੱਪੜ ਨੂੰ 95 ਲੱਖ ਰੁਪਏ ਦੀ ਲਾਗਤ ਨਾਲ ਸੀਚੇਵਾਲ ਮਾਡਲ 'ਤੇ ਵਿਕਸਤ ਕੀਤਾ ਜਾਵੇਗਾ, ਪਿੰਡ ਦੀ ਲਾਇਬ੍ਰੇਰੀ ਨੂੰ 10 ਲੱਖ ਰੁਪਏ ਦੀ ਲਾਗਤ ਨਾਲ ਅਪਗ੍ਰੇਡ ਕੀਤਾ ਜਾਵੇਗਾ ਅਤੇ ਸਿਕਸ-ਏ-ਸਾਈਡ ਹਾਕੀ ਐਸਟ੍ਰੋਟਰਫ ਦੇ ਨਿਰਮਾਣ 'ਤੇ 2 ਕਰੋੜ ਰੁਪਏ ਖਰਚ ਕੀਤੇ ਜਾਣਗੇ। ਸਟੇਡੀਅਮ ਵਿੱਚ ਫਲੱਡ ਲਾਈਟਾਂ ਲਗਾਈਆਂ ਜਾਣਗੀਆਂ।
ਉਨ੍ਹਾਂ ਅੱਗੇ ਕਿਹਾ ਕਿ ਡੇਹਲੋਂ ਤੋਂ ਪੱਖੋਵਾਲ ਸੜਕ ਦਾ 30 ਕਰੋੜ ਰੁਪਏ ਦੀ ਲਾਗਤ ਨਾਲ ਨਵੀਨੀਕਰਨ ਕੀਤਾ ਜਾਵੇਗਾ ਅਤੇ ਕੰਮ ਜਲਦੀ ਹੀ ਸ਼ੁਰੂ ਹੋ ਜਾਵੇਗਾ।
ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਲੋਕਾਂ ਨੂੰ 10 ਲੱਖ ਰੁਪਏ ਦੇ ਸਿਹਤ ਬੀਮਾ ਕਾਰਡ ਲਈ ਨਾਮ ਦਰਜ ਕਰਵਾਉਣ ਦੀ ਅਪੀਲ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਇਹ ਸੂਬੇ ਦਾ ਸਭ ਤੋਂ ਵੱਡਾ ਸਿਹਤ ਸੁਧਾਰ ਪ੍ਰੋਗਰਾਮ ਹੈ। ਹਰ ਪਰਿਵਾਰ ਹੁਣ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਇਲਾਜ ਪ੍ਰਾਪਤ ਕਰਨ ਦਾ ਹੱਕਦਾਰ ਹੈ।" ਉਨ੍ਹਾਂ ਅੱਗੇ ਕਿਹਾ ਕਿ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਬਣਾਈ ਗਈ ਇਸ ਅਹਿਮ ਯੋਜਨਾ ਤੋਂ ਲਗਭਗ 65 ਲੱਖ ਪਰਿਵਾਰਾਂ ਨੂੰ ਲਾਭ ਪਹੁੰਚਾਇਆ ਜਾ ਰਿਹਾ ਹੈ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਪਾਸੋਂ ਹਲਵਾਰਾ ਹਵਾਈ ਅੱਡੇ ਦਾ ਨਾਮ ਮਹਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਮ 'ਤੇ ਰੱਖਣ ਦੀ ਮੰਗ ਕੀਤੀ ਹੈ, ਜੋ 19 ਸਾਲ ਦੀ ਉਮਰ ਵਿੱਚ ਸ਼ਹੀਦ ਹੋ ਗਏ ਸਨ। ਉਨ੍ਹਾਂ ਕਿਹਾ, "ਇਹ ਉਸ ਮਹਾਨ ਨਾਇਕ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ ਜਿਸਨੇ ਦੇਸ਼ ਨੂੰ ਵਿਦੇਸ਼ੀ ਸਾਮਰਾਜਵਾਦ ਤੋਂ ਆਜ਼ਾਦ ਕਰਵਾਉਣ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ ਸੀ।" ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਆਉਣ ਵਾਲੀਆਂ ਪੀੜ੍ਹੀਆਂ ਲਈ ਇਨ੍ਹਾਂ ਸ਼ਹੀਦਾਂ ਦੀ ਸ਼ਾਨਦਾਰ ਵਿਰਾਸਤ ਨੂੰ ਕਾਇਮ ਰੱਖਣ ਲਈ ਵਚਨਬੱਧ ਹੈ।
ਇਸ ਮੌਕੇ 'ਤੇ 'ਆਪ' ਦੇ ਸੀਨੀਅਰ ਨੇਤਾ ਅਤੇ ਪੰਜਾਬ ਦੇ ਪਾਰਟੀ ਇੰਚਾਰਜ ਮਨੀਸ਼ ਸਿਸੋਦੀਆ, ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਤੇ ਤਰੁਣਪ੍ਰੀਤ ਸਿੰਘ ਸੌਂਦ ਅਤੇ ਹੋਰ ਸਖਸ਼ੀਅਤਾਂ ਮੌਜੂਦ ਸਨ।

Bullock-Cart-Races-Were-Halted-During-Tenure-Of-Previous-Govts-In-Rural-Olympics-We-Amended-Law-Resumed-Them-Cm-Bhagwant-Singh-Mann


About Us


PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.

Meenu Galhotra (Editor)

We are Social


Address


PunjabAMPM
House no 3, street no 1, New Aggar Nagar, behind mediways hospital, Ferozepur road Ludhiana 141001
Mobile: +91 98769 60522
Email: punjabampm0161@gmail.com

Copyright Punjab AMPM | 2023
Website by: Webhead